ਜਲੰਧਰ, 2 ਜਨਵਰੀ, 2020:
ਸੇਵਾ ਕੇਂਦਰਾਂ ਵਿੱਚ ਲੋਕਾਂ ਨੂੰ ਪਾਰਦਰਸ਼ੀ ਸਰਵਿਸ ਦੇਣ ਦੇ ਮੰਤਵ ਨਾਲ ਸੇਵਾ ਕੇਂਦਰਾਂ ਦੇ ਬਾਹਰ ਫੀਸ ਨੂੰ ਦਰਸਾਉਣ ਵਾਲੇ ਵਿਸ਼ੇਸ਼ ਤੌਰ ’ਤੇ ਡਿਜਾਇਨ ਕੀਤੇ ਬੋਰਡ ਲਗਾਏ ਜਾਣਗੇ।
ਇਸ ਸਬੰਧੀ ਜਾਣਕਾਰੀ ਦਿੰਦਿਆ ਡਿਪਟੀ ਕਮਿਸ਼ਨਰ ਜਲੰਧਰ ਸ਼੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਕਿਹਾ ਕਿ ਇਹ ਬੋਰਡ 34 ਸੇਵਾ ਕੇਂਦਰਾਂ ਦੇ ਬਾਹਰ ਪ੍ਰਮੱਖ ਜਗ੍ਹਾਂ ’ਤੇ ਲਗਾ ਦਿੱਤੇ ਜਾਣਗੇ । ਇਸ ਬੋਰਡ ’ਤੇ ਲੋਕਾਂ ਦੀ ਸਹੂਲਤ ਲਈ 257 ਸਰਵਿਸਸ ਦੇ ਫੀਸ ਦਾ ਵੇਰਵੇ, ਬਿਨੈ ਪੱਤਰ ਫਾਰਮ ਦਾ ਰੇਟ, ਕੰਮ ਦੇ ਦਿਨਾਂ ਦੀ ਗਿਣਤੀ ਅਤੇ ਹੋਰ ਜਰੂਰੀ ਵੇਰਵੇ ਦਰਸਾਏ ਜਾਣਗੇ।
ਸ਼੍ਰੀ ਸ਼ਰਮਾ ਨੇ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਆਉਣ ਵਾਲੀ ਪਬਲਿਕ ਦੀ ਸਹੂਲਤ ਲਈ ਫੀਸ ਸਬੰਧੀ ਸਹੀ ਜਾਣਕਾਰੀ ਹੋਵੇਗੀ। ਉਨ੍ਹਾਂ ਕਿਹਾ ਕਿ ਪਿਛਲੇ ਮਹੀਨਿਆਂ ਵਿੱਚ ਸੇਵਾ ਕੇਂਦਰਾਂ ਵਿੱਚ ਫੀਸ ਜ਼ਿਆਦਾ ਲੈਣ ਦੀਆਂ ਮਿਲੀਆਂ ਸ਼ਿਕਾਇਤਾਂ ਦੇ ਮਦੇਨਜ਼ਰ ਇਹ ਬੋਰਡ ਲਗਾਏ ਜਾਣਗੇ ਅਤੇ ਜ਼ਿਆਦਾ ਫੀਸ ਲੈਣ ਵਾਲੇ ਸੇਵਾ ਕੇਂਦਰਾਂ ਖਿਲਾਫ਼ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਨੂੰ ਸਹੂਲਤ ਦੇਣ ਲਈ ਸੂਬਾ ਸਰਕਾਰ ਨੇ ਇਹ ਸੇਵਾ ਕੇਂਦਰ ਖੋਲੇ ਹਨ ਅਤੇ ਇਸ ਕੰਮ ਵਿੱਚ ਕਿਸੇ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।
ਸ਼੍ਰੀ ਸ਼ਰਮਾ ਨੇ ਕਿਹਾ ਕਿ ਲੋਕਾਂ ਨੂੰ ਨਿਰਵਿਘਨ ਸਹੂਲਤ ਲਈ ਅਧਿਕਾਰੀਆਂ ਨੂੰ ਸੇਵਾ ਕੇਂਦਰਾਂ ਵਿੱਚ ਹੋ ਰਹੇ ਕੰਮ ਦਾ ਜਾਇਜ਼ਾ ਲੈਣ ਲਈ ਲਗਾਇਆ ਗਿਆ ਹੈ ਅਤੇ ਲੋਕਾਂ ਨੂੰ ਬਗੈਰ ਕਿਸੇ ਪਰੇਸ਼ਾਨੀ ਅਤੇ ਬਿਨ੍ਹਾਂ ਕਿਸੇ ਦੇਰੀ ਤੋਂ ਮਿੱਥੇ ਗਏ ਸਮੇਂ ’ਤੇ ਕੰਮ ਨੂੰ ਪੂਰਾ ਕਰਨ ਦੇ ਹੁਕਮ ਦਿੱਤੇ ਗਏ ਹਨ।
ਉਨ੍ਹਾਂ ਕਿਹਾ ਕਿ ਸੇਵਾ ਕੇਂਦਰਾਂ ਵਲੋਂ ਲੋਕਾਂ ਨੂੰ ਸੇਵਾਵਾਂ ਮੁਹੱਈਆ ਕਰਵਾਉਣ ਵਿੱਚ ਦੇਰੀ ਪ੍ਰਤੀ ਜੀਰੋ ਟੋਲਰੈਂਸ ਨੀਤੀ ਨੂੰ ਅਪਣਾਇਆ ਜਾਵੇ ਅਤੇ ਕਿਸੇ ਤਰ੍ਹਾਂ ਦੀ ਕੁਤਾਹੀ ਲਈ ਸੇਵਾ ਕੇਂਦਰਾਂ ਦੀ ਪ੍ਰਬੰਧਕ ਕਮੇਟੀ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਡਿਪਟੀ ਕਮਿਸ਼ਨਰ ਨੇ ਇਹ ਵੀ ਕਿਹਾ ਕਿ ਸੇਵਾ ਕੇਂਦਰਾ ਵਿੱਚ ਬਿਨੈਪੱਤਰਾਂ ਦੇ ਨਿਪਟਾਰੇ ਦਾ ਕੋਈ ਕੰਮ ਬਕਾਇਆ ਨਹੀਂ ਹੋਣਾ ਚਾਹੀਦਾ।