30.1 C
Delhi
Tuesday, May 7, 2024
spot_img
spot_img

ਭਾਕਿਯੂ (ਏਕਤਾ ਉਗਰਾਹਾਂ) ਵੱਲੋਂ ਮੋਦੀ ਵਾਪਸ ਜਾਓ ਦੇ ਨਾਅ੍ਹਰੇ ਦੀ ਕਾਮਯਾਬੀ ਲੋਕ ਤਾਕਤ ਦੀ ਇੱਕ ਹੋਰ ਜਿੱਤ ਕਰਾਰ

ਚੰਡੀਗੜ੍ਹ, 5 ਜਨਵਰੀ, 2022 (ਦਲਜੀਤ ਕੌਰ ਭਵਾਨੀਗੜ੍ਹ)
ਭਾਰੀ ਮੀਂਹ ਦੇ ਬਾਵਜੂਦ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਮੋਦੀ ਵਾਪਸ ਜਾਓ ਦੇ ਨਾਅ੍ਹਰੇ ਵਾਲੇ ਪੁਤਲੇ ਫੂਕ ਮੁਜ਼ਾਹਰਿਆਂ ਅਤੇ ਕੁਝ ਹੋਰ ਜਥੇਬੰਦੀਆਂ ਵੱਲੋਂ ਵੀ ਕਈ ਥਾਵਾਂ ‘ਤੇ ਰੋਸ ਪ੍ਰਦਰਸ਼ਨਾਂ ਕਾਰਨ ਫਿਰੋਜ਼ਪੁਰ ਚੋਣ ਰੈਲੀ ਦਾ ਖਾਲੀ ਪੰਡਾਲ ਤੱਕ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੂਰੋਂ ਹੀ ਮੁੜਨਾ ਪਿਆ।

ਇਸ ਜ਼ਬਰਦਸਤ ਘਟਨਾਕ੍ਰਮ ਨੂੰ ਪੰਜਾਬ ਵਾਸੀਆਂ ਵੱਲੋਂ ਕਿਸਾਨਾਂ ਨਾਲ ਦੁਸ਼ਮਣਾਂ ਵਾਂਗ ਪੇਸ਼ ਆ ਰਹੇ ਅਤੇ 700 ਤੋਂ ਵੱਧ ਕਿਸਾਨਾਂ ਮਜ਼ਦੂਰਾਂ ਦੀਆਂ ਜਾਨਾਂ ਲੈਣ ਵਾਲੇ ਪ੍ਰਧਾਨ ਮੰਤਰੀ ਦੀ ਬਣਦੀ ਸਿਆਸੀ ਬੇਕਦਰੀ ਦੱਸਦੇ ਹੋਏ ਜਥੇਬੰਦੀ ਵੱਲੋਂ ਜਾਨਾਂ ਵਾਰ ਕੇ ਜਿੱਤੇ ਮੁਲਕ ਪੱਧਰੇ ਕਿਸਾਨ ਘੋਲ਼ ਦੀ ਇੱਕ ਹੋਰ ਅਹਿਮ ਪ੍ਰਾਪਤੀ ਕਿਹਾ ਗਿਆ ਹੈ।

ਇੱਥੋਂ ਜਾਰੀ ਕੀਤੇ ਗਏ ਸੂਬਾਈ ਪ੍ਰੈੱਸ ਨੋਟ ਰਾਹੀਂ ਇਹ ਟਿੱਪਣੀ ਕਰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਇਸ ਤਰ੍ਹਾਂ ਦੇ ਵਿਆਪਕ ਵਿਰੋਧ ਦਾ ਕਾਰਨ ਜਿੱਥੇ ਇੱਕ ਪਾਸੇ ਲਖੀਮਪੁਰ ਖੀਰੀ ਕਾਂਡ ਦੇ ਸਾਰੇ ਦੋਸ਼ੀਆਂ ਵਿਰੁੱਧ ਕ਼ਤਲ ਕੇਸ ਦਰਜ ਕਰਕੇ ਅਜੈ ਮਿਸ਼ਰਾ ਟੈਣੀ ਨੂੰ ਮੰਤਰੀ ਅਹੁਦੇ ਤੋਂ ਬਰਖਾਸਤ ਕਰਨ ਦੀ ਬਜਾਏ ਸਥਾਨਕ ਕਿਸਾਨ ਆਗੂਆਂ ਨੂੰ ਜੇਲ੍ਹੀਂ ਡੱਕਿਆ ਜਾ ਰਿਹਾ ਹੈ ਉੱਥੇ ਦੂਜੇ ਪਾਸੇ ਐੱਮ ਐੱਸ ਪੀ ‘ਤੇ ਸਾਰੀਆਂ ਫ਼ਸਲਾਂ ਦੀ ਖਰੀਦ ਦੀ ਕਾਨੂੰਨੀ ਗਰੰਟੀ ਕਰਨ, ਦਿੱਲੀ ਚੰਡੀਗੜ੍ਹ ਸਮੇਤ ਸਾਰੇ ਰਾਜਾਂ ਵਿੱਚ ਅੰਦੋਲਨਕਾਰੀ ਕਿਸਾਨਾਂ ਮਜ਼ਦੂਰਾਂ ਸਿਰ ਮੜ੍ਹੇ ਪੁਲਿਸ ਕੇਸ ਰੱਦ ਕਰਨ ਵਰਗੇ ਲਿਖਤੀ ਵਾਅਦੇ ਲਾਗੂ ਕਰਨ ਤੋਂ ਲਗਾਤਾਰ ਟਾਲਮਟੋਲ ਅਤੇ ਕਿਸਾਨਾਂ ਮਜ਼ਦੂਰਾਂ ਸਿਰ ਚੜ੍ਹੇ ਸਰਕਾਰੀ ਗੈਰਸਰਕਾਰੀ ਸਮੁੱਚੇ ਕਰਜ਼ੇ ਖ਼ਤਮ ਕਰਨ, ਸਵਾਮੀਨਾਥਨ ਕਮਿਸ਼ਨ ਮੁਤਾਬਕ ਸਾਰੀਆਂ ਫ਼ਸਲਾਂ ਦੇ ਲਾਹੇਵੰਦ ਭਾਅ ਮਿਥ ਕੇ ਮੁਕੰਮਲ ਖਰੀਦ ਦੀ ਕਾਨੂੰਨੀ ਗਰੰਟੀ ਕਰਨ ਅਤੇ ਬੇਰੁਜ਼ਗਾਰਾਂ ਨੂੰ ਹਰ ਸਾਲ 2 ਕ੍ਰੋੜ ਨੌਕਰੀਆਂ ਦੇਣ ਵਰਗੇ ਪਿਛਲੇ ਚੋਣ ਵਾਅਦਿਆਂ ਤੋਂ ਮੁੱਕਰਨ ਖਿਲਾਫ਼ ਤਿੱਖਾ ਰੋਸ ਹੀ ਬਣਿਆ ਹੈ।

ਅੱਜ ਦੇ ਪੁਤਲੇ ਫੂਕ ਮੁਜ਼ਾਹਰਿਆਂ ਦੌਰਾਨ ‘ਕਾਰਪੋਰੇਟਾਂ ਦੇ ਸੇਵਕ ਮੋਦੀ:ਵਾਪਸ ਜਾਓ’ ਸਿਰਲੇਖ ਵਾਲ਼ਾ ਛਪਿਆ ਹੋਇਆ ਹੱਥ ਪਰਚਾ ਇੱਕ ਲੱਖ ਦੀ ਗਿਣਤੀ ਵਿੱਚ ਮੁਜ਼ਾਹਰਾਕਾਰੀਆਂ ਅਤੇ ਆਮ ਲੋਕਾਂ ਵਿੱਚ ਵੰਡਿਆ ਗਿਆ। ਅੱਜ ਦੇ ਰੋਸ ਪ੍ਰਦਰਸ਼ਨਾਂ ਵਿੱਚ ਭਰਾਤਰੀ ਹਮਾਇਤ ਵਜੋਂ ਪੰਜਾਬ ਖੇਤ ਮਜ਼ਦੂਰ ਯੂਨੀਅਨ, ਡੀ ਟੀ ਐੱਫ, ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਅਤੇ ਹੋਰ ਕਈ ਸੰਘਰਸ਼ਸ਼ੀਲ ਜਥੇਬੰਦੀਆਂ ਦੇ ਆਗੂ ਤੇ ਕਾਰਕੁਨ ਵੀ ਸ਼ਾਮਲ ਹੋਏ।

ਅੱਜ ਦੇ ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ,ਜਨਕ ਸਿੰਘ ਭੁਟਾਲ, ਹਰਦੀਪ ਸਿੰਘ ਟੱਲੇਵਾਲ, ਜਸਵਿੰਦਰ ਸਿੰਘ ਲੌਂਗੋਵਾਲ, ਜਗਤਾਰ ਸਿੰਘ ਕਾਲਾਝਾੜ, ਹਰਿੰਦਰ ਕੌਰ ਬਿੰਦੂ, ਕਮਲਜੀਤ ਕੌਰ ਬਰਨਾਲਾ, ਗੁਰਪ੍ਰੀਤ ਕੌਰ ਬਰਾਸ ਅਤੇ ਕੁਲਦੀਪ ਕੌਰ ਕੁੱਸਾ ਸਮੇਤ ਜ਼ਿਲ੍ਹਾ, ਬਲਾਕ ਤੇ ਪਿੰਡ ਪੱਧਰੇ ਸੈਂਕੜੇ ਆਗੂ ਸ਼ਾਮਲ ਸਨ। ਭਰਾਤਰੀ ਹਮਾਇਤ ਵਜੋਂ ਜ਼ੋਰਾ ਸਿੰਘ ਨਸਰਾਲੀ, ਲਛਮਣ ਸਿੰਘ ਸੇਵੇਵਾਲਾ,ਦਿੱਗ ਵਿਜੇ ਅਤੇ ਵਰਿੰਦਰ ਸਿੰਘ ਮੋਮੀ ਆਦਿ ਸ਼ਾਮਲ ਸਨ।

ਕਿਸਾਨ ਆਗੂਆਂ ਨੇ ਦੋਸ਼ ਲਾਇਆ ਕਿ ਮੋਦੀ ਸਰਕਾਰ ਨਾ ਸਿਰਫ਼ ਮੰਨੀਆਂ ਹੋਈਆਂ ਮੰਗਾਂ ਲਾਗੂ ਕਰਨ ਤੋਂ ਇਨਕਾਰੀ ਹੈ ਤੇ ਕਾਲੇ ਖੇਤੀ ਕਾਨੂੰਨਾਂ ਨੂੰ ਮੁੜ ਲਿਆਉਣ ਦੇ ਮਨਸੂਬੇ ਪਾਲ਼ ਰਹੀ ਹੈ ਸਗੋਂ ਦੇਸ਼ ਦੇ ਸਭਨਾਂ ਜਨਤਕ ਸਾਧਨਾਂ ਤੇ ਕੁਦਰਤੀ ਸੋਮਿਆਂ ਨੂੰ ਦੇਸੀ ਵਿਦੇਸ਼ੀ ਕਾਰਪੋਰੇਟਾਂ ਦੇ ਹਵਾਲੇ ਕਰਨ ਦੇ ਰਾਹ ਤੁਰੀ ਹੋਈ ਹੈ। ਪੰਜਾਬ ਫੇਰੀ ਮੌਕੇ ਨਰਿੰਦਰ ਮੋਦੀ ਜੁਮਲਿਆਂ ਰਾਹੀਂ ਲੋਕਾਂ ਦੇ ਮਸਲੇ ਹੱਲ ਕਰਨ ਦਾ ਦੰਭ ਕਰਨ ਆ ਰਿਹਾ ਸੀ, ਜਿਸਨੂੰ ਬੇਰੰਗ ਵਾਪਸ ਮੁੜਨਾ ਪਿਆ ਹੈ।

ਕਿਸਾਨ ਆਗੂਆਂ ਨੇ ਕਿਹਾ ਕਿ ਵੈਸੇ ਭਖਦੇ ਕਿਸਾਨ ਮਸਲਿਆਂ ਤੇ ਲੋਕ ਮੁੱਦਿਆਂ ਜਿਵੇਂ ਐੱਮਐੱਸਪੀ, ਜਾਨਲੇਵਾ ਕਿਸਾਨੀ ਕਰਜ਼ਿਆਂ, ਜਨਤਕ ਵੰਡ ਪ੍ਰਣਾਲੀ, ਲੱਕ ਤੋੜੂ ਤੇਲ ਕੀਮਤਾਂ ਤੇ ਆਮ ਮਹਿੰਗਾਈ, ਜਨਤਕ ਅਦਾਰੇ ਵੇਚਣ, ਜਮਹੂਰੀ ਹੱਕਾਂ ਦੇ ਕਾਰਕੁੰਨਾਂ ਨੂੰ ਰਿਹਾਅ ਕਰਨ ਵਰਗੇ ਮੁੱਦਿਆਂ ‘ਤੇ ਮੋਦੀ ਸਰਕਾਰ ਪੂਰੀ ਤਰ੍ਹਾਂ ਸਾਮਰਾਜੀ ਬਹੁਕੌਮੀ ਕੰਪਨੀਆਂ ਤੇ ਦੇਸੀ ਕਾਰਪੋਰੇਟ ਘਰਾਣਿਆਂ ਦੀ ਸੇਵਾ ‘ਚ ਡਟੀ ਖੜ੍ਹੀ ਹੈ।

ਬੁਲਾਰਿਆਂ ਵੱਲੋਂ 17 ਦਿਨਾਂ ਤੋਂ ਡੀ ਸੀ ਦਫ਼ਤਰਾਂ ਅੱਗੇ ਦਿਨੇ ਰਾਤ ਚੱਲ ਰਹੇ ਧਰਨਿਆਂ ਨੂੰ ਫਿਲਹਾਲ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ। ਅਗਲੇ ਪ੍ਰੋਗਰਾਮ ਦਾ ਐਲਾਨ 10 ਜਨਵਰੀ ਨੂੰ ਜਥੇਬੰਦੀ ਦੀ ਸੂਬਾ ਕਮੇਟੀ ਮੀਟਿੰਗ ਵਿੱਚ ਕੀਤਾ ਜਾਵੇਗਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION