ਯੈੱਸ ਪੰਜਾਬ
ਚੰਡੀਗੜ੍ਹ, 9 ਦਸੰਬਰ, 2020:
ਪੰਜਾਬ ਦੇ ਮੁੰਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ‘ਕ੍ਰਿਸ਼ੀ ਕਰਮਨ ਐਵਾਰਡ’ ਹਾਸਲ ਕੀਤਾ ਜੋ 2 ਜਨਵਰੀ, 2020 ਨੂੰ ਬੇਂਗਲੁਰੂ ਵਿਖੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਵੱਲੋਂ ਮਾਲ 2017-18 ਦੌਰਾਨ ਪੰਜਾਬ ਵਿੱਚ ਝੋਨੇ ਦੀ 199.65 ਲੱਖ ਮੀਟਰਕ ਟਨ ਰਿਕਾਰਡ ਪੈਦਾਵਾਰ ਲਈ ਪ੍ਰਦਾਨ ਕੀਤਾ ਗਿਆ ਸੀ।
ਪ੍ਰਧਾਨ ਮੰਤਰੀ ਪਾਸੋਂ ਇਹ ਐਵਾਰਡ ਵਧੀਕ ਮੁੱਖ ਸਕੱਤਰ (ਵਿਕਾਸ) ਵਿਸਵਾਜੀਤ ਖੰਨਾ ਅਤੇ ਖੇਤੀਬਾੜੀ ਡਾਇਰੈਕਟਰ ਸੁਤੰਤਰ ਕੁਮਾਰ ਐਰੀ ਵੱਲੋਂ ਹਾਸਲ ਕੀਤਾ ਗਿਆ ਜਿਸ ਵਿੱਚ ਦੋ ਕਰੋੜ ਰੁਪਏ ਦੀ ਰਾਸ਼ੀ ਵੀ ਸ਼ਾਮਲ ਹੈ।
ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕੌਮੀ ਪੱਧਰ ’ਤੇ ਇਸ ਵਿਲੱਖਣ ਪ੍ਰਾਪਤੀ ਲਈ ਖੇਤੀਬਾੜੀ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕੀਤੀ।
ਸ੍ਰੀ ਖੰਨਾ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਦੋ ਪ੍ਰਗਤੀਸ਼ੀਲ ਕਿਸਾਨਾਂ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਪਿੰਡ ਸਾਧੂਗੜ੍ਹ ਦੇ ਸੁਰਜੀਤ ਸਿੰਘ ਅਤੇ ਅੰਮ੍ਰਿਤਸਰ ਤੋਂ ਹਰਿੰਦਰ ਕੌਰ ਨੂੰ ਵੀ ਝੋਨੇ ਦੇ ਬੰਪਰ ਉਤਪਾਦਨ ਲਈ ਦੋ-ਦੋ ਲੱਖ ਰੁਪਏ ਦੇ ਨਗਦ ਇਨਾਮ ਨਾਲ ਸਨਮਾਨਿਤ ਕੀਤਾ ਗਿਆ।