34.1 C
Delhi
Saturday, May 4, 2024
spot_img
spot_img

ਸ਼ਹੀਦ ਅਵਤਾਰ ਸਿੰਘ ਪਾਰੋਵਾਲ ਤੇ ਸ਼ਹੀਦ ਮਹਿੰਗਾ ਸਿੰਘ ਬੱਬਰ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਈਆਂ

ਯੈੱਸ ਪੰਜਾਬ
ਅੰਮ੍ਰਿਤਸਰ, 22 ਅਕਤੂਬਰ, 2020 –
ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਕੀਤੇ ਗਏ ਫ਼ੌਜੀ ਹਮਲੇ ਦੌਰਾਨ ਸ਼ਹੀਦ ਹੋਏ ਭਾਈ ਅਵਤਾਰ ਸਿੰਘ ਪਾਰੋਵਾਲ ਅਤੇ ਭਾਈ ਮਹਿੰਗਾ ਸਿੰਘ ਬੱਬਰ ਦੀਆਂ ਤਸਵੀਰਾਂ ਅੱਜ ਕੇਂਦਰੀ ਸਿੱਖ ਅਜਾਇਬ ਘਰ ਵਿਚ ਸਥਾਪਿਤ ਕੀਤੀਆਂ ਗਈਆਂ। ਗੁਰਬਾਣੀ ਕੀਰਤਨ ਅਤੇ ਅਰਦਾਸ ਉਪਰੰਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਤਸਵੀਰਾਂ ਤੋਂ ਪਰਦਾ ਹਟਾਇਆ।

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸਮੇਂ ਦੀ ਕੇਂਦਰ ਸਰਕਾਰ ਵੱਲੋਂ ਜੂਨ 1984 ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਕੀਤਾ ਗਿਆ ਫ਼ੌਜੀ ਹਮਲਾ ਸਿੱਖ ਕੌਮ ਕਦੇ ਨਹੀਂ ਭੁੱਲ ਸਕਦੀ। ਇਸੇ ਹਮਲੇ ਦੌਰਾਨ ਹੀ ਭਾਈ ਮਹਿੰਗਾ ਸਿੰਘ ਬੱਬਰ ਅਤੇ ਕੀਰਤਨੀਏ ਭਾਈ ਅਵਤਾਰ ਸਿੰਘ ਪਾਰੋਵਾਲ ਸ਼ਹੀਦ ਹੋਏ ਸਨ।

ਭਾਈ ਮਹਿੰਗਾ ਸਿੰਘ ਬੱਬਰ ਜੂਨ 1984 ਦੇ ਹਮਲੇ ਦੌਰਾਨ ਸਭ ਤੋਂ ਪਹਿਲੇ ਸ਼ਹੀਦ ਹੋਏ ਸਨ ਅਤੇ ਉਨ੍ਹਾਂ ਦੇ ਅੰਤਮ ਸੰਸਕਾਰ ਮੌਕੇ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ, ਸੰਤ ਹਰਚੰਦ ਸਿੰਘ ਲੌਂਗੋਵਾਲ ਅਤੇ ਉਹ ਖੁਦ ਵੀ ਸ਼ਾਮਲ ਸਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਘੱਟਗਿਣਤੀ ਸਿੱਖਾਂ ਨਾਲ ਕੇਂਦਰ ਵੱਲੋਂ ਸਦਾ ਧੱਕਾ ਅਤੇ ਵਿਤਕਰਾ ਕੀਤਾ ਜਾਂਦਾ ਰਿਹਾ ਹੈ।

ਜੂਨ ਅਤੇ ਨਵੰਬਰ 1984 ਦੇ ਸਿੱਖ ਕਤਲੇਆਮ ਤੋਂ ਬਾਅਦ ਵੀ ਸਿੱਖਾਂ ਨੂੰ ਲਗਾਤਾਰ ਦਬਾਇਆ ਜਾਂਦਾ ਰਿਹਾ। ਉਨ੍ਹਾਂ ਕਿਹਾ ਕਿ ਅੱਜ ਵੀ ਸਿੱਖਾਂ ’ਤੇ ਵੱਖ-ਵੱਖ ਤਰ੍ਹਾਂ ਦੇ ਹਮਲੇ ਕੀਤੇ ਜਾ ਰਹੇ ਹਨ। ਸਿੱਖ ਪਛਾਣ, ਪੰਜਾਬੀ ਭਾਸ਼ਾ ਅਤੇ ਸਿੱਖਾਂ ’ਤੇ ਨਸਲੀ ਹਮਲਿਆਂ ਦਾ ਸਿਲਸਿਲਾ ਜਾਰੀ ਹੈ। ਉਨ੍ਹਾਂ ਸਿੱਖ ਕੌਮ ਨੂੰ ਅਪੀਲ ਕੀਤੀ ਕਿ ਏਕਤਾ ਦੀ ਭਾਵਨਾ ਨਾਲ ਕੌਮੀ ਚੁਣੌਤੀਆਂ ਦਾ ਮੁਕਾਬਲਾ ਕੀਤਾ ਜਾਵੇ, ਤਾਂ ਜੋ ਸਿੱਖ ਵਿਰੋਧੀ ਮਨਸੂਬੇ ਕਾਮਯਾਬ ਨਾ ਹੋਣ।

ਇਸ ਮੌਕੇ ਭਾਈ ਅਵਤਾਰ ਸਿੰਘ ਪਾਰੋਵਾਲ ਤੇ ਭਾਈ ਮਹਿੰਗਾ ਸਿੰਘ ਬੱਬਰ ਦੇ ਪਰਿਵਾਰਕ ਮੈਂਬਰਾਂ ਨੂੰ ਭਾਈ ਲੌਂਗੋਵਾਲ ਨੇ ਗੁਰੂ ਬਖਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਸ. ਅਲਵਿੰਦਰਪਾਲ ਸਿੰਘ ਪੱਖੋਕੇ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਮੁਖਤਾਰ ਸਿੰਘ ਚੀਮਾ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਸਾਬਕਾ ਸਕੱਤਰ ਸ. ਦਿਲਜੀਤ ਸਿੰਘ ਬੇਦੀ ਤੇ ਸ. ਜਗਜੀਤ ਸਿੰਘ ਜੱਗੀ, ਮੀਤ ਸਕੱਤਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਨਿਰਵੈਲ ਸਿੰਘ, ਸ. ਸੁਖਬੀਰ ਸਿੰਘ, ਵਧੀਕ ਮੈਨੇਜਰ ਸ. ਰਾਜਿੰਦਰ ਸਿੰਘ ਰੂਬੀ, ਸ. ਨਰਿੰਦਰ ਸਿੰਘ ਮਥਰੇਵਾਲ, ਸ. ਇਕਬਾਲ ਸਿੰਘ ਮੁਖੀ, ਸ. ਬਘੈਲ ਸਿੰਘ, ਸ. ਜਗਤਾਰ ਸਿੰਘ, ਮੀਤ ਮੈਨੇਜਰ ਸ. ਨਿਸ਼ਾਨ ਸਿੰਘ, ਸ. ਇੰਦਰਜੀਤ ਸਿੰਘ ਬਾਗੀ, ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਵਿੱਚੋਂ ਸ. ਸਰਬਜੀਤ ਸਿੰਘ ਪਾਰੋਵਾਲ, ਸ. ਗੁਰਦਿਆਲ ਸਿੰਘ, ਸ. ਗੁਰਦੇਵ ਸਿੰਘ, ਸ. ਮਨਯੋਧ ਸਿੰਘ, ਬੀਬੀ ਜਤਿੰਦਰ ਕੌਰ, ਬੀਬੀ ਜਸਪ੍ਰੀਤ ਕੌਰ, ਬੀਬੀ ਜਗਮੀਤ ਕੌਰ, ਭਾਈ ਦਵਿੰਦਰਪਾਲ ਸਿੰਘ, ਭਾਈ ਹਾਕਮ ਸਿੰਘ, ਬੀਬੀ ਹਰਵਿੰਦਰ ਕੋਰ, ਡਾ. ਮਨਜੀਤ ਸਿੰਘ ਵੀ ਮੌਜੂਦ ਸਨ।

ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਭਾਰਤ ਸਰਕਾਰ- ਭਾਈ ਲੌਂਗੋਵਾਲ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ, ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਖੋਲ੍ਹਣ ਵਿਚ ਦੇਰੀ ਨਹੀਂ ਕਰਨੀ ਚਾਹੀਦੀ। ਉਨ੍ਹਾਂ ਆਖਿਆ ਕਿ ਪਾਕਿਸਤਾਨ ਨੇ ਕੋਰੋਨਾ ਮਗਰੋਂ ਲਾਂਘਾ ਖੋਲ੍ਹਣ ਦੀ ਪਹਿਲਕਦਮੀਂ ਕੀਤੀ ਹੈ ਅਤੇ ਭਾਰਤ ਸਰਕਾਰ ਨੂੰ ਵੀ ਲਾਂਘਾ ਖੋਲ੍ਹਣ ਦਾ ਐਲਾਨ ਕਰ ਦੇਣਾ ਚਾਹੀਦਾ ਹੈ।

ਭਾਈ ਲੌਂਗੋਵਾਲ ਨੇ ਕਿਹਾ ਕਿ ਹੁਣ ਜਦੋਂ ਸਰਕਾਰਾਂ ਵੱਲੋਂ ਕੋਰੋਨਾ ਕਾਰਨ ਕੀਤੀ ਤਾਲਾਬੰਦੀ ਨੂੰ ਹਟਾ ਦਿੱਤਾ ਗਿਆ ਹੈ ਅਤੇ ਹਰ ਤਰ੍ਹਾਂ ਦੇ ਅਦਾਰਿਆਂ ਤੇ ਧਾਰਮਿਕ ਅਸਥਾਨਾਂ ਤੋਂ ਪਾਬੰਦੀਆਂ ਵੀ ਹਟਾ ਦਿੱਤੀਆਂ ਗਈਆਂ ਹਨ, ਤਾਂ ਅਜਿਹੇ ਵਿਚ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਵਿਚ ਦੇਰੀ ਕਿਉਂ ਕੀਤੀ ਜਾ ਰਹੀ ਹੈ। ਉਨ੍ਹਾਂ ਪੰਜਾਬ ਦੇ ਸਮੂਹ ਮੈਂਬਰ ਪਾਰਲੀਮੈਂਟ ਨੂੰ ਵੀ ਅਪੀਲ ਕੀਤੀ ਕਿ ਉਹ ਇਸ ਮਾਮਲੇ ਵਿਚ ਭਾਰਤ ਸਰਕਾਰ ਤੱਕ ਪਹੁੰਚ ਕਰਨ।


Click here to Like us on Facebook


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION