30.6 C
Delhi
Friday, April 26, 2024
spot_img
spot_img

ਪੰਜਾਬ ਨੂੰ ਵੀ ਹੜ੍ਹ ਪ੍ਰਭਾਵਿਤ ਸੂਬਿਆਂ ਦੀ ਸੂਚੀ ’ਚ ਸ਼ਾਮਿਲ ਕੀਤਾ ਜਾਵੇ: ਕੈਪਟਨ ਦੀ ਕੇਂਦਰ ਤੋਂ ਮੰਗ

ਚੰਡੀਗੜ, 24 ਅਗਸਤ, 2019:

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੰਤਰ ਮੰਤਰਾਲਾ ਕੇਂਦਰੀ ਟੀਮ (ਆਈ.ਐਮ.ਸੀ.ਟੀ.) ਵੱਲੋਂ ਹੜਾਂ ਦੀ ਸਥਿਤੀ ਦਾ ਮੌਕੇ ’ਤੇ ਹੀ ਮੁਲਾਂਕਣ ਕਰਨ ਲਈ ਸ਼ਨਾਖਤ ਕੀਤੇ ਸੂਬਿਆਂ ਵਿੱਚ ਪੰਜਾਬ ਨੂੰ ਵੀ ਤੁਰੰਤ ਸ਼ਾਮਲ ਕਰਨ ਦੀ ਮੰਗ ਕੀਤੀ ਹੈ।

ਕੇਂਦਰ ਸਰਕਾਰ ਨੇ 11 ਸੂਬਿਆਂ ਦੀ ਸੂਚੀ ਤਿਆਰ ਕੀਤੀ ਹੈ ਜਿੱਥੇ ਕੇਂਦਰੀ ਟੀਮ ਵੱਲੋਂ ਹੜਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲਿਆ ਜਾਣਾ ਹੈ ਪਰ ਇਸ ਸੂਚੀ ਵਿੱਚ ਪੰਜਾਬ ਦਾ ਕਿਧਰੇ ਵੀ ਜ਼ਿਕਰ ਨਹੀਂ ਕੀਤਾ ਗਿਆ ਜਦਕਿ ਸੂਬੇ ਵਿੱਚ ਮੋਹਲੇਧਾਰ ਮੀਂਹ ਪੈਣ ਨਾਲ ਕਈ ਇਲਾਕਿਆਂ ਵਿੱਚ ਭਾਰੀ ਹੜ ਆਏ ਹੋਏ ਹਨ।

ਮੁੱਖ ਮੰਤਰੀ ਨੇ ਪੰਜਾਬ ਨੂੰ ਸ਼ਾਮਲ ਨਾ ਕਰਨ ’ਤੇ ਹੈਰਾਨੀ ਜ਼ਾਹਰ ਕਰਦਿਆਂ ਕੇਂਦਰੀ ਗ੍ਰਹਿ ਮੰਤਰੀ ਨੂੰ ਤੁਰੰਤ ਇਸ ਸੂਚੀ ਨੂੰ ਦਰੁਸਤ ਕਰਨ ਦੀ ਅਪੀਲ ਕੀਤੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕੀਤਾ,‘‘ਵੱਖ-ਵੱਖ ਸੂਬਿਆਂ ਦੇ ਹੜ ਪ੍ਰਭਾਵਿਤ ਇਲਾਕਿਆਂ ਵਿੱਚ ਨੁਕਸਾਨ ਦਾ ਮੁਲਾਂਕਣ ਕਰਨ ਲਈ ਗਠਿਤ ਕੀਤੀ ਕਮੇਟੀ ਵੱਲੋਂ ਸੂਬਿਆਂ ਦੇ ਕੀਤੇ ਜਾਣ ਵਾਲੇ ਦੌਰਿਆਂ ਦੀ ਸੂਚੀ ਵਿੱਚੋਂ ਪੰਜਾਬ ਨੂੰ ਬਾਹਰ ਰੱਖਣ ’ਤੇ ਹੈਰਾਨੀ ਹੋਈ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਜੀ, ਤੁਹਾਨੂੰ ਅਪੀਲ ਕਰਦਾ ਹਾਂ ਕਿ ਤੁਸੀਂ ਪੰਜਾਬ ਵਿੱਚ ਹੜਾਂ ਨਾਲ ਹੋਏ ਭਾਰੀ ਨੁਕਸਾਨ ਦਾ ਅਨੁਮਾਨ ਲਾਉਣ ਲਈ ਕੇਂਦਰੀ ਟੀਮ ਨੂੰ ਸੂਬੇ ਦਾ ਦੌਰਾ ਕਰਨ ਲਈ ਹਦਾਇਤ ਜਾਰੀ ਕਰੋ।’’

ਲੰਘੀ 19 ਅਗਸਤ ਨੂੰ ਇਕ ਉੱਚ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਲਏ ਫੈਸਲੇ ਦੇ ਸੰਦਰਭ ਵਿੱਚ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਅੰਤਰ ਮੰਤਰਾਲਾ ਕੇਂਦਰੀ ਟੀਮ ਦਾ ਗਠਨ ਕੀਤਾ ਗਿਆ ਹੈ। ਇਸ ਤੋਂ ਪਹਿਲਾਂ ਕੇਂਦਰ ਸਰਕਾਰ ਵੱਲੋਂ ਜਾਇਜ਼ਾ ਲੈਣ ਲਈ ਪ੍ਰਭਾਵਿਤ ਸੂਬੇ ਮੈਮੋਰੰਡਮ ਸੌਂਪਦੇ ਸਨ ਜਦਕਿ ਇਸ ਕਮੇਟੀ ਨਾਲ ਚਿਰੋਕਣੀ ਉਡੀਕ ਕਰਨ ਵਾਲੀ ਇਹ ਪ੍ਰਥਾ ਖਤਮ ਕਰ ਦਿੱਤੀ ਗਈ ਹੈ।

ਇਸ ਕੇਂਦਰੀ ਟੀਮ ਨੂੰ ਹੜ ਪ੍ਰਭਾਵਿਤ ਸੂਬਿਆਂ ਮੇਘਾਲਿਆ, ਅਸਾਮ, ਤਿ੍ਰਪੁਰਾ, ਬਿਹਾਰ, ਉੱਤਰਾਖੰਡ, ਹਿਮਾਚਲ ਪ੍ਰਦੇਸ਼, ਗੁਜਰਾਤ, ਰਾਜਸਥਾਨ, ਮਹਾਰਾਸ਼ਟਰ, ਕਰਨਾਟਕਾ ਅਤੇ ਕੇਰਲਾ ਦਾ ਦੌਰਾ ਕਰਨ ਲਈ ਆਖਿਆ ਗਿਆ ਹੈ। ਇਹ ਕਮੇਟੀ ਇਨਾਂ ਹੜਗ੍ਰਸਤ ਸੂਬਿਆਂ ਨੂੰ ਸਹਾਇਤਾ ਮੁਹੱਈਆ ਕਰਵਾਉਣ ਲਈ ਕੇਂਦਰ ਸਰਕਾਰ ਨੂੰ ਅੰਤਮ ਸਿਫਾਰਸ਼ਾਂ ਕਰੇਗੀ।

ਕੈਪਟਨ ਅਮਰਿੰਦਰ ਸਿੰਘ ਨੇ ਇਹ ਨੁਕਤਾ ਵੀ ਉਠਾਇਆ ਕਿ ਉਨਾਂ ਨੇ ਪੰਜਾਬ ਵਿੱਚ ਹੜਾਂ ਨਾਲ ਹੋਏ ਨੁਕਸਾਨ ਦੀ ਭਰਪਾਈ ਲਈ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ 1000 ਕਰੋੜ ਰੁਪਏ ਦੇ ਵਿਸ਼ੇਸ਼ ਹੜ ਰਾਹਤ ਪੈਕੇਜ ਦੀ ਮੰਗ ਪਹਿਲਾਂ ਹੀ ਕੀਤੀ ਹੋਈ ਹੈ। ਮੁੱਢਲੇ ਅਨੁਮਾਨਾਂ ਮੁਤਾਬਕ ਸੂਬੇ ਨੂੰ ਹੜਾਂ ਨਾਲ ਲਗਭਗ 1700 ਕਰੋੜ ਰੁਪਏ ਦਾ ਨੁਕਸਾਨ ਪਹੁੰਚਿਆ ਹੈ।

ਮੁੱਖ ਮੰਤਰੀ ਨੇ ਖੁਦ ਵੀ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਕੇ ਖੜੀਆਂ ਫਸਲਾਂ, ਘਰਾਂ, ਸਰਕਾਰੀ ਜਾਇਦਾਦਾਂ ਅਤੇ ਪਸ਼ੂਧਨ ਨੂੰ ਪਹੁੰਚੇ ਨੁਕਸਾਨ ਦੀ ਜ਼ਮੀਨੀ ਸਥਿਤੀ ਦਾ ਜਾਇਜ਼ਾ ਲਿਆ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨੂੰ ਅਪੀਲ ਕੀਤੀ ਕਿ ਮੌਜੂਦਾ ਫਸਲ ਸੀਜ਼ਨ ਦੌਰਾਨ ਹੜ ਪ੍ਰਭਾਵਿਤ ਪਿੰਡਾਂ ਦੇ ਕਿਸਾਨਾਂ ਵੱਲੋਂ ਬੈਂਕਾਂ/ਵਿੱਤੀ ਸੰਸਥਾਵਾਂ ਪਾਸੋਂ ਲਏ ਫਸਲੀ ਕਰਜ਼ਿਆਂ ਨੂੰ ਮੁਆਫ਼ ਕਰਨ ਲਈ ਉਹ ਸਬੰਧਤ ਅਥਾਰਟੀਆਂ ਨੂੰ ਹਦਾਇਤਾਂ ਜਾਰੀ ਕਰਨ।

ਸਨਿਚਰਵਾਰ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰ ਕੇ ਪੰਜਾਬ ਵਿੱਚ ਹੜ ਪ੍ਰਭਾਵਿਤ ਲੋਕਾਂ ਦੀ ਮਦਦ ਲਈ ਪੰਜਾਬ ਸਰਕਾਰ ਦਾ ਮੋਢਾ ਨਾਲ ਮੋਢਾ ਜੋੜ ਕੇ ਸਾਥ ਦੇਣ ਦੀ ਅਪੀਲ ਕੀਤੀ ਹੈ। ਉਨਾਂ ਕਿਹਾ ਕਿ ਇਮਦਾਦ ਕਰਨ ਵਾਲੇ ਲੋਕ ਪੰਜਾਬ ਸਟੇਟ ਕੋਆਪ੍ਰੇਟਿਵ ਬੈਂਕ ਦੇ ਖਾਤਾ ਨੰ: 001934001000589 ਅਤੇ ਆਈ.ਐਫ.ਐਸ.ਸੀ.- UTIB0PSCB01 ਰਾਹੀਂ ਆਪਣਾ ਯੋਗਦਾਨ ਪਾ ਸਕਦੇ ਹਨ।

ਇਹ ਜ਼ਿਕਰਯੋਗ ਹੈ ਕਿ 1988 ਤੋਂ ਬਾਅਦ ਭਾਖੜਾ ਡੈਮ ਤੋਂ ਸਤਲੁਜ ਦਰਿਆ ਵਿੱਚ ਪਾਣੀ ਛੱਡਣ ਨਾਲ ਸਭ ਤੋਂ ਭਾਰੀ ਹੜ ਆਏ ਹਨ ਜਿਸ ਨਾਲ ਪਿੰਡਾਂ ਦੇ ਰਿਹਾਇਸ਼ੀ ਇਲਾਕਿਆਂ ਵਿੱਚ ਪਾਣੀ ਵੜਨ ਤੋਂ ਇਲਾਵਾ ਖੜੀਆਂ ਫਸਲਾਂ ਨੂੰ ਵੱਡਾ ਨੁਕਸਾਨ ਪਹੁੰਚਿਆ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION