24.1 C
Delhi
Thursday, April 25, 2024
spot_img
spot_img

ਸ਼੍ਰੋਮਣੀ ਕਮੇਟੀ ਦਾ ਬਜਟ ਇਜਲਾਸ ਮੁਲਤਵੀ, ਅੰਤਿ੍ਰੰਗ ਕਮੇਟੀ ਨੇ 90 ਦਿਨਾਂ ਦੇ ਖ਼ਰਚਿਆਂ ਨੂੰ ਦਿੱਤੀ ਪ੍ਰਵਾਨਗੀ

ਅੰਮ੍ਰਿਤਸਰ, 26 ਮਾਰਚ, 2020 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਬਜਟ ਸਬੰਧੀ ਹੋਈ ਇਕੱਤਰਤਾ ਦੌਰਾਨ 28 ਮਾਰਚ ਨੂੰ ਹੋਣ ਵਾਲਾ ਬਜਟ ਇਜਲਾਸ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਨੇ ਕੋਰੋਨਾਵਾਇਰਸ ਕਾਰਨ ਪੈਦਾ ਹੋਏ ਹਾਲਾਤਾਂ ਦੇ ਮੱਦੇਨਜ਼ਰ ਜਨਰਲ ਹਾਊਸ ਦੀ ਪ੍ਰਵਾਨਗੀ ਦੇ ਅਧਾਰ ’ਤੇ ਸ਼੍ਰੋਮਣੀ ਕਮੇਟੀ, ਧਰਮ ਪ੍ਰਚਾਰ ਕਮੇਟੀ, ਇਨ੍ਹਾਂ ਨਾਲ ਸਬੰਧਤ ਅਦਾਰਿਆਂ ਤੇ ਸ਼ਾਖਾਵਾਂ, ਗੁਰਦੁਆਰਾ ਸਾਹਿਬਾਨ ਅਤੇ ਵਿਦਿਅਕ ਸੰਸਥਾਵਾਂ ਦੇ ਕੰਮ-ਕਾਜ ਨੂੰ ਚਲਾਉਣ ਲਈ ਫਿਲਹਾਲ 90 ਦਿਨਾਂ ਦੇ ਖਰਚਿਆਂ ਨੂੰ ਪ੍ਰਵਾਨਗੀ ਦੇ ਦਿੱਤੀ ਹੈ।

ਇਥੇ ਸ੍ਰੀ ਗੁਰੂ ਰਾਮਦਾਸ ਮੈਡੀਕਲ ਕਾਲਜ ਅਤੇ ਹਸਪਤਾਲ ਵੱਲ੍ਹਾ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੀ ਅਗਵਾਈ ਵਿਚ ਹੋਈ ਇਕੱਤਰਤਾ ਦੌਰਾਨ ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ ਵੱਲੋਂ ਇਸ ਸਬੰਧ ਵਿਚ ਪੇਸ਼ ਕੀਤੇ ਗਏ ਮਤੇ ਨੂੰ ਹਾਜ਼ਰ ਮੈਂਬਰਾਂ ਨੇ ਸਰਬ-ਸੰਮਤੀ ਨਾਲ ਪ੍ਰਵਾਨ ਕੀਤਾ। ਅੰਤ੍ਰਿੰਗ ਕਮੇਟੀ ਵੱਲੋਂ ਫੈਸਲਾ ਕੀਤਾ ਗਿਆ ਕਿ ਕੋਰੋਨਾਵਾਇਰਸ ਦੀ ਮਹਾਂਮਾਰੀ ਕਾਰਨ ਕਰਫਿਊ ਵਾਲੇ ਹਾਲਾਤਾਂ ਦੇ ਮੱਦੇਨਜ਼ਰ ਬਜਟ ਸਬੰਧੀ ਜਨਰਲ ਇਜਲਾਸ ਹਾਲਾਤ ਸੁਖਾਵੇਂ ਹੋਣ ਉਪਰੰਤ ਹੀ ਸੱਦਿਆ ਜਾਵੇਗਾ।

ਇਸ ਦੌਰਾਨ ਕੋਰੋਨਾਵਾਇਰਸ ਦੀ ਮਹਾਂਮਾਰੀ ਸਬੰਧੀ ਵਿਸ਼ੇਸ਼ ਉਪਰਾਲੇ ਕਰਨ ਲਈ ਹੋਣ ਵਾਲੇ ਖਰਚ ਵੀ ਪ੍ਰਵਾਨ ਕੀਤੇ ਗਏ। ਦੱਸਣਯੋਗ ਹੈ ਕਿ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਵਰਤੇ ਗਏ ਹਾਲ ਨੂੰ ਅਗਾਂਊਂ ਸੈਨੇਟਾਈਜ਼ ਕੀਤਾ ਗਿਆ ਅਤੇ ਇਕੱਤਰਤਾ ਵਿਚ ਸ਼ਾਮਲ ਹੋਏ ਮੈਂਬਰਾਂ ਲਈ ਮਾਸਿਕ ਲਾਜ਼ਮੀ ਕੀਤੇ ਗਏ ਸਨ। ਹਰ ਮੈਂਬਰ ਦੇ ਮੀਟਿੰਗ ਹਾਲ ਵਿਚ ਹਾਜ਼ਰ ਹੋਣ ਸਮੇਂ ਸੈਨੇਟਾਈਜ਼ਰ ਨਾਲ ਹੱਥ ਵੀ ਸਾਫ਼ ਕਰਵਾਏ ਗਏ। ਇਸ ਤੋਂ ਇਲਾਵਾ ਮੈਂਬਰਾਂ ਦੀ ਨਿਰਧਾਰਤ ਦੂਰੀ ਵੀ ਰੱਖੀ ਗਈ।

ਇਕੱਤਰਤਾ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦੱਸਿਆ ਕਿ ਮੌਜੂਦਾ ਹਾਲਾਤਾਂ ਦੇ ਚੱਲਦਿਆਂ ਬਜਟ ਇਜਲਾਸ ਕਰਨਾ ਸੰਭਵ ਨਹੀਂ ਹੈ। ਇਸ ਲਈ ਹਾਲ ਦੀ ਘੜੀ ਜਨਰਲ ਹਾਊਸ ਦੀ ਪ੍ਰਵਾਨਗੀ ਦੇ ਅਧਾਰ ’ਤੇ 90 ਦਿਨਾਂ ਦੇ ਖਰਚਿਆਂ ਪ੍ਰਵਾਨ ਕੀਤੇ ਗਏ ਹਨ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਇਸ ਦੁਖਮਈ ਘੜੀ ਸਮੇਂ ਮਨੁੱਖਤਾ ਨਾਲ ਹਮਦਰਦੀ ਰੱਖਦੀ ਹੈ ਅਤੇ ਗੁਰੂ ਸਾਹਿਬ ਦੇ ਫਲਸਫੇ ਅਤੇ ਸਿੱਖ ਪ੍ਰੰਪਰਾ ਅਨੁਸਾਰ ਲੋੜਵੰਦਾਂ ਅਤੇ ਪੀੜਤਾਂ ਦੀ ਸਹਾਇਤਾ ਲਈ ਉਪਰਾਲੇ ਜਾਰੀ ਰੱਖੇ ਜਾਣਗੇ। ਉਨ੍ਹਾਂ ਲੋਕਾਂ ਦੀ ਸੇਵਾ ਵਿਚ ਲੱਗੇ ਸਿਹਤ ਕਰਮੀਆਂ, ਪ੍ਰਸ਼ਾਸਨ, ਮੀਡੀਆ ਕਰਮੀਆਂ ਅਤੇ ਸ਼੍ਰੋਮਣੀ ਕਮੇਟੀ ਦੇ ਸੇਵਾ ਵਿਚ ਮੁਲਾਜ਼ਮਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਵੀ ਕੀਤੀ।

ਉਨ੍ਹਾਂ ਕਿਹਾ ਕਿ ਗੁਰੂ ਘਰਾਂ ਤੋਂ ਲੋੜਵੰਦਾਂ ਲਈ ਲੰਗਰ ਆਦਿ ਦੀਆਂ ਸੇਵਾਵਾਂ ਜਾਰੀ ਰਹਿਣਗੀਆਂ ਅਤੇ ਲੋੜ ਪੈਣ ’ਤੇ ਸਰਾਵਾਂ ਨੂੰ ਇਕਾਂਤਵਾਸ ਕੇਂਦਰਾਂ ਵਜੋ ਵੀ ਵਰਤਿਆ ਜਾਵੇਗਾ। ਭਾਈ ਲੌਂਗੋਵਾਲ ਨੇ ਅਫ਼ਗਾਨਿਸਤਾਨ ਅੰਦਰ ਗੁਰਦੁਆਰਾ ਸਾਹਿਬ ’ਤੇ ਕੀਤੇ ਗਏ ਹਮਲੇ ਦੀ ਵੀ ਨਿਖੇਧੀ ਕੀਤੀ ਅਤੇ ਕਿਹਾ ਕਿ ਇਸ ਹਮਲੇ ਦੇ ਪੀੜਤ ਸਿੱਖਾਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਹਰ ਸੰਭਵ ਮਦਦ ਕੀਤੀ ਜਾਵੇਗੀ। ਉਨ੍ਹਾਂ ਕੇਂਦਰ ਸਰਕਾਰ ਨੂੰ ਦੁਨੀਆਂ ਅੰਦਰ ਵਸਦੇ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਉਣ ਦੀ ਵੀ ਮੰਗ ਕੀਤੀ।

ਇਕੱਤਰਤਾ ਦੌਰਾਨ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਸ਼ੇਰ ਸਿੰਘ ਮੰਡਵਾਲਾ, ਸ. ਜਗਸੀਰ ਸਿੰਘ ਮਾਂਗੇਆਣਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਜਸਮੇਰ ਸਿੰਘ ਲਾਛੜੂ, ਬੀਬੀ ਪਰਮਜੀਤ ਕੌਰ ਲਹਿਰਾ, ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਨਜੀਤ ਸਿੰਘ, ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਡਾ. ਏ.ਪੀ. ਸਿੰਘ, ਮੀਤ ਸਕੱਤਰ ਸ. ਸਤਿੰਦਰ ਸਿੰਘ, ਸ. ਦਰਸ਼ਨ ਸਿੰਘ ਨਿੱਜੀ ਸਹਾਇਕ ਆਦਿ ਮੌਜੂਦ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION