30.1 C
Delhi
Saturday, May 4, 2024
spot_img
spot_img

ਵਿਧਾਨ ਸਭਾ ਦੇ 8 ਨਵੰਬਰ ਦੇ ਵਿਸ਼ੇਸ਼ ਇਜਲਾਸ ਦੌਰਾਨ 3 ਕਾਲੇ ਖ਼ੇਤੀ ਕਾਨੂੰਨ ਮੁੱਢੋਂ ਰੱਦ ਕੀਤੇ ਜਾਣਗੇ: ਰਣਦੀਪ ਸਿੰਘ ਨਾਭਾ

ਯੈੱਸ ਪੰਜਾਬ
ਕਪੂਰਥਲਾ, 29 ਅਕਤੂਬਰ, 2021 –
ਪੰਜਾਬ ਦੇ ਖੇਤੀਬਾੜੀ ਤੇ ਫੂਡ ਪ੍ਰੋਸੈਸਿੰਗ ਮੰਤਰੀ ਸ.ਰਣਦੀਪ ਸਿੰਘ ਨਾਭਾ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਕਿਸਾਨੀ ਨੂੰ ਕਾਲੇ ਕਾਨੂੰਨਾਂ ਦੀ ਮਾਰ ਤੋਂ ਬਚਾਉਣ ਲਈ ਵਿਧਾਨ ਸਭਾ ਦੇ 8 ਨਵੰਬਰ ਨੂੰ ਹੋਣ ਵਾਲੇ ਵਿਸ਼ੇਸ਼ ਸੈਸ਼ਨ ਦੌਰਾਨ ਤਿੰਨੇ ਕਾਨੂੰਨਾਂ ਨੂੰ ਮੁੱਢੋਂ ਰੱਦ ਕਰ ਦਿੱਤਾ ਜਾਵੇਗਾ। ਉਨਾਂ ਸਪਸ਼ਟ ਕੀਤਾ ਕਿ ‘ਪੰਜਾਬ ਸਰਕਾਰ ਕਿਸਾਨੀ ਦੇ ਹਿੱਤਾਂ ਦੀ ਰਾਖੀ ਲਈ ਕੋਈ ਵੀ ਕਦਮ ਚੁੱਕਣ ਤੋਂ ਗੁਰੇਜ਼ ਨਹੀਂ ਕਰੇਗੀ ਚਾਹੇ ਇਸਦੀ ਕੋਈ ਵੀ ਕੀਮਤ ਚੁਕਾਉਣੀ ਪਵੇ’।

ਕੈਬਨਿਟ ਮੰਤਰੀ ਬਣਨ ਪਿੱਛੋਂ ਪਹਿਲੀ ਵਾਰ ਕਪੂਰਥਲਾ ਜ਼ਿਲੇ ਦੇ ਦੌਰੇ ’ਤੇ ਆਏ ਖੇਤੀ ਮੰਤਰੀ ਵਲੋਂ ਸਥਾਨਕ ਹਿੰਦੂ ਕੰਨਿਆ ਕਾਲਜ ਵਿਖੇ ‘ਪੰਜਾਬ ਦਾ ਭਵਿੱਖ’ ਵਿਸ਼ੇ ’ਤੇ ਵਿਚਾਰ ਚਰਚਾ ਦੌਰਾਨ ਭਾਗ ਲੈਣ ਪਿੱਛੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨਾਂ ਕਿਹਾ ਕਿ ਕਿਸਾਨੀ ਖਾਤਰ ਆਪਣੀ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਪਰਿਵਾਰਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾ ਰਹੀ ਹੈ ਅਤੇ ਉਨਾਂ ਦੇ 157 ਪਰਿਵਾਰਕ ਮੈਂਬਰਾਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ ਜਾ ਚੁੱਕੇ ਹਨ।

ਫਸਲੀ ਵਿਭਿੰਨਤਾ ਨੂੰ ਸਮੇਂ ਦੀ ਸਭ ਤੋਂ ਵੱਡੀ ਲੋੜ ਦੱਸਦਿਆਂ ਖੇਤੀ ਮੰਤਰੀ ਨੇ ਐਲਾਨ ਕੀਤਾ ਕਿ ਦਸੰਬਰ ਦੇ ਪਹਿਲੇ ਹਫ਼ਤੇ ਇਜ਼ਰਾਇਲੀ ਸਰਕਾਰ ਨਾਲ ਮਿਲਕੇ ਇੱਕ ਖੇਤੀ ਸੰਮੇਲਨ ਕਰਵਾਇਆ ਜਾ ਰਿਹਾ ਹੈ ਤਾਂ ਜੋ ਖੇਤੀ ਸਬੰਧੀ ਨਵੀਨਤਮ ਤਕਨੀਕਾਂ ਅਤੇ ਵਿਸ਼ੇਸ਼ ਕਰਕੇ ਪਾਣੀ ਦੀ ਬੱਚਤ ਸਬੰਧੀ ਤਕਨੀਕ ਨੂੰ ਪੰਜਾਬ ਦੇ ਕਿਸਾਨਾਂ ਤੱਕ ਪੁੱਜਦਾ ਕੀਤਾ ਜਾ ਸਕੇ। ਸੰਮੇਲਨ ਦੌਰਾਨ ਕੌਮੀ ਅਤੇ ਕੌਮਾਂਤਰੀ ਪੱਧਰ ਦੇ ਖੇਤੀ ਮਾਹਿਰ,ਫਿਕੀ ਅਤੇ ਵਿਸ਼ਵ ਬੈਂਕ ਦੇ ਪ੍ਰਤੀਨਿਧੀ ਵੀ ਭਾਗ ਲੈਣਗੇ।

ਉਨਾਂ ਨਾਲ ਹੀ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਵੀ ਵਿਸ਼ੇਸ਼ ਫਸਲ ਆਧਾਰਿਤ ਖੇਤਰਾਂ, ਸਬਜ਼ੀਆਂ ਤੇ ਫਲਾਂ ਦੀ ਕਾਸ਼ਤ ਵਾਲੇ ਖੇਤਰਾਂ ਅਤੇ ਆਲੂ ਆਦਿ ਦੇ ਉਤਪਾਦਨ ਵਾਲੇ ਖੇਤਰਾਂ ਲਈ 2 ਫੂਡ ਪ੍ਰੋਸੈਸਿੰਗ ਯੂਨਿਟ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ।

ਉਨਾਂ ਇਹ ਵੀ ਕਿਹਾ ਕਿ ਮਾਲਵੇ ਦੇ ਨਰਮਾ ਪੱਟੀ ਵਾਲੇ ਕਿਸਾਨਾਂ ਨੂੰ ਖਰਾਬ ਹੋਏ ਨਰਮੇ ਦਾ ਮੁਆਵਜ਼ਾ ਅਤੇ ਪਿਛਲੇ ਦਿਨੀਂ ਪਏ ਭਾਰੀ ਮੀਂਹ ਕਾਰਨ ਨੁਕਸਾਨੇ ਗਏ ਝੋਨੇ ਅਤੇ ਬਾਸਮਤੀ ਬਦਲੇ ਮੁਆਵਜ਼ਾ ਦੇਣ ਲਈ ਵਿਸ਼ੇਸ਼ ਗਿਰਦਾਵਰੀ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ ਅਤੇ ਜਲਦ ਹੀ ਕਿਸਾਨਾਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।

ਖੇਤੀ ਮੰਤਰੀ ਨੇ ਇਹ ਵੀ ਕਿਹਾ ਕਿ ਕਿਸਾਨਾਂ ਨੂੰ ਨਕਲੀ ਬੀਜਾਂ ਦੀ ਮਾਰ ਤੋਂ ਬਚਾਉਣ ਲਈ ਨਵੀਂ ਬੀਜ ਨੀਤੀ ਲਾਗੂ ਕੀਤੀ ਗਈ ਹੈ ਜਿਸ ਤਹਿਤ ਪੰਜਾਬ ਤੋਂ ਬਾਹਰ ਵਾਲੇ ਡੀਲਰਾਂ,ਬੀਜ ਵਿਕਰੇਤਾਵਾਂ ਨੂੰ ਪੰਜਾਬ ਵਿਚ ਬੀਜਾਂ ਦੀ ਸਪਲਾਈ ਅਤੇ ਵੇਚ ਲਈ ਖੇਤੀ ਵਿਭਾਗ ਤੋਂ ਸਰਟੀਫਿਕੇਸ਼ਨ ਲੈਣੀ ਲਾਜ਼ਮੀ ਕੀਤੀ ਗਈ ਹੈ।

ਪਰਾਲੀ ਦੇ ਯੋਗ ਪ੍ਰਬੰਧਨ ਬਾਰੇ ਸਵਾਲ ਦੇ ਉੱਤਰ ਵਿਚ ਉਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਕਿਸਾਨਾਂ,ਪੰਚਾਇਤਾਂ,ਸਰਕਾਰੀ ਅਦਾਰਿਆਂ ਨੂੰ ਖੇਤੀ ਸਬੰਧੀ ਮਸ਼ੀਨਰੀ ਉੱਪਰ 80 ਫੀਸਦੀ ਤੱਕ ਸਬਸਿਡੀ ਦੇਣ ਦੇ ਸਾਰਥਕ ਨਤੀਜੇ ਨਿਕਲੇ ਹਨ। ਕੌਮੀ ਗਰੀਨ ਟਿ੍ਰਬਿਊਨਲ ਦੀ ਰਿਪੋਰਟ ਅਨੁਸਾਰ ਇਸ ਵਾਰ ਪਰਾਲੀ ਨੂੰ ਅੱਗ ਲਗਾਉਣ ਦੇ ਮਾਮਲੇ ਪਿਛਲੇ ਸਾਲ ਨਾਲੋਂ 55 ਫੀਸਦੀ ਘੱਟੇ ਹਨ।

ਉਨਾਂ ਹਿੰਦੂ ਕੰਨਿਆ ਕਾਲਜ ਵਿਖੇ ਵਿਦਿਆਰਥੀਆਂ ਨਾਲ ਵਿਚਾਰ ਚਰਚਾ ਦੌਰਾਨ ਉਨਾਂ ਦੇ ਬੇਰੁਜ਼ਗਾਰੀ,ਨੌਕਰੀਆਂ ਦੀ ਕਮੀ ਅਤੇ ਵਿਦੇਸ਼ ਜਾਣ ਦੇ ਰੁਝਾਨ ਬਾਰੇ ਸਵਾਲਾਂ ਦੇ ਜਵਾਬ ਵੀ ਦਿੱਤੇ। ਉਨਾਂ ਨੌਜਵਾਨਾਂ ਨੂੰ ਸੱਦਾ ਦਿੱਤਾ ਕਿ ਉਹ ਦੇਸ਼ ਵਿਚ ਧਰਮ ਨਿਰਪੱਖਤਾ ਅਤੇ ਲੋਕਤੰਤਰ ਦੀ ਰਾਖੀ ਲਈ ਅੱਗੇ ਆਉਣ।

ਵਿਚਾਰ ਚਰਚਾ ਦੌਰਾਨ ਸਾਬਕਾ ਸੰਸਦ ਮੈਂਬਰ ਸੰਦੀਪ ਦੀਕਸ਼ਤ, ਯੂਥ ਕਾਂਗਰਸ ਦੇ ਸਕੱਤਰ ਗੌਤਮ ਸੇਠ,ਕਾਲਜ ਦੇ ਡਾਇਰੈਕਟਰ ਡਾ.ਸਤੀਸ਼ ਕਪੂਰ ਅਤੇ ਪਿ੍ਰੰਸੀਪਲ ਅਰਚਨਾ ਗਰਗ ਵਲੋਂ ਵੀ ਭਾਗ ਲਿਆ ਗਿਆ।

ਇਸ ਤੋਂ ਪਹਿਲਾਂ ਖੇਤੀ ਮੰਤਰੀ ਨੂੰ ਸਥਾਨਕ ਰੈੱਸਟ ਹਾਊਸ ਵਿਖੇ ਪੰਜਾਬ ਪੁਲਿਸ ਦੀ ਇੱਕ ਟੁਕੜੀ ਵਲੋਂ ਗਾਰਡ ਆਫ਼ ਆਨਰ ਪੇਸ਼ ਕੀਤਾ ਗਿਆ। ਜ਼ਿਲਾ ਪੁਲਿਸ ਮੁਖੀ ਸ੍ਰੀ ਹਰਕਮਲਪ੍ਰੀਤ ਸਿੰਘ ਖੱਖ,ਐਸ.ਡੀ.ਐਮ ਡਾ.ਜੈ ਇੰਦਰ ਸਿੰਘ ਨੇ ਪ੍ਰਸ਼ਾਸਨ ਵਲੋਂ ਖੇਤੀ ਮੰਤਰੀ ਦਾ ਸਵਾਗਤ ਕੀਤਾ। ਇਸ ਮੌਕੇ ਐਸ.ਪੀ ਰਮਨੀਸ਼ ਕੌਸ਼ਿਕ,ਐਸ.ਪੀ ਜਸਬੀਰ ਸਿੰਘ ਅਤੇ ਖੇਤੀ ਵਿਭਾਗ ਦੇ ਅਧਿਕਾਰੀ ਵੀ ਹਾਜ਼ਰ ਸਨ।

ਕੈਪਸ਼ਨ-ਕਪੂਰਥਲਾ ਦੇ ਰੈੱਸਟ ਹਾਊਸ ਵਿਖੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਪੰਜਾਬ ਪੁਲਿਸ ਦੀ ਟੁਕੜੀ ਤੋਂ ਸਲਾਮੀ ਲੈਂਦੇ ਹੋਏ। ਨਾਲ ਐਸ.ਐਸ.ਪੀ ਸ.ਹਰਕਮਲਪ੍ਰੀਤ ਸਿੰਘ ਖੱਖ ਵੀ ਦਿਖਾਈ ਦੇ ਰਹੇ ਹਨ।

2- ਹਿੰਦੂ ਕੰਨਿਆ ਕਾਲਜ ਵਿਖੇ ਹੋਏ ਸਮਾਗਮ ਦੌਰਾਨ ਭਾਗ ਲੈਦੇ ਹੋਏ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ.ਰਣਦੀਪ ਸਿੰਘ ਨਾਭਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION