37.1 C
Delhi
Saturday, April 27, 2024
spot_img
spot_img

ਭਗਵੰਤ ਮਾਨ ਵੱਲੋਂ ਹਿਮਾਚਲ ਦੇ ਨੌਜਵਾਨਾਂ ਨੂੰ ਰਵਾਇਤੀ ਸਿਆਸੀ ਪਾਰਟੀਆਂ ਲਾਂਭੇ ਕਰਕੇ ਬਦਲਾਅ ਲਿਆਉਣ ਦਾ ਸੱਦਾ

ਯੈੱਸ ਪੰਜਾਬ
ਮੰਡੀ/ਚੰਡੀਗੜ੍ਹ, 9 ਸਤੰਬਰ, 2022:
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਨੌਜਵਾਨਾਂ ਨੂੰ ਸੂਬੇ ਵਿੱਚੋਂ ਰਵਾਇਤੀ ਸਿਆਸੀ ਪਾਰਟੀਆਂ ਨੂੰ ਬਾਹਰ ਦਾ ਰਸਤਾ ਦਿਖਾ ਕੇ ਬਦਲਾਅ ਦੇ ਮੋਢੀ ਬਣਨ ਦਾ ਸੱਦਾ ਦਿੱਤਾ।

ਪਹਾੜੀ ਸੂਬੇ ਦੇ ਵਸਨੀਕਾਂ ਨੂੰ ਨੌਜਵਾਨਾਂ ਲਈ ਨੌਕਰੀਆਂ, ਬੇਰੁਜ਼ਗਾਰੀ ਭੱਤਾ, ਵਪਾਰੀਆਂ ਲਈ ਸਲਾਹਕਾਰੀ ਬੋਰਡ, ਇੰਸਪੈਕਟਰ ਰਾਜ ਦਾ ਅੰਤ, ਭ੍ਰਿਸ਼ਟਾਚਾਰ ਮੁਕਤ ਸ਼ਾਸਨ ਸਮੇਤ ਛੇ ਚੋਣ ਗਾਰੰਟੀਆਂ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ, “ਇਹ ਉਮੀਦ ਬਿਲਕੁਲ ਨਾ ਰੱਖੋ ਕਿ ਸੱਤਾ ਤੁਹਾਡੇ ਕੋਲ ਚੱਲ ਕੇ ਆਵੇਗੀ ਪਰ ਇਸ ਨੂੰ ਯਕੀਨੀ ਬਣਾਉਣ ਲਈ ਸਖ਼ਤ ਮਿਹਨਤ ਕਰੋ ਤਾਂ ਕਿ ਤੁਹਾਡੇ ਸੂਬੇ ਵਿੱਚ ਬੇਮਿਸਾਲ ਵਿਕਾਸ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋ ਸਕੇ।”

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਨਾਲ ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਵਾਰੋ-ਵਾਰੀ ਸੂਬੇ ਦੇ ਖਜ਼ਾਨੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ। ਉਨ੍ਹਾਂ ਕਿਹਾ ਕਿ ਆਪਣੇ ਮਾੜੇ ਕਾਰਨਾਮਿਆਂ ਉਤੇ ਪਰਦਾ ਪਾਉਣ ਲਈ ਇਨ੍ਹਾਂ ਸਿਆਸੀ ਪਾਰਟੀਆਂ ਦੀ ਆਪਸ ਵਿਚ ਮਿਲੀਭੁਗਤ ਰਹੀ ਹੈ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਲੀਡਰਾਂ ਹੱਥੋਂ ਅਸਲ ਪੀੜਤ ਤਾਂ ਸੂਬਾ ਤੇ ਇੱਥੋਂ ਦੇ ਲੋਕ ਹਨ ਜੋ ਤਰੱਕੀ ਅਤੇ ਖੁਸ਼ਹਾਲੀ ਕਰਨ ਤੋਂ ਬੁਰੀ ਤਰ੍ਹਾਂ ਪੱਛੜ ਗਏ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਨੌਜਵਾਨਾਂ ਨੂੰ ਖੁਦ ਅੱਗੇ ਆਉਣਾ ਚਾਹੀਦਾ ਹੈ ਅਤੇ ਇਨ੍ਹਾਂ ਰਵਾਇਤੀ ਪਾਰਟੀਆਂ ਨੂੰ ਪਹਾੜੀ ਸੂਬੇ ਵਿੱਚੋਂ ਲਾਂਭੇ ਕਰਨ ਲਈ ਮੈਦਾਨ ਵਿਚ ਨਿੱਤਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦਿੱਲੀ ਅਤੇ ਪੰਜਾਬ ਦੇ ਲੋਕ ਪਹਿਲਾਂ ਹੀ ਆਪੋ-ਆਪਣੇ ਸੂਬਿਆਂ ਵਿੱਚ ਕ੍ਰਾਂਤੀ ਲਿਆ ਚੁੱਕੇ ਹਨ ਅਤੇ ਹੁਣ ਸਮਾਂ ਆ ਗਿਆ ਹੈ ਕਿ ਇਸ ਸੂਬੇ ਵਿੱਚ ਵੀ ਇਹੀ ਇਤਿਹਾਸ ਦੁਹਰਾਇਆ ਜਾਵੇ। ਭਗਵੰਤ ਮਾਨ ਨੇ ਕਿਹਾ ਕਿ ਨੌਜਵਾਨਾਂ ਨੂੰ ਰਾਸ਼ਟਰ ਨਿਰਮਾਣ ਵਿੱਚ ਫੈਸਲਾਕੁੰਨ ਭੂਮਿਕਾ ਨਿਭਾਉਣੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਦੁੱਖ ਨਾਲ ਕਿਹਾ ਕਿ ਭਾਵੇਂ ਇਨ੍ਹਾਂ ਆਗੂਆਂ ਦੀਆਂ ਮਾੜੀਆਂ ਨੀਤੀਆਂ ਕਾਰਨ ਸੂਬਾ ਅਤੇ ਇੱਥੋਂ ਦੇ ਲੋਕਾਂ ਦਾ ਨੁਕਸਾਨ ਹੋਇਆ ਹੈ ਪਰ ਇਨ੍ਹਾਂ ਆਗੂਆਂ ਦੇ ਪਰਿਵਾਰ ਦਿਨੋ-ਦਿਨ ਖੁਸ਼ਹਾਲ ਹੁੰਦੇ ਗਏ। ਉਨ੍ਹਾਂ ਕਿਹਾ ਕਿ ਜਿੱਥੇ ਲੋਕ ਦੋ ਵੇਲੇ ਦੀ ਰੋਟੀ ਨੂੰ ਤਰਸ ਰਹੇ ਹਨ, ਉਥੇ ਸਿਆਸਤਦਾਨ ਅਤੇ ਉਨ੍ਹਾਂ ਦੇ ਪਰਿਵਾਰ ਐਸ਼ਪ੍ਰਸਤੀ ਵਾਲਾ ਜੀਵਨ ਬਤੀਤ ਕਰ ਰਹੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਸ ਪ੍ਰਥਾ ਨੂੰ ਖਤਮ ਕਰਨਾ ਹੋਵੇਗਾ ਜਿਸ ਲਈ ਨੌਜਵਾਨਾਂ ਨੂੰ ਮੋਹਰੀ ਭੂਮਿਕਾ ਅਦਾ ਕਰਨੀ ਚਾਹੀਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ‘ਆਪ’ ਸਿੱਖਿਆ ਅਤੇ ਸਿਹਤ ਖੇਤਰ ਵਿੱਚ ਸੁਧਾਰ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਗਾਂਧੀ ਪਰਿਵਾਰ ਦੇ ਵੰਸ਼ਜ ਅਤੇ ਕਾਂਗਰਸੀ ਨੇਤਾ ਰਾਹੁਲ ਗਾਂਧੀ ਵੱਲੋਂ ਉੱਚ ਸਕੂਲ ਤੋਂ ਪ੍ਰਾਪਤ ਕੀਤੀ ਸਿੱਖਿਆ ਅਤੇ ਇਕ ਆਮ ਬੱਚੇ ਵੱਲੋਂ ਸਰਕਾਰੀ ਸਕੂਲ ਤੋਂ ਪ੍ਰਾਪਤ ਕੀਤੀ ਸਿੱਖਿਆ ਵਿਚ ਬਹੁਤ ਫਰਕ ਹੈ।

ਭਗਵੰਤ ਮਾਨ ਨੇ ਕਿਹਾ ਕਿ ਉਹ ਇਹ ਯਕੀਨੀ ਬਣਾਉਣ ਲਈ ਇੱਕ ਮਾਡਲ ‘ਤੇ ਕੰਮ ਕਰ ਰਹੇ ਹਨ ਤਾਂ ਕਿ ਬੱਚਿਆਂ ਨੂੰ ਮਿਆਰੀ ਸਿੱਖਿਆ ਪ੍ਰਦਾਨ ਕਰਨ ਲਈ ਸਰਕਾਰੀ ਸਕੂਲਾਂ ਨੂੰ ਆਹਲਾ ਦਰਜੇ ਦੇ ਸਕੂਲਾਂ ਵਿੱਚ ਤਬਦੀਲ ਕੀਤਾ ਜਾਵੇ ਤਾਂ ਜੋ ਆਮ ਵਿਅਕਤੀ ਦਾ ਬੱਚਾ ਕਾਨਵੈਂਟ ਸਕੂਲਾਂ ਵਿਚ ਪੜ੍ਹ ਰਹੇ ਹਾਣੀਆਂ ਦਾ ਮੁਕਾਬਲਾ ਕਰ ਸਕਣ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ‘ਆਪ’ ਕ੍ਰਾਂਤੀ ਵਿੱਚੋਂ ਉੱਭਰੀ ਪਾਰਟੀ ਹੈ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਦੂਰਅੰਦੇਸ਼ ਸੋਚ ਨੂੰ ਦਰਸਾਉਂਦੀ ਹੈ। ਉਨ੍ਹਾਂ ਕਿਹਾ ਕਿ ‘ਆਪ’ ਦਾ ਚੋਣ ਨਿਸ਼ਾਨ ‘ਝਾੜੂ’ ਸਫਾਈ ਦਾ ਪ੍ਰਤੀਕ ਹੈ। ਉਨ੍ਹਾਂ ਕਿਹਾ ਕਿ ਉਹ ਇੱਥੇ ਸਿਆਸੀ ਵਿਵਸਥਾ ਦੀ ਗੰਦਗੀ ਸਾਫ਼ ਕਰਨ ਲਈ ਆਏ ਹਨ। ਭਗਵੰਤ ਮਾਨ ਨੇ ਅੱਗੇ ਕਿਹਾ ਕਿ ਦੇਸ਼ ਦੀ ਭਲਾਈ ਲਈ ਲੋਕਾਂ ਨੂੰ ਇਸ ਅੰਦੋਲਨ ਦਾ ਸਮਰਥਨ ਕਰਨਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਵਿੱਚ ਬਦਲਾਅ ਦੀ ਹਨੇਰੀ ਨੇ ਇਤਿਹਾਸ ਸਿਰਜਿਆ ਕਿਉਂਕਿ ਲੋਕਾਂ ਨੇ ‘ਆਪ’ ਨੂੰ ਵੱਡੀ ਗਿਣਤੀ ਵਿਚ ਵੋਟਾਂ ਪਾਈਆਂ ਜਿਸ ਕਰਕੇ ਸੂਬੇ ਵਿੱਚ 92 ਵਿਧਾਇਕ ਜਿੱਤੇ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਕੈਪਟਨ ਅਮਰਿੰਦਰ ਸਿੰਘ ਅਤੇ ਚਰਨਜੀਤ ਸਿੰਘ ਚੰਨੀ ਤੋਂ ਇਲਾਵਾ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅਤੇ ਨਵਜੋਤ ਸਿੰਘ ਸਿੱਧੂ ਵਰਗੇ ਰਵਾਇਤੀ ਪਾਰਟੀਆਂ ਦੇ ਆਗੂ ਆਪੋ-ਆਪਣੇ ਹਲਕਿਆਂ ਤੋਂ ਬਹੁਤ ਬੁਰੀ ਤਰ੍ਹਾਂ ਹਾਰ ਗਏ। ਭਗਵੰਤ ਮਾਨ ਨੇ ਭਵਿੱਖਬਾਣੀ ਕੀਤੀ ਕਿ ਚੋਣਾਂ ਤੋਂ ਬਾਅਦ ਹਿਮਾਚਲ ਵਿੱਚ ਵੀ ਇਹੀ ਇਤਿਹਾਸ ਦੁਹਰਾਇਆ ਜਾਵੇਗਾ ਅਤੇ ਸੂਬੇ ਵਿੱਚ ‘ਆਪ’ ਦੀ ਸਰਕਾਰ ਬਣੇਗੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਵਿੱਚ ‘ਇੱਕ ਵਿਧਾਇਕ, ਇੱਕ ਪੈਨਸ਼ਨ’ ਸਕੀਮ ਸ਼ੁਰੂ ਕੀਤੀ ਹੈ ਜਿਸ ਨਾਲ ਵਿਧਾਇਕਾਂ ਨੂੰ ਬਹੁਤੀਆਂ ਪੈਨਸ਼ਨਾਂ ਦੇਣ ਦੀ ਪ੍ਰਕਿਰਿਆ ਬੰਦ ਕੇ ਖਜ਼ਾਨੇ ਦੀ ਲੁੱਟ ਖਤਮ ਕੀਤੀ। ਉਨ੍ਹਾਂ ਨੇ ਦੁੱਖ ਨਾਲ ਕਿਹਾ ਕਿ ਪਿਛਲੇ 75 ਸਾਲਾਂ ਵਿੱਚ ਇਨ੍ਹਾਂ ਚੁਣੇ ਹੋਏ ਨੁਮਾਇੰਦਿਆਂ ਨੇ ਸਰਕਾਰੀ ਖ਼ਜ਼ਾਨੇ ਵਿੱਚੋਂ ਮੋਟੀਆਂ ਤਨਖਾਹਾਂ ਅਤੇ ਪੈਨਸ਼ਨਾਂ ਲਈਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਇਨ੍ਹਾਂ ਨੇਤਾਵਾਂ ਨੂੰ ਦਿੱਤੀ ਜਾਣ ਵਾਲੀ ਇਸ ਸਹੂਲਤ ਦਾ ਸਾਰਾ ਬੋਝ ਟੈਕਸ ਦਾਤਾਵਾਂ ‘ਤੇ ਪਿਆ ਕਿਉਂਕਿ ਇਨ੍ਹਾਂ ਆਗੂਆਂ ਦਾ ਪੈਸਾ ਲੋਕ ਭਲਾਈ ਲਈ ਵਰਤੇ ਜਾਣ ਦੀ ਬਜਾਏ ਇਨ੍ਹਾਂ ਆਗੂਆਂ ਨੂੰ ਕਈ ਪੈਨਸ਼ਨਾਂ ਦੇਣ ‘ਤੇ ਬਰਬਾਦ ਕੀਤਾ ਗਿਆ ਹੈ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION