ਯੈੱਸ ਪੰਜਾਬ
ਚੰਡੀਗੜ੍ਹ, 1 ਮਾਰਚ, 2022:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸੀਨੀਅਰ ਆਗੂ , ਵਿਧਾਇਕ ਅਤੇ ਸਾਬਕਾ ਵਿੱਤ ਮੰਤਰੀ ਸ. ਪਰਮਿੰਦਰ ਸਿੰਘ ਢੀਂਡਸਾ ਨੇ ਭਾਰਤੀ ਬੱਚਿਆਂ ਦੀ ਯੂਕਰੇਨ ਤੋਂ ਸੁਰੱਖਿਅਤ ਘਰ ਵਾਪਸੀ ਲਈ ਕੇਂਦਰ ਸਰਕਾਰ ਨੂੰ ਯਤਨ ਤੇਜ਼ ਕਰਨ ਦੀ ਅਪੀਲ ਕੀਤੀ ਹੈ।
ਸ. ਪਰਮਿੰਦਰ ਸਿੰਘ ਢੀਂਡਸਾ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਵਿਦਿਆਰਥੀ ਯੂਕਰੇਨ ਵਿੱਚ ਪੜ੍ਹਨ ਗਏ ਹੋਏ ਹਨ। ਯੂਕਰੇਨ ਵਿੱਚ ਲਗਾਤਾਰ ਖਰਾਬ ਹੋ ਰਹੇ ਹਾਲਾਤ ਨੂੰ ਵੇਖਦੇ ਹੋਏ ਮਾਪੇ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਬੇਹੱਦ ਚਿੰਤਿਤ ਹਨ।
ਸ. ਢੀਂਡਸਾ ਨੇ ਕਿਹਾ ਕਿ ਖ਼ਬਰਾਂ ਅਨੁਸਾਰ ਯੁੱਧ ਕਾਰਨ ਯੂਕਰੇਨ ਵਿੱਚ ਫਸੇ ਵਿਦਿਆਰਥੀਆਂ ਦੀ ਹਾਲਤ ਬੇਹੱਦ ਖ਼ਰਾਬ ਹੈ ਅਤੇ ਉਹ ਬੰਕਰਾਂ ਦਾ ਆਸਰਾ ਲੈ ਕੇ ਆਪਣੀ ਜਾਨ ਬਚਾਅ ਰਹੇ ਹਨ। ਜਿੱਥੇ ਉਨ੍ਹਾਂ ਨੂੰ ਅਨੇਕ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਉਨ੍ਹਾਂ ਦੇ ਖਾਣ-ਪੀਣ ਦਾ ਵੀ ਕੋਈ ਪ੍ਰਬੰਧ ਨਹੀਂ ਹੈ ਅਜਿਹੀ ਸਥਿਤੀ ਵਿੱਚ ਕੇਂਦਰ ਸਰਕਾਰ ਨੂੰ ਉਨ੍ਹਾਂ ਦੀ ਸੁਰੱਖਿਅਤ ਘਰ ਵਾਪਸੀ ਲਈ ਜੰਗੀ ਪੱਧਰ `ਤੇ ਕੰਮ ਕਰਨਾ ਚਾਹੀਦਾ ਹੈ।
ਸ. ਪਰਮਿੰਦਰ ਸਿੰਘ ਢੀਂਡਸਾ ਨੇ ਕੇਂਦਰ ਅਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਯੂਕਰੇਨ ਵਿੱਚ ਭਾਰਤੀ ਵਿਦਿਆਰਥੀਆਂ ਨੂੰ ਬਾਹਰ ਕੱਢਣ ਲਈ ਵੱਡੇ ਪੱਧਰ `ਤੇ ਉਪਰਾਲੇ ਕੀਤੇ ਜਾਣ ਤਾਂ ਜੋ ਖਤਰੇ ਦੇ ਸਾਏ ਵਿੱਚ ਰਹਿ ਰਹੇ ਬੱਚੇ ਸਹੀ ਸਲਾਮਤ ਘਰ ਪਰਤ ਸਕਣ ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ