30.1 C
Delhi
Thursday, March 28, 2024
spot_img
spot_img

ਮੁੱਖ ਮੰਤਰੀ ਚੰਨੀ ਵੱਲੋਂ ਲੁਧਿਆਣਾ ਵਿਖੇ ਬਾਬਾ ਸਾਹਿਬ ਅੰਬੇਡਕਰ ਦੇ ਨਾਂ ‘ਤੇ ਅਤਿ ਆਧੁਨਿਕ ਟਰੌਮਾ ਸੈਂਟਰ ਬਣਾਉਣ ਦਾ ਐਲਾਨ

ਯੈੱਸ ਪੰਜਾਬ
ਲੁਧਿਆਣਾ, 16 ਦਸੰਬਰ, 2021:
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਲੁਧਿਆਣਾ ਵਿਖੇ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ.ਅੰਬੇਦਕਰ ਦੇ ਨਾਂ ‘ਤੇ ਅਤਿ ਆਧੁਨਿਕ ਟਰੌਮਾ ਸੈਂਟਰ ਬਣਾਉਣ ਦਾ ਐਲਾਨ ਕੀਤਾ ਹੈ।

ਅੱਜ ਇੱਥੇ ਅੰਬੇਡਕਰ ਭਵਨ ਲੋਕਾਂ ਨੂੰ ਸਮਰਪਿਤ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਜ਼ਿਲ੍ਹੇ ਦੇ ਵੱਕਾਰੀ ਅੰਬੇਡਕਰ ਭਵਨ ਵਿਖੇ ਚੱਲ ਰਹੇ ਕਾਰਜਾਂ ਨੂੰ ਨੇਪਰੇ ਚਾੜ੍ਹਨ ਲਈ ਨਗਰ ਨਿਗਮ ਲੁਧਿਆਣਾ ਨੂੰ 4.14 ਕਰੋੜ ਰੁਪਏ ਦਾ ਚੈੱਕ ਸੌਂਪਿਆ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਟਰੌਮਾ ਸੈਂਟਰ ਬਾਬਾ ਸਾਹਿਬ ਡਾ. ਅੰਬੇਡਕਰ ਨੂੰ ਸੱਚੀ ਸ਼ਰਧਾਂਜਲੀ ਹੋਵੇਗਾ ਅਤੇ ਇਹ ਸੈਂਟਰ 10 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਅੰਬੇਡਕਰ ਭਵਨ ‘ਤੇ ਹੁਣ ਤੱਕ 10 ਕਰੋੜ ਰੁਪਏ ਖਰਚ ਕੀਤੇ ਜਾ ਚੁੱਕੇ ਹਨ ਜਿਸ ਵਿੱਚੋਂ 4 ਕਰੋੜ ਰੁਪਏ ਗਲਾਡਾ ਵੱਲੋਂ, 1.65 ਕਰੋੜ ਰੁਪਏ ਲੁਧਿਆਣਾ ਇੰਪਰੂਵਮੈਂਟ ਟਰੱਸਟ ਵੱਲੋਂ ਅਤੇ ਬਾਕੀ ਨਗਰ ਨਿਗਮ ਲੁਧਿਆਣਾ ਵੱਲੋਂ ਖਰਚ ਕੀਤੇ ਗਏ ਹਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਵਾਹਨਾਂ ਲਈ ਬੇਸਮੈਂਟ ਪਾਰਕਿੰਗ ਸਮੇਤ 500 ਲੋਕਾਂ ਦੀ ਸਮਰੱਥਾ ਵਾਲਾ ਗਰਾਊਂਡ ਫਲੋਰ ਹਾਲ ਪਹਿਲਾਂ ਹੀ ਮੁਕੰਮਲ ਕੀਤਾ ਜਾ ਚੁੱਕਾ ਹੈ।

ਉਹਨਾਂ ਅੱਗੇ ਕਿਹਾ ਕਿ ਇਨਡੋਰ ਦੀ ਪਹਿਲੀ ਮੰਜ਼ਿਲ ਦੀ ਉਸਾਰੀ ਦਾ ਸਾਰਾ ਖਰਚਾ ਸੂਬਾ ਸਰਕਾਰ ਵੱਲੋਂ ਚੁੱਕਿਆ ਜਾਵੇਗਾ ਅਤੇ ਇਹ ਅਤਿ ਆਧੁਨਿਕ ਹਾਲ ਪੂਰੀ ਤਰ੍ਹਾਂ ਸਾਊਂਡ ਪਰੂਫ ਹੋਵੇਗਾ।

ਇਸ ਦੌਰਾਨ ਮੁੱਖ ਮੰਤਰੀ ਨੇ ਲੋਕਾਂ ਨੂੰ ਭਾਰਤ ਰਤਨ ਬਾਬਾ ਸਾਹਿਬ ਡਾ. ਬੀ.ਆਰ. ਅੰਬੇਦਕਰ ਵੱਲੋਂ ਦਰਸਾਏ ਸਮਾਨਤਾ ਅਤੇ ਆਜ਼ਾਦੀ ਦੇ ਸਿਧਾਂਤਾਂ ਦੀ ਪਾਲਣਾ ਕਰਕੇ ਇੱਕ ਆਦਰਸ਼ ਸਮਾਜ ਸਿਰਜਣ ਲਈ ਯੋਗਦਾਨ ਪਾਉਣ ਦਾ ਸੱਦਾ ਦਿੱਤਾ।

ਡਾ. ਅੰਬੇਡਕਰ ਨੂੰ ਇੱਕ ਮਹਾਨ ਵਿਦਵਾਨ, ਨਿਆਂ ਸ਼ਾਸਤਰੀ, ਅਰਥ ਸ਼ਾਸਤਰੀ, ਸਮਾਜ ਸੁਧਾਰਕ ਅਤੇ ਇੱਕ ਰਾਜਨੇਤਾ ਦੱਸਦਿਆਂ ਉਹਨਾਂ ਕਿਹਾ ਕਿ ਡਾ. ਅੰਬੇਡਕਰ ਸਮੁੱਚੇ ਵਿਸ਼ਵ ਇਤਿਹਾਸ ਵਿੱਚ ਸਭ ਤੋਂ ਉੱਚੀਆਂ ਸ਼ਖ਼ਸੀਅਤਾਂ ਵਿੱਚੋਂ ਇੱਕ ਸਨ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਭਾਵੇਂ ਡਾ. ਅੰਬੇਡਕਰ ਇੱਕ ਨਿਮਾਣੇ ਪਰਿਵਾਰ ਨਾਲ ਸਬੰਧਤ ਸਨ ਪਰ ਸਮਾਜ ਪ੍ਰਤੀ ਉਨ੍ਹਾਂ ਦੇ ਬੇਮਿਸਾਲ ਯੋਗਦਾਨ ਨੇ ਉਨ੍ਹਾਂ ਨੂੰ ਵਿਸ਼ਵ ਆਗੂਆ ਦੀ ਲੀਗ ਵਿੱਚ ਖੜ੍ਹਾ ਕਰ ਦਿੱਤਾ ਹੈ।

ਰੇਹੜੀ/ਫੜੀ ਵਾਲਿਆਂ ਨੂੰ ਵੱਡੀ ਰਾਹਤ ਦਿੰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਇਨ੍ਹਾਂ ਮਿਹਨਤਕਸ਼ਾਂ ਨੂੰ ਪੁਲਿਸ ਜਾਂ ਪ੍ਰਸ਼ਾਸਨ ਵੱਲੋਂ ਬੇਲੋੜਾ ਪ੍ਰੇਸ਼ਾਨ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਰੇਹੜੀ-ਫੜ੍ਹੀ ਵਾਲਿਆਂ ਨੂੰ ਨਿਡਰ ਹੋ ਕੇ ਕੰਮ ਕਰਨਾ ਚਾਹੀਦਾ ਹੈ ਕਿਉਂਕਿ ਹੁਣ ਤੋਂ ਮੁੱਖ ਮੰਤਰੀ ਉਨ੍ਹਾਂ ਦੀ ਭਲਾਈ ਲਈ ਵਚਨਬੱਧ ਹਨ।

ਮੁੱਖ ਮੰਤਰੀ ਚੰਨੀ ਨੇ ਅੱਗੇ ਦੱਸਿਆ ਕਿ ਸੂਬਾ ਸਰਕਾਰ ਦੀ ਨੀਤੀ ਅਨੁਸਾਰ ਅੱਜ ਨਗਰ ਨਿਗਮ ਲੁਧਿਆਣਾ ਵੱਲੋਂ 2480 ਸਫ਼ਾਈ ਕਰਮਚਾਰੀਆਂ/ਸੀਵਰੇਜ ਮੈਨਾਂ ਅਤੇ ਹੋਰ ਸਟਾਫ਼ ਦੀਆਂ ਸੇਵਾਵਾਂ ਨੂੰ ਸਥਾਨਕ ਇਕਾਈਆਂ ਵਿੱਚ ਰੈਗੂਲਰ ਕਰਨ ਲਈ ਪੱਤਰ ਸੌਂਪਿਆ ਜਾਵੇਗਾ।

ਮੁੱਖ ਮੰਤਰੀ ਵੱਲੋਂ ਚੰਦ ਸਿਨੇਮਾ ਰੋਡ ‘ਤੇ 10 ਕਰੋੜ ਰੁਪਏ ਦੀ ਲਾਗਤ ਨਾਲ ਪੁਲ ਅਤੇ ਜੱਸੀਆਂ ਰੋਡ ‘ਤੇ 6 ਕਰੋੜ ਰੁਪਏ ਦੀ ਲਾਗਤ ਨਾਲ ਅੰਡਰ ਬ੍ਰਿਜ ਬਣਾਉਣ ਤੋਂ ਇਲਾਵਾ 7 ਕਰੋੜ ਰੁਪਏ ਦੀ ਲਾਗਤ ਨਾਲ ਲੁਧਿਆਣਾ ਉੱਤਰੀ ਹਲਕੇ ਦਾ ਸਰਵਪੱਖੀ ਵਿਕਾਸ ਕੀਤਾ ਜਾਵੇਗਾ।

ਇਸ ਤੋਂ ਪਹਿਲਾਂ ਵਿਧਾਇਕ ਸ੍ਰੀ ਰਾਕੇਸ਼ ਪਾਂਡੇ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਉਪ ਮੁੱਖ ਮੰਤਰੀ ਸ੍ਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਪੰਜਾਬ ਵੇਅਰਹਾਊਸਿੰਗ ਕਾਰਪੋਰੇਸ਼ਨ ਦੇ ਚੇਅਰਮੈਨ ਅਤੇ ਵਿਧਾਇਕ ਸ੍ਰੀ ਕੁਲਦੀਪ ਸਿੰਘ ਵੈਦ, ਵਿਧਾਇਕ ਸ੍ਰੀ ਸੁਰਿੰਦਰ ਡਾਵਰ ਅਤੇ ਮੇਅਰ ਸ੍ਰੀ ਬਲਕਾਰ ਸਿੰਘ, ਸਰਪੰਚ ਗੁਰਦੀਪ ਸਿੰਘ ਚੱਕ ਸਰਵਣ ਨਾਥ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION