31.7 C
Delhi
Saturday, April 20, 2024
spot_img
spot_img

ਮੁੱਖ ਮੰਤਰੀ ਚੰਨੀ ਵੱਲੋਂ ਪੰਜਾਬ ਪੁਲਿਸ ਦੇ ਜਵਾਨਾਂ ਲਈ ਨਵੇਂ ਸਾਲ `ਤੇ ਤੋਹਫ਼ਾ, ਬਹਾਦਰ ਜਵਾਨਾਂ ਲਈ ਕਈ ਪਹਿਲਕਦਮੀਆਂ ਦਾ ਐਲਾਨ

ਯੈੱਸ ਪੰਜਾਬ
ਜਲੰਧਰ, 31 ਦਸੰਬਰ, 2021:
ਪੰਜਾਬ ਪੁਲਿਸ ਦੇ ਮੁਲਾਜ਼ਮਾਂ ਲਈ ਨਵੇਂ ਸਾਲ ਦੇ ਤੋਹਫੇ ਵਜੋਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਨੇ ਅੱਜ ਪੁਲਿਸ ਮੁਲਾਜ਼ਮਾਂ ਲਈ ਕਈ ਪਹਿਲਕਦਮੀਆਂ ਦਾ ਐਲਾਨ ਕੀਤਾ।

ਅੱਜ ਇੱਥੇ ਪੀ.ਏ.ਪੀ. ਕੰਪਲੈਕਸ ਵਿਖੇ ਹੋਏ ਇੱਕ ਸਮਾਗਮ ਦੌਰਾਨ ਮੁੱਖ ਮੰਤਰੀ ਨੇ ਪੁਲਿਸ ਮੁਲਾਜ਼ਮਾਂ ਨਾਲ ਭਾਵੁਕ ਹੁੰਦਿਆਂ ਕਿਹਾ ਕਿ ਹਥਿਆਰਬੰਦ ਬਲਾਂ ਅਤੇ ਪੁਲਿਸ ਵਿੱਚ ਸੇਵਾ ਇੱਕ ਚੁਣੌਤੀਪੂਰਨ ਕੰਮ ਹੈ ਅਤੇ ਸਿਰਫ਼ ਉਹੀ ਲੋਕ ਹੀ ਇਨ੍ਹਾਂ ਵਿੱਚ ਸ਼ਾਮਲ ਹੁੰਦੇ ਹਨ ਜਿਨ੍ਹਾਂ ਵਿੱਚ ਦੇਸ਼ ਅਤੇ ਇਸ ਦੇ ਲੋਕਾਂ ਦੀ ਸੇਵਾ ਕਰਨ ਦਾ ਜਜ਼ਬਾ ਹੁੰਦਾ ਹੈ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਪੰਜਾਬ ਪੁਲਿਸ ਦੇ ਵੱਡਮੁੱਲੇ ਯੋਗਦਾਨ ਨੂੰ ਮੰਨਦੀ ਹੈ ਅਤੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬ ਵਿੱਚ ਪੁਲਿਸ ਮੁਲਾਜ਼ਮਾਂ ਦੇ ਹਿੱਤਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਪਾਬੰਦ ਹੈ।

ਮੁੱਖ ਮੰਤਰੀ ਚੰਨੀ ਨੇ ਪੁਲਿਸ ਮੁਲਾਜ਼ਮਾਂ ਦੀ ਵੱਡੀ ਮੰਗ ਨੂੰ ਪ੍ਰਵਾਨ ਕਰਦਿਆਂ ਆਉਂਦੇ ਨਵੇਂ ਸਾਲ ਤੋਂ ਵਰਦੀ ਭੱਤਾ ਮੁੜ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ ਚੰਗੀ ਕੁਆਲਿਟੀ ਦੀ ਵਰਦੀ ਮੁਹੱਈਆ ਕਰਵਾਈ ਜਾਵੇਗੀ, ਜਿਸ ਦਾ ਪੂਰਾ ਭੁਗਤਾਨ ਸਰਕਾਰ ਵੱਲੋਂ ਕੀਤਾ ਜਾਵੇਗਾ। ਮੁੱਖ ਮੰਤਰੀ ਚੰਨੀ ਨੇ ਸਰਕਾਰੀ ਬੱਸਾਂ ਵਿੱਚ ਕਿਸੇ ਵੀ ਡਿਊਟੀ ਵਾਲੇ ਪੁਲਿਸ ਮੁਲਾਜ਼ਮ ਲਈ ਮੁਫਤ ਬੱਸ ਯਾਤਰਾ ਦਾ ਐਲਾਨ ਕੀਤਾ ਅਤੇ ਕਿਹਾ ਕਿ ਪੁਲਿਸ ਮੁਲਾਜ਼ਮਾਂ ਨੂੰ 13 ਮਹੀਨਿਆਂ ਦੀ ਤਨਖਾਹ ਮਿਲਦੀ ਰਹੇਗੀ।

ਇਸੇ ਤਰ੍ਹਾਂ ਮੁੱਖ ਮੰਤਰੀ ਨੇ ਇਹ ਵੀ ਕਿਹਾ ਕਿ ਬੰਬ ਨਕਾਰਾ ਕਰਨ ਵਾਲੀਆਂ ਯੂਨਿਟਾਂ ਡਿਊਟੀ ਦੌਰਾਨ ਆਪਣੀ ਜਾਨ ਨੂੰ ਖਤਰੇ ਵਿੱਚ ਪਾਉਂਦੀਆਂ ਹਨ ਅਤੇ ਇਸ ਨੂੰ ਦੇਖਦਿਆਂ ਸੂਬਾ ਸਰਕਾਰ ਉਨ੍ਹਾਂ ਨੂੰ ਜੋਖਮ ਭੱਤਾ ਮੁਹੱਈਆ ਕਰਵਾਏਗੀ। ਉਨ੍ਹਾਂ ਨੇ ਕੈਂਪਾਂ ਦੌਰਾਨ ਪੰਜਾਬ ਪੁਲਿਸ ਦੇ ਖਿਡਾਰੀਆਂ ਲਈ ਡਾਈਟ ਵਾਸਤੇ ਮਿਲਦੀ ਰਾਸ਼ੀ ਮੌਜੂਦਾ 150 ਰੁਪਏ ਤੋਂ ਵਧਾ ਕੇ 250 ਰੁਪਏ ਪ੍ਰਤੀ ਦਿਨ ਕਰਨ ਦਾ ਵੀ ਐਲਾਨ ਕੀਤਾ। ਮੁੱਖ ਮੰਤਰੀ ਚੰਨੀ ਨੇ ਖੇਡਾਂ ਨੂੰ ਹੁਲਾਰਾ ਦੇਣ ਲਈ ਪੀਏਪੀ ਕੈਂਪਸ ਵਿੱਚ 1 ਕਰੋੜ ਰੁਪਏ ਦੀ ਲਾਗਤ ਨਾਲ ਗਰਾਊਂਡ ਦੀ ਮੁਰੰਮਤ ਦਾ ਵੀ ਐਲਾਨ ਕੀਤਾ।

ਮੁੱਖ ਮੰਤਰੀ ਚੰਨੀ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਆਉਣ ਵਾਲੇ ਪ੍ਰਵਾਸੀ ਭਾਰਤੀਆਂ ਦੀ ਸਹੂਲਤ ਲਈ ਅੰਮ੍ਰਿਤਸਰ ਅਤੇ ਮੁਹਾਲੀ ਹਵਾਈ ਅੱਡਿਆਂ ’ਤੇ ਪੁਲੀਸ ਸਾਂਝ ਕੇਂਦਰ ਖੋਲ੍ਹੇ ਜਾਣਗੇ। ਉਨ੍ਹਾਂ ਨੇ ਪੁਲਿਸ ਫੋਰਸ ਵਿੱਚ 250 ਵਾਹਨਾਂ ਦੀ ਖਰੀਦ ਲਈ ਲੋੜੀਂਦੇ ਫੰਡਾਂ ਦਾ ਐਲਾਨ ਵੀ ਕੀਤਾ। ਮੁੱਖ ਮੰਤਰੀ ਚੰਨੀ ਨੇ ਅਗਲੇ ਬਜਟ ਤੋਂ ਪੁਲਿਸ ਭਲਾਈ ਫੰਡ ਨੂੰ ਮੌਜੂਦਾ 10 ਕਰੋੜ ਰੁਪਏ ਤੋਂ ਵਧਾ ਕੇ 15 ਕਰੋੜ ਰੁਪਏ ਕਰਨ ਦਾ ਵੀ ਐਲਾਨ ਕੀਤਾ।

ਮੁੱਖ ਮੰਤਰੀ ਚੰਨੀ ਨੇ ਦੇਸ਼ ਵਿੱਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਵਿੱਚ ਪੁਲਿਸ ਵੱਲੋਂ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪੁਲਿਸ ਤੋਂ ਬਿਨਾਂ ਦੇਸ਼ ਦੀ ਤਰੱਕੀ ਦੀ ਕਲਪਨਾ ਵੀ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਪੁਲਿਸ ਸੱਚੇ ਲੋਕਾਂ ਦੀ ਦੋਸਤ ਹੁੰਦੀ ਹੈ ਜਦਕਿ ਅਪਰਾਧੀ ਪੁਲਿਸ ਤੋਂ ਡਰਦੇ ਹਨ। ਮੁੱਖ ਮੰਤਰੀ ਚੰਨੀ ਨੇ ਸਪੱਸ਼ਟ ਤੌਰ `ਤੇ ਕਿਹਾ ਕਿ ਪੁਲਿਸ ਦੀ ਇਮਾਨਦਾਰੀ `ਤੇ ਕੋਈ ਵੀ ਪ੍ਰਸ਼ਨ ਚਿੰਨ੍ਹ ਲਾਉਣ ਦਾ ਮਤਲਬ ਨਹੀਂ ਬਣਦਾ।

ਮੁੱਖ ਮੰਤਰੀ ਚੰਨੀ ਨੇ ਅੱਤਵਾਦ ਦੇ ਕਾਲੇ ਦਿਨਾਂ ਤੋਂ ਬਾਅਦ ਸੂਬੇ ਦੇ ਹਾਲਾਤ ਆਮ ਵਾਂਗ ਕਰਨ ਵਿੱਚ ਪੰਜਾਬ ਪੁਲਿਸ ਦੀ ਭੂਮਿਕਾ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਦਾ ਦੁਨੀਆਂ ਭਰ ਵਿੱਚ ਸ਼ਾਇਦ ਹੀ ਕੋਈ ਮੁਕਾਬਲਾ ਹੋਵੇ। ਮੁੱਖ ਮੰਤਰੀ ਚੰਨੀ ਨੇ ਇਹ ਵੀ ਉਮੀਦ ਜ਼ਾਹਰ ਕੀਤੀ ਕਿ ਪੰਜਾਬ ਪੁਲਿਸ ਸੂਬੇ ਵਿੱਚੋਂ ਨਸ਼ਿਆਂ ਦੇ ਕੋਹੜ ਦਾ ਸਫਾਇਆ ਕਰਕੇ ਸੂਬੇ ਦੀ ਸੇਵਾ ਕਰਨ ਦੀ ਆਪਣੀ ਅਮੀਰ ਪਰੰਪਰਾ ਨੂੰ ਕਾਇਮ ਰੱਖੇਗੀ।

ਮੁੱਖ ਮੰਤਰੀ ਚੰਨੀ ਨੇ ਇਹ ਵੀ ਕਿਹਾ ਕਿ ਚੋਣਾਂ ਦੇ ਮੱਦੇਨਜ਼ਰ ਸੂਬਾ ਵਿਰੋਧੀ ਤਾਕਤਾਂ ਪੰਜਾਬ ਦੀ ਅਮਨ ਸ਼ਾਂਤੀ ਨੂੰ ਭੰਗ ਕਰਨ `ਤੇ ਤੁਲੀਆਂ ਹੋਈਆਂ ਹਨ। ਹਾਲਾਂਕਿ, ਉਨ੍ਹਾਂ ਕਿਹਾ ਪੰਜਾਬੀਆਂ ਨੇ ਹਮੇਸ਼ਾ ਹੀ ਦੇਸ਼ ਦੀ ਏਕਤਾ ਅਤੇ ਪ੍ਰਭੂਸੱਤਾ ਦੀ ਰਾਖੀ ਲਈ ਲੜਾਈ ਲੜੀ ਹੈ ਅਤੇ ਕਿਹਾ ਕਿ ਹੁਣ ਵੀ ਪੰਜਾਬੀ ਦੇਸ਼ ਦੀ ਸੇਵਾ ਲਈ ਸਭ ਤੋਂ ਅੱਗੇ ਹੋਣਗੇ। ਮੁੱਖ ਮੰਤਰੀ ਚੰਨੀ ਨੇ ਆਸ ਪ੍ਰਗਟ ਕੀਤੀ ਕਿ ਲੋਕਾਂ ਦੇ ਭਰਵੇਂ ਸਹਿਯੋਗ ਨਾਲ ਇਨ੍ਹਾਂ ਚੁਣੌਤੀਆਂ `ਤੇ ਜਲਦੀ ਹੀ ਕਾਬੂ ਪਾਇਆ ਜਾਵੇਗਾ।

ਇਸ ਤੋਂ ਪਹਿਲਾਂ ਆਪਣੇ ਸੰਬੋਧਨ ਵਿੱਚ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ। ਉਨ੍ਹਾਂ ਨੇ ਦੇਸ਼ ਪ੍ਰਤੀ ਮਿਸਾਲੀ ਸੇਵਾਵਾਂ ਨਿਭਾਉਣ ਲਈ ਪੰਜਾਬ ਪੁਲਿਸ ਦੀ ਵੀ ਸ਼ਲਾਘਾ ਕੀਤੀ। ਰੰਧਾਵਾ ਨੇ ਇਹ ਵੀ ਕਿਹਾ ਕਿ ਸੂਬੇ ਵਿੱਚ ਪੁਲਿਸ ਮੁਲਾਜ਼ਮਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਇਸ ਦੌਰਾਨ ਕੈਂਪਸ ਪਹੁੰਚਣ `ਤੇ ਸੀ.ਐਮ.ਚੰਨੀ ਨੂੰ ਪੀਏਪੀ ਕੰਪਲੈਕਸ ਵਿਖੇ ਗਾਰਡ ਆਫ਼ ਆਨਰ ਦਿੱਤਾ ਗਿਆ। ਉਨ੍ਹਾਂ ਨੇ ਸ਼ਹੀਦੀ ਸਮਾਰਕ `ਤੇ ਫੁੱਲ ਮਾਲਾਵਾਂ ਚੜ੍ਹਾ ਕੇ ਪੁਲਿਸ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਵੀ ਦਿੱਤੀ। ਮੁੱਖ ਮੰਤਰੀ ਚੰਨੀ ਨੇ ਵੈਲਫੇਅਰ ਮੀਟਿੰਗ ਦੌਰਾਨ ਪੰਜਾਬ ਪੁਲਿਸ ਦੇ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਡਾ. ਰਾਜ ਕੁਮਾਰ ਵੇਰਕਾ, ਡੀਜੀਪੀ ਪੰਜਾਬ ਸਿਧਾਰਥ ਚਟੋਪਾਧਿਆਏ, ਡੀਜੀਪੀ ਪੀਏਪੀ ਆਈਪੀਐਸ ਸਹੋਤਾ ਅਤੇ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION