30.6 C
Delhi
Thursday, April 25, 2024
spot_img
spot_img

ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਨੇ ਲਏ ਅਹਿਮ ਫੈਸਲੇ, ਪਾਵਨ ਸਰੂਪਾਂ ਦੇ ਮਾਮਲੇ ’ਚ ਜਾਂਚ ਕਮਿਸ਼ਨ ਦੀ ਰਿਪੋਰਟ ਕੀਤੀ ਜਨਤਕ

ਅੰਮ੍ਰਿਤਸਰ, 5 ਸਤੰਬਰ, 2020 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਪਬਲੀਕੇਸ਼ਨ ਵਿਭਾਗ ਵਿੱਚੋਂ ਘੱਟ ਪਾਏ ਗਏ ਪਾਵਨ ਸਰੂਪਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਡਾ. ਈਸ਼ਰ ਸਿੰਘ ਦੀ ਅਗਵਾਈ ਵਿਚ ਬਣਾਏ ਗਏ ਜਾਂਚ ਕਮਿਸ਼ਨ ਦੀ ਰਿਪੋਰਟ ਅੱਜ ਜਨਤਕ ਕਰ ਦਿੱਤੀ ਗਈ ਹੈ। ਇਹ ਜਾਂਚ ਰਿਪੋਰਟ ਸ਼੍ਰੋਮਣੀ ਕਮੇਟੀ ਦੀ ਵੈੱਬਸਾਈਟ ’ਤੇ ਵੀ ਉਪਲੱਬਧ ਹੋਵੇਗੀ। ਇਸ ਤੋਂ ਇਲਾਵਾ ਅੰਤ੍ਰਿੰਗ ਕਮੇਟੀ ਨੇ ਸਾਲਾਨਾ ਬਜਟ ਇਜਲਾਸ 28 ਸਤੰਬਰ ਨੂੰ ਸੱਦਣ ਦਾ ਫੈਸਲਾ ਕੀਤਾ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਕੱਤਰਤਾ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਸ਼੍ਰੋਮਣੀ ਕਮੇਟੀ ਦੇ ਕੁਝ ਕਰਮਚਾਰੀਆਂ ਵੱਲੋਂ ਬੇਨਿਯਮੀਆਂ ਅਤੇ ਗੈਰ-ਜ਼ੁੰਮੇਵਰਾਨਾ ਢੰਗ ਨਾਲ ਡਿਊਟੀਆਂ ਕਰਨ ਕਰਕੇ ਸ਼੍ਰੋਮਣੀ ਕਮੇਟੀ ਨੂੰ ਚਿੰਤਾਜਨਕ ਹਲਾਤਾਂ ਦਾ ਸਾਹਮਣਾ ਕਰਨਾ ਪਿਆ ਹੈ। ਪਾਵਨ ਸਰੂਪਾਂ ਸਬੰਧੀ ਰਿਕਾਰਡ ਵਿਚ ਵਾਧੇ ਘਾਟੇ ਕਾਰਨ ਮੰਦਭਾਗੀ ਚਰਚਾ ਚੱਲ ਰਹੀ ਹੈ।

ਭਾਈ ਲੌਂਗੋਵਾਲ ਨੇ ਕਿਹਾ ਕਿ ਮੈਂ ਮਹਿਸੂਸ ਕਰਦਾ ਹਾਂ ਕਿ ਇਸ ਕਾਰਨ ਸਮੁੱਚੇ ਗੁਰੂ ਨਾਨਕ ਨਾਮ ਲੇਵਾ ਸਿੱਖਾਂ ਦੇ ਮਨ ਨੂੰ ਭਾਰੀ ਠੇਸ ਪਹੁੰਚੀ ਹੈ। ਇਸ ਲਈ ਮੈਂ ਜਾਤੀ ਤੌਰ ’ਤੇ ਨਿਰਮਤਾ ਸਹਿਤ ਸਮੁੱਚੀਆਂ ਸਿੱਖ ਸੰਗਤਾਂ ਤੋਂ ਖਿਮਾ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਮੈਂ ਵਿਸ਼ਵਾਸ ਦਵਾਉਂਦਾ ਹਾਂ ਕਿ ਇਸ ਸਮੇਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨਾ ਹੀ ਗਾਇਬ ਹੋਏ ਤੇ ਨਾ ਹੀ ਕਿਸੇ ਤਰ੍ਹਾਂ ਦੀ ਕੋਈ ਬੇਅਦਬੀ ਹੋਈ।

ਸਬੰਧਤ ਕਰਮਚਾਰੀਆਂ ਵੱਲੋਂ ਜੋ ਪਾਵਨ ਸਰੂਪ ਸੰਗਤਾਂ ਨੂੰ ਦਿੱਤੇ ਜਾਂਦੇ ਰਹੇ, ਲਾਲਚ ਵੱਸ ਉਸ ਦੀ ਭੇਟਾ ਜਮ੍ਹਾਂ ਨਹੀਂ ਕਰਵਾਈ ਗਈ ਅਤੇ ਉਸ ਨੂੰ ਰਿਕਾਰਡ ਵਿਚ ਵੀ ਦਰਜ਼ ਨਹੀਂ ਕੀਤਾ ਗਿਆ। ਨਿੱਜੀ ਹਿੱਤਾਂ ਲਈ ਹੀ ਦੋਸ਼ੀ ਕਰਮਚਾਰੀ ਅਜਿਹਾ ਕਰਦੇ ਰਹੇ, ਜਿਸ ਦਾ ਜ਼ਿਕਰ ਜਾਂਚ ਕਮਿਸ਼ਨ ਦੀ ਰਿਪੋਰਟ ਵਿਚ ਦਰਜ਼ ਹੈ।

ਉਨ੍ਹਾਂ ਵਿਸ਼ਵਾਸ ਦਵਾਉਂਦਿਆਂ ਕਿਹਾ ਕਿ ਜਿਸ ਉਦੇਸ਼ ਨੂੰ ਮੁੱਖ ਰੱਖ ਕੇ ਸ਼੍ਰੋਮਣੀ ਕਮੇਟੀ ਹੋਂਦ ਵਿਚ ਆਈ ਸੀ, ਉਸ ਸੋਚ ’ਤੇ ਪਹਿਰਾ ਦਿੰਦਿਆਂ ਬੇਨਿਯਮੀਆਂ ਕਰਨ ਵਾਲੇ ਕਰਮਚਾਰੀਆਂ ਨੂੰ ਸ਼੍ਰੋਮਣੀ ਕਮੇਟੀ ਦੇ ਐਕਟ ਅਧੀਨ ਅਦਾਰੇ ਵਿਚ ਰਹਿੰਦਿਆਂ ਪੰਥਕ ਪ੍ਰੰਪਰਾਵਾਂ ਅਤੇ ਰਵਾਇਤਾਂ ਦੇ ਅਨੁਕੂਲ ਸਖ਼ਤ ਸਜ਼ਾ ਦਿੱਤੀ ਜਾਵੇਗੀ, ਤਾਂ ਜੋ ਅੱਗੇ ਤੋਂ ਕੋਈ ਅਜਿਹੀ ਹਿੰਮਤ ਨਾ ਕਰੇ।

ਉਨ੍ਹਾਂ ਕਿਹਾ ਕਿ ਅੰਤ੍ਰਿੰਗ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਸ਼੍ਰੋਮਣੀ ਕਮੇਟੀ ਅਤੇ ਸ੍ਰੀ ਦਰਬਾਰ ਸਾਹਿਬ ਦੇ ਕੰਮ ਕਾਰ ਵਿਚ ਕਿਸੇ ਨੂੰ ਵੀ ਦਖ਼ਲ ਦੀ ਆਗਿਆ ਨਹੀਂ ਦਿੱਤੀ ਜਾਵੇਗੀ। ਸ਼੍ਰੋਮਣੀ ਕਮੇਟੀ ਇਕ ਅਜ਼ਾਦ ਹਸਤੀ ਹੈ ਅਤੇ ਆਪਣੇ ਫੈਸਲੇ ਆਪ ਲੈਣ ਦੇ ਸਮਰੱਥ ਹੈ। ਉਨ੍ਹਾਂ ਕਿਹਾ ਕਿ ਸਮੁੱਚੇ ਵਰਤਾਰੇ ਕਾਰਨ ਖਾਲਸਾ ਪੰਥ ਨੂੰ ਪੀੜਾ ਵਿੱਚੋਂ ਗੁਜਰਨਾ ਪਿਆ ਹੈ, ਜਿਸ ਨੂੰ ਮਹਿਸੂਸ ਕਰਦਿਆਂ ਸਿੱਖ ਵਿਦਵਾਨਾਂ, ਮਹਾਂਪੁਰਖਾਂ, ਧਾਰਮਿਕ ਜਥੇਬੰਦੀਆਂ ਅਤੇ ਕਮੇਟੀਆਂ ਵੱਲੋਂ ਦਿੱਤੇ ਸੁਝਾਵਾਂ ਤੇ ਵਿਚਾਰਾਂ ਨੂੰ ਅਮਲ ਵਿਚ ਲਿਆਂਦਾ ਜਾਵੇਗਾ।

ਉਨ੍ਹਾਂ ਕਿਹਾ ਕਿ ਜਾਂਚ ਰਿਪੋਰਟ ਵਿਚ ਪ੍ਰਬੰਧ ਸਬੰਧੀ ਜੋ ਕਮੀਆਂ ਵੱਲ ਸੰਕੇਤ ਕੀਤਾ ਗਿਆ ਹੈ ਉਨ੍ਹਾਂ ਨੂੰ ਦੂਰ ਕੀਤਾ ਜਾਵੇਗਾ, ਤਾਂ ਕਿ ਅੱਗੇ ਤੋਂ ਪ੍ਰਬੰਧ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਪਾਵਨ ਸਰੂਪਾਂ ਦੇ ਮਾਮਲੇ ਨਾਲ ਸਬੰਧਤ ਹਰ ਦੋਸ਼ੀ ਨੂੰ ਸਖ਼ਤ ਸਜ਼ਾ ਦੇਣ ਲਈ ਪਾਬੰਦ ਹੈ, ਪਰੰਤੂ ਅਫ਼ਸੋਸ ਇਸ ਗੱਲ ਦਾ ਹੈ ਕਿ ਇਸ ਨਾਜ਼ੁਕ ਮਾਮਲੇ ’ਤੇ ਪਿਛਲੇ ਦਿਨਾਂ ਤੋਂ ਕੁਝ ਲੋਕ ਨੀਵੇਂ ਪੱਧਰ ਦੀ ਸਿਆਸਤ ਕਰ ਰਹੇ ਹਨ, ਜੋ ਨਹੀਂ ਹੋਣੀ ਚਾਹੀਦੀ।

ਭਾਈ ਲੌਂਗੋਵਾਲ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਇਹ ਵੀ ਫੈਸਲਾ ਕੀਤਾ ਹੈ ਕਿ ਪਾਵਨ ਸਰੂਪਾਂ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਅਹੁਦੇਦਾਰ ਅਤੇ ਅੰਤ੍ਰਿੰਗ ਮੈਂਬਰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਨਮੁਖ ਹੋ ਕੇ 18 ਸਤੰਬਰ ਨੂੰ ਖਿਮਾ ਜਾਚਨਾ ਕਰਨਗੇ। ਉਨ੍ਹਾਂ ਜਾਂਚ ਰਿਪੋਰਟ ਵਿਚ ਜ਼ਿਕਰ ਕੀਤੇ ਮੁਲਾਜ਼ਮਾਂ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹਾਜ਼ਰ ਹੋ ਕੇ ਖਿਮਾ ਮੰਗਣ।

ਅੰਤ੍ਰਿੰਗ ਕਮੇੇਟੀ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਮੈਂਬਰ ਰਹੇ ਸ. ਸੱਜਣ ਸਿੰਘ ਬੱਜੂਮਾਨ, ਸਾਬਕਾ ਮੈਂਬਰ ਸ਼੍ਰੋਮਣੀ ਕਮੇਟੀ ਸ. ਚੇਤੰਨ ਸਿੰਘ ਸਮਾਓ ਅਤੇ ਸਾਬਕਾ ਮੁੱਖ ਸਕੱਤਰ ਸ. ਹਰਚਰਨ ਸਿੰਘ ਦੇ ਅਕਾਲ ਚਲਾਣੇ ’ਤੇ ਸ਼ੋਕ ਮਤੇ ਵੀ ਪੜ੍ਹੇ ਗਏ।

ਇਕੱਤਰਤਾ ਵਿਚ ਭਾਈ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਭਾਈ ਰਜਿੰਦਰ ਸਿੰਘ ਮਹਿਤਾ, ਜੂਨੀਅਰ ਮੀਤ ਪ੍ਰਧਾਨ ਸ. ਗੁਰਬਖ਼ਸ਼ ਸਿੰਘ ਖ਼ਾਲਸਾ, ਜਨਰਲ ਸਕੱਤਰ ਸ. ਹਰਜਿੰਦਰ ਸਿੰਘ ਧਾਮੀ, ਅੰਤ੍ਰਿੰਗ ਮੈਂਬਰ ਸ. ਜਗਸੀਰ ਸਿੰਘ ਮਾਂਗੇਆਣਾ, ਸ. ਗੁਰਪਾਲ ਸਿੰਘ ਗੋਰਾ, ਸ. ਭੁਪਿੰਦਰ ਸਿੰਘ ਅਸੰਧ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਸੁਰਜੀਤ ਸਿੰਘ ਕੰਗ, ਸ. ਸ਼ੇਰ ਸਿੰਘ ਮੰਡਵਾਲਾ, ਸ. ਇੰਦਰਮੋਹਨ ਸਿੰਘ ਲਖਮੀਰਵਾਲਾ, ਬੀਬੀ ਕੁਲਦੀਪ ਕੌਰ ਟੌਹੜਾ, ਬੀਬੀ ਪਰਮਜੀਤ ਕੌਰ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਸ਼੍ਰੋਮਣੀ ਕਮੇਟੀ ਦੇ ਬੁਲਾਰੇ ਸ. ਕੁਲਵਿੰਦਰ ਸਿੰਘ ਰਮਦਾਸ, ਮੀਤ ਸਕੱਤਰ ਸ. ਗੁਰਰਿੰਦਰ ਸਿੰਘ ਮਥਰੇਵਾਲ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਮੁਖਤਾਰ ਸਿੰਘ ਮੈਨੇਜਰ, ਸ. ਮਲਕੀਤ ਸਿੰਘ ਬਹਿੜਵਾਲ ਸਪ੍ਰਿੰਟੈਂਡੈਂਟ, ਸ. ਦਰਸ਼ਨ ਸਿੰਘ ਪੀ.ਏ. ਆਦਿ ਮੌਜੂਦ ਸਨ।

Yes Punjab Gall Punjab Di 1


ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


 

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION