ਯੈੱਸ ਪੰਜਾਬ
ਚੰਡੀਗੜ੍ਹ, 22 ਸਤੰਬਰ, 2022:
ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਸਾਬਕਾ ਕੇਂਦਰੀ ਮੰਤਰੀ ਸ: ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ ਸੁਪਰੀਮ ਕੋਰਟ ਵੱਲੋਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੱਖ ਵਿਚ ਫੈਸਲਾ ਸੁਣਾਏ ਜਾਣ ਤੋਂ ਬਾਅਦ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵੱਡਾ ਧੱਕਾ ਲੱਗਾ ਹੈ ਅਤੇ ਇਸ ਦੇ ਲਈ ਪੂਰਨ ਤੌਰ `ਤੇ ਬਾਦਲ ਪਰਿਵਾਰ ਜਿ਼ੰਮੇਵਾਰ ਹੈ।
ਉਨ੍ਹਾਂ ਕਿਹਾ ਕਿ ਬਾਦਲਾਂ ਦੀ ਮਾੜੀ ਸਿਆਸਤ ਕਾਰਨ ਹੀ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ ਵਿਚ ਆਈ ਹੈ। ਸ: ਢੀਂਡਸਾ ਨੇ ਦੇਸ਼ ਵਿਚ ਗੁਰਦੁਆਰਾ ਸਾਹਿਬਾਨ ਦੀ ਬਿਹਤਰ ਸੇਵਾ-ਸੰਭਾਲ ਲਈ ਕੇਂਦਰ ਸਰਕਾਰ ਨੂੰ ਆਲ ਇੰਡੀਆ ਗੁਰਦੁਆਰਾ ਐਕਟ ਬਣਾਉਣ ਦੀ ਮੰਗ ਕੀਤੀ ਹੈ।
ਉਨ੍ਹਾਂ ਅੱਗੇ ਕਿਹਾ ਬਾਦਲ ਦਲ ਨੇ ਕਦੇ ਵੀ ਹਰਿਆਣਾ ਦੇ ਸਿੱਖਾਂ ਨੂੰ ਮਾਣ-ਸਨਮਾਨ ਨਹੀ ਦਿੱਤਾ। ਜਿਸ ਕਾਰਨ ਉਨ੍ਹਾਂ ਨੂੰ ਮਜਬੂਰੀ ਵੱਸ ਵੱਖਰਾ ਝੰਡਾ ਚੁੱਕਣਾ ਪਿਆ। ਉਨ੍ਹਾਂ ਕਿਹਾ ਕਿ ਐੱਸਜੀਪੀਸੀ `ਤੇ ਬਾਦਲ ਪਰਿਵਾਰ ਦਾ ਕਬਜਾ ਹੈ ਅਤੇ ਉਨ੍ਹਾਂ ਦੇ ਇਸ਼ਾਰਿਆਂ `ਤੇ ਹੀ ਸ਼੍ਰੋਮਣੀ ਕਮੇਟੀ ਕੰਮ ਕਰ ਰਹੀ ਹੈ।
ਸ: ਢੀਂਡਸਾ ਨੇ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ਚਾਹੁੰਦੀ ਤਾਂ ਹਰਿਆਣਾ ਦੇ ਸਿੱਖਾਂ ਦੇ ਮੁੱਦਿਆਂ ਨੂੰ ਆਪਸੀ ਤਾਲਮੇਲ ਨਾਲ ਸੁਲਝਾ ਸਕਦੀ ਸੀ ਪ੍ਰੰਤੂ ਬਾਦਲ ਪਰਿਵਾਰ ਦੀ ਮਾੜੀ ਸਿਆਸਤ ਨੇ ਅਜਿਹਾ ਨਹੀ ਹੋਣ ਦਿੱਤਾ। ਜਿਸ ਕਾਰਨ ਹਰਿਆਣਾ ਦੇ ਸਿੱਖਾਂ ਨੇ ਉਥੇ ਦੇ ਗੁਰਦੁਆਰਾ ਸਾਹਿਬਾਨ ਦੀ ਸੇਵਾ ਸੰਭਾਲ ਦੀ ਜਿੰਮੇਵਾਰੀ ਲਈ ਵੱਖਰੀ ਪ੍ਰਬੰਧਕ ਕਮੇਟੀ ਬਣਾਉਣਾ ਹੀ ਉਚਿਤ ਸਮਝਿਆ।
ਸ:ਢੀਂਡਸਾ ਨੇ ਅੱਗੇ ਕਿਹਾ ਕਿ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਆਲ ਇੰਡੀਆ ਗੁਰਦੁਆਰਾ ਐਕਟ ਦੀ ਮੰਗ ਨੂੰ ਸ: ਪ੍ਰਕਾਸ਼ ਸਿੰਘ ਬਾਦਲ ਨੇ ਕਦੇ ਪੂਰਾ ਨਹੀ ਹੋਣ ਦਿੱਤਾ ਅਤੇ ਬਾਅਦ ਵਿਚ ਸੁਖਬੀਰ ਸਿੰਘ ਬਾਦਲ ਨੇ ਵੀ ਇਸ ਮੰਗ ਨੂੰ ਰੋਲ ਕੇ ਰੱਖ ਦਿੱਤਾ। ਉਨ੍ਹਾਂ ਆਖਿਆ ਕਿ ਸੁਪਰੀਮ ਕੋਰਟ ਦਾ ਫੈਸਲਾ ਆਉਣ ਨਾਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਹੋਂਦ ਵਿਚ ਆ ਗਈ ਹੈ। ਸ੍ਰੋਮਣੀ ਕਮੇਟੀ ਨੂੰ ਆਪਣੇ ਚੱਲ ਰਹੇ ਪ੍ਰਬੰਧਾਂ ਸਬੰਧੀ ਚਿੰਤਨ ਕਰਨ ਦੀ ਬੇਹੱਦ ਲੋੜ ਹੈ ਤਾਂ ਜੋ ਇਸ ਵਿਚ ਸੁਧਾਰ ਲਿਆ ਕੇ ਪੰਥਕ ਸੰਸਥਾਵਾਂ ਵਿਚ ਸੇਵਾ ਸੰਭਾਲ ਦਾ ਕੰਮ ਬਿਹਤਰ ਹੋ ਸਕੇ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ