35.6 C
Delhi
Wednesday, April 24, 2024
spot_img
spot_img

ਨੌਂਵੇਂ ਪਾਤਸ਼ਾਹ ਦਾ 400 ਸਾਲਾ ਪ੍ਰਕਾਸ਼ ਪੁਰਬ ਤੇ ਸ਼੍ਰੋਮਣੀ ਕਮੇਟੀ ਦਾ 100 ਸਾਲਾ ਸਥਾਪਨਾ ਦਿਵਸ ਵਿਸ਼ਾਲ ਪੱਧਰ ’ਤੇ ਮਨਾਇਆ ਜਾਵੇਗਾ: ਲੌਂਗੋਵਾਲ

ਚੰਡੀਗੜ੍ਹ, 8 ਜੂਨ, 2020 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਥੇ ਗੁਰਦੁਆਰਾ ਸ੍ਰੀ ਕਲਗੀਧਰ ਨਿਵਾਸ ਵਿਖੇ ਹੋਈ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਵਿਦਿਅਕ ਅਦਾਰਿਆਂ ਅਤੇ ਸੰਸਥਾ ਨਾਲ ਸਬੰਧਤ ਹੋਰ ਸਖਾਵਾਂ ਦੇ 30 ਸਤੰਬਰ 2020 ਤੱਕ ਦੇ ਹੋਣ ਵਾਲੇ ਖਰਚਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਕੋਰੋਨਾ ਮਹਾਮਾਰੀ ਕਾਰਨ ਸ਼੍ਰੋਮਣੀ ਕਮੇਟੀ ਦਾ ਸਾਲਾਨਾ ਬਜਟ ਇਜਲਾਸ ਨਹੀਂ ਹੋ ਸਕਿਆ ਸੀ। ਇਸ ਤੋਂ ਪਹਿਲਾਂ ਅੰਤ੍ਰਿੰਗ ਕਮੇਟੀ ਵੱੱਲੋਂ 1 ਅਪ੍ਰੈਲ ਤੋਂ 90 ਦਿਨਾਂ ਦੇ ਖ਼ਰਚਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਸੀ। ਅੱਜ ਹੋਈ ਇਕੱਤਰਤਾ ਦੌਰਾਨ ਮੁੜ 1 ਜੁਲਾਈ ਤੋਂ 30 ਸਤੰਬਰ ਤੱਕ ਦੇ ਖਰਚਿਆਂ ਨੂੰ ਪ੍ਰਵਾਨ ਕੀਤਾ ਗਿਆ ਹੈ।

ਇਕੱਤਰਤਾ ਮਗਰੋਂ ਗੱਲਬਾਤ ਕਰਦਿਆਂ ਸ਼੍ਰੋਮਣੀ ਕਮਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਕੋਰੋਨਾ ਕਾਰਨ ਬਣੇ ਹਾਲਾਤਾਂ ਦੇ ਚੱਲਦਿਆਂ ਅਜੇ ਇਜਲਾਸ ਕਰਨਾ ਸੰਭਵ ਨਹੀਂ ਹੈ। ਇਸ ਕਰਕੇ ਮਹੀਨਾਵਾਰ ਖਰਚਿਆਂ ਨੂੰ ਪ੍ਰਵਾਨਗੀ ਦਿੱਤੀ ਗਈ ਹੈ, ਤਾਂ ਜੋ ਸੰਸਥਾ ਦਾ ਕੰਮ-ਕਾਜ ਨਿਰਵਿਘਨ ਚੱਲਦਾ ਰਹੇ।

ਹੋਰ ਫੈਸਲਿਆਂ ਸਬੰਧੀ ਭਾਈ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ 100 ਸਾਲਾ ਸਥਾਪਨਾ ਦਿਵਸ ਨੂੰ ਵਿਸ਼ਾਲ ਪੱਧਰ ’ਤੇ ਮਨਾਉਣ ਲਈ ਵਿਉਂਤਬੰਦੀ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਸਥਾਪਨਾ ਦਿਵਸ ਸਬੰਧੀ 15 ਨਵੰਬਰ 2020 ਨੂੰ ਸ੍ਰੀ ਅੰਮ੍ਰਿਤਸਰ ਵਿਖੇ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਮੁੱਖ ਸਮਾਗਮ ਕੀਤੇ ਜਾਣਗੇ।


ਇਸ ਨੂੰ ਵੀ ਪੜ੍ਹੋ:
‘ਕੈਪਟਨ ਦੇ ਦੋਹਤੇ ਨੂੰ 2 ਘੰਟੇ ਇੰਤਜ਼ਾਰ ਕਰਾਇਆ, ਪ੍ਰਸ਼ਾਂਤ ਕਿਸ਼ੋਰ ਨੇ ਫ਼ਿਰ ਕੀਤੀ ਪੰਜਾਬ ਕਾਂਗਰਸ ਨੂੰ 2022 ਲਈ ਨਾਂਹ’


ਸ਼੍ਰੋਮਣੀ ਕਮੇਟੀ ਦੇ ਇਤਿਹਾਸਕ ਪਿਛੋਕੜ, ਵਿਕਾਸ, ਯੋਗਦਾਨ ਅਤੇ ਪ੍ਰਾਪਤੀਆਂ ਬਾਰੇ ਡਾਕੂਮੈਂਟਰੀ ਫਿਲਮ ਤਿਆਰ ਕੀਤੀ ਜਾਵੇਗੀ। ਇਸ ਤੋਂ ਇਲਾਵਾ 100 ਸਾਲਾ ਇਤਿਹਾਸ ਨਾਲ ਸਬੰਧਤ ਪੁਸਤਕਾਂ ਤਿਆਰ ਕੀਤੀਆਂ ਜਾਣਗੀਆਂ। ਸੰਸਥਾ ਦੇ ਸ਼ਾਨਾਮੱਤੇ ਇਤਿਹਾਸ ਬਾਰੇ ਵੱਖ-ਵੱਖ ਯੂਨੀਵਰਸਿਟੀਆਂ ਅਤੇ ਕਾਲਜਾਂ ਵਿਚ ਸੈਮੀਨਾਰ ਆਯੋਜਿਤ ਕੀਤੇ ਜਾਣਗੇ।

ਭਾਈ ਲੌਂਗੋਵਾਲ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਵੱਲੋਂ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦੀ ਸਾਕੇ ਦੀ ਪਹਿਲੀ ਸ਼ਤਾਬਦੀ ਕੌਮਾਂਤਰੀ ਪੱਧਰ ’ਤੇ ਮਨਾਉਣ ਦਾ ਵੀ ਫੈਸਲਾ ਕੀਤਾ ਗਿਆ ਹੈ। ਇਸ ਸਬੰਧ ਵਿਚ ਵੀ ਅਕਾਦਮਿਕ ਕਾਰਜਾਂ ਦੇ ਨਾਲ-ਨਾਲ ਸੈਮੀਨਾਰ ਅਤੇ ਸਮਾਗਮਾਂ ਦਾ ਪ੍ਰਬੰਧ ਕੀਤਾ ਜਾਵੇਗਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਅੱਗੇ ਦੱਸਿਆ ਕਿ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਵੀ ਵੱਡੇ ਪੱਧਰ ‘ਤੇ ਮਨਾਇਆ ਜਾਵੇਗਾ। ਮੁੱਖ ਸਮਾਗਮ ਸ੍ਰੀ ਅੰਮ੍ਰਿਤਸਰ ਵਿਖੇ 1 ਮਈ 2021 ਨੂੰ ਹੋਵੇਗਾ। ਗੁਰੂ ਸਾਹਿਬ ਜੀ ਦੇ ਇਸ ਮਹਾਨ ਦਿਹਾੜੇ ਸਬੰਧੀ ਪੰਜਾਬ, ਦਿੱਲੀ, ਮੁੰਬਈ ਸਮੇਤ ਕਈ ਵੱਡੇ ਸ਼ਹਿਰਾਂ ਵਿਚ ਸਮਾਗਮ ਕੀਤੇ ਜਾਣਗੇ। ਗੁਰੂ ਸਾਹਿਬ ਜੀ ਦੇ ਜੀਵਨ ਇਤਿਹਾਸ ਨੂੰ ਪ੍ਰਚਾਰਨ ਲਈ ਪੁਸਤਕਾਂ ਪ੍ਰਕਾਸ਼ਤ ਕੀਤੀਆਂ ਜਾਣਗੀਆਂ।

ਉਨ੍ਹਾਂ ਦੱਸਿਆ ਕਿ ਹਰ ਸ਼ਤਾਬਦੀ ਸਬੰਧੀ ਵੱਖ-ਵੱਖ ਜਥੇਬੰਦੀਆਂ, ਸਭਾ-ਸੁਸਾਇਟੀਆਂ ਅਤੇ ਸੰਗਤਾਂ ਦ ਸਹਿਯੋਗ ਨਾਲ ਸਮਾਗਮ ਹੋਣਗੇ। ਸ਼ਤਾਬਦੀਆਂ ਲਈ ਉੱਚਤਾਕਤੀ ਸਬ-ਕਮੇਟੀਆਂ ਦਾ ਜਲਦ ਗਠਨ ਕੀਤਾ ਜਾਵੇਗਾ, ਤਾਂ ਜੋ ਉੱਚਿਤ ਰੂਪ ਰੇਖਾ ਤਿਆਰ ਕੀਤੀ ਜਾ ਸਕੇ। ਉਨ੍ਹਾਂ ਇਕ ਹੋਰ ਫੈਸਲੇ ਬਾਰੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬਾਨ ਅੰਦਰ ਇਕ-ਇਕ ਏਕੜ ਵਿਚ ਵਿਰਾਸਤੀ ਦਰੱਖ਼ਤ ਲਗਾਏ ਜਾਣਗੇ, ਤਾਂ ਜੋ ਵਾਤਾਵਰਨ ਦੀ ਸ਼ੁੱਧਤਾ ਦੇ ਨਾਲ-ਨਾਲ ਪੰਛੀਆਂ ਨੂੰ ਵੀ ਰੈਣ-ਬਸੇਰੇ ਬਣਾਉਣ ਵਿਚ ਮੱਦਦ ਮਿਲ ਸਕੇ।

ਭਾਈ ਲੌਂਗੋਵਾਲ ਨੇ ਕਿਹਾ ਕਿ ਕੋਰੋਨਾ ਦੇ ਚੱਲਦਿਆਂ ਗੁਰਦੁਆਰਾ ਸਾਹਿਬਾਨ ਤੋਂ ਲੋੜਵੰਦਾਂ ਲਈ ਲੰਗਰ ਸੇਵਾ ਦਿੱਤੀ ਗਈ ਹੈ। ਇਸ ਵਿਚ ਵੱਡੇ ਪੱਧਰ ’ਤੇ ਸੰਗਤਾਂ ਵੱਲੋਂ ਸਹਿਯੋਗ ਕੀਤਾ ਗਿਆ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ, ਸ਼੍ਰੋਮਣੀ ਕਮੇਟੀ ਅਤੇ ਵੱਖ-ਵੱਖ ਜਥੇਬੰਦੀਆਂ ਵੱਲੋਂ ਸ੍ਰੀ ਗੁਰੂ ਰਾਮਦਾਸ ਲੰਗਰ ਲਈ ਵਿਸ਼ਾਲ ਪੱਧਰ ’ਤੇ ਕਣਕ ਅਤੇ ਹੋਰ ਰਸਦਾਂ ਭੇਜੀਆਂ ਗਈਆਂ ਹਨ, ਜਿਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਉਹ ਸਭ ਦਾ ਧੰਨਵਾਦ ਕਰਦੇ ਹਨ।

ਇਕੱਤਰਤਾ ’ਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਸ. ਸ਼ੇਰ ਸਿੰਘ ਮੰਡਵਾਲਾ, ਸ. ਭੁਪਿੰਦਰ ਸਿੰਘ ਅਸੰਧ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਬੀਬੀ ਕੁਲਦੀਪ ਕੌਰ ਟੌਹੜਾ, ਸ. ਜਸਮੇਰ ਸਿੰਘ ਲਾਛੜੂ, ਮੁੱਖ ਸਕੱਤਰ ਡਾ. ਰੂਪ ਸਿੰਘ, ਨਿੱਜੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਸੁਖਮਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਲਖਮੀਰ ਸਿੰਘ, ਸ. ਦਰਸ਼ਨ ਸਿੰਘ ਪੀ.ਏ., ਸ. ਜਗੀਰ ਸਿੰਘ ਮੈਨੇਜਰ ਆਦਿ ਮੌਜੂਦ ਸਨ।


ਯੈੱਸ ਪੰਜਾਬ ਦੀਆਂਅਪਡੇਟਸ’ TELEGRAM ਤੇ ਪ੍ਰਾਪਤ ਕਰਨ ਲਈ TELEGRAM ਐਪ ਡਾਊਨਲੋਡ ਕਰਕੇ ਇੱਥੇ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION