26.7 C
Delhi
Friday, April 19, 2024
spot_img
spot_img

ਦੁਨੀਆਂ ਦਾ ਬੇਹਤਰੀਨ ਸੰਵਿਧਾਨ ਹੈ ਭਾਰਤ ਦਾ ਸੰਵਿਧਾਨ: ਰਾਣਾ ਕੇ.ਪੀ. ਸਿੰਘ

ਹੁਸ਼ਿਆਰਪੁਰ, 26 ਜਨਵਰੀ, 2020:
ਸਪੀਕਰ, ਪੰਜਾਬ ਵਿਧਾਨ ਸਭਾ ਸ਼੍ਰੀ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਭਾਰਤ ਦਾ ਸੰਵਿਧਾਨ ਦੁਨੀਆਂ ਦਾ ਬੇਹਤਰੀਨ ਸੰਵਿਧਾਨ ਹੈ ਅਤੇ ਸੰਵਿਧਾਨ ਨਿਰਮਾਤਾ ਡਾ. ਭੀਮ ਰਾਓ ਅੰਬੇਡਕਰ ਜੀ ਮੁਤਾਬਕ ਇਹ ਸੰਵਿਧਾਨ ਮੁਕੰਮਲ ਹੈ ਅਤੇ ਸਾਰੀ ਦੁਨੀਆਂ ਦਾ ਸੰਵਿਧਾਨ ਦੇਖ ਕੇ ਹੀ ਭਾਰਤ ਦਾ ਸੰਵਿਧਾਨ ਬਣਾਇਆ ਗਿਆ ਹੈ।

ਉਹ ਅੱਜ 71ਵੇਂ ਗਣਤੰਤਰ ਦਿਵਸ ‘ਤੇ ਹੁਸ਼ਿਆਰਪੁਰ ਵਿਖੇ ਕਰਵਾਏ ਜ਼ਿਲ੍ਹਾ ਪੱਧਰੀ ਸਮਾਰੋਹ ਦੌਰਾਨ ਇਲਾਕਾ ਵਾਸੀਆਂ ਨੂੰ ਸੰਦੇਸ਼ ਦੇ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ, ਉਪਰੰਤ ਪਰੇਡ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਦੇ ਨਾਲ ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਅਤੇ ਐਸ.ਐਸ.ਪੀ. ਸ੍ਰੀ ਗੌਰਵ ਗਰਗ ਵੀ ਸਨ।

ਸਪੀਕਰ, ਪੰਜਾਬ ਵਿਧਾਨ ਸਭਾ ਸ਼੍ਰੀ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਭਾਰਤੀ ਸੰਵਿਧਾਨ ਵਿੱਚ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ ਅਤੇ ਜੇਕਰ ਆਉਣ ਵਾਲੇ ਸਮੇਂ ਵਿੱਚ ਕੋਈ ਕਮੀ ਆਉਂਦੀ ਹੈ, ਤਾਂ ਉਹ ਕਮੀ ਸੰਵਿਧਾਨ ਮੁਤਾਬਕ ਕੰਮ ਨਾ ਕਰਨ ਵਾਲੇ ਵਿਅਕਤੀਆਂ ਦੀ ਹੋਵੇਗੀ।

ਉਨ੍ਹਾਂ ਕਿਹਾ ਕਿ ਸੰਵਿਧਾਨ ‘ਤੇ ਅਮਲ ਕਰਕੇ ਹੀ ਆਉਣ ਵਾਲਾ ਸਮਾਂ ਮੁਲਕ ਲਈ ਬੇਹਤਰੀਨ ਸਾਬਤ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਤੋਂ ਪਹਿਲਾਂ ਸਾਰਿਆਂ ਨੂੰ ਵੋਟ ਦਾ ਬਰਾਬਰ ਹੱਕ ਨਹੀਂ ਸੀ, ਪਰ ਸੰਵਿਧਾਨ ਨੇ ਹੀ ਬਰਾਬਰੀ ਦਾ ਦਰਜਾ ਦਿੰਦਿਆਂ ਹਰੇਕ ਵਿਅਕਤੀ ਨੂੰ ਵੋਟ ਦਾ ਅਧਿਕਾਰ ਦਿੱਤਾ ਹੈ।

ਹੁਣ ਲੋੜ ਹੈ ਸਾਰੇ ਮੁਲਕ ਦੇ ਲੋਕਾਂ ਨੂੰ ਸੰਵਿਧਾਨ ਮੁਤਾਬਕ ਰਲ ਮਿਲ ਕੇ ਕੰਮ ਕਰਨ ਦੀ, ਤਾਂ ਜੋ ਸਮਾਜਿਕ ਅਤੇ ਆਰਥਿਕ ਤੌਰ ‘ਤੇ ਹੋਰ ਮਜ਼ਬੂਤੀ ਪ੍ਰਦਾਨ ਹੋ ਸਕੇ। ਉਨ੍ਹਾਂ ਕਿਹਾ ਕਿ ਭਾਰਤ ਦੇ ਬੇਹਤਰ ਸੰਵਿਧਾਨ ਤੋਂ ਇਲਾਵਾ ਹੋਰ ਕੋਈ ਵੀ ਸੰਵਿਧਾਨ ਨਹੀਂ ਹੋ ਸਕਦਾ।

ਸਪੀਕਰ, ਪੰਜਾਬ ਵਿਧਾਨ ਸਭਾ ਸ਼੍ਰੀ ਰਾਣਾ ਕੇ.ਪੀ. ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਮਾਜ ਦੇ ਹਰੇਕ ਵਰਗ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਕੇ ਉਨ੍ਹਾਂ ਨੂੰ ਬਹੁਤ ਵੱਡੀ ਰਾਹਤ ਪ੍ਰਦਾਨ ਕੀਤੀ ਹੈ।

ਇਸ ਦੇ ਨਾਲ ਹੀ ਨਸ਼ੇ ਦੇ ਖਿਲਾਫ ਸਰਕਾਰ ਵਲੋਂ ਚਲਾਈ ਗਈ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਨੂੰਨ ਵਿਵਸਥਾ ਸੁਚਾਰੂ ਢੰਗ ਨਾਲ ਲਾਗੂ ਕਰਨ ਲਈ ਸਰਕਾਰ ਨੇ ਵੱਡੇ ਪੱਧਰ ‘ਤੇ ਕਦਮ ਚੁੱਕੇ ਹਨ।

ਉਨ੍ਹਾਂ ਦੇਸ਼ ਲਈ ਕੁਰਬਾਨ ਹੋਣ ਵਾਲੇ ਸ਼ਹੀਦਾਂ ਨੂੰ ਸ਼ਰਧਾਂਜ਼ਲੀ ਦਿੰਦਿਆਂ ਨੌਜਵਾਨਾਂ ਨੂੰ ਸ਼ਹੀਦਾਂ ਦੇ ਸੁਪਨਿਆਂ ਦਾ ਦੇਸ਼ ਬਣਾਉਣ ਲਈ ਆਪਣੀ ਬਣਦੀ ਜ਼ਿੰਮੇਵਾਰੀ ਨਿਭਾਉਣ ਦੀ ਅਪੀਲ ਵੀ ਕੀਤੀ। ਉਨ੍ਹਾਂ ਸੱਦਾ ਦਿੰਦਿਆਂ ਕਿਹਾ ਕਿ ਇਕਜੁੱਟਤਾ ਨਾਲ ਨਸ਼ਿਆਂ ਵਰਗੀਆਂ ਸਮਾਜਿਕ ਬੁਰਾਈਆਂ ਖਿਲਾਫ਼ ਸਾਂਝੇ ਹੰਭਲੇ ਦੀ ਲੋੜ ਹੈ।

ਸਮਾਰੋਹ ਦੌਰਾਨ ਸਪੀਕਰ ਪੰਜਾਬ ਵਿਧਾਨ ਸਭਾ ਸ਼੍ਰੀ ਰਾਣਾ ਕੇ.ਪੀ. ਸਿੰਘ ਵਲੋਂ ਆਜ਼ਾਦੀ ਘੁਲਾਟੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦਾ ਵਿਸ਼ੇਸ਼ ਤੌਰ ‘ਤੇ ਸਨਮਾਨ ਕੀਤਾ ਗਿਆ। ਇਸ ਤੋਂ ਇਲਾਵਾ ਵਿਲੱਖਣ ਪ੍ਰਾਪਤੀ ਵਾਲੀਆਂ 62 ਸਖਸ਼ੀਅਤਾਂ ਨੂੰ ਵੀ ਸਨਮਾਨਿਆ ਗਿਆ।

ਉਨ੍ਹਾਂ ਵਲੋਂ 20 ਸਿਲਾਈ ਮਸ਼ੀਨਾਂ, 3 ਟਰਾਈ ਸਾਈਕਲ ਅਤੇ 5 ਵੀਲ੍ਹਚੇਅਰਜ਼ ਵੀ ਲੋੜਵੰਦ ਲਾਭਪਾਤਰੀਆਂ ਨੂੰ ਸੌਂਪੇ ਗਏ। ਇਸ ਮੌਕੇ ਸਪੀਕਰ ਪੰਜਾਬ ਵਿਧਾਨ ਸਭਾ ਵਲੋਂ ਸਮਾਰੋਹ ਵਿੱਚ ਹਿੱਸਾ ਲੈਣ ਵਾਲੇ ਸਕੂਲਾਂ ਲਈ 27 ਜਨਵਰੀ ਨੂੰ ਛੁੱਟੀ ਦਾ ਐਲਾਨ ਵੀ ਕੀਤਾ ਗਿਆ। ਉਨ੍ਹਾਂ ਜ਼ਿਲ੍ਹਾ ਪੱਧਰੀ ਸਮਾਰੋਹ ਵਿੱਚ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਡਰੱਗ ਫਰੀ ਪਿੰਡਾਂ ਦੇ ਸਰਪੰਚਾਂ ਨਾਲ ਗੱਲਬਾਤ ਵੀ ਕੀਤੀ ਅਤੇ ਉਨ੍ਹਾਂ ਦਾ ਹੌਂਸਲਾ ਵੀ ਵਧਾਇਆ।

ਸਮਾਰੋਹ ਵਿੱਚ ਪਰੇਡ ਕਮਾਂਡਰ ਡੀ.ਐਸ.ਪੀ. ਸ਼੍ਰੀ ਗੁਰਪ੍ਰੀਤ ਸਿੰਘ ਗਿੱਲ ਦੀ ਅਗਵਾਈ ਵਿੱਚ 10 ਟੁਕੜੀਆਂ ਵਲੋਂ ਸ਼ਾਨਦਾਰ ਮਾਰਚ ਪਾਸਟ ਕੀਤਾ ਗਿਆ ਅਤੇ ਮੁੱਖ ਮਹਿਮਾਨ ਨੂੰ ਸਲਾਮੀ ਦਿੱਤੀ ਗਈ। ਸਮਾਰੋਹ ਦੌਰਾਨ ਜਿਥੇ ਵੱਖ-ਵੱਖ ਸਕੂਲੀ ਵਿਦਿਆਰਥੀਆਂ ਵਲੋਂ ਸਭਿਆਚਾਰਕ ਅਤੇ ਦੇਸ਼ ਭਗਤੀ ਦਾ ਪ੍ਰੋਗਰਾਮ ਪੇਸ਼ ਕੀਤਾ ਗਿਆ ਹੈ, ਉਥੇ 13 ਵਿਭਾਗਾਂ ਵਲੋਂ ਝਾਕੀਆਂ ਵੀ ਕੱਢੀਆਂ ਗਈਆਂ|

ਜਿਨ੍ਹਾਂ ਵਿੱਚੋਂ ਪਹਿਲੀ ਪੁਜੀਸ਼ਨ ਜ਼ਿਲ੍ਹਾ ਸਿੱਖਿਆ ਵਿਭਾਗ ਵਲੋਂ ਸਮਾਰਟ ਸਕੂਲਾਂ ਸਬੰਧੀ ਕੱਢੀ ਗਈ ਝਾਕੀ ਨੇ ਲਈ, ਜਦਕਿ ਦੂਸਰਾ ਸਥਾਨ ਸਿਹਤ ਵਿਭਾਗ ਵਲੋਂ ਸਰਬੱਤ ਸਿਹਤ ਬੀਮਾ ਯੋਜਨਾ ਸਬੰਧੀ ਕੱਢੀ ਗਈ ਝਾਕੀ ਨੇ ਲਿਆ ਅਤੇ ਤੀਸਰੇ ਸਥਾਨ ਲਈ ਫ਼ਸਲੀ ਵਿਭਿੰਨਤਾ ਸਬੰਧੀ ਖੇਤੀਬਾੜੀ ਵਿਭਾਗ ਵਲੋਂ ਕੱਢੀ ਗਈ ਝਾਕੀ ਨੂੰ ਚੁਣਿਆ ਗਿਆ। ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ ਮੁੱਖ ਮਹਿਮਾਨ ਨੂੰ ਯਾਦਗਾਰੀ ਸਨਮਾਨ ਚਿੰਨ੍ਹ ਵੀ ਸੌਂਪਿਆ ਗਿਆ।

ਇਸ ਮੌਕੇ ਰਾਜਨੀਤਿਕ ਸਖਸ਼ੀਅਤਾਂ ਵਿੱਚ ਹਲਕਾ ਵਿਧਾਇਕ ਚੱਬੇਵਾਲ ਡਾ.ਰਾਜ ਕੁਮਾਰ, ਸਾਬਕਾ ਐਮ.ਪੀ. ਸ੍ਰੀ ਕਮਲ ਚੌਧਰੀ ਵੀ ਹਾਜ਼ਰ ਸਨ। ਸਮਾਰੋਹ ਵਿੱਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ੍ਰੀਮਤੀ ਅਮਰਜੋਤ ਭੱਟੀ, ਏ.ਡੀ.ਸੀ. (ਜ) ਸ੍ਰੀ ਹਰਪ੍ਰੀਤ ਸਿੰਘ ਸੂਦਨ, ਐਸ.ਪੀ. ਸ੍ਰੀ ਪਰਮਿੰਦਰ ਸਿੰਘ, ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਅਮਿਤ ਮਹਾਜਨ, ਕਮਿਸ਼ਨਰ ਨਗਰ ਨਿਗਮ ਸ੍ਰੀ ਬਲਵੀਰ ਰਾਜ ਸਿੰਘ, ਜ਼ਿਲ੍ਹਾ ਪ੍ਰਧਾਨ ਕਾਂਗਰਸ ਡਾ. ਕੁਲਦੀਪ ਨੰਦਾ, ਸੁਪਰਡੈਂਟ ਕੇਂਦਰੀ ਜੇਲ੍ਹ ਹੁਸ਼ਿਆਰਪੁਰ ਸ੍ਰੀ ਲਲਿਤ ਕੋਹਲੀ, ਡੀ.ਐਸ.ਪੀ. ਸ੍ਰੀ ਦਲਜੀਤ ਸਿੰਘ ਖੱਖ, ਸ੍ਰੀ ਗੁਰਦੇਵ ਸਿੰਘ ਕੋਟਫਤੂਹੀ ਤੋਂ ਇਲਾਵਾ ਹੋਰ ਵੱਖ-ਵੱਖ ਧਾਰਮਿਕ, ਸਮਾਜਿਕ, ਰਾਜਨੀਤਿਕ ਸਖਸ਼ੀਅਤਾਂ ਤੋਂ ਇਲਾਵਾ ਸਕੂਲੀ ਵਿਦਿਆਰਥੀ, ਅਧਿਆਪਕ ਅਤੇ ਭਾਰੀ ਗਿਣਤੀ ਵਿੱਚ ਜ਼ਿਲ੍ਹਾ ਵਾਸੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION