27.1 C
Delhi
Saturday, May 4, 2024
spot_img
spot_img

ਮਿਨਾਕਸ਼ੀ ਲੇਖ਼ੀ ਨੇ ਕਿਹਾ ‘ਕਿਸਾਨ ਨਹੀਂ, ਮਵਾਲੀ ਹਨ ਇਹ’: ਕੈਪਟਨ ਅਮਰਿੰਦਰ ਨੇ ਕਿਹਾ ਅਪਮਾਨਜਨਕ ਟਿੱਪਣੀ ਲਈ ਅਸਤੀਫ਼ਾ ਦੇਵੇ ਕੇਂਦਰੀ ਮੰਤਰੀ

ਯੈੱਸ ਪੰਜਾਬ
ਚੰਡੀਗੜ੍ਹ, 22 ਜੁਲਾਈ, 2021:
ਦਿੱਲੀ ਦੇ ਜੰਤਰ ਮੰਤਰ ‘ਤੇ ਕਿਸਾਨ ਪ੍ਰਦਰਸ਼ਨ ਦੌਰਾਨ ਪੱਤਰਕਾਰ ਉਤੇ ਹੋਏ ਕਥਿਤ ਹਮਲੇ ਦੀ ਨਿੰਦਿਆਂ ਕਰਨ ਦੇ ਨਾਲ ਹੀ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਕੇਂਦਰੀ ਮੰਤਰੀ ਮੀਨਾਕਸ਼ੀ ਲੇਖੀ ਵੱਲੋਂ ਕਿਸਾਨਾਂ ਨੂੰ ਹੁੱਲੜਬਾਜ਼ ਕਹਿਣ ਲਈ ਉਸ ਦੇ ਤੁਰੰਤ ਅਸਤੀਫੇ ਦੀ ਮੰਗ ਕੀਤੀ ਹੈ।

ਭਾਜਪਾ ਆਗੂ ਜਿਸ ਨੇ ਪਿਛਲੇ ਕਰੀਬ ਅੱਠ ਮਹੀਨਿਆਂ ਤੋਂ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਲਈ ਅਪਮਾਨਜਨਕ ਸ਼ਬਦਾਵਲੀ ਵਰਤੀ, ਦੀ ਨਿਖੇਧੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਨਾਲ ਭਾਜਪਾ ਦੀ ਕਿਸਾਨ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੋਇਆ ਹੈ।

ਭਾਜਪਾ ਵੱਲੋਂ ਰੋਸ ਅਤੇ ਅਸਹਿਮਤੀ ਦੀਆਂ ਸਾਰੀਆਂ ਆਵਾਜ਼ਾਂ ਨੂੰ ਦਬਾਉਣ ਲਈ ਕੀਤੀਆਂ ਜਾ ਰਹੀਆਂ ਘਿਨਾਉਣੀਆਂ ਹਰਕਤਾਂ ਦੇ ਬਾਵਜੂਦ ਸੱਚਾਈ ਇਹ ਹੈ ਕਿ ਉਹ ਕਿਸਾਨਾਂ ਦੀ ਭਾਵਨਾ ਨੂੰ ਤੋੜਨ ਵਿੱਚ ਅਸਫਲ ਹੋਏ ਹਨ। ਕੈਪਟਨ ਅਮਰਿੰਦਰ ਸਿੰਘ ਨੇ ਐਨ.ਡੀ.ਏ. ਸਰਕਾਰ ਵੱਲੋਂ ਕੇਂਦਰ ਖਿਲਾਫ ਉਠ ਰਹੀ ਹਰ ਇਕ ਆਵਾਜ਼ ਨੂੰ ਦਬਾਉਣ ਲਈ ਕੀਤੀਆਂ ਜਾ ਰਹੀਆਂ ਨਿਰੰਤਰ ਕੋਸ਼ਿਸ਼ਾਂ ਦੀ ਨਿੰਦਾ ਕਰਦਿਆਂ ਕਿਹਾ ਕਿ ਤਾਜ਼ਾ ਘਟਨਾਕ੍ਰਮ ਵਿੱਚ ਦੈਨਿਕ ਭਾਸਕਰ ਮੀਡੀਆ ਗਰੁੱਪ ਉਪਰ ਆਮਦਨ ਕਰ ਦਾ ਛਾਪਾ ਮਾਰਿਆ ਗਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹਾਲਾਂਕਿ ਕਿਸਾਨ ਪਾਰਲੀਮੈਂਟ ਕਵਰ ਕਰ ਰਹੇ ਪੱਤਰਕਾਰ ਉਤੇ ਹਮਲਾ ਕਰਨਾ ਅਫਸੋਸਨਾਕ ਹੈ ਅਤੇ ਦੋਸ਼ੀ ਵਿਅਕਤੀ ਖਿਲਾਫ ਕਾਰਵਾਈ ਕਰਨੀ ਚਾਹੀਦੀ ਹੈ ਪ੍ਰੰਤੂ ਕੇਂਦਰੀ ਮੰਤਰੀ ਦੀ ਪ੍ਰਤੀਕਿਰਿਆ ਪੂਰੀ ਤਰ੍ਹਾਂ ਬੇਲੋੜੀ ਤੇ ਭੜਕਾਓ ਹੈ।

ਉਨ੍ਹਾਂ ਕਿਹਾ ਕਿ ਲੇਖੀ ਨੂੰ ਕੋਈ ਅਧਿਕਾਰ ਨਹੀਂ ਕਿ ਉਹ ਇਸ ਤਰੀਕੇ ਨਾਲ ਕਿਸਾਨਾਂ ਨੂੰ ਬਦਨਾਮ ਕਰੇ। ਦਿੱਲੀ ਪੁਲਿਸ ਨੂੰ ਕੇਸ ਦਰਜ ਕਰ ਕੇ ਦੋਸ਼ੀਆਂ ਦੀ ਸ਼ਨਾਖਤ ਕਰਨੀ ਚਾਹੀਦੀ ਹੈ ਅਤੇ ਕਾਨੂੰਨ ਨੂੰ ਆਪਣਾ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਭਾਜਪਾ ਨੂੰ ਇਸ ਘਟਨਾ ਨੂੰ ਲੈ ਕੇ ਇਸ ਨਿਰਦਈ ਤਰੀਕੇ ਨਾਲ ਕਿਸਾਨਾਂ ਦੀ ਆਲੋਚਨਾ ਕਰਨ ਦਾ ਕੋਈ ਅਧਿਕਾਰ ਨਹੀਂ।

ਦਿੱਲੀ ਬਾਰਡਰ ਉਤੇ ਅੰਦੋਲਨ ਸ਼ੁਰੂ ਕਰਨ ਵੇਲੇ ਤੋਂ ਲੈ ਕੇ ਵੱਖ-ਵੱਖ ਭਾਜਪਾਈ ਨੇਤਾਵਾਂ ਵੱਲੋਂ ਕਿਸਾਨਾਂ ਖਿਲਾਫ ਕੀਤੀਆਂ ਨਿਰਾਦਰ ਭਰੀਆਂ ਟਿੱਪਣੀਆਂ ਦਾ ਜ਼ਿਕਰ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਦੀ ਸੱਤਾ ਧਿਰ ਸ਼ੁਰੂਆਤ ਤੋਂ ਹੀ ਕਿਸਾਨਾਂ ਨੂੰ ਬਦਨਾਮ ਕਰਨ ਅਤੇ ਉਨ੍ਹਾਂ ਦੇ ਸ਼ਾਂਤਮਈ ਅੰਦੋਲਨ ਨੂੰ ਨੁਕਸਾਨ ਪਹੁੰਚਾਉਣ ਦੀਆਂ ਕੋਸ਼ਿਸ਼ਾਂ ਕਰ ਰਹੀ ਹੈ। ਉਨ੍ਹਾਂ ਨੇ ਚੇਤੇ ਕਰਦਿਆਂ ਕਿਹਾ ਕਿ ਭਾਜਪਾ ਨੇਤਾਵਾਂ ਨੇ ਇਸ ਤੋਂ ਪਹਿਲਾਂ ਵੀ ਕਿਸਾਨਾਂ ਉਤੇ ਅਤਿਵਾਦੀ ਅਤੇ ਸ਼ਹਿਰੀ ਨਕਸਲਵਾਦੀ ਹੋਣ ਦੀਆਂ ਤੋਹਮਤਾਂ ਲਾ ਕੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਭਾਜਪਾ ਕਿਸਾਨਾਂ ਦੇ ਸੰਘਰਸ਼ ਨੂੰ ਕਮਜ਼ੋਰ ਕਰਨ ਵਿਚ ਨਾਕਾਮ ਰਹੀ ਜਦੋਂ ਕਿ ਕਿਸਾਨ ਅਜਿਹੇ ਤੱਤਾਂ ਦਾ ਡਟ ਕੇ ਮੁਕਾਬਲਾ ਕਰ ਰਹੇ ਹਨ ਅਤੇ ਆਪਣੇ ਹੱਕਾਂ ਲਈ ਵਿੱਢੀ ਲੜਾਈ ਵਿਚ ਬਹੁਤ ਸਾਰੀਆਂ ਜ਼ਿੰਦਗੀਆਂ ਚਲੀਆਂ ਗਈਆਂ। ਹੁਣ ਭਾਜਪਾ ਲੀਡਰਸ਼ਿਪ ਬੁਖਲਾਹਟ ਵਿਚ ਆ ਕੇ ਇਕ ਵਾਰ ਫੇਰ ਅਜਿਹੀਆਂ ਸ਼ਰਮਨਾਕ ਚਾਲਾਂ ਖੇਡ ਰਹੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਲਾਗੂ ਕਰਨ ਤੋਂ ਲੈ ਕੇ ਕਿਸਾਨਾਂ ਪ੍ਰਤੀ ਉਦਾਸੀਨ ਰਵੱਈਏ ਤੱਕ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਵਾਰ-ਵਾਰ ਸਿੱਧ ਕਰ ਦਿੱਤਾ ਕਿ ਉਸ ਨੂੰ ਅੰਨਦਾਤਿਆਂ ਦੀ ਆਵਾਜ਼ ਸੁਣਨ ਵਿਚ ਕੋਈ ਦਿਲਚਸਪੀ ਨਹੀਂ ਹੈ ਜਦਕਿ ਕਿਸਾਨਾਂ ਦੇ ਯੋਗਦਾਨ ਤੋਂ ਬਿਨਾਂ ਭਾਰਤ ਅੱਜ ਵੀ ਆਪਣੇ ਲੋਕਾਂ ਦਾ ਪੇਟ ਭਰਨ ਲਈ ਠੂਠਾ ਫੜ ਕੇ ਮੰਗ ਰਿਹਾ ਹੁੰਦਾ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਦਰਮਿਆਨ ਵਧ ਰਿਹਾ ਰੋਸ ਚਿੰਤਾ ਦਾ ਵਿਸ਼ਾ ਹੈ ਕਿਉਂ ਜੋ ਕੇਂਦਰ ਦੇ ਕਾਲੇ ਕਾਨੂੰਨਾਂ ਕਰਕੇ ਉਨ੍ਹਾਂ ਨੂੰ ਆਪਣੀਆਂ ਜਾਨਾਂ ਅਤੇ ਰੋਜ਼ੀ-ਰੋਟੀ ਗੁਆਉਣੀ ਪੈ ਰਹੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੰਕਟ ਦੇ ਹੱਲ ਲਈ ਤੁਰੰਤ ਕਦਮ ਚੁੱਕਣੇ ਚਾਹੀਦੇ ਹਨ ਜਿਸ ਦੇ ਮੁਲਕ ਲਈ ਗੰਭੀਰ ਸਿੱਟੇ ਨਿਕਲ ਸਕਦੇ ਹਨ। ਉਨ੍ਹਾਂ ਕਿਹਾ ਕਿ ਖੁਫੀਆ ਰਿਪੋਰਟਾਂ ਦੇ ਮੁਤਾਬਕ ਸਰਹੱਦ ਪਾਰ ਤੋਂ ਖਾਲਿਸਤਾਨੀ ਪੱਖੀ ਅਨਸਰ ਭਾਰਤ ਖਿਲਾਫ ਕਿਸਾਨਾਂ ਦੇ ਰੋਹ ਨੂੰ ਹਥਿਆਉਣ ਦੀ ਤਾਕ ਵਿਚ ਹਨ। ਉਨ੍ਹਾਂ ਨੇ ਇਨ੍ਹਾਂ ਰਿਪੋਰਟਾਂ ਪ੍ਰਤੀ ਕੇਂਦਰ ਵੱਲੋਂ ਕੋਈ ਕਦਮ ਨਾ ਚੁੱਕਣ ਦੀ ਸੂਰਤ ਵਿਚ ਘੋਰ ਸੁਰੱਖਿਆ ਨਾਕਾਮੀ ਦੀ ਚਿਤਾਵਨੀ ਦਿੱਤੀ।

ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਕਿਸਾਨਾਂ ਪ੍ਰਤੀ ਅਜਿਹੀਆਂ ਸ਼ਰਮਨਾਕ ਕਾਰਵਾਈਆਂ ਵਿਚ ਗਲਤਾਨ ਹੋਣ ਦੀ ਬੁਖਲਾਹਟ ਭਰੀ ਕੋਸ਼ਿਸ਼ ਕਰਨ ਦੀ ਬਜਾਏ ਭਾਰਤ ਸਰਕਾਰ ਨੂੰ ਛੇਤੀ ਤੋਂ ਛੇਤੀ ਇਸ ਮਸਲੇ ਦਾ ਨਿਪਟਾਰਾ ਕਰਨਾ ਚਾਹੀਦਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION