25.1 C
Delhi
Tuesday, April 23, 2024
spot_img
spot_img

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਸਬੰਧੀ ਲਾਹੌਰ ਵਿਖੇ ਸਮਾਗਮ, ਚੌਧਰੀ ਮੁਹੰਮਦ ਸਰਵਰ ਨੇ ਸਿੱਖਾਂ ਦੀ ਬਹਾਦਰੀ ਦੀ ਕੀਤੀ ਪ੍ਰਸ਼ੰਸਾ

ਅੰਮ੍ਰਿਤਸਰ, 29 ਜੂਨ, 2019:
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਡੇਹਰਾ ਸਾਹਿਬ ਲਾਹੌਰ ਵਿਖੇ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਸਮਾਗਮ ਕੀਤੇ ਗਏ, ਜਿਸ ਵਿਚ ਲਹਿੰਦੇ ਪੰਜਾਬ ਦੇ ਗਰਵਨਰ ਚੌਧਰੀ ਮੁਹੰਮਦ ਸਰਵਰ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਮੈਂਬਰ ਸ. ਗੁਰਮੀਤ ਸਿੰਘ ਬੂਹ, ਡਾ. ਆਮਿਰ ਅਹਿਮਦ ਚੇਅਰਮੈਨ ਈ.ਟੀ.ਪੀ.ਬੀ., ਸ. ਤਾਰਾ ਸਿੰਘ ਪ੍ਰਧਾਨ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ, ਤਾਰਿਕ ਵਜ਼ੀਰ ਖਾਂ ਸਕੱਤਰ ਈ.ਟੀ.ਪੀ.ਬੀ., ਇਮਰਾਨ ਗੌਂਦਲ ਡਿਪਟੀ ਸਕੱਤਰ ਈ.ਟੀ.ਪੀ.ਬੀ., ਸ. ਮਹਿੰਦਰਪਾਲ ਸਿੰਘ ਪਾਰਲੀਮੈਂਟਰੀ ਸਕੱਤਰ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਡਾ. ਰੂਪ ਸਿੰਘ ਨੇ ਆਖਿਆ ਕਿ ਪਾਕਿਸਤਾਨ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਸਮੁੱਚੇ ਵਿਸ਼ਵ ਦੀਆਂ ਸੰਗਤਾਂ ਲਈ ਬੇਹੱਦ ਸਤਿਕਾਰ ਵਾਲਾ ਹੈ। ਇਥੇ ਸਿੱਖੀ ਦਾ ਨਿਕਾਸ, ਵਿਕਾਸ ਤੇ ਵਿਗਾਸ ਹੋਇਆ।

ਉਨ੍ਹਾਂ ਕਿਹਾ ਕਿ ਇਸ ਧਰਤੀ ’ਤੇ ਹੀ ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਸੁਤੰਤਰ ਸਿੱਖ ਰਾਜ ਕਾਇਮ ਕੀਤਾ ਅਤੇ 1799 ਈ: ਵਿਚ ਲਾਹੌਰ ਦੇ ਸ਼ਾਹੀ ਕਿਲ੍ਹੇ ’ਤੇ ਖ਼ਾਲਸਾਈ ਨਿਸ਼ਾਨ ਝੂਲਾਇਆ। ਉਨ੍ਹਾਂ ਆਖਿਆ ਕਿ ਮਹਾਰਾਜਾ ਰਣਜੀਤ ਸਿੰਘ ਦਾ ਰਾਜ ਪੰਜਾਬ, ਪੰਜਾਬੀਅਤ ਤੇ ਸਿੱਖੀ ਦੇ ਵਿਕਾਸ ਲਈ ਇਕ ਅਹਿਮ ਪੜਾਅ ਸੀ ਅਤੇ ਉਨ੍ਹਾਂ ਦੇ ਰਾਜ ਅੰਦਰ ਹਰ ਧਰਮ, ਵਰਗ ਅਤੇ ਫਿਰਕੇ ਦਾ ਵਿਸ਼ੇਸ਼ ਤੌਰ ’ਤੇ ਖ਼ਿਆਲ ਰੱਖਿਆ ਜਾਂਦਾ ਸੀ।

ਉਨ੍ਹਾਂ ਮਹਾਰਾਜਾ ਰਣਜੀਤ ਸਿੰਘ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਸਿੱਖ ਕੌਮ ਨੂੰ ਜਥੇਬੰਦਕ ਸ਼ਕਤੀ ਨਾਲ ਜੁੜਨ ਦੀ ਪ੍ਰੇਰਣਾ ਕੀਤੀ। ਇਸ ਦੌਰਾਨ ਮੁੱਖ ਸਕੱਤਰ ਨੇ ਸ਼੍ਰੋਮਣੀ ਕਮੇਟੀ ਦੀ ਸਥਾਪਤੀ, ਸਥਿਤੀ ਅਤੇ ਕਾਰਜਸ਼ੈਲੀ ਦੇ ਨਾਲ-ਨਾਲ ਪ੍ਰਾਪਤੀਆਂ ਦਾ ਵੀ ਖੁਲਾਸਾ ਕੀਤਾ।

ਇਸ ਮੌਕੇ ਗਵਰਨ ਪੰਜਾਬ ਚੌਧਰੀ ਮੁਹੰਮਦ ਸਰਵਰ ਨੇ ਸਿੱਖਾਂ ਦੀ ਬਹਾਦਰੀ ਦੀ ਪ੍ਰਸ਼ੰਸਾ ਕੀਤੀ ਅਤੇ ਸਿੱਖ ਕੌਮ ਵੱਲੋਂ ਵਿਸ਼ਵ ਅੰਦਰ ਕੀਤੀਆਂ ਪ੍ਰਾਪਤੀਆਂ ਨੂੰ ਵਡਿਆਇਆ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਦਾ ਰਾਜ ਧਰਮ ਨਿਰਪੱਖ ਰਾਜ ਸੀ, ਜਿਸ ਵਿਚ ਪ੍ਰਜਾ ਦੇ ਹਰ ਤਰ੍ਹਾਂ ਦੇ ਹੱਕ ਅਤੇ ਹਿੱਤ ਸੁਰੱਖਿਅਤ ਸਨ।

ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਗਏ ਜਥੇ ਦੇ ਆਗੂ ਸ. ਗੁਰਮੀਤ ਸਿੰਘ ਬੂਹ ਨੇ ਮਹਾਰਾਜਾ ਰਣਜੀਤ ਸਿੰਘ ਨੂੰ ਸਤਿਕਾਰ ਭੇਟ ਕਰਦਿਆਂ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਓਕਾਫ ਬੋਰਡ ਦੇ ਅਧਿਕਾਰੀਆਂ ਦਾ ਧੰਨਵਾਦ ਕੀਤਾ। ਇਸ ਸਮੇਂ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਤਾਰਾ ਸਿੰਘ ਨੇ ਵੀ ਸੰਬੋਧਨ ਕੀਤਾ ਅਤੇ ਪਾਕਿਸਤਾਨ ਪੁੱਜੀਆਂ ਸੰਗਤਾਂ ਨੂੰ ਜੀ-ਆਇਆਂ ਆਖਿਆ।

ਸਮਾਗਮ ਦੌਰਾਨ ਗਵਰਨ ਪੰਜਾਬ ਚੌਧਰੀ ਮੁਹੰਮਦ ਸਰਵਰ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ. ਗੁਰਮੀਤ ਸਿੰਘ ਬੂਹ ਅਤੇ ਡਾ. ਰੂਪ ਸਿੰਘ ਨੇ ਸਨਮਾਨਿਤ ਕੀਤਾ, ਜਦਕਿ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਡਾ. ਰੂਪ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਸਬੰਧੀ ਆਪਣੀ ਵੱਡ-ਅਕਾਰੀ ਪੁਸਤਕ ਵੀ ਚੌਧਰੀ ਮੁਹੰਮਦ ਸਰਵਰ ਨੂੰ ਭੇਟ ਕੀਤੀ। ਇਸ ਮੌਕੇ ਸਾਬਕਾ ਪ੍ਰਧਾਨ ਸ. ਬਿਸ਼ਨ ਸਿੰਘ, ਸ. ਭਗਤ ਸਿੰਘ ਤੇ ਹੋਰ ਮੌਜੂਦ ਸਨ।

ਭਾਈ ਲੌਂਗੋਵਾਲ ਵੱਲੋਂ ਭੇਜਿਆ ਪੱਤਰ ਡਾ. ਰੂਪ ਸਿੰਘ ਨੇ ਸ. ਤਾਰਾ ਸਿੰਘ ਨੂੰ ਸੌਂਪਿਆ
ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਪਾਕਿਸਤਾਨ ਗਏ ਸਿੱਖ ਸ਼ਰਧਾਲੂਆਂ ਦੇ ਜਥੇ ’ਚ ਸ਼ਾਮਲ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਭੇਜਿਆ ਪੱਤਰ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਤਾਰਾ ਸਿੰਘ ਨੂੰ ਸੌਂਪਿਆ।

ਇਸ ਮੌਕੇ ਲਹਿੰਦੇ ਪੰਜਾਬ ਦੇ ਗਵਨਰ ਚੌਧਰੀ ਮੁਹੰਮਦ ਸਰਵਰ ਅਤੇ ਸਿੱਖ ਜਥੇ ਦੇ ਆਗੂ ਸ. ਗੁਰਮੀਤ ਸਿੰਘ ਬੂਹ ਵੀ ਮੌਜੂਦ ਸਨ। ਭਾਈ ਲੌਂਗੋਵਾਲ ਵੱਲੋਂ ਭੇਜੇ ਗਏ ਪੱਤਰ ਵਿਚ ਪਹਿਲੇ ਪਾਤਸ਼ਾਹ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਲਈ ਆਪਸੀ ਸਹਿਯੋਗ ਦੀ ਗੱਲ ਕੀਤੀ ਗਈ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਪਣੇ ਪੱਤਰ ਰਾਹੀਂ ਸ੍ਰੀ ਨਨਕਾਣਾ ਸਾਹਿਬ ਵਿਖੇ ਕਰਵਾਏ ਜਾਣ ਵਾਲੇ ਸਮਾਗਮਾਂ ਸਮੇਂ ਹਰ ਤਰ੍ਹਾਂ ਦੇ ਸਹਿਯੋਗ ਦੇਣ ਦਾ ਸੁਨੇਹਾ ਭੇਜਿਆ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਦੱਸਿਆ ਕਿ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਤਾਰਾ ਸਿੰਘ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਵੱਲੋਂ ਪੱਤਰ ਰਾਹੀਂ ਪ੍ਰਗਟਾਈ ਭਾਵਨਾ ਦਾ ਭਰਵਾਂ ਸਵਾਗਤ ਕੀਤਾ ਹੈ।

ਉਨ੍ਹਾਂ ਦੱਸਿਆ ਕਿ ਸ. ਤਾਰਾ ਸਿੰਘ ਨੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸ਼੍ਰੋਮਣੀ ਕਮੇਟੀ ਕੋਲੋਂ ਹਰ ਤਰ੍ਹਾਂ ਦਾ ਸਹਿਯੋਗ ਲੈਣ ਦੀ ਵਚਨਬਧਤਾ ਪ੍ਰਗਟਾਈ ਹੈ। ਡਾ. ਰੂਪ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੇ ਲਹਿੰਦੇ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨਾਲ ਵੀ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਸਬੰਧੀ ਗੱਲ ਕੀਤੀ ਹੈ।

ਉਨ੍ਹਾਂ ਦੱਸਿਆ ਕਿ ਗਵਰਨਰ ਪੰਜਾਬ ਨੇ ਸ਼੍ਰੋਮਣੀ ਕਮੇਟੀ ਨੂੰ ਭਰੋਸਾ ਦਿੱਤਾ ਹੈ ਕਿ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਕਿਸੇ ਵੀ ਤਰ੍ਹਾਂ ਦੇ ਸਮਾਗਮ ਲਈ ਉਹ ਪੂਰਨ ਸਹਿਯੋਗ ਦੇਣਗੇ। ਡਾ. ਰੂਪ ਸਿੰਘ ਅਨੁਸਾਰ ਚੌਧਰੀ ਮੁਹੰਮਦ ਸਰਵਰ ਨੇ ਲਹਿੰਦੇ ਪੰਜਾਬ ਦੀਆਂ ਯੂਨੀਵਰਸਿਟੀਆਂ ਅੰਦਰ ਸ਼੍ਰੋਮਣੀ ਕਮੇਟੀ ਵੱਲੋਂ ਸੈਮੀਨਾਰ ਕਰਵਾਉਣ ਦੀ ਮੰਗ ਨੂੰ ਵੀ ਪ੍ਰਵਾਨ ਕੀਤਾ।

ਇਸ ਤੋਂ ਇਲਾਵਾ ਗਵਰਨਰ ਪੰਜਾਬ ਨੇ ਪਾਕਿਸਤਾਨ ਜਾਣ ਵਾਲੇ ਜਥਿਆਂ ਦੇ ਰੂਟ ਵਿਚ ਗੁਰਦੁਆਰਾ ਬਾਬੇ ਦੀ ਬੇਰ ਸਿਆਲਕੋਟ ਨੂੰ ਵੀ ਸ਼ਾਮਲ ਕਰਨ ਦਾ ਸੁਝਾਅ ਵੀ ਪ੍ਰਵਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਸ ਇਤਿਹਾਸਕ ਗੁਰਦੁਆਰਾ ਬਾਬੇ ਦੀ ਬੇਰ ਸਿਆਲਕੋਟ ਵਿਖੇ ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਦਾ ਪਹਿਲਾ ਮੋਰਚਾ ਲੱਗਾ ਸੀ, ਜਿਸ ਕਾਰਨ ਇਸ ਅਸਥਾਨ ਦੀ ਵੱਡੀ ਇਤਿਹਾਸਕ ਮਹੱਤਤਾ ਹੈ।

ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਨੇ ਗਵਰਨਰ ਚੌਧਰੀ ਮੁਹੰਮਦ ਸਰਵਰ ਅਤੇ ਪਾਕਿਸਤਾਨ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਸ. ਤਾਰਾ ਸਿੰਘ ਦੇ ਨਾਲ-ਨਾਲ ਓਕਾਫ ਬੋਰਡ ਦੇ ਅਧਿਕਾਰੀਆਂ ਨਾਲ 25 ਜੁਲਾਈ ਨੂੰ ਸ੍ਰੀ ਨਨਕਾਣਾ ਸਾਹਿਬ ਤੋਂ ਸਜਾਏ ਜਾਣ ਵਾਲੇ ਨਗਰ ਕੀਰਤਨ ਸਬੰਧੀ ਵੀ ਗੱਲ ਕੀਤੀ, ਜਿਸ ’ਤੇ ਉਨ੍ਹਾਂ ਨੇ ਹਰ ਤਰ੍ਹਾਂ ਦੇ ਸਹਿਯੋਗ ਅਤੇ ਪ੍ਰਬੰਧਾਂ ਦਾ ਭਰੋਸਾ ਦਿੱਤਾ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION