35.1 C
Delhi
Friday, April 19, 2024
spot_img
spot_img

ਸ਼੍ਰੋਮਣੀ ਕਮੇਟੀ ਸਿਕਲੀਗਰ ਸਿੱਖਾਂ ਦੀ ਭਲਾਈ ਲਈ ਲਗਾਤਾਰ ਯਤਨਸ਼ੀਲ, ਰਾਜਸਥਾਨ ਦੇ 1830 ਪਰਿਵਾਰਾਂ ਲਈ ਰਾਸ਼ਨ ਭੇਜਿਆ: ਬੀਬੀ ਜਗੀਰ ਕੌਰ

ਯੈੱਸ ਪੰਜਾਬ
ਅੰਮ੍ਰਿਤਸਰ, 12 ਨਵੰਬਰ, 2021 –
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਰਾਜਸਥਾਨ ’ਚ ਵੱਸਦੇ 1830 ਲੋੜਵੰਦ ਸਿਕਲੀਗਰ ਸਿੱਖ ਪਰਿਵਾਰਾਂ ਦੀ ਮੱਦਦ ਲਈ ਅੱਜ ਵੱਡੀ ਮਾਤਰਾ ਵਿਚ ਰਾਸ਼ਨ ਰਵਾਨਾ ਕੀਤਾ ਗਿਆ। ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਤੋਂ ਭੇਜੇ ਗਏ ਰਾਸ਼ਨ ਦੀ ਰਵਾਨਗੀ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਹੋਰ ਪ੍ਰਮੁੱਖ ਸ਼ਖ਼ਸੀਅਤਾਂ ਮੌਜੂਦ ਸਨ। ਭੇਜੇ ਗਏ ਰਾਸ਼ਨ ਵਾਲੇ 5 ਟਰੱਕਾਂ ਵਿਚ 457 ਕੁਇੰਟਲ ਕਣਕ, 183 ਕੁਇੰਟਲ ਚੌਲ ਅਤੇ 91 ਕੁਇੰਟਲ ਦਾਲਾਂ ਸ਼ਾਮਲ ਹਨ। ਇਸ ਤੋਂ ਇਲਾਵਾ 2 ਹਜ਼ਾਰ ਕੰਬਲ ਵੀ ਭੇਜੇ ਗਏ ਹਨ।

ਰਾਜਸਥਾਨ ਦੇ ਸਿਕਲੀਗਰ ਸਿੱਖ ਪਰਿਵਾਰਾਂ ਲਈ ਲੋੜੀਂਦੀਆਂ ਵਸਤੂਆਂ ਭੇਜਣ ਸਮੇਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਸਿੱਖ ਕੌਮ ਦਾ ਅਹਿਮ ਅੰਗ ਸਿਕਲੀਗਰ ਸਿੱਖ ਪਰਿਵਾਰਾਂ ਦੀ ਭਲਾਈ ਲਈ ਸ਼੍ਰੋਮਣੀ ਕਮੇਟੀ ਲਗਾਤਾਰ ਯਤਨਸ਼ੀਲ ਹੈ ਅਤੇ ਸਮੇਂ-ਸਮੇਂ ’ਤੇ ਇਨ੍ਹਾਂ ਦੀ ਭਲਾਈ ਲਈ ਕਾਰਜ ਕੀਤੇ ਜਾ ਰਹੇ ਹਨ।

ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਸੂਬਿਆਂ ਵਿਚ ਸਿਕਲੀਗਰ ਸਿੱਖ ਬੱਚਿਆਂ ਨੂੰ ਸਵੈ-ਨਿਰਭਰ ਬਣਾਉਣ ਲਈ ਜਿਥੇ ਸਕੂਲ ਫ਼ੀਸਾਂ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ, ਉਥੇ ਹੀ ਰਾਜਿਸਥਾਨ ਤੋਂ ਪੁੱਜੀ ਮੰਗ ਅਨੁਸਾਰ ਅੱਜ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਭੇਜਿਆ ਗਿਆ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਅਨੁਸਾਰ ਰਾਜਿਸਥਾਨ ਦੇ ਹਨੂੰਮਾਨਗੜ੍ਹ, ਤਹਿਲਵਾਡਾ, ਅਲਵਰ, ਖੈਰਥਲ, ਸ੍ਰੀ ਗੰਗਾਨਗਰ, ਮੁਸਾਨੀ, ਕਿਸ਼ਨਗੜ੍ਹ, ਭਰਤਪੁਰ, ਜੈਪੁਰ ਆਦਿ ਥਾਵਾਂ ’ਤੇ ਰਹਿ ਰਹੇ ਸਿਕਲੀਗਰ ਸਿੱਖ ਪਰਿਵਾਰਾਂ ਵਿਚ ਇਹ ਰਾਸ਼ਨ ਵੰਡਿਆ ਜਾਵੇਗਾ। ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਪਹਿਲਾਂ ਹੀ ਸਿਕਲੀਗਰ ਸਿੱਖਾਂ ਦੇ ਬੱਚਿਆਂ ਦੀ ਪੜ੍ਹਾਈ ਵਿਚ ਮੱਦਦ ਕੀਤੀ ਜਾ ਰਹੀ ਹੈ, ਜਿਸ ਤਹਿਤ ਛੱਤੀਸਗੜ੍ਹ, ਮਹਾਂਰਾਸ਼ਟਰ, ਮੱਧ ਪ੍ਰਦੇਸ਼, ਗੁਜਰਾਤ, ਹਰਿਆਣਾ, ਆਧਰਾ ਪ੍ਰਦੇਸ਼ ਆਦਿ ਸੂਬਿਆਂ ਵਿਚ ਪੜ੍ਹਦੇ ਬੱਚਿਆਂ ਲਈ ਫ਼ੀਸਾਂ ਭੇਜੀਆਂ ਜਾਂਦੀਆਂ ਹਨ।

ਉਨ੍ਹਾਂ ਕਿਹਾ ਕਿ ਰਾਜਿਸਥਾਨ ਵਿਚ ਵੀ ਕਾਫ਼ੀ ਗਿਣਤੀ ਵਿਚ ਸਿਕਲੀਗਰ ਸਿੱਖ ਪਰਿਵਾਰ ਵੱਸਦੇ ਹਨ, ਜਿਨ੍ਹਾਂ ਦੀ ਮੱਦਦ ਲਈ ਆਲ ਇੰਡੀਆ ਰਾਜਿਸਥਾਨ ਸਿਕਲੀਗਰ ਸਿੱਖ ਸਭਾ ਅਲਵਰ ਵੱਲੋਂ ਲੋੜਵੰਦਾਂ ਲਈ ਰਾਸ਼ਨ ਦੀ ਮੰਗ ਕੀਤੀ ਗਈ ਸੀ।

ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਹਮੇਸ਼ਾ ਹੀ ਸਿਕਲੀਗਰ ਸਿੱਖਾਂ ਦੀ ਮੱਦਦ ਕਰਦੀ ਰਹੀ ਹੈ ਅਤੇ ਭਵਿੱਖ ਵਿਚ ਵੀ ਵਚਨਬੱਧ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਓਐਸਡੀ ਡਾ. ਅਮਰੀਕ ਸਿੰਘ ਲਤੀਫਪੁਰ, ਡਾ. ਸੁਖਬੀਰ ਸਿੰਘ, ਮੈਨੇਜਰ ਸ. ਸਤਨਾਮ ਸਿੰਘ ਮਾਂਗਾਸਰਾਏ ਆਦਿ ਹਾਜ਼ਰ ਸਨ।

ਬੀਬੀ ਜਗੀਰ ਕੌਰ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਲਈ ਪ੍ਰਧਾਨ ਮੰਤਰੀ ਤੇ ਗ੍ਰਹਿ ਮੰਤਰੀ ਨੂੰ ਲਿਖਿਆ ਪੱਤਰ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ ਦਾ ਲਾਂਘਾ ਮੁੜ ਖੋਲ੍ਹਣ ਲਈ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਅਤੇ ਗ੍ਰਹਿ ਮੰਤਰੀ ਸ੍ਰੀ ਅਮਿਤ ਸ਼ਾਹ ਨੂੰ ਪੱਤਰ ਲਿਖਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਸੰਗਤ ਦੀ ਆਸਥਾ ਨਾਲ ਜੁੜਿਆ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਚਾਲੂ ਕੀਤਾ ਜਾਵੇ ਅਤੇ ਇਸ ਲਈ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਹਿਲਕਦਮੀਂ ਕੀਤੀ ਜਾਵੇ। ਉਨ੍ਹਾਂ ਕਿਹਾ ਕਿ 19 ਨਵੰਬਰ ਨੂੰ ਪਹਿਲੇ ਪਾਤਸ਼ਾਹ ਜੀ ਦਾ ਪ੍ਰਕਾਸ਼ ਦਿਹਾੜਾ ਪੂਰੇ ਵਿਸ਼ਵ ਦੀਆਂ ਸੰਗਤਾਂ ਵੱਲੋਂ ਮਨਾਇਆ ਜਾ ਰਿਹਾ ਹੈ, ਜਿਸ ਨੂੰ ਨਤਮਸਤਕ ਹੁੰਦਿਆਂ ਮੁੜ ਚਾਲੂ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਕੋਰੋਨਾ ਦੌਰਾਨ ਆਰਜ਼ੀ ਤੌਰ ’ਤੇ ਬੰਦ ਕੀਤਾ ਗਿਆ ਲਾਂਘਾ ਹਾਲਾਤ ਸੁਖਾਵੇਂ ਹੋਣ ’ਤੇ ਵੀ ਨਾ ਖੋਲ੍ਹਣਾ ਸੰਗਤ ਦੀ ਸ਼ਰਧਾ ਨੂੰ ਸੱਟ ਹੈ। ਉਨ੍ਹਾਂ ਕਿਹਾ ਕਿ ਹੁਣ ਤਾਂ ਜਨ-ਜੀਵਨ ਆਮ ਵਾਂਗ ਹੋ ਰਿਹਾ ਹੈ ਅਤੇ ਵਿਦੇਸ਼ਾਂ ਲਈ ਵੀ ਉਡਾਣਾਂ ਖੁਲ੍ਹ ਚੁੱਕੀਆਂ ਹਨ। ਬੀਬੀ ਜਗੀਰ ਕੌਰ ਨੇ ਕਿਹਾ ਕਿ ਬੇਸ਼ੱਕ ਸ੍ਰੀ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਲਈ ਕੋਰੋਨਾ ਨਿਯਮ ਲਾਗੂ ਕੀਤੇ ਜਾਣ, ਪਰ ਇਹ ਲਾਂਘਾ ਲੰਮਾ ਸਮਾਂ ਬੰਦ ਨਹੀਂ ਰਹਿਣਾ ਚਾਹੀਦਾ।

ਇਸੇ ਦੌਰਾਨ ਬੀਬੀ ਜਗੀਰ ਕੌਰ ਨੇ ਉੱਤਰ ਪ੍ਰਦੇਸ਼ ਦੀ ਸਰਕਾਰ ਵੱਲੋਂ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਦੀ ਛੁੱਟੀ ਰੱਦ ਕਰਕੇ ਇਸ ਦੀ ਥਾਂ ਛੱਠ ਪੂਜਾ ਦੀ ਛੁੱਟੀ ਲਾਗੂ ਕਰਨ ਦੀ ਵੀ ਨਿਖੇਧੀ ਕੀਤੀ ਹੈ। ਉਨ੍ਹਾਂ ਕਿਹਾ ਕਿ ਛੱਠ ਪੂਜਾ ਦੀ ਛੁੱਟੀ ਬਿਨਾ ਸ਼ੱਕ ਕਰ ਦਿੱਤੀ ਗਈ ਹੈ, ਪਰ ਇਸ ਦੇ ਬਦਲੇ ਨੌਵੇਂ ਪਾਤਸ਼ਾਹ ਜੀ ਦੇ ਸ਼ਹੀਦੀ ਦਿਹਾੜੇ ਦੀ ਛੁੱਟੀ ਰੱਦ ਕਰਨੀ ਠੀਕ ਨਹੀਂ। ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਸਬੰਧ ਵਿਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਯ ਨਾਥ ਨੂੰ ਇਕ ਪੱਤਰ ਵੀ ਲਿਖਿਆ ਜਾ ਰਿਹਾ ਹੈ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION