31.1 C
Delhi
Wednesday, May 8, 2024
spot_img
spot_img

ਪ੍ਰਦੂਸ਼ਣ ਦੇ ਮੁੱਦੇ ਉਤੇ ਸਿਆਸਤ ਨਾਲ ਭਾਜਪਾ ਦਾ ਪੰਜਾਬ ਤੇ ਕਿਸਾਨ ਵਿਰੋਧੀ ਰੁਖ਼ ਸਾਹਮਣੇ ਆਇਆ: ਭਗਵੰਤ ਮਾਨ

ਯੈੱਸ ਪੰਜਾਬ
ਚੰਡੀਗੜ੍ਹ, 2 ਨਵੰਬਰ, 2022:
ਪਰਾਲੀ ਫੂਕਣ ਦੇ ਮੁੱਦੇ ਉਤੇ ਸਿਆਸਤ ਕਰਨ ਖਾਤਰ ਰਸਾਤਲ ਦੀਆਂ ਨਵੀਆਂ ਸਿਖ਼ਰਾਂ ਛੂਹਣ ਉਤੇ ਭਾਜਪਾ ਦੀ ਆਲੋਚਨਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਬੁੱਧਵਾਰ ਨੂੰ ਕਿਹਾ ਕਿ ਇਹ ਭਗਵਾ ਪਾਰਟੀ ਸੂਬੇ ਦੇ ਕਿਸਾਨਾਂ ਨਾਲ ਇਸ ਗੱਲੋਂ ਨਫਰਤ ਕਰਦੀ ਹੈ ਕਿਉਂਕਿ ਉਨ੍ਹਾਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਬਗਾਵਤ ਦਾ ਝੰਡਾ ਚੁੱਕਿਆ ਸੀ।

ਇੱਥੇ ਜਾਰੀ ਇਕ ਵੀਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਭਾਰਤ ਦੇ ਜ਼ਿਆਦਾ ਪ੍ਰਦੂਸ਼ਿਤ 32 ਸ਼ਹਿਰਾਂ ਦੇ ਹਵਾ ਦੇ ਗੁਣਵਤਾ ਸੂਚਕ ਅੰਕ (ਏ.ਕਿਊ.ਆਈ.) ਵਿੱਚ ਪੰਜਾਬ ਦੇ ਸਿਰਫ਼ ਤਿੰਨ ਸ਼ਹਿਰ ਆਏ ਪਰ ਇਸ ਦੇ ਬਾਵਜੂਦ ਭਾਜਪਾ ਤੇ ਕੇਂਦਰ ਸਰਕਾਰ ਨੇ ਵਾਤਾਵਰਨ ਪ੍ਰਦੂਸ਼ਣ ਲਈ ਸੂਬੇ ਦੇ ਮਿਹਨਤੀ ਤੇ ਅਗਾਂਹਵਧੂ ਕਿਸਾਨਾਂ ਨੂੰ ਬਦਨਾਮ ਕਰਨ ਲਈ ਫ਼ਰਜ਼ੀ ਜਿਹੀ ਮੁਹਿੰਮ ਵਿੱਢੀ ਹੋਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਿੰਨੀ ਹਾਸੋਹੀਣੀ ਗੱਲ ਹੈ ਕਿ ਅਨਾਜ ਉਤਪਾਦਨ ਵਿੱਚ ਦੇਸ਼ ਨੂੰ ਆਤਮ-ਨਿਰਭਰ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾਉਣ ਵਾਲੇ ਪੰਜਾਬ ਦੇ ਕਿਸਾਨਾਂ ਨੂੰ ਪਰਾਲੀ ਫੂਕਣ ਲਈ ਦੋਸ਼ੀ ਠਹਿਰਾਇਆ ਜਾ ਰਿਹਾ ਹੈ, ਜਦੋਂ ਕਿ ਭਾਜਪਾ ਨੇ ਹਵਾ ਦੀ ਗੁਣਵੱਤਾ ਸੂਚਕ ਅੰਕ ਵਿੱਚ ਘਟੀਆ ਕਾਰਗੁਜ਼ਾਰੀ ਦਿਖਾਉਣ ਵਾਲੇ ਹੋਰ ਰਾਜਾਂ ਬਾਰੇ ਅੱਖਾਂ ਬੰਦ ਕਰ ਲਈਆਂ ਹਨ।

ਉਨ੍ਹਾਂ ਕਿਹਾ ਕਿ ਹਵਾ ਦੀ ਗੁਣਵੱਤਾ ਪੱਖੋਂ ਮਾੜੀ ਕਾਰਗੁਜ਼ਾਰੀ ਵਾਲੇ ਹੋਰ ਸ਼ਹਿਰਾਂ ਜਿਨ੍ਹਾਂ ਵਿੱਚ ਫਰੀਦਾਬਾਦ, ਮਾਨੇਸਰ, ਗੁੜਗਾਉਂ, ਸੋਨੀਪਤ, ਗਵਾਲੀਅਰ, ਇੰਦੌਰ ਤੇ ਹੋਰ ਸ਼ਾਮਲ ਹਨ, ਬਾਰੇ ਭਾਜਪਾ ਦੀ ਚੁੱਪੀ ਕਈ ਸਵਾਲ ਖੜ੍ਹੇ ਕਰਦੀ ਹੈ ਕਿਉਂਕਿ ਇਹ ਸ਼ਹਿਰ ਭਾਜਪਾ ਦੇ ਸ਼ਾਸਨ ਵਾਲੇ ਰਾਜਾਂ ਨਾਲ ਸਬੰਧਤ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਤੋਂ ਭਾਜਪਾ ਤੇ ਕੇਂਦਰ ਸਰਕਾਰ ਦੀ ਪੰਜਾਬ ਵਿਰੋਧੀ ਅਤੇ ਕਿਸਾਨ ਵਿਰੋਧੀ ਮਾਨਸਿਕਤਾ ਦਾ ਪਤਾ ਚਲਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਸ ਦਾ ਬੁਨਿਆਦੀ ਕਾਰਨ ਇਹ ਹੈ ਕਿ ਭਾਜਪਾ ਸੂਬੇ ਦੇ ਕਿਸਾਨਾਂ ਨੂੰ ਨਫ਼ਰਤ ਕਰਦੀ ਹੈ ਕਿਉਂਕਿ ਉਨ੍ਹਾਂ ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਮੁਹਿੰਮ ਦੀ ਅਗਵਾਈ ਕੀਤੀ ਸੀ। ਉਨ੍ਹਾਂ ਕਿਹਾ ਕਿ ਇਸ ਦਾ ਬਦਲਾ ਲੈਣ ਲਈ ਭਾਜਪਾ ਸੂਬੇ ਅਤੇ ਇਸ ਦੇ ਕਿਸਾਨਾਂ ਨੂੰ ਕਿਸੇ ਵੀ ਕੀਮਤ ਉਤੇ ਬਦਨਾਮ ਕਰਨ ਉਤੇ ਤੁਲੀ ਹੋਈ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਅਚੰਭੇ ਵਾਲੀ ਗੱਲ ਹੈ ਕਿ ਪੰਜਾਬ ਦੇ ਕਿਸਾਨਾਂ ਦੇ ਕੌਮੀ ਖੁਰਾਕ ਪੂਲ ਵਿੱਚ ਵੱਡੇ ਯੋਗਦਾਨ ਨੂੰ ਨਜ਼ਰਅੰਦਾਜ਼ ਕਰ ਕੇ ਲਗਾਤਾਰ ਪੰਜਾਬੀ ਕਿਸਾਨਾਂ ਨੂੰ ਬਦਨਾਮ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਚੇਤੇ ਕਰਵਾਇਆ ਕਿ ਉਨ੍ਹਾਂ ਕਿਸਾਨਾਂ ਨੂੰ ਪਰਾਲੀ ਨਾ ਫੂਕਣ ਬਦਲੇ 2500 ਰੁਪਏ ਪ੍ਰਤੀ ਏਕੜ ਦੀ ਮਾਲੀ ਮਦਦ ਸਾਂਝੇ ਤੌਰ ਉਤੇ ਦੇਣ ਦਾ ਬਦਲ ਕੇਂਦਰ ਸਰਕਾਰ ਨੂੰ ਦਿੱਤਾ ਸੀ ਪਰ ਇਸ ਤਜਵੀਜ਼ ਨੂੰ ਮੰਨਣ ਦੀ ਬਜਾਏ ਕੇਂਦਰ ਸਰਕਾਰ ਕਿਸਾਨਾਂ ਨੂੰ ਇਸ ਸੰਕਟ ਵਿੱਚੋਂ ਕੱਢਣ ਲਈ ਮਦਦ ਤੋਂ ਸ਼ਰ੍ਹੇਆਮ ਟਾਲਾ ਵੱਟ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਪਰਾਲੀ ਦੇ ਨਿਬੇੜੇ ਲਈ ਟਿਕਾਊ ਹੱਲ ਵਜੋਂ ਵੱਡੀ ਗਿਣਤੀ ਵਿੱਚ ਨਿਵੇਸ਼ਕ ਪੰਜਾਬ ਵਿੱਚ ਆਉਣ ਅਤੇ ਇੱਥੇ ਜੈਵਿਕ ਊਰਜਾ ਪਲਾਂਟ ਲਾਉਣ ਦੇ ਇੱਛੁਕ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਮੰਦੇਭਾਗੀਂ ਕੇਂਦਰ ਸਰਕਾਰ ਇਹ ਪਲਾਂਟ ਲਾਉਣ ਦੀਆਂ ਪ੍ਰਵਾਨਗੀਆਂ ਦੇਣ ਤੋਂ ਇਨਕਾਰ ਕਰ ਕੇ ਰਾਹ ਵਿੱਚ ਅੜਿੱਕੇ ਖੜ੍ਹੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਕਿਸਾਨ ਪਰਾਲੀ ਨਾ ਫੂਕਣ ਬਾਰੇ ਚੰਗੀ ਤਰ੍ਹਾਂ ਜਾਣਦੇ ਹਨ ਕਿਉਂਕਿ ਇਸ ਦਾ ਉਨ੍ਹਾਂ ਦੇ ਪਰਿਵਾਰਾਂ ਉਤੇ ਮਾੜਾ ਅਸਰ ਪਵੇਗਾ।

ਭਗਵੰਤ ਮਾਨ ਨੇ ਕਿਹਾ ਕਿ ਦਿੱਲੀ ਦੇ ਏ.ਸੀ. ਕਮਰਿਆਂ ਵਿੱਚ ਬੈਠੇ ਅਖੌਤੀ ਅਰਥ ਸ਼ਾਸਤਰੀ ਕਿਸਾਨਾਂ ਨੂੰ ਪਰਾਲੀ ਫੂਕਣ ਦਾ ਕੋਈ ਬਦਲ ਤਾਂ ਦੇ ਨਹੀਂ ਰਹੇ, ਸਗੋਂ ਕਿਸਾਨਾਂ ਉਤੇ ਪਰਾਲੀ ਫੂਕਣ ਦਾ ਲਗਾਤਾਰ ਦੋਸ਼ ਲਾ ਕੇ ਉਨ੍ਹਾਂ ਨੂੰ ਬਦਨਾਮ ਕਰ ਰਹੇ ਹਨ।

ਮੁੱਖ ਮੰਤਰੀ ਨੇ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜਦੋਂ ਇਹ ਸਮੱਸਿਆ ਸਮੁੱਚੇ ਉੱਤਰ ਭਾਰਤ ਦੀ ਹੈ ਤਾਂ ਪ੍ਰਧਾਨ ਮੰਤਰੀ ਨੂੰ ਇਸ ਮਸਲੇ ਦੇ ਹੱਲ ਲਈ ਮੀਟਿੰਗ ਸੱਦਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਵਿਰੋਧਾਭਾਸੀ ਗੱਲ ਹੈ ਕਿ ਜਦੋਂ ਤੱਕ ਪੰਜਾਬ ਦੇ ਕਿਸਾਨ ਕੇਂਦਰੀ ਪੂਲ ਵਿੱਚ ਝੋਨੇ ਦਾ ਯੋਗਦਾਨ ਦਿੰਦੇ ਹਨ, ਉਦੋਂ ਤੱਕ ਉਹ ਅੰਨਦਾਤਾ ਹੁੰਦੇ ਹਨ ਪਰ ਜਦੋਂ ਖ਼ਰੀਦ ਸੀਜ਼ਨ ਖ਼ਤਮ ਹੋ ਜਾਂਦਾ ਹੈ, ਉਨ੍ਹਾਂ ਨੂੰ ਤੁੱਛ ਜਿਹੇ ਮੁੱਦਿਆਂ ਉਤੇ ਬਦਨਾਮ ਕਰਨਾ ਸ਼ੁਰੂ ਕਰ ਦਿੱਤਾ ਜਾਂਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਇਹ ਪੰਜਾਬੀ ਕਿਸਾਨਾਂ ਦੀ ਸਰਾਸਰੀ ਨਿਰਾਦਰੀ ਤੇ ਬੇਇਨਸਾਫ਼ੀ ਹੈ, ਜੋ ਕਿਸੇ ਵੀ ਕੀਮਤ ਉਤੇ ਬਰਦਾਸ਼ਤ ਕਰਨ ਯੋਗ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਕਿਸਾਨ ਪਰਾਲੀ ਫੂਕਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣਾ ਚਾਹੰੁਦੇ ਹਨੇ ਪਰ ਕੇਂਦਰ ਸਰਕਾਰ ਉਨ੍ਹਾਂ ਨੂੰ ਕੋਈ ਹੱਲ ਤਾਂ ਦੇਵੇ। ਉਨ੍ਹਾਂ ਭਾਜਪਾ ਤੇ ਕੇਂਦਰ ਸਰਕਾਰ ਨੂੰ ਕਿਹਾ ਕਿ ਉਹ ਸੂਬੇ ਨੂੰ ਕੇਸ ਦਰਜ ਕਰਨ ਲਈ ਕਹਿ ਕੇ ਪੰਜਾਬੀ ਕਿਸਾਨਾਂ ਨੂੰ ਰੋਜ਼ਾਨਾ ਧਮਕਾਉਣਾ ਛੱਡਣ। ਭਗਵੰਤ ਮਾਨ ਨੇ ਕਿਹਾ ਕਿ ਪੰਜਾਬੀ ਕਿਸਾਨਾਂ ਨੂੰ ਧਮਕਾਉਣ ਦੀ ਬਜਾਏ ਕੇਂਦਰ ਸਰਕਾਰ ਨੂੰ ਉਨ੍ਹਾਂ ਨੂੰ ਇਸ ਸਮੱਸਿਆ ਦਾ ਟਿਕਾਊ ਹੱਲ ਦੇਣਾ ਚਾਹੀਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION