35.6 C
Delhi
Wednesday, April 24, 2024
spot_img
spot_img

ਵਿਸ਼ਵ ਬੈਂਕ ਤੇ ਏਸ਼ੀਅਨ ਬੈਂਕ ਦੀ ਤਕਨੀਕੀ ਸਹਾਇਤਾ ਨਾਲ ਪੰਜਾਬ ਸਰਕਾਰ ਦਰਿਆਵਾਂ ਦੇ ਕੰਢਿਆਂ ਨੂੰ ਨਹਿਰਾਂ ਦੀ ਤਰਜ਼ ’ਤੇ ਬੰਨ੍ਹੇਗੀ: ਕੈਪਟਨ

ਸੁਲਤਾਨਪੁਰ ਲੋਧੀ /ਜਲੰਧਰ 22 ਅਗਸਤ, 2019:
ਹੜ ਪ੍ਰਭਾਵਿਤ ਪਿੰਡਾਂ ਦੀ ਜ਼ਮੀਨੀ ਸਥਿਤੀ ਦਾ ਹਫ਼ਤੇ ਵਿੱਚ ਦੂਜੀ ਵਾਰ ਜਾਇਜ਼ਾ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਐਲਾਨ ਕੀਤਾ ਕਿ ਵਿਸ਼ਵ ਬੈਂਕ ਅਤੇ ਏਸ਼ੀਅਨ ਵਿਕਾਸ ਬੈਂਕ ਦੀ ਤਕਨੀਕੀ ਸਹਾਇਤਾ ਨਾਲ ਸੂਬੇ ਦੇ ਸਾਰੇ ਦਰਿਆਵਾਂ ਦੇ ਕੰਢਿਆਂ ਨੂੰ ਨਹਿਰਾਂ ਦੀ ਤਰਜ਼ ’ਤੇ ਬੰਨਿਆ ਜਾਵੇਗਾ।

ਮੁੱਖ ਮੰਤਰੀ ਸੁਲਤਾਨਪੁਰ ਲੋਧੀ ਸਬ-ਤਹਿਸੀਲ ਵਿੱਚ ਪਿੰਡ ਸਰੂਪਵਾਲ ਵਿਖੇ ਵੀ ਗਏ ਜਿੱਥੇ ਸਤਲੁਜ ਦਰਿਆ ਵਿੱਚ ਪਾਣੀ ਦਾ ਪੱਧਰ ਵਧਣ ਕਰ ਕੇ ਧੁੱਸੀ ਬੰਨ ਵਿੱਚ ਪਾੜ ਪੈ ਗਿਆ ਸੀ ਅਤੇ 62 ਪਿੰਡਾਂ ਨੂੰ ਇਸ ਦੀ ਮਾਰ ਝੱਲਣੀ ਪਈ। ਇਸ ਮੌਕੇ ਮੁੱਖ ਮੰਤਰੀ ਨੇ ਪਾਣੀ ਦਾ ਪੱਧਰ ਘਟਣ ਤੋਂ ਤੁਰੰਤ ਬਾਅਦ ਵਿਸ਼ੇਸ਼ ਗਿਰਦਾਵਰੀ ਕਰਵਾ ਕੇ ਪ੍ਰਭਾਵਿਤ ਕਿਸਾਨਾਂ ਨੂੰ ਬਣਦਾ ਮੁਆਵਜ਼ਾ ਦੇਣ ਦਾ ਵਾਅਦਾ ਕੀਤਾ।

ਸੁਲਤਾਨਪੁਰ ਲੋਧੀ (ਕਪੂਰਥਲਾ) ਅਤੇ ਜਲੰਧਰ ਦੇ ਇਲਾਕਿਆਂ ਵਿੱਚ ਹੜਾਂ ਨਾਲ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਲਈ ਹਵਾਈ ਸਰਵੇਖਣ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਐਲਾਨ ਕੀਤਾ ਕਿ ਨਦੀਆਂ ਦੇ ਵਹਿਣ ਦੇ ਰਸਤੇ ਲੋੜ ਅਨੁਸਾਰ ਤਬਦੀਲ ਕੀਤੇ ਜਾਣਗੇ ਅਤੇ ਇਸ ਤੋਂ ਇਲਾਵਾ ਦਰਿਆਵਾਂ ਦੇ ਕੰਢਿਆਂ ਨੂੰ ਵੀ ਮਜ਼ਬੂਤ ਅਤੇ ਚੌੜਾ ਕੀਤਾ ਜਾਵੇਗਾ ਤਾਂ ਕਿ ਹੜਾਂ ਦੀ ਸਮੱਸਿਆ ਦਾ ਪੱਕਾ ਹੱਲ ਕੀਤਾ ਜਾ ਸਕੇ।

ਕੈਪਟਨ ਅਮਰਿੰਦਰ ਸਿੰਘ ਨੇ ਪ੍ਰਭਾਵਿਤ ਇਲਾਕਿਆਂ ਵਿੱਚ ਪਿੰਡ ਪੱਧਰ ’ਤੇ ਸਮਰਪਿਤ ਰਾਹਤ ਟੀਮਾਂ ਬਣਾ ਕੇ ਤਾਇਨਾਤ ਕਰਨ ਦਾ ਵੀ ਐਲਾਨ ਕੀਤਾ। ਹਰੇਕ ਟੀਮ ਸਿਹਤ, ਸਿਵਲ ਸਪਲਾਈ ਅਤੇ ਪਸ਼ੂ ਧਨ ਵਿਭਾਗਾਂ ਦੇ ਅਧਿਕਾਰੀਆਂ ’ਤੇ ਆਧਾਰਤ ਹੋਵੇਗੀ ਜੋ ਪਿੰਡਾਂ ਦੇ ਪ੍ਰਭਾਵਿਤ ਪਰਿਵਾਰਾਂ ਲਈ ਖਾਣਾ, ਦਵਾਈਆਂ ਅਤੇ ਪਸ਼ੂਆਂ ਲਈ ਚਾਰੇ ਦੀ ਨਿਰੰਤਰ ਤੇ ਸਮੇਂ ਸਿਰ ਸਪਲਾਈ ਨੂੰ ਯਕੀਨੀ ਬਣਾਏਗੀ।

ਇਕ ਸਵਾਲ ਦੇ ਜਵਾਬ ਵਿੱਚ ਮੁੱਖ ਮੰਤਰੀ ਨੇ ਦੱਸਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ’ਤੇ ਕੋਈ ਪ੍ਰਭਾਵ ਨਹੀਂ ਪੈਣ ਦਿੱਤਾ ਜਾਵੇਗਾ ਅਤੇ ਉਨਾਂ ਦੀ ਸਰਕਾਰ ਇਸ ਇਤਿਹਾਸਕ ਮੌਕੇ ਨੂੰ ਪੂਰੇ ਉਤਸ਼ਾਹ ਨਾਲ ਮਨਾਉਣ ਲਈ ਤਿਆਰ ਹੈ।

ਮੁੱਖ ਮੰਤਰੀ ਨੇ ਕਪੂਰਥਲਾ ਜਾਂਦੇ ਸਮੇਂ ਨਵਾਂਸ਼ਹਿਰ ਅਤੇ ਲੁਧਿਆਣਾ ਦੇ ਹੜ ਪ੍ਰਭਾਵਿਤ ਖੇਤਰਾਂ ਦਾ ਹਵਾਈ ਸਰਵੇਖਣ ਵੀ ਕੀਤਾ। ਇਸ ਉਪਰੰਤ ਜਲੰਧਰ ਜ਼ਿਲੇ ਦੇ ਗਿੱਦੜਪਿੰਡੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਜੇਕਰ ਕੇਂਦਰ ਸਰਕਾਰ ਹੜ ਪ੍ਰਭਾਵਿਤ ਖੇਤਰਾਂ ਲਈ ਮਦਦ ਨਹੀਂ ਕਰਦੀ ਤਾਂ ਸੂਬਾ ਸਰਕਾਰ ਹਰੇਕ ਪ੍ਰਭਾਵਿਤ ਵਿਅਕਤੀ ਦੀ ਸਹਾਇਤਾ ਨੂੰ ਯਕੀਨੀ ਬਣਾਏਗੀ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਬੀਤੇ ਦਿਨ ਪ੍ਰਧਾਨ ਮੰਤਰੀ ਨੂੰ ਪੱਤਰ ਲਿੱਖ ਕੇ ਵਿਸ਼ੇਸ਼ ਹੜ ਰਾਹਤ ਪੈਕੇਜ ਦੀ ਮੰਗ ਕੀਤੀ ਸੀ।

ਭਾਖੜਾ ਡੈਮ ਤੋਂ ਵਾਧੂ ਪਾਣੀ ਛੱਡਣ ਕਾਰਨ ਗਿੱਦੜਪਿੰਡੀ ਵਿਖੇ ਸਤਲੁਜ ਦਰਿਆ ’ਚ ਪਏ ਪਾੜ ਵਾਲੀ ਜਗਾ ਦਾ ਕੈਪਟਨ ਅਮਰਿੰਦਰ ਸਿੰਘ ਨੇ ਨਿਰੀਖਣ ਕੀਤਾ। ਮੁੱਖ ਮੰਤਰੀ ਨੇ ਕਿਹਾ ਕਿ ਆਮ ਤੌਰ ’ਤੇ ਭਾਖੜਾ ਡੈਮ ਦੇ ਪਾਣੀ ਭੰਡਾਰਨ ਦੀ 1680 ਫੁੱਟ ਦੀ ਸਮਰੱਥਾ ਸਤੰਬਰ ਵਿੱਚ ਪੂਰੀ ਹੁੰਦੀ ਸੀ, ਇਹ ਪਹਿਲੀ ਵਾਰ ਹੈ ਕਿ ਅਗਸਤ ਮਹੀਨੇ ਵਿੱਚ ਹੀ ਪਾਣੀ ਦਾ ਪੱਧਰ ਤੈਅ ਸਮਰੱਥਾ ਤੋਂ ਟੱਪ ਗਿਆ।

Amarinder Army Flood affect village Sultanpur Lodhiਇਸੇ ਦੋਰਾਨ ਮੁੱਖ ਮੰਤਰੀ ਨੇ ਡਰੇਨੇਜ਼ ਦੇ ਚੀਫ਼ ਇੰਜੀਨੀਅਰ ਸੰਜੀਵ ਗੁਪਤਾ ਨੂੰ ਸ਼ਾਹਕੋਟ ਸਬ-ਡਵੀਜ਼ਨ ਵਿੱਚ ਪਏ ਪਾੜ ਪੂਰੇ ਜਾਣ ਤੱਕ ਲੋਹੀਆਂ ਸਟੇਸ਼ਨ ਨਾ ਛੱਡਣ ਦੇ ਹੁਕਮ ਦਿੱਤੇ। ਮੁੱਖ ਮੰਤਰੀ ਨੇ ਡਰੇਨੇਜ਼ ਸਰਕਲ ਦੇ ਨਿਗਰਾਨ ਇੰਜੀਨੀਅਰ ਟੀ.ਪੀ.ਸਿੰਘ ਦੀ ਬਦਲੀ ਦੇ ਵੀ ਆਦੇਸ਼ ਦਿੱਤੇ। ਉਨਾਂ ਦੀ ਥਾਂ ’ਤੇ ਮਨਜੀਤ ਸਿੰਘ ਅਹੁਦਾ ਸੰਭਾਲਣਗੇ।

ਮੁੱਖ ਮੰਤਰੀ ਜਿਨਾਂ ਸੋਮਵਾਰ ਨੂੰ ਰੋਪੜ ਜ਼ਿਲੇ ਦੇ ਹੜ ਪ੍ਰਭਾਵਿਤ ਖੇਤਰਾਂ ਦਾ ਦੌਰਾ ਕਰਕੇ ਡਿਪਟੀ ਕਮਿਸ਼ਨਰ ਨੂੰ ਹਾਲਾਤ ਦੇ ਮੱਦੇਨਜ਼ਰ ਸਖ਼ਤ ਚੌਕਸੀ ਵਰਤਣ ਅਤੇ ਭਾਰਤੀ ਫੌਜ ਨਾਲ ਰਾਬਤਾ ਰੱਖਣ ਅਤੇ ਲੋੜੀਂਦੀ ਮਦਦ ਲੈਣ ਦੇ ਨਿਰਦੇਸ਼ ਦਿੱਤੇ ਸਨ। ਉਨਾਂ ਕਮਿਸ਼ਨਰ ਜਲੰਧਰ ਡਵੀਜ਼ਨ ਬੀ. ਪੁਰਸਾਰਥਾ ਨੂੰ ਜਲੰਧਰ ਅਤੇ ਕਪੂਰਥਲਾ ਜ਼ਿਲੇ ਵਿਚਲੇ ਰਾਹਤ ਕਾਰਜਾਂ ਦੀ ਨਜ਼ਰਸਾਨੀ ਕਰਨ ਦੇ ਨਿਰਦੇਸ਼ ਦਿੱਤੇ।

ਇਸ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇ ਇੱਥੇ ਪਹੁੰਚਣ ’ਤੇ ਉਨਾਂ ਨੂੰ ਜਲੰਧਰ ਅਤੇ ਕਪੂਰਥਲਾ ਦੇ ਡਿਪਟੀ ਕਮਿਸ਼ਨਰਾਂ ਨੇ ਸਤਲੁਜ ਦਰਿਆ ’ਚ ਪਏ ਪਾੜ ਤੋਂ ਬਾਅਦ ਮੌਜੂਦਾ ਹਾਲਾਤ ਬਾਰੇ ਜਾਣੂ ਕਰਵਾਇਆ। ਦੋਵਾਂ ਡਿਪਟੀ ਕਮਿਸ਼ਨਰਾਂ ਨੇ ਮੌਜੂਦਾ ਸੰਕਟ ਸਮੇਂ ਪ੍ਰਭਾਵਿਤ ਖੇਤਰਾਂ ਵਿਚ ਚਲਾਏ ਜਾ ਰਹੇ ਰਾਹਤ ਕਾਰਜਾਂ ਸਬੰਧੀ ਵੀ ਮੁੱਖ ਮੰਤਰੀ ਨੂੰ ਜਾਣੂ ਕਰਵਾਇਆ।

ਕਪੂਰਥਲਾ ਦੇ ਡਿਪਟੀ ਕਮਿਸ਼ਨਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਫੌਜ ਅਤੇ ਐਨ.ਡੀ.ਆਰ.ਐਫ ਦੀ ਮਦਦ ਨਾਲ ਬੀਤੇ ਦਿਨ ਸੁੱਕੇ ਰਾਸ਼ਨ ਦੇ 18 ਹਜ਼ਾਰ ਪੈਕੇਟਾਂ ਤੋਂ ਇਲਾਵਾ ਪਾਣੀ ਦੀਆਂ ਬੋਤਲਾਂ ਹੜ ਪ੍ਰਭਾਵਿਤ ਪਿੰਡਾਂ ਵਿਚ ਹੈਲੀਕਾਪਟਰਾਂ ਰਾਹੀਂ ਮੁਹੱਈਆ ਕਰਵਾਏ ਗਏ ਅਤੇ ਪੰਜ ਹਜ਼ਾਰ ਪੈਕੇਟ ਅੱਜ ਮੁਹੱਈਆ ਕਰਵਾਏ ਜਾ ਰਹੇ ਹਨ।

ਮੁੱਖ ਮੰਤਰੀ ਦੇ ਨਾਲ ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ, ਖਡੂਰ ਸਾਹਿਬ ਤੋਂ ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਜਲੰਧਰ ਤੋਂ ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਕਪੂਰਥਲਾ ਤੋਂ ਵਿਧਾਇਕ ਰਾਣਾ ਗੁਰਜੀਤ ਸਿੰਘ, ਸੁਲਤਾਨਪੁਰ ਲੋਧੀ ਤੋਂ ਵਿਧਾਇਕ ਨਵਤੇਜ ਸਿੰਘ ਚੀਮਾ, ਸ਼ਾਹਕੋਟ ਤੋਂ ਵਿਧਾਇਕ ਹਰਦੇਵ ਸਿੰਘ ਲਾਡੀ ਸ਼ੇਰੋਂਵਾਲੀਆ ਤੋਂ ਇਲਾਵਾ ਮੁੱਖ ਮੰਤਰੀ ਦੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ, ਕਮਿਸ਼ਨਰ ਜਲੰਧਰ ਡਿਵੀਜ਼ਨ ਬੀ ਪੁਰਸਾਰਥਾ, ਜਲੰਧਰ ਰੇਂਜ ਦੇ ਆਈ.ਜੀ. ਨੌਨਿਹਾਲ ਸਿੰਘ, ਡਿਪਟੀ ਕਮਿਸ਼ਨਰ ਜਲੰਧਰ ਵਰਿੰਦਰ ਕੁਮਾਰ, ਡਿਪਟੀ ਕਮਿਸ਼ਨਰ ਕਪੂਰਥਲਾ ਡੀ.ਪੀ.ਐਸ ਖਰਬੰਦਾ, ਐਸ.ਐਸ.ਪੀ ਕਪੂਰਥਲਾ ਸਤਿੰਦਰ ਸਿੰਘ, ਐਸ.ਐਸ.ਪੀ. ਜਲੰਧਰ ਨਵਜੋਤ ਸਿੰਘ ਮਾਹਲ ਅਤੇ ਮੁੱਖ ਮੰਤਰੀ ਦੇ ਓ.ਐਸ.ਡੀ. ਗੁਰਪ੍ਰੀਤ ਸਿੰਘ ਢੇਸੀ ਸ਼ਾਮਲ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION