27.1 C
Delhi
Saturday, April 27, 2024
spot_img
spot_img

ਸਿੰਗਾਪੁਰ ਟ੍ਰੇਨਿੰਗ ਲਈ ਜਾਣ ਵਾਲੇ ਪ੍ਰਿੰਸੀਪਲਾਂ ਦੇ ਦੂਜੇ ਬੈੱਚ ਨੂੰ ਭਗਵੰਤ ਮਾਨ ਨੇ ਵਿਖ਼ਾਈ ਹਰੀ ਝੰਡੀ, ਕਿਹਾ ਸਿਫ਼ਾਰਿਸ਼ ਨਹੀਂ ਮੈਰਿਟ ਦੇ ਆਧਾਰ ’ਤੇ ਹੋ ਰਹੀ ਚੋਣ

ਯੈੱਸ ਪੰਜਾਬ

ਚੰਡੀਗੜ੍ਹ, 3 ਮਾਰਚ, 2023 – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਸੂਬਾ ਸਿੱਖਿਆ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀ ਦਾ ਗਵਾਹ ਬਣੇਗਾ ਜਿਸ ਨਾਲ ਵਿਦਿਆਰਥੀ ਆਪਣੇ ਉੱਜਵਲ ਭਵਿੱਖ ਦੀ ਸਿਰਜਣਾ ਕਰ ਸਕਣਗੇ।

ਇੱਥੇ ਮਗਸੀਪਾ ਵਿਖੇ ਅਧਿਆਪਕਾਂ ਦੇ ਦੂਜੇ ਬੈਚ ਨੂੰ ਸਿੰਗਾਪੁਰ ਸਿਖਲਾਈ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕਰਨ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਸਿਖਲਾਈ ਦੌਰਾਨ ਇਨ੍ਹਾਂ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਪ੍ਰਚਲਿਤ ਆਧੁਨਿਕ ਅਧਿਆਪਨ ਅਭਿਆਸਾਂ ਦੀ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਵਾਪਸੀ ਤੋਂ ਬਾਅਦ ਇਹ ਅਧਿਆਪਕ ਵਿਦਿਆਰਥੀਆਂ ਅਤੇ ਆਪਣੇ ਸਾਥੀ ਅਧਿਆਪਕਾਂ ਨਾਲ ਇਨ੍ਹਾਂ ਅਭਿਆਸਾਂ ਨੂੰ ਸਾਂਝਾ ਕਰਨਗੇ ਅਤੇ ਇਹ ਯਕੀਨੀ ਬਣਾਉਣਗੇ ਕਿ ਵਿਦਿਆਰਥੀ ਵਿਦੇਸ਼ਾਂ ਵਿੱਚ ਪੜ੍ਹਾਈ ਦੇ ਪੈਟਰਨ ਤੋਂ ਜਾਣੂ ਹੋ ਸਕਣ। ਭਗਵੰਤ ਮਾਨ ਨੇ ਕਲਪਨਾ ਕੀਤੀ ਕਿ ਇਸ ਨਾਲ ਸੂਬੇ ਦੇ ਵਿਦਿਆਰਥੀ ਵਿਦੇਸ਼ਾਂ ਵਿੱਚ ਪੜ੍ਹੇ-ਲਿਖੇ ਆਪਣੇ ਸਾਥੀਆਂ ਦਾ ਮੁਕਾਬਲਾ ਕਰਨ ਦੇ ਯੋਗ ਹੋਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਇੱਕ ਕ੍ਰਾਂਤੀਕਾਰੀ ਕਦਮ ਹੈ ਜੋ ਵਿਦਿਆਰਥੀਆਂ ਦੀ ਭਲਾਈ ਲਈ ਸੂਬੇ ਦੀ ਸਮੁੱਚੀ ਸਿੱਖਿਆ ਪ੍ਰਣਾਲੀ ਨੂੰ ਵੱਡੇ ਪੱਧਰ ‘ਤੇ ਮਜ਼ਬੂਤੀ ਦੇਵੇਗਾ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ ਕਿਉਂਕਿ ਇਹ ਅਧਿਆਪਕ ਆਉਣ ਵਾਲੇ ਸਮੇਂ ਵਿੱਚ ਸਿੱਖਿਆ ਖੇਤਰ ਵਿੱਚ ਬਦਲਾਅ ਦੇ ਏਜੰਟ ਵਜੋਂ ਕੰਮ ਕਰਨਗੇ। ਭਗਵੰਤ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਸ ਨਾਲ ਵਿਦਿਆਰਥੀਆਂ ਨੂੰ ਬਹੁਤ ਫਾਇਦਾ ਹੋਵੇਗਾ ਅਤੇ ਸੂਬੇ ਦੀ ਸਿੱਖਿਆ ਪ੍ਰਣਾਲੀ ਵਿੱਚ ਲੋੜੀਂਦੀ ਗੁਣਾਤਮਕ ਤਬਦੀਲੀ ਆਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੇ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਅਧਿਆਪਕ ਰਾਜ ਜਾਂ ਕੌਮੀ ਪੁਰਸਕਾਰ ਐਵਾਰਡੀ ਹਨ ਅਤੇ ਸਿੱਖਿਆ ਦੇ ਖੇਤਰ ਵਿੱਚ ਆਪਣਾ ਵੱਖਰਾ ਸਥਾਨ ਬਣਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਅਧਿਆਪਕਾਂ ਦੀ ਚੋਣ ਕਰਨ ਦਾ ਇੱਕੋ ਇੱਕ ਮਾਪਦੰਡ ਮੈਰਿਟ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਉਹ ਸਿੱਖਿਆ ਸੁਧਾਰ ਵਿੱਚ ਮੋਹਰੀ ਭੂਮਿਕਾ ਨਿਭਾਉਣ। ਭਗਵੰਤ ਮਾਨ ਨੇ ਕਿਹਾ ਕਿ ਸਿਖਲਾਈ ਤੋਂ ਬਾਅਦ ਉਨ੍ਹਾਂ ਨੂੰ ਸੂਬੇ ਭਰ ਦੇ ਕਿਸੇ ਵੀ ਸਕੂਲ ਵਿੱਚ ਤਾਇਨਾਤ ਕਰਨ ਲਈ ਉਨ੍ਹਾਂ ਨਾਲ ਪਹਿਲਾਂ ਹੀ ਸਮਝੌਤਾ ਕੀਤਾ ਜਾ ਚੁੱਕਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਜਿਹੀ ਹੀ ਇੱਕ ਪਹਿਲਕਦਮੀ ਜੋ ਸਿੱਖਿਆ ਦੇ ਸੁਧਾਰ ਲਈ ਬਹੁਤ ਸਹਾਈ ਸਿੱਧ ਹੋਵੇਗੀ, ਉਹ ਹੈ ਸਕੂਲ ਆਫ਼ ਐਮੀਨੈਂਸ । ਉਨ੍ਹਾਂ ਕਿਹਾ ਕਿ ਇਹ ਸਕੂਲ ਭਵਿੱਖੀ ਮੁਕਾਬਲਿਆਂ ਲਈ ਵਿਦਿਆਰਥੀਆਂ ਨੂੰ ਤਿਆਰ ਕਰਨ ਵਾਸਤੇ ਵਧੇਰੇ ਸਹਾਈ ਸਿੱਧ ਹੋਣਗੇ। ਭਗਵੰਤ ਮਾਨ ਨੇ ਕਲਪਨਾ ਕੀਤੀ ਕਿ ਇਹ ਸਕੂਲ ਦੂਜੇ ਸੂਬਿਆਂ ਲਈ ਰੋਲ ਮਾਡਲ ਬਣਨਗੇ ਜਿਸ ਨੂੰ ਦੇਸ਼ ਭਰ ਵਿੱਚ ਅਪਣਾਇਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਸਾਰੇ ਯਤਨਾਂ ਦਾ ਇੱਕੋ ਇੱਕ ਉਦੇਸ਼ ਨੌਜਵਾਨਾਂ ਨੂੰ ਸੂਬੇ ਦੇ ਸਮਾਜਿਕ-ਆਰਥਿਕ ਵਿਕਾਸ ਵਿੱਚ ਸਰਗਰਮ ਭਾਈਵਾਲ ਬਣਾ ਕੇ ਹੁਨਰ ਦੀ ਹਿਜਰਤ ਦੇ ਰੁਝਾਨ ਨੂੰ ਉਲਟਾਉਣਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਨੌਜਵਾਨਾਂ ਵਿੱਚ ਵੱਡੀ ਸਮਰੱਥਾ ਹੈ ਜਿਸ ਕਾਰਨ ਵਿਸ਼ਵ ਪ੍ਰਸਿੱਧ ਆਈ.ਟੀ ਕੰਪਨੀਆਂ ਅਤੇ ਯੂਨੀਵਰਸਿਟੀਆਂ ਸੂਬੇ ਨਾਲ ਗਿਆਨ ਸਾਂਝਾ ਕਰਨ ਸਬੰਧੀ ਸਮਝੌਤਾ ਕਰਨਾ ਚਾਹੁੰਦੀਆਂ ਹਨ। ਭਗਵੰਤ ਮਾਨ ਨੇ ਕਿਹਾ ਕਿ ਅਸਲ ਵਿੱਚ ਪੰਜਾਬ ਦੇਸ਼ ਭਰ ਵਿੱਚ ਮਿਆਰੀ ਸਿੱਖਿਆ ਦੇ ਮਾਡਲ ਵਜੋਂ ਉੱਭਰਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸਿੰਗਾਪੁਰ ਦਾ ਦੌਰਾ ਸਿੱਖਿਆ ਦੇ ਖੇਤਰ ਵਿੱਚ ਅਧਿਆਪਕਾਂ ਦੇ ਪੇਸ਼ੇਵਰ ਗਿਆਨ ਅਤੇ ਮੁਹਾਰਤ ਵਿੱਚ ਵਾਧਾ ਕਰੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਪਣੀ ਕਿਸਮ ਦੀ ਇਹ ਪਹਿਲੀ ਪਹਿਲਕਦਮੀ ਅਧਿਆਪਕਾਂ ਦੀ ਵਿਦੇਸ਼ ਜਾ ਕੇ ਸਿਖਲਾਈ ਲਈ ਰਾਜ ਯੋਜਨਾ ਦਾ ਹਿੱਸਾ ਹੈ, ਜਿਸ ਨੂੰ ਮੰਤਰੀ ਮੰਡਲ ਵੱਲੋਂ ਮਨਜ਼ੂਰੀ ਦਿੱਤੀ ਗਈ ਹੈ ਅਤੇ ਇਸ ਦਾ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਅਧਿਆਪਕਾਂ ਦੇ ਪੇਸ਼ੇਵਰ ਹੁਨਰ ਵਿੱਚ ਵਾਧਾ ਹੋਵੇ ਤਾਂ ਜੋ ਉਹ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਪ੍ਰਦਾਨ ਕਰ ਸਕਣ। ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਦਾ ਇੱਕੋ ਇੱਕ ਉਦੇਸ਼ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਮਿਆਰੀ ਸਿੱਖਿਆ ਯਕੀਨੀ ਬਣਾਉਣਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਸਿਖਲਾਈ ਅਧਿਆਪਕਾਂ ਨੂੰ ਪੜ੍ਹਾਉਣ ਦੇ ਅਤਿ-ਆਧੁਨਿਕ ਢੰਗ-ਤਰੀਕਿਆਂ, ਲੀਡਰਸ਼ਿਪ ਦੇ ਹੁਨਰ, ਅਧਿਆਪਨ-ਸਿਖਲਾਈ ਸਮੱਗਰੀ ਤਿਆਰ ਕਰਨ ਅਤੇ ਮਹਾਂਮਾਰੀ ਤੋਂ ਬਾਅਦ ਦੀ ਦੁਨੀਆ ਵਿੱਚ ਆਡੀਓ-ਵਿਜ਼ੂਅਲ ਟੈਕਨਾਲੋਜੀ ਬਾਰੇ ਜਾਣਨ ਦਾ ਮੌਕਾ, ਅਸੈਂਸ਼ੀਅਲਜ਼ ਆਫ਼ ਸਟ੍ਰੈਟੇਜਿਕ ਮੈਨੇਜਮੈਂਟ, ਸਕੂਲ ਦੇ ਮਾਹੌਲ ਵਿੱਚ ਬਦਲਾਅ, ਬਿਲਡਿੰਗ ਟੀਚਰਜ਼ ਪ੍ਰੋਫੈਸ਼ਨਲ ਕੈਪੀਟਲ, ਪਾਠਕ੍ਰਮ ਸਬੰਧੀ ਲੀਡਰਸ਼ਿਪ, ਮੈਂਟਰਿੰਗ ਐਂਡ ਲੈਸਨ ਅਬਜਰਵੇਸ਼ਨ ਸਕਿੱਲਜ਼, ਅਧਿਆਪਨ ਅਤੇ ਸਿੱਖਣ ਵਿੱਚ ਨਵੀਨਤਾ ਅਤੇ ਪ੍ਰਭਾਵੀ ਸੰਚਾਰ ਨਾਲ ਲੈਸ ਕਰਕੇ ਉਨ੍ਹਾਂ ਦੇ ਤਜ਼ਰਬੇ ਨੂੰ ਹੋਰ ਵਿਸ਼ਾਲ ਕਰਨ ਵਿੱਚ ਵਧੇਰੇ ਸਹਾਈ ਸਿੱਧ ਹੋਵੇਗੀ।

ਉਨ੍ਹਾਂ ਨੇ ਕਲਪਨਾ ਕੀਤੀ ਕਿ ਇਹ ਪਹਿਲਕਦਮੀ ਰਾਜ ਵਿੱਚ ਸਿੱਖਿਆ ਪ੍ਰਣਾਲੀ ਦੇ ਸੁਧਾਰ ਲਈ ਇੱਕ ਮੀਲ ਪੱਥਰ ਸਾਬਤ ਹੋਵੇਗੀ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਇਨ੍ਹਾਂ ਯਤਨਾਂ ਸਦਕਾ ਪੰਜਾਬ ਜਲਦ ਹੀ ਸਿੱਖਿਆ ਦੇ ਖੇਤਰ ਵਿੱਚ ਮੋਹਰੀ ਸੂਬਾ ਬਣ ਕੇ ਉੱਭਰੇਗਾ।    

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION