26.7 C
Delhi
Thursday, April 25, 2024
spot_img
spot_img

ਵੱਡੇ ਸਮਾਗਮਾਂ ਤੋਂ ਗੁਰੇਜ਼ ਕਰੇਗੀ ਸ਼੍ਰੋਮਣੀ ਕਮੇਟੀ, ਕੋਰੋਨਾ ਕਾਰਨ 400 ਸਾਲਾ ਪ੍ਰਕਾਸ਼ ਪੁਰਬ ਸਮਾਗਮ ਸੰਕੋਚ ਕੇ ਕਰਨ ਦਾ ਫ਼ੈਸਲਾ

ਯੈੱਸ ਪੰਜਾਬ
ਅੰਮ੍ਰਿਤਸਰ, 21 ਅਪ੍ਰੈਲ, 2021 –
ਵਿਸ਼ਵ ਮਹਾਂਮਾਰੀ ਕੋਵਿਡ-19 ਦੇ ਵੱਧਦੇ ਪ੍ਰਭਾਵ ਕਾਰਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਮੌਕੇ ਕਰਵਾਏ ਜਾਣ ਵਾਲੇ ਵਿਸ਼ਾਲ ਸਮਾਗਮਾਂ ਨੂੰ ਸੰਕੋਚ ਕੇ ਕਰਨ ਦਾ ਫੈਸਲਾ ਕੀਤਾ ਹੈ।

ਸ਼੍ਰੋਮਣੀ ਕਮੇਟੀ ਦਫ਼ਤਰ ਵਿਖੇ ਬੁਲਾਈ ਗਈ ਪ੍ਰੈੱਸ ਕਾਨਫੰਰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕਿਹਾ ਕਿ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਸਮਾਗਮ ਸੰਗਤ ਦੇ ਸਹਿਯੋਗ ਨਾਲ ਭਾਈ ਗੁਰਦਾਸ ਜੀ ਨਗਰ ਨਿਊ ਅੰਮ੍ਰਿਤਸਰ ਵਿਖੇ ਸ਼ਾਨੋ-ਸ਼ੋਕਤ ਦੇ ਨਾਲ ਮਨਾਏ ਜਾਣੇ ਸਨ, ਪਰੰਤੂ ਕੋਰੋਨਾ ਦੀ ਲਹਿਰ ਦੀ ਮੁੜ ਤੇਜ ਹੋਣ ਕਾਰਨ ਇਹ ਸਮਾਗਮ ਹੁਣ ਸ੍ਰੀ ਦਰਬਾਰ ਸਾਹਿਬ ਵਿਖੇ ਸਥਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ, ਦੀਵਾਨ ਹਾਲ ਵਿਚ ਹੀ ਕੀਤੇ ਜਾਣਗੇ।

ਉਨ੍ਹਾਂ ਨੇ ਕਿਹਾ ਕਿ ਸਰਕਾਰ ਦੇ ਅਧਿਕਾਰੀਆਂ ਨਾਲ ਕੀਤੀ ਗਈ ਗੱਲਬਾਤ ਕਾਰਨ ਇਹ ਫੈਸਲਾ ਲਿਆ ਗਿਆ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ ਸੰਗਤਾਂ ਵਿਚ ਸ਼ਤਾਬਦੀ ਸਮਾਗਮਾਂ ਪ੍ਰਤੀ ਭਾਰੀ ਉਤਸ਼ਾਹ ਸੀ, ਪਰੰਤੂ ਕੋਰੋਨਾ ਕਾਰਨ ਹਾਲਾਤਾਂ ਦੇ ਮੱਦੇਨਜ਼ਰ ਸੰਗਤ ਦਾ ਵੱਡਾ ਇਕੱਠ ਨਹੀਂ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸਮਾਗਮ ਨਿਰੰਤਰ ਚੱਲ ਰਹੇ ਹਨ, ਜਿਨ੍ਹਾਂ ਦਾ ਸਿੱਧਾ ਪ੍ਰਸਾਰਣ ਕੀਤਾ ਜਾ ਰਿਹਾ ਹੈ। ਸ਼ਤਾਬਦੀ ਸਮੇਂ ਵੀ ਇਸੇ ਤਰ੍ਹਾਂ ਹੀ ਸਮਾਗਮਾਂ ਦਾ ਸਿੱਧਾ ਪ੍ਰਸਾਰਣ ਕਰਵਾਇਆ ਜਾਵੇਗਾ, ਤਾਂ ਜੋ ਦੇਸ਼ ਦੁਨੀਆਂ ਦੀ ਸੰਗਤ ਇਤਿਹਾਸਕ ਦਿਹਾੜੇ ਨਾਲ ਜੁੜ ਸਕੇ। ਉਨ੍ਹਾਂ ਇਹ ਵੀ ਕਿਹਾ ਕਿ ਸ਼ਤਾਬਦੀ ਸਮਾਗਮਾਂ ਦੌਰਾਨ 29 ਅਪ੍ਰੈਲ ਤੋਂ 1 ਮਈ ਤੱਕ ਦੇ ਸਮਾਗਮਾਂ ਲਈ ਚੈਨਲਾਂ ਨੂੰ ਲਾਈਵ ਪ੍ਰਸਾਰਣ ਲਈ ਲਿੰਕ ਦਿੱਤਾ ਜਾਵੇਗਾ ਅਤੇ ਜਿਹੜਾ ਚੈਨਲ ਪ੍ਰਸਾਰਣ ਕਰਨਾ ਚਾਹੇ ਉਹ ਕਰ ਸਕੇਗਾ।

ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਕਿਹਾ ਕਿ ਕੋਰੋਨਾ ਨੇ ਪੂਰੀ ਦੁਨੀਆਂ ਨੂੰ ਪ੍ਰਭਾਵਿਤ ਕੀਤਾ ਹੈ ਅਤੇ ਸ਼੍ਰੋਮਣੀ ਕਮੇਟੀ ਹਮੇਸ਼ਾ ਦੀ ਤਰ੍ਹਾਂ ਇਸ ਸੰਕਟਮਈ ਸਮੇਂ ਦੌਰਾਨ ਵੀ ਮਾਨਵਤਾ ਦੀ ਭਲਾਈ ਲਈ ਕਾਰਜਸ਼ੀਲ ਹੈ।

ਉਨ੍ਹਾਂ ਕਿਹਾ ਕਿ ਭਾਵੇਂ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਮਰੀਜ਼ਾਂ ਨੂੰ ਵਧੀਆ ਇਲਾਜ਼ ਦਿੱਤਾ ਜਾ ਰਿਹਾ ਹੈ, ਪਰੰਤੂ ਹੁਣ ਹਾਲਾਤਾਂ ਦੀ ਨਾਜ਼ੁਕਤਾ ਨੂੰ ਵੇਖਦਿਆਂ ਸ੍ਰੀ ਗੁਰੂ ਰਾਮਦਾਸ ਹਸਪਤਾਲ ਚਾਟੀਵਿੰਡ ਗੇਟ ਨੂੰ ਪੂਰੀ ਤਰ੍ਹਾਂ ਕੋਰੋਨਾ ਮਰੀਜ਼ਾਂ ਲਈ ਸਮਰਪਿਤ ਕਰ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਥੇ 100 ਬੈੱਡਾਂ ਦਾ ਪ੍ਰਬੰਧ ਕੀਤਾ ਗਿਆ ਹੈ ਅਤੇ ਇਸ ਦੇ ਨਾਲ ਹੀ ਕੋਰੋਨਾ ਟੀਕਾਕਰਣ ਦੀ ਸਹੂਲਤ ਵੀ ਮੁਫ਼ਤ ਦਿੱਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਵੱਲ੍ਹਾ, ਸ੍ਰੀ ਗੁਰੂ ਰਾਮਦਾਸ ਹਸਪਤਾਲ ਅੰਮ੍ਰਿਤਸਰ, ਬਾਬਾ ਬੁੱਢਾ ਜੀ ਹਸਪਤਾਲ ਬੀੜ ਸਾਹਿਬ ਅਤੇ ਫੁਹਾਰਾ ਚੌਂਕ ਅੰਮ੍ਰਿਤਸਰ ਵਿਖੇ ਟੀਕਾਕਰਣ ਦਾ ਪ੍ਰਬੰਧ ਕੀਤਾ ਗਿਆ ਹੈ।

ਸ਼੍ਰੋਮਣੀ ਕਮੇਟੀ ਕੋਰੋਨਾ ਮਰੀਜ਼ਾਂ ਦੀ ਦੇਖਭਾਲ ਵਧੀਆ ਤਰੀਕੇ ਨਾਲ ਕਰ ਰਹੀ ਹੈ ਅਤੇ ਉਨ੍ਹਾਂ ਦੀ ਦੇਖ ਭਾਲ ਲਈ ਮੈਡੀਕਲ ਟੀਮਾਂ ਬੇਹਤਰ ਸੇਵਾਵਾਂ ਦੇ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਦੀਆਂ ਸੇਵਾਵਾਂ ਦੀ ਪ੍ਰਸ਼ੰਸਾ ਕਰਦਿਆਂ ਸਰਕਾਰ ਨੇ ਆਪਣੇ ਇਸ਼ਤਿਹਾਰਾਂ ਵਿਚ ਵੀ ਪਹਿਲੇ ਸਥਾਨ ’ਤੇ ਦਰਸਾਇਆ ਹੈ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਕੋਰੋਨਾ ਮਰੀਜ਼ਾਂ ਦੇ ਇਲਾਜ ਵਿਚ ਆਕਸੀਜਨ ਦੀ ਵੱਡੀ ਸਮੱਸਿਆ ਆ ਰਹੀ ਹੈ, ਜਿਸ ਲਈ ਸਰਕਾਰ ਨੂੰ ਪੁਖਤਾ ਪ੍ਰਬੰਧ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਨੂੰ ਲੈ ਕੇ ਮੁੱਖ ਸਕੱਤਰ ਪੰਜਾਬ ਸਰਕਾਰ ਨਾਲ ਗੱਲ ਵੀ ਕੀਤੀ ਗਈ ਹੈ।

ਬੀਬੀ ਜਗੀਰ ਕੌਰ ਨੇ ਦੱਸਿਆ ਕਿ ਕੋਰੋਨਾ ਵੈਕਸੀਨ ਵੀ ਪੂਰੀ ਤਰ੍ਹਾਂ ਉਪਲੱਬਧ ਨਾ ਹੋਣ ਕਾਰਨ ਸਮੱਸਿਆ ਬਣ ਸਕਦੀ ਹੈ। ਇਸ ਲਈ ਸਰਕਾਰ ਇਸ ਦਾ ਪ੍ਰਬੰਧ ਕਰੇ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੈਕਸੀਨ ਲਈ ਅਗਾਊਂ ਪੈਸੇ ਜਮ੍ਹਾਂ ਕਰਵਾਏ ਗਏ ਹਨ ਅਤੇ ਸਰਕਾਰ ਨੂੰ ਅਪੀਲ ਹੈ ਕਿ ਵੈਕਸੀਨ ਦੀ ਸਪਲਾਈ ਯਕੀਨੀ ਬਣਾਈ ਜਾਵੇ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੁਕੇਰੀਆ ਦੇ ਪਿੰਡ ਪੰਡੋਰੀ ਵਿਚ ਸਿੱਖੀ ਭੇਖ ਅੰਦਰ ਕੁਝ ਲੋਕਾਂ ਵੱਲੋਂ ਭਗਤ ਰਵਿਦਾਸ ਜੀ ਦੇ ਅਸਥਾਨ ’ਤੇ ਕੀਤੀ ਗਈ ਧੱਕਾ-ਜ਼ੋਰੀ ਨੂੰ ਬੇਹੱਦ ਅਫ਼ਸੋਸਨਾਕ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਉਥੇ ਸਥਾਪਿਤ ਫੋਟੋਆਂ ਅਤੇ ਹੋਰ ਸਮਾਨ ਨੂੰ ਧੱਕੇ ਨਾਲ ਚੁੱਕਣਾ ਠੀਕ ਨਹੀਂ ਹੈ।

ਬੀਬੀ ਜਗੀਰ ਕੌਰ ਨੇ ਕਿਹਾ ਕਿ ਸਤਿਕਾਰ ਕਮੇਟੀਆਂ ਦੇ ਨਾਂ ’ਤੇ ਅਜਿਹੀਆਂ ਆਪਹੁਦਰੀਆਂ ਕਰਨੀਆਂ ਚੰਗੀ ਗੱਲ ਨਹੀਂ। ਉਨ੍ਹਾਂ ਕਿਹਾ ਕਿ ਸਰਕਾਰ ਅਜਿਹਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕਰੇ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੈਂਬਰ ਭਾਈ ਰਾਮ ਸਿੰਘ, ਵਧੀਕ ਸਕੱਤਰ ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਸ. ਸੁਖਬੀਰ ਸਿੰਘ ਅਤੇ ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ ਆਦਿ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION