ਨਵੀਂ ਦਿੱਲੀ, 31 ਜਨਵਰੀ, 2020 –
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ੍ਰ ਮਨਜਿੰਦਰ ਸਿੰਘ ਸਿਰਸਾ ਨੇ ਅੱਜ ਰਾਸ਼ਟਰਪਤੀ ਸ੍ਰੀ ਰਾਮ ਨਾਥ ਕੋਵਿੰਦ ਨੇ ਸੰਸਦ ਦੇ ਸਾਂਝੇ ਸੈਸ਼ਨ ਨੂੰ ਸੰਬੋਧਨ ਕਰਦਿਆਂ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ 400 ਸਾਲਾ ਪ੍ਰਕਾਸ਼ ਪੁਰਬ ਵਿਸ਼ਵ ਪੱਧਰ ‘ਤੇ ਪੂਰੀ ਧੂਮ ਧਾਮ ਨਾਲ ਮਨਾਉਣ ਦੇ ਐਲਾਨ ਦਾ ਸਵਾਗਤ ਕੀਤਾ ਹੈ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸ੍ਰੀ ਸਿਰਸਾ ਨੇ ਕਿਹਾ ਕਿ ਉਹ ਐਨ ਡੀ ਏ ਸਰਕਾਰ, ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਦਾ ਧੰਨਵਾਦ ਕਰਦੇ ਹਨ ਜਿਹਨਾਂ ਨੂੰ ਸ੍ਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਵਫਦ ਨੇ ਮਿਲ ਕੇ ਇਹ ਪ੍ਰਕਾਸ਼ ਪੁਰਬ ਜੋ ਕਿ ਅਪ੍ਰੈਲ 2021 ਵਿਚ ਆ ਰਿਹਾ ਹੈ, ਮਨਾਉਣ ਬਾਰੇ ਬੇਨਤੀ ਕੀਤੀ ਸੀ।
ਸ੍ਰੀ ਸਿਰਸਾ ਨੇ ਕਿਹਾ ਕਿ ਅਸੀਂ ਮੰਗ ਕੀਤੀ ਸੀ ਕਿ ਪੂਰੀ ਦੁਨੀਆਂ ਨੂੰ ਦੱਸਣਾ ਬਹੁਤ ਜ਼ਰੂਰੀ ਹੈ ਕਿ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਦੀ ਬਦੌਲਤ ਹੀ ਇਸ ਦੇਸ਼ ਵਿਚ ਅੱਜ ਧਰਮ ਸੁਰੱਖਿਅਤ ਹੈ ਤੇ ਲੋਕ ਆਜ਼ਾਦੀ ਨਾਲ ਲੋਕ ਜੀਵਨ ਬਸਰ ਕਰ ਰਹੇ ਹਨ ।
ਦਿੱਲੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਨੇ ਕਿਹਾ ਕਿ ਜਦੋਂ ਅਸੀਂ 400 ਸਾਲਾ ਪ੍ਰਕਾਸ਼ ਪੁਰਬ ਮਨਾਵਾਂਗੇ ਤਾਂ ਘਰ ਘਰ ਜਾ ਕੇ ਲੋਕਾਂ ਨੂੰ ਇਹ ਦੱਸਾਂਗੇ ਕਿ ਇਸ ਦੇਸ਼ ਵਿਚ ਅੱਜ ਲੋਕ ਜੀਵਨ ਦਾ ਆਨੰਦ ਮਾਣ ਰਹੇ ਹਨ ਕਿਉਂਕਿ ਇਸ ਵਾਸਤੇ ਸਭ ਤੋਂ ਵੱਡੀ ਸ਼ਹਾਦਤ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਦਿੱਤੀ ਸੀ। ਉਹਨਾਂ ਕਿਹਾ ਕਿ ਖੁਦ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੇ ਜਨਤਕ ਤੌਰ ‘ਤੇ ਇਹ ਆਖਿਆ ਸੀ ਕਿ ਇਸ ਦੇਸ਼ ਦੀ ਹੋਂਦ ਅੱਜ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਕੁਰਬਾਨੀ ਕਰ ਕੇ ਹੀ ਸੰਭਵ ਹੋਈ ਹੈ।
ਦੱਸਣਯੋਗ ਹੈ ਕਿ ਸ੍ਰੀ ਸਿਰਸਾ ਨੇ ਕੱਲ ਹੀ ਵਿੱਤ ਮੰਤਰੀ ਸ੍ਰੀਮਤੀ ਨਿਰਮਲਾ ਸੀਤਾਰਮਨ ਤੋਂ ਮੰਗ ਕੀਤੀ ਸੀ ਕਿ 400 ਸਾਲਾ ਪ੍ਰਕਾਸ਼ ਪੁਰਬ ਮਨਾਉਣ ਵਾਸਤੇ ਬਜਟ ਵਿਚ ਵਿਸ਼ੇਸ਼ ਵਿਵਸਥਾ ਦਾ ਐਲਾਨ ਕੀਤਾ ਜਾਵੇ।