31.1 C
Delhi
Monday, May 6, 2024
spot_img
spot_img

ਪੰਜਾਬ ਦੇ ਸਮੂਹ ਕਾਲਜ 18 ਜਨਵਰੀ ਨੂੰ ਰਹਿਣਗੇ ਬੰਦ; ਕੇਂਦਰੀਕ੍ਰਿਤ ਦਾਖ਼ਲਿਆਂ ਖ਼ਿਲਾਫ਼ ਰਾਜ ਸਰਕਾਰ ਦੀ ਨੀਤੀ ਬਾਰੇ ਜਤਾਇਆ ਜਾ ਰਿਹਾ ਹੈ ਵਿਰੋਧ

ਯੈੱਸ ਪੰਜਾਬ
ਚੰਡੀਗੜ੍ਹ /ਅੰਮ੍ਰਿਤਸਰ, 9 ਜਨਵਰੀ, 2023:
ਗੈਰ-ਸਰਕਾਰੀ ਸਹਾਇਤਾ ਪ੍ਰਾਪਤ ਕਾਲਜਿਜ਼ ਮੈਨੇਜਮੈਂਟ ਫ਼ੈਡਰੇਸ਼ਨ (ਐੱਨ. ਜੀ. ਸੀ. ਐੱਮ. ਐੱਫ.), ਪ੍ਰਿੰਸੀਪਲ ਐਸੋਸੀਏਸ਼ਨਾਂ, ਪੰਜਾਬ ਚੰਡੀਗੜ੍ਹ ਕਾਲਜਿਜ਼ ਟੀਚਰਜ਼ ਯੂਨੀਅਨ (ਪੀ. ਸੀ. ਸੀ. ਟੀ. ਯੂ.) ਅਤੇ ਅਣ-ਏਡਿਡ ਪ੍ਰਾਈਵੇਟ ਕਾਲਜਾਂ ਦੀ ਜਥੇਬੰਦੀ ਦੀ ਸਾਂਝੀ ਐਕਸ਼ਨ ਕਮੇਟੀ (ਜੇ. ਏ. ਸੀ.) ਨੇ ਸੂਬਾ ਸਰਕਾਰ ਵੱਲੋਂ ਕੋਈ ਉਚਿੱਤ ਹੁੰਗਾਰਾ ਨਾ ਮਿਲਣ ’ਤੇ 18 ਜਨਵਰੀ ਨੂੰ ਸਮੂਹ ਕਾਲਜਾਂ ਨੂੰ ‘ਤਾਲਾ ਬੰਦ’ ਰੱਖਣ ਦਾ ਸੱਦਾ ਦਿੱਤਾ ਗਿਆ ਹੈ।

ਰਾਜ ਸਰਕਾਰ ਦੇ ਮਨਮਾਨੇ ਅਤੇ ਪੱਖਪਾਤੀ ਫ਼ੈਸਲੇ ਖਿਲਾਫ਼ ਪੰਜਾਬ ਦੇ ਕਾਲਜ ਕੇਂਦਰੀਕ੍ਰਿਤ ਦਾਖਲਾ ਪੋਰਟਲ ਲਾਗੂ ਕਰਨ ਅਤੇ ਸੇਵਾ-ਮੁਕਤੀ ਦੀ ਉਮਰ 58 ਸਾਲ ਘਟਾਉਣ ਸਮੇਤ ਅਧਿਆਪਕਾਂ ਦੇ ਸੇਵਾ ਨਿਯਮਾਂ ਨਾਲ ਛੇੜਛਾੜ ਕਰਨ ਸਬੰਧੀ ਲੰਮੇਂ ਸਮੇਂ ਤੋਂ ਸੰਘਰਸ਼ ਕਰ ਰਹੇ ਹਨ, ਦੇ ਤਹਿਤ ਲਿਆ ਗਿਆ ਹੈ।

ਇਸ ਸਬੰਧੀ ਅੱਜ ਗੁਰੂ ਨਾਨਕ ਖ਼ਾਲਸਾ ਕਾਲਜ ਫ਼ਾਰ ਵੂਮੈਨ ਲੁਧਿਆਣਾ ਵਿਖੇ ਜੇ. ਏ. ਸੀ ਅਤੇ ਅਣ-ਏਡਿਡ ਕਾਲਜਾਂ ਦੀ ਸਾਂਝੀ ਮੀਟਿੰਗ ਦੌਰਾਨ ਉਕਤ ਮੁੱਦੇ ’ਤੇ ਗਹਿਰਾਈ ਨਾਲ ਵਿਚਾਰ-ਚਰਚਾ ਕੀਤੀ ਗਈ ਅਤੇ ਭਗਵੰਤ ਮਾਨ ਸਰਕਾਰ ਕਾਲਜਾਂ ਦੀਆਂ ਹੱਕੀ ਮੰਗਾਂ ਦੀ ਸੁਣਵਾਈ ਨਹੀਂ ਕਰ ਰਹੀ, ਇਸ ਲਈ 18 ਜਨਵਰੀ ਨੂੰ ਸਮੂਹ ਕਾਲਜ ਬੰਦ ਰੱਖੇ ਜਾਣਗੇ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਫੈਡਰੇਸ਼ਨ ਦੇ ਪ੍ਰਧਾਨ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਕਿਹਾ ਕਿ ਅਸੀਂ ਬਹੁਤ ਹੀ ਸੰਕਟ ’ਚ ਹਾਂ ਅਤੇ ਸਰਕਾਰ ਸਾਡੀਆਂ ਮੰਗਾਂ ਪ੍ਰਤੀ ਗੈਰ-ਜ਼ਿੰਮੇਵਾਰ ਹੋਣ ਕਾਰਨ ਇਹ ਸਖ਼ਤ ਕਦਮ ਚੁੱਕ ਰਹੀ ਹੈ”। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਅਤੇ ਉਚੇਰੀ ਸਿੱਖਿਆ ਮੰਤਰੀ ਨੇ ਸੂਬੇ ’ਚ ਉਚ ਸਿੱਖਿਆ ਨੂੰ ਦਰਪੇਸ਼ ਮੁੱਦਿਆਂ ’ਤੇ ਵਿਚਾਰ ਕਰਨ ਲਈ ਮੀਟਿੰਗ ਦਾ ਸਮਾਂ ਵੀ ਨਹੀਂ ਦਿੱਤਾ ਹੈ। ਜਿਸ ਸਬੰਧੀ ਹੁਣ ਵੀ ਸਰਕਾਰ ਨੂੰ ਪੰਜਾਬ ਦੇ ਕਾਲਜਾਂ ਦੀਆਂ ਦਰਪੇਸ਼ ਸਮੱਸਿਆਵਾਂ ਨੂੰ ਹੱਲ ਕਰਨ ਦੀ ਅਪੀਲ ਕਰਦੇ ਹਾਂ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਫੈਸਲਾ ਕਾਲਜਾਂ ਦੀ ਖੁਦਮੁਖਤਿਆਰੀ ਨੂੰ ਪ੍ਰਭਾਵਿਤ ਕਰੇਗਾ ਅਤੇ ਅਸਲ ’ਚ ਇਹ ਬਹੁਤ ਪੱਖਪਾਤੀ ਹੈ, ਕਿਉਂਕਿ ਸੂਬੇ ਦੀਆਂ ਯੂਨੀਵਰਸਿਟੀਆਂ, ਉਨ੍ਹਾਂ ਦੇ ਕਾਲਜਾਂ, ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਇਸ ਅਖੌਤੀ ਦਾਖਲਾ ਪੋਰਟਲ ਦੇ ਦਾਇਰੇ ’ਚੋਂ ਬਾਹਰ ਰੱਖਿਆ ਗਿਆ ਹੈ। ਦਾਖਲਿਆਂ ’ਚ ਆਈ ਗਿਰਾਵਟ ਕਾਰਨ ਉੱਚ ਸਿੱਖਿਆ ਸੰਸਥਾਵਾਂ ਪਹਿਲਾਂ ਹੀ ਗੰਭੀਰ ਆਰਥਿਕ ਦੁਬਿਧਾਵਾਂ ਦਾ ਸਾਹਮਣਾ ਕਰ ਰਹੀਆਂ ਹਨ ਕਿਉਂਕਿ ਨੌਜਵਾਨ ਵਿਦੇਸ਼ਾਂ ਵੱਲ ਰੁਖ ਕਰ ਰਹੇ ਹਨ ਅਤੇ ਇਸ ਲਈ ਉਕਤ ਕੇ੍ਰਂਦਰੀਕ੍ਰਿਤ ਪੋਰਟਲ ਦੀ ਕਿਸੇ ਵੀ ਤਰ੍ਹਾਂ ਦੀ ਕੋਈ ਜ਼ਰੂਰਤ ਨਹੀਂ ਹੈ।

ਸ: ਛੀਨਾ ਨਾਲ ਸਾਂਝੇ ਤੌਰ ’ਤੇ ”ਫੈਡਰੇਸ਼ਨ ਦੇ ਸਕੱਤਰ ਐਸ. ਐਮ. ਸ਼ਰਮਾ ਨੇ ਕਿਹਾ ਕਿ ਕਾਲਜਾਂ ਦੇ ਦਰਪੇਸ਼ ਮੁੱਦਿਆਂ ਪ੍ਰਤੀ ਭਗਵੰਤ ਸਿੰਘ ਮਾਨ ਦੀ ਸਰਕਾਰ ਦਾ ਉਦਾਸੀਨ ਰਵੱਈਆ ਸਾਨੂੰ ਅੰਦੋਲਨ ਅਤੇ ਵਿਦਰੋਹ ਦਾ ਰਾਹ ਅਪਨਾਉਣ ਲਈ ਮਜਬੂਰ ਕਰ ਰਿਹਾ ਹੈ। ਜਿਸ ਸਬੰਧੀ ਰੋਸ ਵਜੋਂ 18 ਜਨਵਰੀ ਨੂੰ ਸੂਬੇ ਦੇ ਸਮੂਹ ਕਾਲਜ ਬੰਦ ਰਹਿਣਗੇ ਅਤੇ ਸਾਰੇ ਜ਼ਿਲ੍ਹਾ ਹੈੱਡਕੁਆਟਰਾਂ ’ਚ ਡਿਪਟੀ ਕਮਿਸ਼ਨਰਾਂ ਨੂੰ ਮੰਗ ਪੱਤਰ ਸੌਂਪੇ ਜਾਣਗੇ ਕਿਉਂਕਿ ਨਾ ਤਾਂ ਉੱਚ ਸਿੱਖਿਆ ਮੰਤਰੀ ਅਤੇ ਨਾ ਹੀ ਮੁੱਖ ਮੰਤਰੀ ਸਾਡੇ ਮੁੱਦੇ ਉਠਾਉਣ ਲਈ ਮਿਲਣ ਦਾ ਸਮਾਂ ਦੇ ਰਹੇ ਹਨ।

ਉਨ੍ਹਾਂ ਕਿਹਾ ਕਿ ਕੇਂਦਰੀਕ੍ਰਿਤ ਪੋਰਟਲ ਨੂੰ ਲਾਗੂ ਕਰਨ ਲਈ ਸਰਕਾਰ ਦੁਆਰਾ ਬਿਨ੍ਹਾਂ ਕਿਸੇ ਸਰਬਸੰਮਤੀ ਨਾਲ ਫੈਸਲਾ ਲਿਆ ਗਿਆ ਹੈ ਅਤੇ ਚੰਡੀਗੜ੍ਹ ਵਿਖੇ ਉਚੇਰੀ ਸਿੱਖਿਆ ਸਕੱਤਰ ਨਾਲ ਹੋਈ ਮੀਟਿੰਗ ਦੌਰਾਨ ਉਠਾਈਆਂ ਗਈਆਂ ਮੁਸ਼ਕਿਲਾਂ ਨੂੰ ਅੱਖੋਂ ਪਰੋਖੇ ਕਰ ਦਿੱਤਾ ਗਿਆ ਹੈ ਅਤੇ ਉਕਤ ਇਕ ਤਰਫ਼ਾ ਹੁਕਮ ਜਾਰੀ ਕੀਤੇ ਗਏ ਹਨ, ਜਿਸ ਨੂੰ ਪੰਜਾਬ ਦੀਆਂ ਮਾਨਤਾ ਪ੍ਰਾਪਤ ਯੂਨੀਵਰਸਿਟੀਆਂ ਰਾਹੀਂ ਲਾਗੂ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਇਹ ਫ਼ੈਸਲਾ ਸਟੇਕਹੋਲਡਰਾਂ ਦੇ ਹਿੱਤਾਂ ਨੂੰ ਧਿਆਨ ’ਚ ਰੱਖੇ ਬਿਨ੍ਹਾਂ ਲਿਆ ਜਾ ਰਿਹਾ ਹੈ ਅਤੇ ਇਸ ਨਾਲ ਸੂਬੇ ਦੀਆਂ ਪ੍ਰਾਈਵੇਟ ਯੂਨੀਵਰਸਿਟੀਆਂ ਨੂੰ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਕਾਲਜਾਂ ਨੂੰ ਆਪਣੀ ਸ਼ਾਖ ਬਚਾਉਣ ਲਈ ਆਪਣੇ ਹਿੱਤਾਂ ਲਈ ਖੜ੍ਹੇ ਹੋਣ ਦਾ ਸਮਾਂ ਆ ਗਿਆ ਹੈ। ਜੇਕਰ ਸਰਕਾਰ ਨੇ ਸਹਿਯੋਗ ਨਾ ਦਿੱਤਾ ਤਾਂ ਬਹੁਤ ਸਾਰੇ ਕਾਲਜ ਬੰਦ ਹੋ ਜਾਣਗੇ”। ਉਨ੍ਹਾਂ ਨੇ ਦੁਬਾਰਾ ਮੁੱਖ ਮੰਤਰੀ ਅਤੇ ਸਿੱਖਿਆ ਮੰਤਰੀ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਨੂੰ ਮੁੱਦਿਆਂ ’ਤੇ ਵਿਚਾਰ ਕਰਨ ਲਈ ਸਮਾਂ ਦੇਣ, ਨਹੀਂ ਤਾਂ ਆਉਣ ਵਾਲੇ ਸਮੇਂ ’ਚ ਉਨ੍ਹਾਂ ਵੱਲੋਂ ਮਜ਼ਬੂਰਨ ਅਣਮਿੱਥੇ ਸਮੇਂ ਲਈ ਹੜਤਾਲ ਕਰਨੀ ਪਵੇਗੀ।

ਉਨ੍ਹਾਂ ਕਿਹਾ ਕਿ ਸਰਕਾਰ ਦਾ ਇਹ ਕਦਮ ਉਚਿੱਤ ਨਹੀਂ ਹੈ ਕਿਉਂਕਿ ਇਸ ਨਾਲ ਕਾਲਜਾਂ ’ਚ ਦਾਖ਼ਲਾ ਲੈਣ ਵਾਲੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇਗਾ। ਬੀ. ਐੱਡ ਅਤੇ ਲਾਅ ਕਾਲਜਾਂ ’ਚ ਪਹਿਲਾਂ ਹੀ ਅਜਿਹੇ ਕਦਮ ਪਿਛਲੇ ਸਮੇਂ ’ਚ ਬੁਰੀ ਤਰ੍ਹਾਂ ਅਸਫ਼ਲ ਹੋ ਚੁੱਕੇ ਹਨ।

ਉਨ੍ਹਾਂ ਕਿਹਾ ਕਿ ਗ੍ਰਾਂਟ ਇਨ ਏਡ ਸਕੀਮ ’ਚ ਅਜਿਹਾ ਕੋਈ ਉਪਬੰਧ ਨਹੀਂ ਹੈ ਜੋ ਸਰਕਾਰ ਨੂੰ ਸਰਕਾਰੀ ਵਿਭਾਗਾਂ ਦੁਆਰਾ ਸਹਾਇਤਾ ਪ੍ਰਾਪਤ ਕਾਲਜਾਂ ਦੀ ਦਾਖਲਾ ਪ੍ਰਕਿਰਿਆ ਨੂੰ ਆਪਣੇ ਅਧੀਨ ਲੈਣ ਦਾ ਅਧਿਕਾਰ ਦਿੰਦਾ ਹੈ, ਇਸ ਲਈ ਸਰਕਾਰ ਦੁਆਰਾ ਲਿਆ ਗਿਆ ਉਕਤ ਫ਼ੈਸਲਾ ਗੈਰ-ਕਾਨੂੰਨੀ ਅਤੇ ਰੱਦ ਕਰਨ ਯੋਗ ਹੈ। ਇਸ ਮੌਕੇ ਉਨ੍ਹਾਂ ਪ੍ਰਿੰਸੀਪਲਾਂ ਅਤੇ ਅਧਿਆਪਕਾਂ ਦੀ ਸੇਵਾਮੁਕਤੀ ਸਬੰਧੀ ਸੇਵਾ ਨਿਯਮਾਂ ਨਾਲ ਛੇੜਛਾੜ ਦਾ ਵੀ ਵਿਰੋਧ ਕੀਤਾ।

ਜੇਏਸੀ ਅਤੇ ਅਣ-ਏਡਿਡ ਪ੍ਰਾਈਵੇਟ ਕਾਲਜਿਜ਼ ਯੂਨੀਅਨ ਨੇ ਏਡਿਡ ਕਾਲਜਾਂ ਦੇ ਅਧਿਆਪਕਾਂ ਦੀ ਸੇਵਾਮੁਕਤੀ ਦੀ ਉਮਰ 58 ਸਾਲ ਕਰਨ ਦੇ ਪ੍ਰਸਤਾਵਿਤ ਪ੍ਰਸਤਾਵ ਬਾਰੇ ਸਰਕਾਰ ਦੇ ਤਾਜ਼ਾ ਨੋਟੀਫਿਕੇਸ਼ਨ ’ਤੇ ਸਖ਼ਤ ਨਾਰਾਜ਼ਗੀ ਜ਼ਾਹਿਰ ਕੀਤੀ। ਮੀਟਿੰਗ ਦੌਰਾਨ ਕਾਲਜਾਂ ’ਚ ਸਹਾਇਤਾ ਸਕੀਮ ਦੀਆਂ ਪੂਰੀਆਂ ਗ੍ਰਾਂਟਾਂ ਦੀ ਬਹਾਲੀ ਦਾ ਵੀ ਮੁੱਦਾ ਉਠਾਇਆ ਗਿਆ ਅਤੇ ਸਮੂਹ ਨੁਮਾਇੰਦਿਆਂ ਨੇ ਆਉਣ ਵਾਲੇ ਸਮੇਂ ਵਿੱਚ ਸਰਕਾਰ ਖਿਲਾਫ਼ ਮਿਲ ਕੇ ਸੰਘਰਸ਼ ਕਰਨ ਦਾ ਅਹਿਦ ਲਿਆ। ਉਨ੍ਹਾਂ ਕਿਹਾ ਕਿ ਉਕਤ ਮਸਲੇ ਦੇ ਹੱਲ ਸਬੰਧੀ ਬਹੁਤ ਹੀ ਜਲਦੀ ਵਿਰੋਧੀ ਪਾਰਟੀ ਦੇ ਆਗੂ ਸ੍ਰੀ ਅਸ਼ਵਨੀ ਸ਼ਰਮਾ, ਸ: ਪ੍ਰਤਾਪ ਸਿੰਘ ਬਾਜਵਾ ਅਤੇ ਸ: ਸੁਖਬੀਰ ਸਿੰਘ ਬਾਦਲ ਨਾਲ ਮਿਲ ਕੇ ਗੱਲਬਾਤ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਨੌਜਵਾਨਾਂ ਦੇ ਵਿਦੇਸ਼ ਜਾਣ ਕਾਰਨ ਦਾਖਲੇ ਦੀ ਗਿਣਤੀ ਘੱਟਣ ਕਾਰਨ ਕਾਲਜ ਪਹਿਲਾਂ ਹੀ ਆਰਥਿਕ ਦਬਾਅ ਹੇਠ ਹਨ ਅਤੇ ਸਰਕਾਰ ਕਾਲਜਾਂ ਦੀ ਮਦਦ ਕਰਨ ਦੀ ਬਜਾਏ ਉੱਚ ਵਿਦਿਅਕ ਸੰਸਥਾਵਾਂ ਨੂੰ ਬਰਬਾਦ ਕਰਨ ’ਤੇ ਤੁਲੀ ਹੋਈ ਹੈ। ਇਸ ਮੌਕੇ ਫ਼ੈਡਰੇਸ਼ਨ ਦੇ ਤੇਜਿੰਦਰ ਕੌਰ ਧਾਲੀਵਾਲ, ਰਮੇਸ਼ ਕੁਮਾਰ ਕੌੜਾ, ਸਕੱਤਰ ਅਗਨੀਸ਼ ਢਿੱਲੋਂ, ਪ੍ਰਾਈਵੇਟ ਅਣਏਡਿਡ ਕਾਲਜਿਜ਼ ਯੂਨੀਅਨ ਦੇ ਪ੍ਰਧਾਨ ਵੇਦ ਪ੍ਰਕਾਸ਼ ਬੇਦੀ, ਰਵਿੰਦਰ ਜੋਸ਼ੀ, ਪ੍ਰਿੰਸੀਪਲ ਐਸੋਸੀਏਸ਼ਨ ਦੇ ਮੁਖੀ ਡਾ. ਗੁਰਦੇਵ ਸਿੰਘ ਰੰਧਾਵਾ, ਪੀ. ਸੀ. ਸੀ. ਟੀ. ਯੂ ਦੇ ਪ੍ਰਧਾਨ ਵਿਨੈ ਸੋਫ਼ਤ, ਜਨਰਲ ਸਕੱਤਰ ਡਾ. ਜੀ. ਐਸ. ਸੇਖੋਂ, ਪ੍ਰਿੰਸੀਪਲ ਡਾ. ਮਹਿਲ ਸਿੰਘ, ਜੀ.ਐਸ. ਸਰਨਾ ਅਤੇ ਹੋਰ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION