25.6 C
Delhi
Saturday, April 20, 2024
spot_img
spot_img

ਸ਼੍ਰੋਮਣੀ ਕਮੇਟੀ ਵੱਲੋਂ ਸ਼ਤਾਬਦੀ ਦੇ ਵਿਸ਼ਾਲ ਸਮਾਗਮਾਂ ਨਾਲ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਨੂੰ ਸਤਿਕਾਰ ਭੇਟ

ਯੈੱਸ ਪੰਜਾਬ
ਅੰਮ੍ਰਿਤਸਰ, 21 ਫਰਵਰੀ, 2021 –
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਬ ਨੂੰ ਕੁਕਰਮੀ ਮਹੰਤਾਂ ਤੋਂ ਅਜ਼ਾਦ ਕਰਵਾਉਣ ਲਈ ਸੌ ਸਾਲ ਪਹਿਲਾਂ ਵਾਪਰੇ ਸਾਕੇ ਦੀ ਪਹਿਲੀ ਸ਼ਤਾਬਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੌਮੀ ਜਾਹੋ-ਜਲਾਲ ਨਾਲ ਮਨਾਈ ਗਈ। ਇਸ ਸਬੰਧ ਵਿਚ ਮੁੱਖ ਸਮਾਗਮ ਸਾਕੇ ਸਮੇਂ ਜਥੇ ਦੀ ਅਗਵਾਈ ਕਰਨ ਵਾਲੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਨਾਲ ਸਬੰਧਤ ਗੁਰਦਾਸਪੁਰ ਜ਼ਿਲ੍ਹੇ ਦੇ ਨਗਰ ਗੋਧਰਪੁਰ ਵਿਖੇ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਗਿਆ।

ਵਿਸ਼ਾਲ ਪੰਡਾਲ ’ਚ ਸਜਾਏ ਗਏ ਗੁਰਮਤਿ ਸਮਾਗਮ ਦੀ ਆਰੰਭਤਾ ਤੋਂ ਪਹਿਲਾਂ ਗੁਰਦੁਆਰਾ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਮੁੱਖ ਸਮਾਗਮ ਸਮੇਂ ਅੱਜ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਸਾਕਾ ਸ੍ਰੀ ਨਨਕਾਣਾ ਸਾਹਿਬ ਨਾਲ ਸਬੰਧਤ ਸ਼ਹੀਦਾਂ ਦੇ 32 ਪਰਿਵਾਰ ਵੀ ਪੁੱਜੇ ਹੋਏ ਸਨ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱੱਲੋਂ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।

ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ, ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਸਮੇਤ ਵੱਖ ਵੱਖ ਸਪ੍ਰਦਾਵਾਂ ਦੇ ਨੁਮਾਇੰਦਿਆਂ ਅਤੇ ਸਭਾ-ਸੁਸਾਇਟੀਆਂ ਦੇ ਆਗੂਆਂ ਨੇ ਭਰਵੀਂ ਸ਼ਮੂਲੀਅਤ ਕੀਤੀ। ਇਸ ਮੌਕੇ ਵੱਖ-ਵੱਖ ਬੁਲਾਰਿਆਂ ਨੇ ਸ੍ਰੀ ਨਨਕਾਣਾ ਸਾਹਿਬ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਅਤੇ ਸੰਗਤ ਨੂੰ ਆਪਣੇ ਇਤਿਹਾਸ ਦੀ ਸੇਧ ਵਿਚ ਜੀਵਨ ਜਿਊਣ ਲਈ ਪ੍ਰੇਰਿਆ।

-ਭਾਰਤ ਸਰਕਾਰ ਦਾ ਸਿੱਖਾਂ ਪ੍ਰਤੀ ਰਵੱਈਆ ਬੇਰੁਖੀ ਵਾਲਾ- ਗਿਆਨੀ ਹਰਪ੍ਰੀਤ ਸਿੰਘ

ਸ਼੍ਰੋਮਣੀ ਕਮੇਟੀ ਵੱਲੋਂ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਨਾਲ ਸਬੰਧਤ ਨਗਰ ਗੋਧਰਪੁਰ ਵਿਖੇ ਕਰਵਾਏ ਗਏ ਸ਼ਤਾਬਦੀ ਸਮਾਗਮ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਭਾਰਤ ਸਰਕਾਰ ਵੱਲੋਂ ਸਿੱਖਾਂ ਪ੍ਰਤੀ ਅਪਨਾਏ ਜਾ ਰਹੇ ਬੇਰੁਖੀ ਵਾਲੇ ਰਵੱਈਏ ਦੀ ਸਖ਼ਤ ਨਿੰਦਾ ਕਰਦਿਆਂ ਘੱਟਗਿਣਤੀਆਂ ਪ੍ਰਤੀ ਸੋਚ ਬਦਲਣ ਲਈ ਕਿਹਾ।

ਉਨ੍ਹਾਂ ਕਿਹਾ ਕਿ ਸੌ ਸਾਲ ਪਹਿਲਾਂ ਵਾਪਰੇ ਸਾਕਾ ਨਨਕਾਣਾ ਸਾਹਿਬ ਦੇ ਦਰਦ ਨੂੰ ਭਾਰਤ ਸਰਕਾਰ ਨੇ ਇਕ ਵਾਰ ਫਿਰ ਯਾਦ ਕਰਵਾ ਦਿੱਤਾ ਹੈ। ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਵਿਖੇ ਸ਼ਹੀਦੀ ਸਾਕੇ ਦੀ ਸ਼ਤਾਬਦੀ ਮਨਾਉਣ ਤੋਂ ਰੋਕਣਾ ਕੇਂਦਰ ਸਰਕਾਰ ਦਾ ਅੰਗਰੇਜ਼ਾਂ ਵਰਗਾ ਹੀ ਰਵੱਈਆ ਹੈ।

ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਨੇ ਕਿਸਾਨ ਅੰਦੋਲਨ ਵਿਚ ਸਿੱਖਾਂ ਦੀ ਭਰਵੀਂ ਸ਼ਮੂਲੀਅਤ ਕਾਰਨ ਪਾਕਿਸਤਾਨ ਜਾਣ ਵਾਲੇ ਜਥੇ ਨੂੰ ਇਜਾਜ਼ਤ ਨਹੀਂ ਦਿੱਤੀ, ਪਰੰਤੂ ਸਰਕਾਰ ਦਾ ਇਹ ਭਰਮ ਹੈ ਕਿ ਸਿੱਖ ਅੰਦੋਲਨ ਵਿੱਚੋਂ ਪਿੱਛੇ ਹੱਟ ਜਾਣਗੇ। ਉਨ੍ਹਾਂ ਸਖ਼ਤ ਲਹਿਜੇ ਵਿਚ ਕਿਹਾ ਕਿ ਭਾਰਤ ਸਰਕਾਰ ਜਿੰਨੇ ਮਰਜ਼ੀ ਜਥੇ ਰੋਕ ਲਵੇ, ਸਿੱਖ ਕਿਸਾਨਾਂ ਨਾਲ ਡਟੇ ਰਹਿਣਗੇ। ਉਨ੍ਹਾਂ ਕਿਹਾ ਕਿ ਜੋ ਮਨਮਰਜ਼ੀਆਂ ਸੌ ਸਾਲ ਪਹਿਲਾਂ ਅੰਗਰੇਜ਼ ਕਰਦੇ ਸਨ, ਉਸੇ ਲੀਹ ’ਤੇ ਅੱਜ ਭਾਰਤ ਸਰਕਾਰ ਚੱਲ ਰਹੀ ਹੈ।

ਇਹ ਦੇਸ਼ ਦੇ ਹਿੱਤ ਵਿਚ ਨਹੀਂ ਹੈ ਅਤੇ ਸਰਕਾਰ ਨੂੰ ਸਮਝਣਾ ਚਾਹੀਦਾ ਹੈ ਕਿ ਇਸ ਦੇਸ਼ ਵਿਚ ਵੱਸਦਾ ਹਰ ਬਾਸ਼ਿੰਦਾ ਬਰਾਬਰ ਅਧਿਕਾਰ ਰੱਖਦਾ ਹੈ। ਉਨ੍ਹਾਂ ਆਖਿਆ ਕਿ ਘਟਗਿਣਤੀਆਂ ਨੂੰ ਦਬਾ ਕੇ ਬਹੁਗਿਣਤੀਆਂ ਦੀਆਂ ਵੋਟਾਂ ਹਾਸਲ ਕਰਨ ਲਈ ਅੱਗੇ ਵਧਣਾ ਦੇਸ਼ ਲਈ ਘਾਤਕ ਹੈ।

ਸਿੱਖਾਂ ਨੂੰ ਧੱਕੇ ਨਾਲ ਨਹੀਂ ਦਬਾਇਆ ਜਾ ਸਕਦਾ, ਕਿਉਂਕਿ ਸਿੱਖਾਂ ਆਪਣੇ ਸ਼ਾਨਾਮੱਤੇ ਇਤਿਹਾਸ ਤੋਂ ਪ੍ਰੇਰਣਾ ਲੈ ਕੇ ਹੱਕ, ਸੱਚ ਖ਼ਾਤਰ ਜੂਝਣ ਦਾ ਜਜ਼ਬਾ ਰੱਖਦੇ ਹਨ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕੌਮੀ ਇਕਜੁਟਤਾ ਨੂੰ ਸਮੇਂ ਦੀ ਵੱਡੀ ਲੋੜ ਦੱਸਦਿਆਂ ਸਿੱਖ ਜਗਤ ਨੂੰ ਅਪੀਲ ਕੀਤੀ ਕਿ ਆਪਸੀ ਮਤਭੇਦ ਭੁਲਾ ਕੇ ਕੌਮੀ ਇਕਜੁਟਤਾ ਦਾ ਪ੍ਰਗਟਾਵਾ ਕਰਨ। ਉਨ੍ਹਾਂ ਸ਼੍ਰੋਮਣੀ ਕਮੇਟੀ ਵੱੱਲੋਂ ਸ਼ਹੀਦਾਂ ਦੇ ਪਰਿਵਾਰਾਂ ਦਾ ਮਾਣ-ਸਨਮਾਨ ਕਰਨ ਲਈ ਧੰਨਵਾਦ ਵੀ ਕੀਤਾ।

ਦੇਸ਼ ਦੇ ਸੱਭਿਆਚਾਰ ਨੂੰ ਬਚਾਉਣ ਲਈ ਸਿੱਖਾਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ-ਸ. ਸੁਖਬੀਰ ਸਿੰਘ ਬਾਦਲ

-ਕੇਂਦਰ ਵੱਲੋਂ ਜਥੇ ’ਤੇ ਰੋਕ ਲਗਾਉਣ ਸਬੰਧੀ ਕੈਪਟਨ ਅਮਰਿੰਦਰ ਸਿੰਘ ਦੀ ਚੁੱਪ ਸਵਾਲ ਪੈਦਾ ਕਰਨ ਵਾਲੀ

ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਤਾਬਦੀ ਸਮਾਗਮ ਮੌਕੇ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਜਿਥੇ ਸਾਕੇ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ, ਉਥੇ ਹੀ ਭਾਰਤ ਸਰਕਾਰ ਵੱਲੋਂ ਸਾਕੇ ਦੇ ਸਮਾਗਮਾਂ ਲਈ ਸ੍ਰੀ ਨਨਕਾਣਾ ਸਾਹਿਬ ਜਾਣ ਵਾਲੇ ਜਥੇ ’ਤੇ ਰੋਕ ਲਗਾਉਣ ਦੀ ਕਰੜੀ ਅਲੋਚਨਾ ਕੀਤੀ।

ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਸਿੱਖ ਕੌਮ ਨੂੰ ਸ਼ਹਾਦਤਾਂ ਦਾ ਵਿਰਸਾ ਪ੍ਰਾਪਤ ਹੋਇਆ ਹੈ ਅਤੇ ਦੇਸ਼ ਦੇ ਸੱਭਿਆਚਾਰ ਨੂੰ ਬਚਾਉਣ ਲਈ ਵੀ ਸਿੱਖਾਂ ਦੇ ਯੋਗਦਾਨ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਆਖਿਆ ਸਿੱਖ ਧਰਮ ਅੰਦਰ ਸੇਵਾ ਅਤੇ ਸ਼ਹਾਦਤ ਦੋ ਅਹਿਮ ਥੰਮ ਹਨ।

ਜਦੋਂ ਵੀ ਦੇਸ਼ ਨੂੰ ਕੋਈ ਸੰਕਟ ਬਣਿਆ ਤਾਂ ਸਿੱਖਾਂ ਨੇ ਅੱਗੇ ਹੋ ਕੇ ਲੜਾਈ ਲਈ। ਉਨ੍ਹਾਂ ਕੇਂਦਰ ਸਰਕਾਰ ਵੱਲੋਂ ਸਿੱਖ ਸੰਗਤਾਂ ਨੂੰ ਪਾਕਿਸਤਾਨ ਜਾਣ ਤੋਂ ਰੋਕਣ ਦੇ ਫੈਸਲੇ ਨੂੰ ਮੰਦਭਾਗਾ ਕਰਾਰ ਦਿੱਤਾ ਅਤੇ ਇਸ ਸਬੰਧ ਵਿਚ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਸਵਾਲਾਂ ਦੇ ਘੇਰੇ ਵਿਚ ਲਿਆ। ਸ. ਸੁਖਬੀਰ ਸਿੰਘ ਬਾਦਲ ਨੇ ਆਖਿਆ ਕਿ ਕੇਂਦਰ ਦੇ ਆਪਹੁਦਰੇ ਫੈਸਲੇ ’ਤੇ ਪੰਜਾਬ ਦਾ ਮੁੱਖ ਮੰਤਰੀ ਦਾ ਚੁੱਪ ਰਹਿਣਾ ਵੱਡੇ ਸਵਾਲ ਪੈਦਾ ਕਰਦਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਨੂੰ ਕੇਂਦਰ ਨਾਲ ਗੱਲ ਕਰਨੀ ਚਾਹੀਦੀ ਸੀ, ਪਰ ਅਫ਼ਸੋਸ ਕਿ ਉਹ ਚੁੱਪ ਧਾਰੀ ਬੈਠੇ ਰਹੇ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਸਿੱਖ ਕੌਮ ਦੇ ਮਹਾਨ ਸ਼ਹੀਦਾਂ ਨੂੰ ਹਮੇਸ਼ਾ ਆਪਣਾ ਆਦਰਸ਼ ਮੰਨ ਕੇ ਚੱਲਦੀ ਰਹੀ ਹੈ ਅਤੇ ਭਵਿੱਖ ਵਿਚ ਵੀ ਸ਼ਹੀਦਾਂ ਦੀਆਂ ਕੁਰਬਾਨੀਆਂ ਤੋਂ ਸੇਧ ਪ੍ਰਾਪਤ ਕਰਦੇ ਰਹਾਂਗੇ।

ਸਿੱਖ ਕੌਮ ਆਪਣੇ ਸ਼ਹੀਦਾਂ ਤੋਂ ਸੇਧ ਲੈ ਕੇ ਪੰਥ ਵਿਰੋਧੀ ਸ਼ਕਤੀਆਂ ਦਾ ਮੁਕਾਬਲਾ ਕਰੇ -ਬੀਬੀ ਜਗੀਰ ਕੌਰ

-ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦਾਂ ਨਾਲ ਸਬੰਧਤ ਨਗਰਾਂ ਵਿਚ ਖੋਲ੍ਹੀਆਂ ਜਾਣਗੀਆਂ ਲਾਇਬ੍ਰੇਰੀਆਂ

ਸ਼ਤਾਬਦੀ ਸਮਾਗਮ ਮੌਕੇ ਸੰਗਤ ਨਾਲ ਵਿਚਾਰ ਸਾਂਝੇ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦੇ ਨਗਰ ਗੋਧਰਪੁਰ ਵਿਖੇ ਗੁਰਦੁਆਰਾ ਸਾਹਿਬ ਲਈ ਲੰਗਰ ਹਾਲ ਅਤੇ ਲਾਇਬ੍ਰੇਰੀ ਸਥਾਪਤ ਕਰਨ ਦਾ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮਟੀ ਸਿੱਖ ਪੰਥ ਦੀ ਪ੍ਰਤੀਨਿਧ ਧਾਰਮਿਕ ਸੰਸਥਾ ਹੈ ਅਤੇ ਗੁਰਦੁਆਰਾ ਸੁਧਾਰ ਲਹਿਰ ਦੌਰਾਨ ਸ਼ਹੀਦ ਹੋਏ ਸਿੱਖਾਂ ਦੇ ਪਰਿਵਾਰਾਂ ਦਾ ਸਤਿਕਾਰ ਕਰਦੀ ਹੈ।

ਉਨ੍ਹਾਂ ਕਿਹਾ ਕਿ ਸਾਕਾ ਨਨਕਾਣਾ ਸਾਹਿਬ ਦੇ ਸ਼ਹੀਦਾਂ ਨਾਲ ਸਬੰਧਤ ਨਗਰਾਂ ਵਿਚ ਲਾਇਬ੍ਰੇਰੀਆਂ ਬਣਾਈਆਂ ਜਾਣਗੀਆਂ ਅਤੇ ਇਸ ਦੇ ਨਾਲ ਹੀ ਇਨ੍ਹਾਂ ਨਗਰਾਂ ਦੇ ਸਕੂਲ ਅੰਦਰ ਧਾਰਮਿਕ ਅਧਿਆਪਕ ਵੀ ਦਿੱਤੇ ਜਾਣਗੇ। ਬੀਬੀ ਜਗੀਰ ਕੌਰ ਨੇ ਗੁਰਦੁਆਰਿਆਂ ਦੀ ਪਵਿੱਤਰਤਾ ਦੇ ਮਾਣ-ਮਰਯਾਦਾ ਦੀ ਬਹਾਲੀ ਲਈ ਸ਼ਹੀਦ ਹੋਣ ਵਾਲੇ ਸਿੱਖਾਂ ਦੇ ਇਤਿਹਾਸ ਅਤੇ ਉਨ੍ਹਾਂ ਦੇ ਪਰਿਵਾਰਾਂ ਸਬੰਧੀ ਜਾਣਕਾਰੀ ਦੇਣ ਲਈ ਖੋਜ ਕਾਰਜ ਕਰਵਾਉਣ ਦਾ ਵੀ ਐਲਾਨ ਕੀਤਾ।

ਉਨ੍ਹਾਂ ਕੌਮ ਦੀ ਇਕਜੁਟਤਾ ਲਈ ਸੰਗਤ ਨੂੰ ਸੱਦਾ ਦਿੰਦਿਆਂ ਕਿਹਾ ਕਿ ਜੇਕਰ ਸਾਰੀ ਸਿੱਖ ਕੌਮ ਇਕੱਠੀ ਰਹੇਗੀ ਤਾਂ ਕੋਈ ਵੀ ਦੁਸ਼ਮਣ ਸ਼ਕਤੀ ਸਾਡਾ ਕੁਝ ਨਹੀਂ ਵਿਗਾੜ ਸਕਦੀ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਸਿੱਖਾਂ ਦੇ ਸਰਵਉੱਚ ਅਸਥਾਨ ਹਨ, ਜਿਸ ਦੀ ਅਗਵਾਈ ਵਿਚ ਹਰ ਸਿੱਖ ਨਤਮਸਤਕ ਹੋਵੇ ਅਤੇ ਸਿੱਖੀ ਵਿਰੁੱਧ ਚਾਲਾਂ ਚੱਲਣ ਵਾਲੀਆਂ ਸ਼ਕਤੀਆਂ ਦਾ ਮੂੰਹ ਤੋੜ ਜਵਾਬ ਦੇਵੇ। ਉਨ੍ਹਾਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸਮੂਹ ਸ਼ਹੀਦਾਂ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ ਅਤੇ ਸੰਗਤ ਨੂੰ ਉਨ੍ਹਾਂ ਤੋਂ ਅਗਵਾਈ ਲੈਣ ਦੀ ਪ੍ਰੇਰਣਾ ਕੀਤੀ। ਉਨ੍ਹਾਂ ਸਮਾਗਮ ਦੌਰਾਨ ਪੁੱਜੀਆਂ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਦਾ ਧੰਨਵਾਦ ਵੀ ਕੀਤਾ।

ਇਸ ਮੌਕੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਵੀ ਕੌਮ ਨੂੰ ਸ਼ਹੀਦਾਂ ਦੇ ਇਤਿਹਾਸ ਤੋਂ ਪ੍ਰੇਰਣਾ ਲੈਣ ਦੀ ਅਪੀਲ ਕੀਤੀ ਅਤੇ ਆ ਰਹੀਆਂ ਸ਼ਤਾਬਦੀਆਂ ਨੂੰ ਜਾਹੋ-ਜਲਾਲ ਨਾਲ ਮਨਾਉਣ ਲਈ ਕਿਹਾ। ਸਮਾਗਮ ਦੌਰਾਨ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਟੇਜ਼ ਸੰਚਾਲਨ ਦੀ ਸੇਵਾ ਨਿਭਾਈ।

ਇਸ ਤੋਂ ਪਹਿਲਾਂ ਸਿੱਖ ਕੌਮ ਦੇ ਪ੍ਰਸਿੱਧ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਸ੍ਰੀ ਦਰਬਾਰ ਸਾਹਿਬ ਦੇ ਗ੍ਰੰਥੀ ਗਿਆਨੀ ਮਾਨ ਸਿੰਘ ਨੇ ਕਥਾ-ਵਿਚਾਰਾਂ ਸਰਵਣ ਕਰਵਾਈਆਂ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਗਿਆਨੀ ਜਗਤਾਰ ਸਿੰਘ ਨੇ ਪਾਵਨ ਹੁਕਮਨਾਮਾ ਸੰਗਤ ਨੂੰ ਸਰਵਣ ਕਰਵਾਇਆ। ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਵੱਲੋਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਸ਼ਹੀਦ ਭਾਈ ਲਛਮਣ ਸਿੰਘ ਧਾਰੋਵਾਲੀ ਦੇ ਪਰਿਵਾਰ ਵੱਲੋਂ ਵਿਸ਼ੇਸ਼ ਸ਼ਖ਼ਸੀਅਤਾਂ ਨੂੰ ਸਿਰੋਪਾਓ ਤੇ ਸ੍ਰੀ ਸਾਹਿਬ ਭੇਟ ਕੀਤੇ ਗਏ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸੀਨੀਅਰ ਅਕਾਲੀ ਆਗੂ ਸ. ਬਲਵਿੰਦਰ ਸਿੰਘ ਭੂੰਦੜ, ਡਾ. ਦਲਜੀਤ ਸਿੰਘ ਚੀਮਾ, ਸ. ਬਿਕਰਮ ਸਿੰਘ ਮਜੀਠੀਆ, ਜਥੇਦਾਰ ਗੁਲਜ਼ਾਰ ਸਿੰਘ ਰਣੀਕੇ, ਸ. ਗੁਰਬਚਨ ਸਿੰਘ ਬੱਬੇਹਾਲੀ, ਸ. ਵੀਰ ਸਿੰਘ ਲੋਪੋਕੇ, ਸ. ਅਮਰਪਾਲ ਸਿੰਘ ਬੋਨੀ, ਸ. ਤਲਬੀਰ ਸਿੰਘ ਗਿੱਲ, ਸ. ਲਖਬੀਰ ਸਿੰਘ ਲੋਧੀਨੰਗਲ, ਬਾਬਾ ਬੁੱਧ ਸਿੰਘ ਨਿੱਕੇਘੁੰਮਣ, ਬਾਬਾ ਅਵਤਾਰ ਸਿੰਘ ਸੁਰਸਿੰਘ, ਦਮਦਮੀ ਟਕਸਾਲ ਵੱਲੋਂ ਬਾਬਾ ਜੀਵਾ ਸਿੰਘ, ਸ. ਸੁਖਵਿੰਦਰ ਸਿੰਘ ਮਲਕਪੁਰ, ਗਿਆਨੀ ਫੂਲਾ ਸਿੰਘ, ਗਿਆਨੀ ਪ੍ਰਣਾਮ ਸਿੰਘ, ਸੰਤ ਤੇਜਾ ਸਿੰਘ ਕਰਨਾਲ, ਬਾਬਾ ਸ਼ਰਨਜੀਤ ਸਿੰਘ ਨਾਨਕਸਰ ਸੀਂਗੜਾ, ਸ. ਸਤਵਿੰਦਰ ਸਿੰਘ ਟੌਹੜਾ, ਸ. ਅਜਮੇਰ ਸਿੰਘ ਖੇੜਾ, ਸ. ਅਲਵਿੰਦਰਪਾਲ ਸਿੰਘ ਪੱਖੋਕੇ, ਭਾਈ ਰਾਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਰਾਮ ਸਿੰਘ, ਸ. ਗੁਰਨਾਮ ਸਿੰਘ ਜੱਸਲ, ਸ. ਹਰਪਾਲ ਸਿੰਘ ਜੱਲ੍ਹਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਬਲਜੀਤ ਸਿੰਘ ਜਲਾਲਉਸਮਾਂ, ਸ. ਸੁਰਜੀਤ ਸਿੰਘ ਰਾਏਪੁਰ, ਸ. ਅਮਰੀਕ ਸਿੰਘ ਵਿਛੋਆ, ਭਾਈ ਅਜਾਇਬ ਸਿੰਘ ਅਭਿਆਸੀ, ਬੀਬੀ ਜੋਗਿੰਦਰ ਕੌਰ, ਸ. ਸੁਖਵਰਸ਼ ਸਿੰਘ ਪੰਨੂ, ਸ. ਜੋਧ ਸਿੰਘ ਸਮਰਾ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਕੁਲਵੰਤ ਸਿੰਘ ਮੰਨਣ, ਸ. ਰਣਜੀਤ ਸਿੰਘ ਕਾਹਲੋਂ, ਸ. ਬਿਕਰਮਜੀਤ ਸਿੰਘ ਕੋਟਲਾ, ਸ. ਗੁਰਿੰਦਰ ਸਿੰਘ ਸ਼ਾਮਪੁਰਾ, ਸ. ਰਤਨ ਸਿੰਘ ਜੱਫਰਵਾਲ, ਬਾਬਾ ਸੁਖਵਿੰਦਰ ਸਿੰਘ ਅਗਵਾਨ, ਸ. ਗੁਰਪ੍ਰਤਾਪ ਸਿੰਘ ਟਿੱਕਾ, ਕੈਪਟਨ ਬਲਬੀਰ ਸਿੰਘ, ਸ. ਮਲਕੀਤ ਸਿੰਘ ਏ.ਆਰ., ਸ. ਸੁਖਜਿੰਦਰ ਸਿੰਘ ਸੋਨੂੰ ਲੰਗਾਹ, ਸ. ਪਰਮਵੀਰ ਸਿੰਘ ਲਾਡੀ, ਸ. ਜਸਪ੍ਰੀਤ ਸਿੰਘ ਰਾਣਾ, ਸ. ਬਲਬੀਰ ਸਿੰਘ ਬਿੱਟੂ, ਸ. ਗੁਰਪ੍ਰਤਾਪ ਸਿੰਘ ਹੁਸ਼ਹਾਲਪੁਰ, ਸ. ਇੰਦਰਜੀਤ ਸਿੰਘ ਰੰਧਾਵਾ, ਬੀਬੀ ਪਰਮਜੀਤ ਕੌਰ ਛਾਬੜਾ, ਸ. ਸੁਖਬੀਰ ਸਿੰਘ ਵਾਹਲਾ, ਸ. ਜਸਬੀਰ ਸਿੰਘ ਘੁੰਮਣ, ਸ. ਰਾਜਿੰਦਰ ਸਿੰਘ ਪਦਮ, ਬੀਬੀ ਸ਼ਰਨਜੀਤ ਕੌਰ, ਬੀਬੀ ਬਲਜੀਤ ਕੌਰ, ਸ. ਕੰਵਲਪ੍ਰੀਤ ਸਿੰਘ ਕਾਕੀ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਸ. ਕੁਲਵਿੰਦਰ ਸਿੰਘ ਰਮਦਾਸ ਆਦਿ ਮੌਜੂਦ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION