ਯੈੱਸ ਪੰਜਾਬ
ਚੰਡੀਗੜ, 7 ਜਨਵਰੀ, 2022:
ਰਾਸ਼ਟਰੀ ਅਨੁਸੂਚਿਤ ਜਾਤੀ ਕਮਿਸ਼ਨ ਨੇ ਮੁੰਬਈ ਦੇ ਨਾਰਕੋਟਿਕ ਕੰਟਰੋਲ ਬਿਊਰੋ (ਐਨਸੀਬੀ) ਦੇ ਜੋਨਲ ਡਾਇਰੈਕਟਰ ਸਮੀਰ ਵਾਨਖੇੜੇ ਨੂੰ ਤੰਗ ਪਰੇਸ਼ਾਨ ਕਰਨ ਦੇ ਮਾਮਲੇ ’ਚ ਮਹਾਰਾਸ਼ਟਰ ਦੇ ਮੁੱਖ ਸਕੱਤਰ, ਡੀਜੀਪੀ ਅਤੇ ਮੁੰਬਈ ਦੇ ਪੁਲਿਸ ਕਮਿਸ਼ਨਰ ਦੇ ਨਾਲ ਨਾਲ, ਗ੍ਰਹਿ ਮੰਤਰਾਲੇ ਦੇ ਕੌਮੀ ਸਕੱਤਰ ਨੂੰ 31 ਜਨਵਰੀ ਨੂੰ ਨਵੀਂ ਦਿੱਲੀ ’ਚ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਅੱਗੇ ਵਿਅਕਤੀਗਤ ਤੌਰ ’ਤੇ ਪੇਸ਼ ਹੋਣ ਲਈ ਨੋਟਿਸ ਜਾਰੀ ਕੀਤਾ ਹੈ।
ਮੁੰਬਈ ਦੇ ਪੁਲਿਸ ਕਮਿਸ਼ਨਰ ਨੂੰ ਲਿਖਤੀ ਨੋਟਿਸ ਜਾਰੀ ਕਰਦਿਆਂ ਕਮਿਸ਼ਨ ਦੇ ਡਾਇਰੈਕਟਰ ਨੇ ਕਿਹਾ ਕਿ ਕਿ 31 ਜਨਵਰੀ ਨੂੰ ਕਮਿਸ਼ਨ ਦੇ ਚੇਅਰਮੈਨ ਵਿਜੈ ਸਾਂਪਲਾ ਨੇ ਮੁੰਬਈ ਦੇ ਪੁਲਿਸ ਕਮਿਸ਼ਨਰ ਨਾਲ-ਨਾਲ ਮਹਾਰਾਸ਼ਟਰ ਮੁੱਖ ਸਕੱਤਰ, ਡੀਜੀਪੀ ਅਤੇ ਗ੍ਰਹਿ ਮੰਤਰਾਲੇ ਦੇ ਕੌਮੀ ਸਕੱਤਰ ਨੂੰ ਵਿਅਕਤੀਗਤ ਤੌਰ ’ਤੇ ਹਾਜ਼ਰ ਰਹਿਣ ਨੂੰ ਕਿਹਾ ਹੈ। ਉਨਾਂ ਕਿਹਾ ਕਿ ਤਰੀਕ ਵਾਲੇ ਦਿਨ ਸਾਰੇ ਅਫਸਰਾਂ ਨੂੰ ਕਾਰਵਾਈ ਰਿਪੋਰਟ ਸਮੇਤ ਸਾਰੇ ਦਸਤਾਵੇਜ ਲੈ ਕੇ ਇਸ ਮੀਟਿੰਗ ਵਿਚ ਲੈ ਕੇ ਆਉਣ ਨੂੰ ਕਿਹਾ ਗਿਆ ਹੈ।
ਅਨੁਸੂਚਿਤ ਜਾਤੀ ਕਮਿਸ਼ਨ ਨੇ ਮਹਾਰਾਸ਼ਟਰ ਸਰਕਾਰ ਨੂੰ ਵੀ ਹਦਾਇਤ ਕੀਤੀ ਹੈ ਕਿ ਜਦ ਤੱਕ ਕਮਿਸ਼ਨ ਆਪਣੀ ਜਾਂਚ ਪੜਤਾਲ ਮੁਕੰਮਲ ਨਹੀਂ ਕਰ ਲੈਂਦਾ ਉਦੋਂ ਤੱਕ ਇਸ ਕੇਸ ਵਿਚ ਕੋਈ ਅੰਤਮ ਫੈਸਲਾ ਨਾ ਲਿਆ ਜਾਵੇ। ਕਮਿਸ਼ਨ ਦੇ ਡਾਇਰੈਕਟਰ ਨੇ ਮੁੰਬਈ ਦੇ ਪੁਲੀਸ ਕਮਿਸ਼ਨਰ ਨੂੰ ਲਿਖੇ ਪੱਤਰ ਵਿਚ ਕਿਹੈ ਕਿ ਇਹ ਆਦੇਸ਼ ਕਮਿਸ਼ਨ ਦੇ ਨੇਮ ਦੀ ਦਫ਼ਾ 7/2 ਤਹਿਤ ਜਾਰੀ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਨਾਰਕੋਟਿਕ ਕੰਟਰੋਲ ਬਿਊਰੋ (ਐਨਸੀਬੀ) ਦੇ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਉਸ ਵਕਤ ਖਬਰਾਂ ਵਿਚ ਚਰਚਾ ਵਿਚ ਆਏ ਸਨ, ਜਦੋਂ ਸ਼ਾਹਰੁਖ ਖਾਨ ਦੇ ਪੁੱਤਰ ਆਰਿਆਨ ਖਾਨ ਨੂੰ ਨਸ਼ੀਲੇ ਪਦਾਰਥਾਂ ਦੇ ਮਾਮਲੇ ’ਚ ਗਿ੍ਰਰਫ਼ਤਾਰ ਕੀਤਾ ਗਿਆ ਸੀ। ਉਨਾਂ ਉਪਰ ਮਹਾਂਰਾਸ਼ਟਰ ਦੇ ਮੰਤਰੀ ਨਵਾਬ ਮਲਿਕ ਨੇ ਦੋਸ਼ ਲਾਇਆ ਸੀ ਕਿ ਸਮੀਰ ਨੇ ਜਾਤੀ ਦਾ ਜਾਅਲੀ ਸਰਟੀਫਿਕੇਟ ਦੇ ਕੇ ਨੌਕਰੀ ਹਾਸਲ ਕੀਤੀ ਸੀ। ਸਮੀਰ ਨੇ ਕਿਹਾ ਕਿ ਉਸ ਨੂੰ ਝੂਠੇ ਕੇਸ ਵਿਚ ਫਸਾਇਆ ਜਾ ਰਿਹਾ ਹੈ।
ਸਮੀਰ ਵਾਨਖੇੜੇ ਨੇ ਕਮਿਸ਼ਨ ਕੋਲ ਸ਼ਿਕਾਇਤ ਕੀਤੀ ਸੀ ਕਿ ਉਨਾਂ ਨੂੰ ਜਾਣਬੁੱਝ ਕੇ ਤੰਗ ਪਰੇਸ਼ਨ ਕੀਤਾ ਜਾ ਰਿਹਾ ਹੈ ਅਤੇ ਇਸ ਦੀ ਪੜਤਾਲ ਦੀ ਮੰਗ ਕੀਤੀ ਸੀ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ