ਯੈੱਸ ਪੰਜਾਬ
ਚੰਡੀਗੜ੍ਹ, 4 ਜੂਨ, 2022:
ਭਾਰਤੀ ਜਨਤਾ ਪਾਰਟੀ ਨੇ ਸਨਿਚਰਵਾਰ ਨੂੰ ਪੰਜਾਬ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਦਿੱਤਾਹੈ। ਕਾਂਗਰਸ ਦੇ 4 ਸਾਬਕਾ ਮੰਤਰੀ ਅਤੇ ਇਕ ਸਾਬਕਾ ਵਿਧਾਇਕ ਪਾਰਟੀ ਛੱਡ ਕੇ ਕੇਂਦਰੀ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਸ਼ਾਮਲ ਹੋ ਗਏ।
ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਾਬਕਾ ਮੰਤਰੀਆਂ ਵਿੱਚ ਸ: ਬਲਬੀਰ ਸਿੰਘ ਸਿੱਧੂ, ਸ੍ਰੀ ਸੁੰਦਰ ਸ਼ਾਮ ਅਰੋੜਾ, ਸ: ਗੁਰਪ੍ਰੀਤ ਸਿੰਘ ਕਾਂਗੜ ਅਤੇ ਸ੍ਰੀ ਰਾਜ ਕੁਮਾਰ ਵੇਰਕਾ ਤੋਂ ਇਲਾਵਾ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋਂ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ।
ਅਕਾਲੀ ਦਲ ਦੇ ਵੀ 2 ਪ੍ਰਮੁੱਖ ਆਗੂ ਸਾਬਕਾ ਵਿਧਾਇਕ ਸਰੂਪ ਚੰਦ ਸਿੰਗਲਾ ਅਤੇ ਸਾਬਕਾ ਮੰਤਰੀ ਮਹਿੰਦਰ ਕੌਰ ਜੋਸ਼ ਵੀ ਇਸ ਮੌਕੇ ਭਾਜਪਾ ਵਿੱਚ ਸ਼ਾਮਲ ਹੋ ਗਏ।
ਪਿਛਲੇ ਦਿਨਾਂ ਵਿੱਚ ਸਾਬਕਾ ਉਪ ਮੁੱਖ ਮੰਤਰੀ ਅਤੇ ਕਾਂਗਰਸ ਦੇ ਵੱਡੇ ਨੇਤਾ ਸ੍ਰੀ ਉਮ ਪ੍ਰਕਾਸ਼ ਸੋਨੀ ਦੇ ਵੀ ਭਾਜਪਾ ਵਿੱਚ ਜਾਣ ਬਾਰੇ ਚਰਚਾ ਚੱਲੀ ਸੀ ਪਰ ਬੀਤੇ ਕਲ੍ਹ ਹੀ ਉਨ੍ਹਾਂ ਨੇ ਇਹ ਸਪਸ਼ਟ ਕਰ ਦਿੱਤਾ ਸੀ ਕਿ ਉਹ ਪਾਰਟੀ ਨਹੀਂ ਛੱਡ ਰਹੇ।
ਕਾਂਗਰਸ ਛੱਡ ਕੇ ਭਾਜਪਾ ਵਿੱਚ ਪਹਿਲਾਂ ਹੀ ਸ਼ਾਮਲ ਹੋ ਚੁੱਕੇ ਸਾਬਕਾ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਸ਼ੁੱਕਰਵਾਰ ਹੀ ਸੰਕੇਤ ਦੇ ਦਿੱਤਾ ਸੀ ਕਿ ਕਾਂਗਰਸ ਦੇ ਕਈ ਦਿੱਗਜ ਨੇਤਾ ਸਨਿਚਰਵਾਰ ਨੂੰ ਸ੍ਰੀ ਅਮਿਤ ਸ਼ਾਹ ਦੀ ਹਾਜ਼ਰੀ ਵਿੱਚ ਪਾਰਟੀ ਵਿੱਚ ਸ਼ਾਮਲ ਹੋਣਗੇ।
ਅੱਜ ਇਨ੍ਹਾਂ ਨੇਤਾਵਾਂ ਦੀ ਭਾਜਪਾ ਵਿੱਚ ਸ਼ਮੂਲੀਅਤ ਤੋਂ ਪਹਿਲਾਂ ਇਨ੍ਹਾਂ ਵਿੱਚੋਂ ਵਧੇਰੇ ਨੇਤਾ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਹੁਣ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਸ੍ਰੀ ਸੁਨੀਲ ਜਾਖ਼ੜ ਵੱਲੋਂ ਸੋਸ਼ਲ ਮੀਡੀਆ ’ਤੇ ਸਾਂਝੀ ਕੀਤੀ ਗਈ ਇਕ ਵੀਡੀਓ ਵਿੱਚ ਨਜ਼ਰ ਆਏ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ