31.1 C
Delhi
Thursday, May 9, 2024
spot_img
spot_img

ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਖਾਲਸਾ ਸਾਜਣਾ ਦਿਵਸ ਮਨਾਉਣ ਲਈ ਜਥਾ ਰਵਾਨਾ

ਯੈੱਸ ਪੰਜਾਬ
ਅੰਮ੍ਰਿਤਸਰ, 12 ਅਪ੍ਰੈਲ, 2021 –
ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ।

ਸ਼੍ਰੋਮਣੀ ਕਮੇਟੀ ਵੱਲੋਂ ਪਾਕਿਸਤਾਨ ਭੇਜੇ ਗਏ ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਸ. ਹਰਪਾਲ ਸਿੰਘ ਜੱਲ੍ਹਾ ਕਰ ਰਹੇ ਹਨ, ਜਦਕਿ ਉਪ ਲੀਡਰ ਵਜੋਂ ਸ਼੍ਰੋਮਣੀ ਕਮੇਟੀ ਮੈਂਬਰ ਸ. ਗੁਰਮੀਤ ਸਿੰਘ ਬੂਹ ਤੇ ਸ. ਅਮਰਜੀਤ ਸਿੰਘ ਭਲਾਈਪੁਰ ਗਏ ਹਨ।

ਇਸ ਜਥੇ ਵਿਚ ਮੈਂਬਰ ਸ. ਬਲਵਿੰਦਰ ਸਿੰਘ ਵੇਈਂਪੁਈਂ ਤੇ ਬੀਬੀ ਜੋਗਿੰਦਰ ਕੌਰ ਦੇ ਨਾਲ ਜਨਰਲ ਪ੍ਰਬੰਧਕ ਵਜੋਂ ਸ. ਗੁਰਚਰਨ ਸਿੰਘ ਕੋਹਾਲਾ ਵੀ ਸ਼ਾਮਲ ਹਨ। ਸ਼੍ਰੋਮਣੀ ਕਮੇਟੀ ਦੇ ਮੁਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਤੋਂ ਅੰਤ੍ਰਿੰਗ ਮੈਂਬਰ ਬਾਬਾ ਚਰਨਜੀਤ ਸਿੰਘ ਜੱਸੋਵਾਲ ਤੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਸਮੇਤ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੇ ਜਥੇ ਦੇ ਆਗੂਆਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ ਦੇ ਕੇ ਜਥਾ ਰਵਾਨਾ ਕੀਤਾ।

ਇਸ ਮੌਕੇ ਗੱਲਬਾਤ ਕਰਦਿਆਂ ਜਥੇ ਦੇ ਆਗੂ ਸ. ਹਰਪਾਲ ਸਿੰਘ ਜੱਲ੍ਹਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵੱਲੋਂ ਉਨ੍ਹਾਂ ਨੂੰ ਜਥੇ ਦੀ ਅਗਵਾਈ ਸੌਂਪਣ ਲਈ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪਾਕਿਸਤਾਨ ਅੰਦਰ ਸਿੱਖ ਕੌਮ ਦੇ ਅਨੇਕਾਂ ਗੁਰਦੁਆਰਾ ਸਾਹਿਬਾਨ ਸੁਸ਼ੋਭਿਤ ਹਨ, ਜਿਨ੍ਹਾਂ ਦੇ ਦਰਸ਼ਨ ਕਰਨ ਲਈ ਹਰ ਸਿੱਖ ਰੋਜ਼ਾਨਾ ਅਰਦਾਸ ਕਰਦਾ ਹੈ। ਉਨ੍ਹਾਂ ਕਿਹਾ ਕਿ ਜਥੇ ’ਚ ਸ਼ਾਮਲ ਸ਼ਰਧਾਲੂਆਂ ਦੀ ਖ਼ੁਸ਼ਕਿਸਮਤੀ ਹੈ ਕਿ ਉਨ੍ਹਾਂ ਨੂੰ ਪਾਵਨ ਗੁਰਧਾਮਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲਿਆ ਹੈ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਮਹਿੰਦਰ ਸਿੰਘ ਆਹਲੀ ਨੇ ਦੱਸਿਆ ਕਿ ਖ਼ਾਲਸਾ ਸਾਜਣਾ ਦਿਵਸ ਮਨਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੇਂਦਰ ਸਰਕਾਰ ਤੇ ਪਾਕਿਸਤਾਨ ਅੰਬੈਸੀ ਨੂੰ 793 ਪਾਸਪੋਰਟ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 437 ਸ਼ਰਧਾਲੂਆਂ ਨੂੰ ਵੀਜ਼ੇ ਮਿਲੇ ਹਨ ਜਦਕਿ 356 ਸ਼ਰਧਾਲੂਆਂ ਨੂੰ ਵੀਜ਼ੇ ਪ੍ਰਾਪਤ ਨਹੀਂ ਹੋਏ।

ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਵੱਧ ਤੋਂ ਵੱਧ ਸਿੱਖ ਸ਼ਰਧਾਲੂਆਂ ਨੂੰ ਵੀਜ਼ੇ ਜਾਰੀ ਕੀਤੇ ਜਾਇਆ ਕਰਨ ਤਾਂ ਜੋ ਉਹ ਆਪਣੇ ਵਿਛੜੇ ਗੁਰਧਾਮਾਂ ਦੇ ਦਰਸ਼ਨ ਕਰ ਸਕਣ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਦੇ ਨਿਰਦੇਸ਼ਾਂ ’ਤੇ ਪਾਕਿਸਤਾਨ ਸਥਿਤ ਗੁਰਧਾਮਾਂ ਲਈ ਗੁਰਬਾਣੀ ਦੀਆਂ ਸੰਥਿਆ ਸੈਂਚੀਆਂ, ਅੰਮ੍ਰਿਤ ਸੰਚਾਰ ਲਈ ਕਕਾਰਾਂ ਤੋਂ ਇਲਾਵਾ ਨਿਸ਼ਾਨ ਸਾਹਿਬ ਲਈ ਚੋਲੇ, ਖੰਡੇ, ਹਰਮੋਨੀਅਮ ਸੈੱਟ, ਦਸਤਾਰਾਂ, ਲੋਈਆਂ ਆਦਿ ਭੇਜੇ ਗਏ ਹਨ।

ਜਥਾ ਰਵਾਨਾ ਕਰਨ ਸਮੇਂ ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਸ. ਸਤਬੀਰ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਸ. ਬਲਵਿੰਦਰ ਸਿੰਘ ਖੈਰਾਬਾਦ ਇੰਚਾਰਜ ਯਾਤਰਾ, ਮੈਨੇਜਰ ਨਰਿੰਦਰ ਸਿੰਘ ਮਥਰੇਵਾਲ ਸਮੇਤ ਵੱੱਡੀ ਗਿਣਤੀ ਵਿਚ ਸ਼੍ਰੋਮਣੀ ਕਮੇਟੀ ਦਾ ਸਟਾਫ਼ ਅਤੇ ਜਥੇ ਵਿਚ ਜਾਣ ਵਾਲੇ ਯਾਤਰੂ ਮੌਜੂਦ ਸਨ।

ਪਾਕਿਸਤਾਨ ਸਥਿਤ ਇਨ੍ਹਾਂ ਗੁਰਧਾਮਾਂ ਦੇ ਦਰਸ਼ਨ ਕਰਨਗੇ ਸ਼ਰਧਾਲੂ
ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਪਾਕਿਸਤਾਨ ਗਏ ਸ਼ਰਧਾਲੂ ਵੱਖ-ਵੱਖ ਗੁਰਧਾਮਾਂ ਦੇ ਦਰਸ਼ਨ ਕਰਨਗੇ। ਸ਼ਰਧਾਲੂ ਜਿਥੇ 13 ਅਪ੍ਰੈਲ ਨੂੰ ਖ਼ਾਲਸਾ ਸਾਜਣਾ ਦਿਵਸ (ਵੈਸਾਖੀ) ਮੌਕੇ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਹੋਣ ਵਾਲੇ ਸਮਾਗਮ ਵਿਚ ਸ਼ਰਧਾਲੂ ਸ਼ਿਰਕਤ ਕਰਨਗੇ, ਉਥੇ ਹੀ 14 ਅਪ੍ਰੈਲ ਨੂੰ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਤੋਂ ਸ੍ਰੀ ਨਨਕਾਣਾ ਸਾਹਿਬ ਜਾਣਗੇ ਅਤੇ 15 ਅਪ੍ਰੈਲ ਨੂੰ ਜਥਾ ਸ੍ਰੀ ਨਨਕਾਣਾ ਸਾਹਿਬ ਵਿਖੇ ਸਥਿਤ ਲੋਕਲ ਗੁਰਦੁਆਰਾ ਸਾਹਿਬ ਦੇ ਦਰਸ਼ਨ ਕਰੇਗਾ।

16 ਅਪ੍ਰੈਲ ਨੂੰ ਗੁਰਦੁਆਰਾ ਸੱਚਾ ਸੌਦਾ (ਸ਼ੇਖੂਪੁਰਾ), 17-18 ਅਪ੍ਰੈਲ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੋਰ, 19 ਅਪ੍ਰੈਲ ਨੂੰ ਜਥਾ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਜਾਵੇਗਾ ਜਿਥੇ ਰਾਤ ਦੇ ਵਿਸ਼ਰਾਮ ਹੋਵੇਗਾ। ਉਪਰੰਤ ਇਹ ਜਥਾ 20 ਅਪ੍ਰੈਲ ਗੁਰਦੁਆਰਾ ਰੋੜੀ ਸਾਹਿਬ ਦੇ ਦਰਸ਼ਨ ਕਰਕੇ 21 ਅਪ੍ਰੈਲ ਨੂੰ ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਵਿਖੇ ਰੁਕੇਗਾ, ਜਿਥੋਂ 22 ਅਪ੍ਰੈਲ ਨੂੰ ਵਾਪਸ ਦੇਸ਼ ਪਰਤੇਗਾ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION