ਮਾਨਸਾ, 09 ਜੁਲਾਈ, 2019 –
ਭਾਰਤੀ ਅਮੇਰਿਕਨ ਫੁਟਬਾਲ ਟੀਮ ਦੁਆਰਾ ਸਪੇਨ ਵਿਚ ਹੋਈ ਵਿਸ਼ਵ ਫੁਟਬਾਲ ਚੈਂਪੀਨਸ਼ਿਪ ਵਿਚ ਸਿਲਵਰ ਮੈਡਲ ਹਾਸਲ ਕੀਤਾ ਗਿਆ ਹੈ। ਮਾਨਸਾ ਜ਼ਿਲ੍ਹੇ ਲਈ ਇਹ ਮਾਣ ਵਾਲੀ ਗੱਲ ਹੈ ਕਿ ਜ਼ਿਲ੍ਹੇ ਦੇ ਪਿੰਡ ਦਾਤੇਵਾਸ ਦਾ ਖਿਡਾਰੀ ਬਲਪ੍ਰੀਤ ਸਿੰਘ ਇਸ ਟੀਮ ਦਾ ਹਿੱਸਾ ਹੈ।
ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਲਈ ਇਹ ਇਕ ਮਹੱਤਵਪੂਰਣ ਅਤੇ ਮਾਣ ਮਹਿਸੂਸ ਕਰਨ ਵਾਲ ਗੱਲ ਹੈ ਕਿ ਜਿੱਥੇ ਇੱਥੋਂ ਦੇ ਖਿਡਾਰੀ ਸਵਰਨ ਸਿੰਘ ਵਿਰਕ ਨੂੰ ਪੰਜਾਬ ਸਰਕਾਰ ਵੱਲੋਂ ਮਹਾਰਾਜਾ ਰਣਜੀਤ ਸਿੰਘ ਅਵਾਰਡ ਨਾਲ ਨਿਵਾਜਿਆ ਜਾ ਰਿਹਾ ਹੈ ਉੱਥੇ ਹੀ ਇਸ ਜ਼ਿਲ੍ਹੇ ਦੇ ਹੋਰ ਖਿਡਾਰੀ ਵੀ ਵੱਖ-ਵੱਖ ਖੇਡਾਂ ਵਿਚ ਮੱਲਾਂ ਮਾਰ ਰਹੇ ਹਨ।
ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਵਾਲੇ ਹਰ ਨੌਜਵਾਨ ਦੀ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਹੌਂਸਲਾ ਅਫ਼ਜ਼ਾਈ ਕੀਤੀ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਦਿਨੀ ਮਾਨਸਾ ਦੇ ਸਪੋਰਟਸ ਚੌਂਕ ਵਿਖੇ ਤਿੰਨ ਹੋਰ ਖਿਡਾਰੀਆਂ ਦੀਆਂ ਤਸਵੀਰਾਂ ਸਜਾਈਆਂ ਗਈਆਂ ਸਨ ਜਿੰਨ੍ਹਾਂ ਨੇ ਖੇਡਾਂ ਦੇ ਖੇਤਰ ਵਿਚ ਵਿਸ਼ੇਸ਼ ਯੋਗਦਾਨ ਪਾਇਆ ਹੈ, ਭਾਰਤੀ ਅਮੇਰਿਕਨ ਫੁਟਬਾਲ ਟੀਮ ਵਿਚ ਸ਼ਾਮਲ ਹੋਣ ਤੇ ਇਨ੍ਹਾਂ ਵਿਚ ਬਲਪ੍ਰੀਤ ਸਿੰਘ ਦੀ ਤਸਵੀਰ ਵੀ ਪ੍ਰਸ਼ਾਸ਼ਨ ਵੱਲੋਂ ਸਪੋਰਟਸ ਚੌਂਕ ਵਿਖੇ ਪ੍ਰਦਰਸ਼ਿਤ ਕੀਤੀ ਗਈ ਸੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਹੋਰਨਾਂ ਨੌਜਵਾਨਾਂ ਨੂੰ ਵੀ ਇਨ੍ਹਾਂ ਖਿਡਾਰੀਆਂ ਤੋਂ ਪ੍ਰੇਰਨਾ ਲੈਣ ਦੀ ਲੋੜ ਹੈ ਤਾਂ ਜੋ ਉਹ ਵੀ ਆਪਣੇ ਜ਼ਿਲ੍ਹੇ, ਸੂਬੇ ਅਤੇ ਦੇਸ਼ ਦਾ ਨਾਮ ਚਮਕਾਉਣ ਵਿਚ ਆਪਣਾ ਯੋਗਦਾਨ ਪਾ ਸਕਣ। ਉਨ੍ਹਾਂ ਇਸ ਵਿਸ਼ੇਸ਼ ਪ੍ਰਾਪਤੀ ਤੇ ਖਿਡਾਰੀ ਬਲਪ੍ਰੀਤ ਸਿੰਘ ਅਤੇ ਉਸ ਦੇ ਪਰਿਵਾਰ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ।