ਜਲੰਧਰ, 13 ਅਗਸਤ, 2019 –
ਗੁਰੂ ਗੋਬਿੰਦ ਸਿੰਘ ਸਟੇਡੀਅਮ ਜਲੰਧਰ ਵਿਖੇ ਸੁਤੰਤਰਤਾ ਦਿਵਸ ਸਬੰਧੀ ਮਨਾਏ ਜਾ ਰਹੇ ਰਾਜ ਪੱਧਰੀ ਸਮਾਗਮ ਜਿਸ ਵਿੱਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਜਾਵੇਗੀ ਸਬੰਧੀ ਪੁਲਿਸ ਵਲੋਂ ਸ਼ਹਿਰ ਵਿੱਚ ਸੁਰੱਖਿਆ ਨੂੰ ਮਜ਼ਬੂਤ ਕੀਤਾ ਗਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੁਲਿਸ ਕਮਿਸ਼ਨਰ ਜਲੰਧਰ ਸ੍ਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਸਹਾਇਕ ਕਮਿਸ਼ਨਰ ਪੁਲਿਸ ਸ੍ਰੀ ਗੁਰਪ੍ਰੀਤ ਸਿਘ ਦੀ ਅਗਵਾਈ ਵਿੱਚ ਐਂਟੀ ਸਬੋਟੇਜ ਅਤੇ ਡਾਗ ਸਕੂਐਡ ਟੀਮਾਂ ਵਲੋਂ ਸ਼ਹਿਰ ਦੀ ਨਾਜੁਕ ਅਤੇ ਰੁਝੇਵਿਆਂ ਭਰੇ ਖੇਤਰਾਂ ਜਿਵੇਂ ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਸਾਪਿੰਗ ਮਾਲਾਂ ਤੇ ਹੋਰ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।
ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਪੁਲਿਸ ਦੀ ਐਂਟੀ ਸਬੋਟੇਜ ਅਤੇ ਡਾਗ ਸਕੂਐਡ ਤੋਂ ਇਲਾਵਾ ਫੌਜ ਦੀ ਡਾਗ ਯੂਨਿਟ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਡਾਗ ਸਕੂਐਡ ਨੂੰ ਵਿਸ਼ੇਸ਼ ਤੌਰ ’ਤੇ ਸੁਰੱਖਿਆ ਪ੍ਰਬੰਧਾਂ ਨੂੰ ਯਕੀਨੀ ਬਣਾਉਣ ਲਈ ਲਿਆਂਦਾ ਗਿਆ ਹੈ ।
ਸ੍ਰੀ ਭੁੱਲਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਸਟੇਡੀਅਮ ਅਤੇ ਆਲੇ ਦੁਆਲੇ ਦੀ ਨਿਗਰਾਨੀ ਲਈ ਸੀ.ਸੀ.ਟਂੀ.ਵੀ.ਕੈਮਰੇ ਲਗਾਏ ਗਏ ਹਨ। ਉਨ੍ਹਾਂ ਕਿਹਾ ਕਿ ਗੈਰ ਸਮਾਜਿਕ ਗਤੀਵਿਧੀਆਂ ਦੀ ਰੋਕਥਾਮ ਲਈ ਸ਼ਹਿਰ ਵਿੱਚ ਸੁਰੱਖਿਆ ਨੂੰ ਵਧਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸ਼ਹਿਰ ਵਿੱਚ ਗਸ਼ਤ ਪਾਰਟੀਆਂ ਵਲੋਂ ਵੀ ਲਗਾਤਾਰ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸ਼ਹਿਰ ਵਿੱਚ ਅਮਨ ਕਾਨੂੰਨ ਦੀ ਸਥਿਤੀ ’ਤੇ ਸਖ਼ਤ ਨਜ਼ਰ ਰੱਖਣ ਲਈ ਰਾਤ ਸਮੇਂ ਵੀ ਅਧਿਕਾਰੀਆਂ ਨੂੰ ਜਾਂਚ ਕਰਨ ਦੇ ਆਦੇਸ਼ ਦਿੱਤੇ ਗਏ ਹਨ।