ਚੰਡੀਗੜ੍ਹ, 19 ਜੁਲਾਈ, 2019:
ਕਾਂਗਰਸ ਦੇ ਸੀਨਿਅਰ ਆਗੂ ਅਤੇ ਸਾਬਕਾ ਸਾਂਸਦ ਸ੍ਰੀ ਸੁਨੀਲ ਜਾਖੜ ਨੇ ਉੱਤਰ ਪ੍ਰਦੇੇਸ਼ ਵਿਚ ਸੋਨਭੱਦਰ ਦੀ ਘਟਨਾ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕਰਦਿਆ ਕਿਹਾ ਹੈ ਕਿ ਭਾਰਤੀ ਜਨਤਾ ਪਾਰਟੀ ਸੱਤਾ ਦਾ ਦੁਰਪਯੋਗ ਕਰ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਸੱਤਾ ਹਾਸਲ ਕਰ ਲੈਣ ਤੋਂ ਬਾਅਦ ਵੀ ਭਾਜਪਾ ਗਾਂਧੀ ਪਰਿਵਾਰ ਦੇ ਨਾਂਅ ਤੋਂ ਹੀ ਇੰਨੀ ਭੈਅਭੀਤ ਹੈ ਕਿ ਸ੍ਰੀਮਤੀ ਪ੍ਰਿਅੰਕਾ ਗਾਂਧੀ ਨੂੰ ਲੋਕਾਂ ਦੇ ਦੁੱਖ ਵਿਚ ਸ਼ਰੀਕ ਹੋਣ ਤੋਂ ਵੀ ਰੋਕਿਆ ਜਾ ਰਿਹਾ ਹੈ।
ਅੱਜ ਇੱਥੋਂ ਜਾਰੀ ਬਿਆਨ ਵਿਚ ਸ੍ਰੀ ਸੁਨੀਲ ਜਾਖੜ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿਚ ਸੋਨਭੱਦਰ ਵਿਚ 10 ਲੋਕਾਂ ਦੀ ਹੱਤਿਆ ਹੋ ਜਾਂਦੀ ਹੈ ਅਤੇ ਜਦ ਕਾਂਗਰਸ ਦੇ ਜਨਰਲ ਸਕੱਤਰ ਸ੍ਰੀਮਤੀ ਪ੍ਰਿਅੰਕਾ ਗਾਂਧੀ ਉਥੇ ਪੀੜਤ ਪਰਿਵਾਰਾਂ ਨੂੰ ਮਿਲਣ ਜਾਣਾ ਚਾਹੁੰਦੇ ਹਨ ਤਾਂ ਸੱਤਾ ਦੇ ਨਸ਼ੇ ਵਿਚ ਚੂਰ ਭਾਜਪਾ ਦੀ ਪ੍ਰਦੇਸ਼ ਸਰਕਾਰ ਉਨ੍ਹਾਂ ਨੂੰ ਉਥੇ ਜਾਣ ਤੋਂ ਰੋਕਣ ਲਈ ਉਨ੍ਹਾਂ ਨੂੰ ਗ੍ਰਿਫਤਾਰ ਕਰਕੇ ਲੋਕਤੰਤਰ ਦੀ ਹੱਤਿਆ ਕੀਤੀ ਹੈ।
ਸ੍ਰੀ ਜਾਖੜ ਨੇ ਕਿਹਾ ਕਿ ਕਿਸੇ ਦੇ ਦੁੱਖ ਵਿਚ ਸ਼ਰੀਕ ਹੋਣਾ ਕੋਈ ਗੁਨਾਹ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਆਗੂ ਕਾਨੂੰਨ ਦਾ ਸਨਮਾਨ ਕਰਦਿਆਂ ਇੱਕਲੇ ਹੀ ਪਰਿਵਾਰਾਂ ਨੂੰ ਮਿਲਣ ਜਾਣਾ ਚਾਹੁੰਦੇ ਸਨ ਪਰ ਯੋਗੀ ਸਰਕਾਰ ਨੇ ਉਨ੍ਹਾਂ ਨੂੰ ਰੋਕ ਕੇ ਸਿੱਧ ਕਰ ਦਿੱਤਾ ਹੈ ਕਿ ਉੱਤਰ ਪ੍ਰਦੇਸ਼ ਸਰਕਾਰ ਉਥੇ ਹੋ ਰਹੀ ਮਨੁੱਖੀ ਅਧਿਕਾਰਾਂ ਦੇ ਘਾਣ ਨੂੰ ਜਗ ਜਾਹਿਰ ਨਹੀਂ ਹੋਣ ਦੇਣਾ ਚਾਹੁੰਦੀ।
ਸ੍ਰੀ ਜਾਖੜ ਨੇ ਕਿਹਾ ਕਿ ਉੱਤਰ ਪ੍ਰਦੇਸ਼ ਵਿਚ ਲੋਕਾਂ ਤੇ ਅਤਿਆਚਾਰ ਹੋ ਰਹੇ ਹਨ ਅਤੇ ਸੂਬਾ ਸਰਕਾਰ ਕੁਝ ਨਹੀਂ ਕਰ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਪਾਰਟੀ ਭਾਜਪਾ ਦੀਆਂ ਦਮਨਕਾਰੀ ਨੀਤੀਆਂ ਦਾ ਡੱਟ ਕੇ ਵਿਰੋਧ ਕਰੇਗੀ ਅਤੇ ਇਸ ਦੇਸ਼ ਵਿਚ ਆਮ ਲੋਕਾਂ ਦੇ ਹਿੱਤਾਂ ਦਾ ਘਾਣ ਨਹੀਂ ਹੋਣ ਦਿੱਤਾ ਜਾਵੇਗਾ।