29.1 C
Delhi
Sunday, April 28, 2024
spot_img
spot_img

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਜ਼ਿਲ੍ਹਾ ਪੱਧਰੀ ਧਰਨੇ ਸੱਤਵੇਂ ਦਿਨ ਵੀ ਜਾਰੀ

ਯੈੱਸ ਪੰਜਾਬ
ਚੰਡੀਗੜ੍ਹ, 26 ਦਸੰਬਰ, 2021 (ਦਲਜੀਤ ਕੌਰ ਭਵਾਨੀਗੜ੍ਹ)
ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਪੰਜਾਬ ਦੇ 15 ਜ਼ਿਲ੍ਹਿਆਂ ਵਿੱਚ ਡੀ.ਸੀ. ਅਤੇ ਐੱਸਡੀਐੱਮ ਦਫ਼ਤਰਾਂ ਅੱਗੇ ਦਿਨ-ਰਾਤ ਦੇ ਪੱਕੇ ਧਰਨੇ ਅੱਜ ਸੱਤਵੇਂ ਦਿਨ ਵੀ ਲਗਾਤਾਰ ਜਾਰੀ ਰਹੇ।

ਅੱਜ ਦੇ ਧਰਨਿਆਂ ਦੀ ਸ਼ੁਰੂਆਤ ਸਾਮਰਾਜ ਵਿਰੋਧੀ ਜਾਨਹੂਲਵੀਂ ਲੜਾਈ ਵਿੱਚ ਮਿਥ ਕੇ ਅੰਗਰੇਜ਼ ਸਾਮਰਾਜੀਆਂ ਨਾਲ ਸਿੱਧੇ ਮੱਥੇ ਟੱਕਰਨ ਤੇ ਹੱਸ ਕੇ ਜਾਨ ਵਾਰਨ ਵਾਲੇ ਸਿਰਲੱਥ ਯੋਧੇ ਊਧਮ ਸਿੰਘ ਦਾ ਜਨਮ ਦਿਹਾੜਾ ਮਨਾਉਣ ਰਾਹੀਂ ਕੀਤੀ ਗਈ।

ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਬੀਤੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਨਾਲ 23 ਦਸੰਬਰ ਨੂੰ ਹੋਈ ਗੱਲਬਾਤ ਸਮੇਂ ਨਰਮੇ ਅਤੇ ਝੋਨੇ ਦੀ ਫਸਲੀ ਤਬਾਹੀ ਦਾ ਮੁਆਵਜਾ ਛੇਤੀ ਤੋਂ ਛੇਤੀ ਵੰਡਣ, ਨਿੱਜੀ ਖੰਡ ਮਿੱਲਾਂ ਨੂੰ ਵੇਚੇ ਗੰਨੇ ਦਾ ਵੀ ਪੂਰਾ ਰੇਟ 360 ਰੁਪਏ ਪ੍ਰਤੀ ਕੁਇੰਟਲ ਦੀ ਗਰੰਟੀ ਕਰਨ, ਐਲਾਨੀ ਗਈ 3-3 ਲੱਖ ਰੁਪਏ ਦੀ ਰਾਹਤ ਅਤੇ ਨੌਕਰੀ ਸਮੇਤ ਕਰਜ਼ਾ ਮਾਫ਼ੀ ਤੋਂ ਵਾਂਝੇ ਰਹਿ ਗਏ ਖੁਦਕੁਸ਼ੀ ਪੀੜਤ ਪਰਿਵਾਰਾਂ ਨੂੰ ਬੇਲੋੜੀਆਂ ਸ਼ਰਤਾਂ ਖ਼ਤਮ ਕਰਕੇ ਇਹ ਰਾਹਤਾਂ ਹਫ਼ਤੇ ਦੇ ਵਿੱਚ ਵਿੱਚ ਦੇਣ, 5 ਏਕੜ ਤੱਕ ਮਾਲਕੀ ਵਾਲੇ ਕਿਸਾਨਾਂ ਨੂੰ 2 ਲੱਖ ਰੁਪਏ ਦੀ ਕਰਜ਼ਾ ਮਾਫ਼ੀ ਬਿਨਾਂ ਸ਼ਰਤ ਯਕੀਨੀ ਬਣਾਉਣ, ਅੰਦੋਲਨਕਾਰੀ ਕਿਸਾਨਾਂ ਵਿਰੁੱਧ ਦਰਜ ਸਾਰੇ ਪੁਲਿਸ ਕੇਸ ਵੀ ਹਫ਼ਤੇ ਦੇ ਅੰਦਰ ਅੰਦਰ ਵਾਪਸ ਲੈਣ, ਮੁਆਵਜ਼ੇ ਤੋਂ ਵਾਂਝੇ ਰਹਿੰਦੇ ਕਿਸਾਨ ਘੋਲ਼ ਦੇ ਸ਼ਹੀਦਾਂ ਦੇ ਵਾਰਸਾਂ ਨੂੰ ਮੁਆਵਜ਼ੇ/ਰਾਹਤ ਦੀਆਂ ਅਦਾਇਗੀਆਂ ਛੇਤੀ ਤੋਂ ਛੇਤੀ ਕਰਨ, ਮਾਨਸਾ ਵਿਖੇ ਬੇਰੁਜ਼ਗਾਰ ਟੀਚਰਾਂ ਉੱਤੇ ਬੇਕਿਰਕ ਲਾਠੀਆਂ ਵਰ੍ਹਾਉਣ ਦੇ ਦੋਸ਼ੀ ਡੀ ਐੱਸ ਪੀ ਵਿਰੁੱਧ 2 ਦਿਨਾਂ ਵਿੱਚ ਕੇਸ ਦਰਜ ਕਰ ਕੇ ਮੁਅੱਤਲ ਕਰਨ ਅਤੇ ਟੌਲ ਪਲਾਜ਼ਾ ਦੇ ਪੁਰਾਣੇ ਰੇਟ ਹੀ ਵਸੂਲਣ ਦੇ ਵਾਅਦੇ ਕੀਤੇ ਗਏ ਸਨ।

ਇਸ ਤੋਂ ਇਲਾਵਾ ਪੰਜਾਬ ਦੇ ਕਰਜਾਗ੍ਰਸਤ ਕਿਸਾਨਾਂ ਮਜ਼ਦੂਰਾਂ ਦੀ ਮੁਕੰਮਲ ਕਰਜ਼ਾ ਮੁਕਤੀ, ਹਰ ਘਰ ਰੁਜ਼ਗਾਰ ਅਤੇ ਮਾਰੂ ਨਸ਼ਿਆਂ ਦੇ ਖਾਤਮੇ ਵਰਗੇ ਅਹਿਮ ਚੋਣ ਵਾਅਦੇ ਲਾਗੂ ਕਰਨ ਅਤੇ ਕਿਸਾਨ ਮਜ਼ਦੂਰ ਪੱਖੀ ਸੂਦਖੋਰੀ ਕਰਜ਼ਾ ਕਾਨੂੰਨ ਬਣਾਉਣ ਸਮੇਤ ਵੱਡੇ ਸਰਮਾਏਦਾਰਾਂ, ਸਾਮਰਾਜੀ ਕਾਰਪੋਰੇਟਾਂ ਤੇ ਵੱਡੇ ਜਗੀਰਦਾਰਾਂ/ਸੂਦਖੋਰਾਂ ਤੋਂ ਮੋਟੇ ਟੈਕਸ ਵਸੂਲਣ ਅਤੇ ਜ਼ਮੀਨੀ ਸੁਧਾਰ ਕਾਨੂੰਨ ਲਾਗੂ ਕਰਨ ਵਰਗੇ ਕਈ ਹੋਰ ਚਿਰਾਂ ਤੋਂ ਲਟਕਦੇ ਅਹਿਮ ਮਸਲਿਆਂ ਦੇ ਹੱਲ ਲਈ ਸ੍ਰੀ ਚੰਨੀ ਵੱਲੋਂ 30 ਦਸੰਬਰ ਨੂੰ ਮੁੜ ਗੱਲਬਾਤ ਦਾ ਵਾਅਦਾ ਵੀ ਕੀਤਾ ਗਿਆ ਸੀ।

ਬੁਲਾਰਿਆਂ ਵੱਲੋਂ ਸ਼ਹੀਦ ਊਧਮ ਸਿੰਘ ਦੇ ਜਨਮ ਦਿਹਾੜੇ ਦੀਆਂ ਸ਼ੁਭਕਾਮਨਾਵਾਂ ਸਾਰੇ ਕਿਸਾਨਾਂ ਮਜ਼ਦੂਰਾਂ ਕਿਰਤੀਆਂ ਨਾਲ ਸਾਂਝੀਆਂ ਕੀਤੀਆਂ ਗਈਆਂ। ਉਨ੍ਹਾਂ ਨੇ ਦਸੰਬਰ ਵਾਲੇ ਵਾਅਦੇ ਲਾਗੂ ਕਰਵਾਉਣ ਅਤੇ ਰਹਿੰਦੀਆਂ ਮੰਗਾਂ ਮੰਨਵਾਉਣ ਲਈ ਪੰਜਾਬ ਦੇ ਸਮੂਹ ਕਿਸਾਨਾਂ ਮਜ਼ਦੂਰਾਂ ਨੂੰ ਧਰਨਿਆਂ ਨੂੰ ਹੋਰ ਵਿਸ਼ਾਲ ਤੇ ਮਜ਼ਬੂਤ ਕਰਨ ਦਾ ਸੱਦਾ ਦਿੱਤਾ।

ਅੱਜ ਦੇ ਧਰਨਿਆਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾਂ, ਜਨਕ ਸਿੰਘ ਭੁਟਾਲ, ਜਸਵਿੰਦਰ ਸਿੰਘ ਲੌਂਗੋਵਾਲ, ਜਗਤਾਰ ਸਿੰਘ ਕਾਲਾਝਾੜ, ਹਰਿੰਦਰ ਕੌਰ ਬਿੰਦੂ, ਪਰਮਜੀਤ ਕੌਰ ਪਿੱਥੋ ਅਤੇ ਗੁਰਪ੍ਰੀਤ ਕੌਰ ਬਰਾਸ ਸ਼ਾਮਲ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION