28.1 C
Delhi
Tuesday, May 7, 2024
spot_img
spot_img

ਮਾਮਲਾ ਹਰਿਮੰਦਰ ਸਾਹਿਬ ਵਿਖੇ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਾ ਕੇ ਆਉਣ ਦਾ : ਸ਼੍ਰੋਮਣੀ ਕਮੇਟੀ ਕਰੇਗੀ ਪੁਲਿਸ ਕਾਰਵਾਈ

ਯੈੱਸ ਪੰਜਾਬ
ਅੰਮ੍ਰਿਤਸਰ, 17 ਅਗਸਤ, 2022:
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਇਕ ਵਿਅਕਤੀ ਵੱਲੋਂ ਜਗਦੀਸ਼ ਟਾਈਟਲਰ ਦੀ ਤਸਵੀਰ ਵਾਲੀ ਟੀ-ਸ਼ਰਟ ਪਹਿਨ ਕੇ ਆਉਣ ਅਤੇ ਫੋਟੋਆਂ ਖਿਚਵਾ ਕੇ ਵਾਇਰਲ ਕਰਨ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਰੜੀ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਜਿਸ ਵਿਅਕਤੀ ਨੇ ਇਹ ਹਰਕਤ ਕੀਤੀ ਹੈ, ਉਸ ਖਿਲਾਫ ਕਾਰਵਾਈ ਲਈ ਪੁਲਿਸ ਪਾਸ ਸ਼ਿਕਾਇਤ ਦਰਜ ਕਰਵਾਈ ਜਾਵੇਗੀ।

ਐਡਵੋਕੇਟ ਧਾਮੀ ਨੇ ਆਖਿਆ ਕਿ ਜਗਦੀਸ਼ ਟਾਈਟਲਰ ਦਿੱਲੀ ਸਿੱਖ ਕਤਲੇਆਮ ਦਾ ਮੁੱਖ ਦੋਸ਼ੀ ਹੈ, ਜਿਸ ਨੂੰ ਸਿੱਖ ਕੌਮ ਕਦੇ ਵੀ ਮੁਆਫ਼ ਨਹੀਂ ਕਰ ਸਕਦੀ। ਅਜਿਹੇ ਵਿਅਕਤੀ ਦੀ ਤਸਵੀਰ ਲੱਗੀ ਟੀ-ਸ਼ਰਟ ਪਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਆਉਣਾ ਸਿੱਖਾਂ ਨੂੰ ਚਿੜ੍ਹਾਉਣ ਵਾਲੀ ਕਾਰਵਾਈ ਹੈ। ਉਨ੍ਹਾਂ ਆਖਿਆ ਕਿ ਜਾਣਕਾਰੀ ਅਨੁਸਾਰ ਇਹ ਕੋਝੀ ਹਰਕਤ ਕਰਨ ਵਾਲਾ ਵਿਅਕਤੀ ਅੰਮ੍ਰਿਤਸਰ ਵਾਸੀ ਕਰਮਜੀਤ ਸਿੰਘ ਗਿੱਲ ਕਾਂਗਰਸ ਦਾ ਨੁਮਾਇੰਦਾ ਹੈ, ਜਿਸ ਤੋਂ ਸਪੱਸ਼ਟ ਹੈ ਕਿ ਉਸ ਨੇ ਸੋਚੀ ਸਮਝੀ ਸਾਜ਼ਿਸ਼ ਤਹਿਤ ਇਹ ਕਾਰਵਾਈ ਕੀਤੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਕਾਂਗਰਸ ਜਮਾਤ ਸ਼ੁਰੂ ਤੋਂ ਹੀ ਸਿੱਖ ਵਿਰੋਧੀ ਰਹੀ ਹੈ ਅਤੇ ਇਸ ਵੱਲੋਂ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਹਮਲਾ ਅਤੇ ਦਿੱਲੀ ਸਿੱਖ ਕਤਲੇਆਮ ਨਾ ਭੁੱਲਣਯੋਗ ਹੈ। ਅੱਜ ਫਿਰ ਸਿੱਖ ਕਤਲੇਆਮ ਦੇ ਦੋਸ਼ੀ ਜਗਦੀਸ਼ ਟਾਈਟਲਰ ਦੀ ਤਸਵੀਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਦਰਸ਼ਤ ਕਰਕੇ ਕਾਂਗਰਸ ਦੇ ਆਗੂ ਨੇ ਸਿੱਖ ਭਾਵਨਾਵਾਂ ਨੂੰ ਦੁਖਾਇਆ ਹੈ।

ਐਡਵੋਕੇਟ ਧਾਮੀ ਨੇ ਆਖਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦਾ ਪ੍ਰਮੁੱਖ ਧਾਰਮਿਕ ਅਸਥਾਨ ਹੋਣ ਦੇ ਨਾਲ-ਨਾਲ ਪੂਰੀ ਦੁਨੀਆਂ ਦੇ ਲੋਕਾਂ ਲਈ ਆਸਥਾ ਦਾ ਕੇਂਦਰ ਵੀ ਹੈ। ਇਥੇ ਹਰ ਹਰ ਵਿਅਕਤੀ ਮਾਨਸਿਕ ਸ਼ਾਂਤੀ ਅਤੇ ਅਧਿਆਤਮਿਕ ਸ਼ਕਤੀ ਪ੍ਰਾਪਤ ਕਰਨ ਲਈ ਨਤਮਸਤਕ ਹੁੰਦਾ ਹੈ। ਉਨ੍ਹਾਂ ਆਖਿਆ ਕਿ ਇਸ ਪਾਵਨ ਅਸਥਾਨ ’ਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੀ ਹਰਕਤ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ, ਜਿਸ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਕਾਰਵਾਈ ਕਰੇਗੀ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੀਤ ਸਕੱਤਰ ਮੀਡੀਆ ਸ. ਕੁਲਵਿੰਦਰ ਸਿੰਘ ਰਮਦਾਸ ਨੇ ਦੱਸਿਆ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿੱਖਾਂ ਨੂੰ ਚਿੜਾਉਣ ਵਾਲੀ ਹਰਕਤ ਕਰਨ ਵਾਲੇ ਵਿਅਕਤੀ ਵਿਰੁੱਧ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ ’ਤੇ ਪੁਲਿਸ ਪਾਸ ਕੇਸ ਦਰਜ ਕਰਵਾ ਦਿੱਤਾ ਗਿਆ ਹੈ।

ਸ. ਰਮਦਾਸ ਨੇ ਦੱਸਿਆ ਕਿ ਸੀਸੀਟੀਵੀ ਕੈਮਰੇ ਦੀ ਰਿਕਾਡਿੰਗ ਅਨੁਸਾਰ ਇਹ ਵਿਅਕਤੀ ਆਟਾ ਮੰਡੀ ਬਾਹੀ ਤੋਂ ਪਰਕਰਮਾਂ ਵਿਚ ਦਾਖਲ ਹੋਇਆ ਅਤੇ ਫੋਟੋ ਖਿਚਵਾਉਣ ਮਗਰੋਂ ਬਿਨਾ ਮੱਥਾ ਟੇਕਿਆਂ ਵਾਪਸ ਚਲਾ ਗਿਆ। ਉਨ੍ਹਾਂ ਕਿਹਾ ਕਿ ਇਸ ਤੋਂ ਸਪੱਸ਼ਟ ਹੈ ਕਿ ਇਹ ਵਿਅਕਤੀ ਜਾਣਬੁਝ ਕੇ ਕੋਝੀ ਹਰਕਤ ਕਰਨ ਲਈ ਹੀ ਆਇਆ ਸੀ, ਨਾ ਕਿ ਗੁਰੂ ਸਾਹਿਬ ਨੂੰ ਸ਼ਰਧਾ ਭੇਟ ਕਰਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION