26.1 C
Delhi
Sunday, April 28, 2024
spot_img
spot_img

ਸੁਖ਼ਬੀਰ ਬਾਦਲ ਦਾ ਵਿਰੋਧੀਆਂ ’ਤੇ ਤਿੱਖਾ ਹਮਲਾ, ਕਿਹਾ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ’ਤੇ ਉਂਗਲ ਉਠਾਉਣ ਵਾਲੇ ਲੋਕ ਖ਼ੁਦ ਪੰਥ ਵਿਰੋਧੀਆਂ ਦੀ ਬੁੱਕਲ ’ਚ ਬੈਠੇ

ਯੈੱਸ ਪੰਜਾਬ
ਅੰਮ੍ਰਿਤਸਰ, 8 ਅਗਸਤ, 2022:
100 ਸਾਲ ਪਹਿਲਾਂ ਸੰਨ 1922 ਵਿਚ ਗੁਰਦੁਆਰਾ ਸੁਧਾਰ ਲਹਿਰ ਤਹਿਤ ਲਗਾਏ ਗਏ ਮੋਰਚਾ ਗੁਰੂ ਕਾ ਬਾਗ ਦੀ ਪਹਿਲੀ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਕਾ ਬਾਗ ਘੁੱਕੇਵਾਲੀ, ਅੰਮ੍ਰਿਤਸਰ ਵਿਖੇ ਕੀਤੇ ਗਏ ਵਿਸ਼ਾਲ ਸਮਾਗਮ ਦੌਰਾਨ ਵੱਡੀ ਗਿਣਤੀ ਵਿਚ ਪੰਥਕ ਸ਼ਖ਼ਸੀਅਤਾਂ ਅਤੇ ਸੰਗਤਾਂ ਨੇ ਸ਼ਮੂਲੀਅਤ ਕੀਤੀ। ਇਸ ਸ਼ਤਾਬਦੀ ਸਮਾਗਮ ਦੌਰਾਨ ਪੰਥ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੇ ਆਪਣੇ ਸੰਬੋਧਨ ਦੌਰਾਨ ਸਿੱਖ ਇਤਿਹਾਸ ਦੇ ਪੰਨਿਆਂ ਤੋਂ ਸੇਧ ਲੈਣ ਅਤੇ ਇਕਜੁਟਤਾ ਨਾਲ ਪੰਥ ਦੀ ਚੜ੍ਹਦੀ ਕਲਾ ਲਈ ਕਾਰਜ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ।

ਵਿਸ਼ਾਲ ਸੰਗਤੀ ਇਕੱਠ ਨੂੰ ਸੰਬੋਧਨ ਕਰਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਖ਼ਾਲਸਾ ਪੰਥ ਨੇ ਹਮੇਸ਼ਾ ਹੀ ਹੱਕ ਸੱਚ ਲਈ ਲੜਾਈ ਲੜੀ ਅਤੇ ਗੁਰਦੁਆਰਾ ਗੁਰੂ ਕਾ ਬਾਗ ਦਾ ਮੋਰਚਾ ਵੀ ਇਸੇ ਪ੍ਰਸੰਗ ਵਿਚ ਹੀ ਫ਼ਤਹਿ ਕੀਤਾ ਗਿਆ। ਇਸ ਮੋਰਚੇ ਵਿਚ ਅੰਗਰੇਜ਼ ਸਰਕਾਰ ਨੇ ਜ਼ੁਲਮਾਂ ਦੀ ਹੱਦ ਪਾਰ ਕਰ ਦਿੱਤੀ ਸੀ, ਪਰ ਸਿੱਖਾਂ ਨੇ ਦ੍ਰਿੜ੍ਹਤਾ ਨਾਲ ਸਬਰ ਨੂੰ ਡੋਲ੍ਹਣ ਨਾ ਦਿੱਤਾ ਅਤੇ ਜਿੱਤ ਪ੍ਰਾਪਤ ਕਰਨ ਤਕ ਸੰਘਰਸ਼ ਜਾਰੀ ਰੱਖਿਆ।

ਉਨ੍ਹਾਂ ਕਿਹਾ ਕਿ ਕੌਮ ਦੇ ਇਸ ਸ਼ਾਨਾਂਮੱਤੇ ਇਤਿਹਾਸ ਨੂੰ ਨੌਜੁਆਨੀ ਤੱਕ ਲੈ ਕੇ ਜਾਣ ਦੀ ਲੋੜ ਹੈ, ਤਾਂ ਜੋ ਭਵਿੱਖ ਵਿਚ ਚੁਣੌਤੀਆਂ ਦਾ ਟਾਕਰਾ ਕਰਨ ਲਈ ਅਗਲੀ ਪੀੜ੍ਹੀ ਤਿਆਰ ਹੋ ਸਕੇ। ਉਨ੍ਹਾਂ ਧਰਮ ਪ੍ਰਵਰਤਨ ਬਾਰੇ ਗੱਲ ਕਰਦਿਆਂ ਕਿਹਾ ਕਿ ਇਹ ਵਰਤਾਰਾ ਰੋਕਣ ਲਈ ਸਿੱਖਾਂ ਨੂੰ ਆਪਣੇ ਇਤਿਹਾਸ ਤੋਂ ਸੇਧ ਪ੍ਰਾਪਤ ਕਰਨੀ ਚਾਹੀਦੀ ਹੈ।

ਇਸ ਸਬੰਧ ਵਿਚ ਦਸਵੇਂ ਪਾਤਸ਼ਾਹ ਜੀ ਦੇ ਸਾਹਿਬਜ਼ਾਦਿਆਂ ਦਾ ਇਤਿਹਾਸ ਪ੍ਰੇਰਣਾ ਸਰੋਤ ਹੈ, ਜੋ ਅਨੇਕਾਂ ਤਰ੍ਹਾਂ ਦੇ ਲਾਲਚ ਅਤੇ ਮੁਗਲਾਂ ਦੇ ਜੁਲਮ ਦੀ ਸਿਖਰ ਦੇ ਬਾਵਜੂਦ ਵੀ ਆਪਣੇ ਧਰਮ ਵਿਚ ਪੱਕੇ ਰਹੇ। ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਨੂੰ ਸਿੱਖੀ ਪ੍ਰਚਾਰ ਲਈ ਅੱਗੇ ਆਉਣ ਲਈ ਵੀ ਕਿਹਾ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਕਮੇਟੀ ਨੂੰ ਵੀ ਸਿੱਖੀ ਪ੍ਰਚਾਰ ਲਈ ਘਰ ਘਰ ਤੱਕ ਪਹੁੰਚ ਕਰਨ ਅਤੇ ਖ਼ਾਸਕਰ ਸੰਵਾਦ ਵਿਧੀ ਅਪਨਾਉਣ ਲਈ ਪ੍ਰੇਰਿਆ।

ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਿੱਖ ਇਤਿਹਾਸ ਨੂੰ ਸੰਗਤ ਤੱਕ ਪਹੁੰਚਾਉਣ ਲਈ ਸਰਗਰਮ ਧਰਮ ਪ੍ਰਚਾਰ ਲਹਿਰ ਜਾਰੀ ਰੱਖਣ ਦਾ ਐਲਾਨ ਕਰਦਿਆਂ ਸੰਗਤ ਨੂੰ ਵੀ ਸਿੱਖੀ ਪ੍ਰਚਾਰ ਲਈ ਸਹਿਯੋਗ ਕਰਨ ਦੀ ਅਪੀਲ ਕੀਤੀ।

ਉਨ੍ਹਾਂ ਕਿਹਾ ਕਿ ਮੌਜੂਦਾ ਸਮੇਂ ਬਹੁਤ ਸਾਰੇ ਲੋਕ ਸਿੱਖ ਵਿਰੋਧੀ ਸ਼ਕਤੀਆਂ ਦੀ ਸ਼ਹਿ ’ਤੇ ਸਿੱਖ ਪੰਥ ਵਿਚ ਵੰਡੀਆਂ ਪਾਉਣ ਦਾ ਯਤਨ ਕਰ ਰਹੇ ਹਨ, ਜਿਨ੍ਹਾਂ ਦੀਆਂ ਚਾਲਾਂ ਨੂੰ ਸਮਝਣ ਦੀ ਵੱਡੀ ਲੋੜ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਆਰਐਸਐਸ ਦੀ ਸ਼ਹਿ ’ਤੇ ਇਹ ਲੋਕ ਪੰਜਾਬ ਅੰਦਰ ਜ਼ਮੀਨ ਤਿਆਰ ਕਰਨਾ ਚਾਹੁੰਦੇ ਹਨ ਅਤੇ ਇਨ੍ਹਾਂ ਦਾ ਮੰਤਵ ਸਿੱਧੇ ਅਸਿੱਧੇ ਤੌਰ ’ਤੇ ਸ਼੍ਰੋਮਣੀ ਕਮੇਟੀ ਚੋਣਾਂ ਰਾਹੀਂ ਗੁਰਦੁਆਰਿਆਂ ਦਾ ਪ੍ਰਬੰਧ ਹਥਿਆਉਣਾ ਹੈ।

ਪਰੰਤੂ ਖਾਲਸਾ ਪੰਥ ਅਜਿਹੀਆਂ ਸ਼ਕਤੀਆਂ ਵਿਰੁੱਧ ਹਮੇਸ਼ਾ ਤਕੜਾ ਰਿਹਾ ਹੈ ਅਤੇ ਅੱਜ ਵੀ ਸ਼ਕਤੀਸ਼ਾਲੀ ਹੈ, ਜੋ ਇਨ੍ਹਾਂ ਦੀਆਂ ਸਾਜ਼ਿਸ਼ੀ ਚਾਲਾਂ ਨੂੰ ਕਾਮਯਾਬ ਨਹੀਂ ਹੋਣ ਦੇਵੇਗਾ। ਉਨ੍ਹਾਂ ਆਖਿਆ ਕਿ ਚੁਣੌਤੀਆਂ ਦੇ ਸਮੇਂ ਵਿਚ ਸਿੱਖ ਕੌਮ ਹਮੇਸ਼ਾ ਪ੍ਰਫੁੱਲਤ ਹੋਈ ਹੈ ਅਤੇ ਇਸ ਦਾ ਗਵਾਹ ਸਿੱਖ ਇਤਿਹਾਸ ਦੇ ਸਾਕੇ ਤੇ ਮੋਰਚੇ ਹਨ। ਗੁਰਦੁਆਰਾ ਗੁਰੂ ਕਾ ਬਾਗ ਦਾ ਮੋਰਚਾ ਵੀ ਅਜਿਹੀਆਂ ਚੁਣੌਤੀਆਂ ਵਿੱਚੋਂ ਹੀ ਨਿਕਲਿਆ ਸੀ ਅਤੇ ਸਿੱਖ ਕੌਮ ਨੇ ਵਿਰੋਧੀ ਸ਼ਕਤੀਆਂ ਨੂੰ ਮਾਤ ਦਿੱਤੀ ਸੀ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਪੱਸ਼ਟ ਕੀਤਾ ਕਿ ਸਰਹੱਦੀ ਇਲਾਕੇ ਵਿਚ ਧਰਮ ਪ੍ਰਵਰਤਨ ਸਬੰਧੀ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕ ਲਗਾਤਾਰ ਕਾਰਜਸ਼ੀਲ ਹਨ। ਉਨ੍ਹਾਂ ਕਿਹਾ ਕਿ ਉਂਝ ਇਸ ਸਬੰਧੀ ਚਰਚਾ ਜ਼ਿਆਦਾ ਹੈ ਅਤੇ ਜ਼ਮੀਨੀ ਪੱਧਰ ’ਤੇ ਹਾਲਾਤ ਕੁਝ ਹੋਰ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਐਲਾਨ ਕੀਤਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਹੇਠ ਚਲਦੇ ਸਿੱਖ ਮਿਸ਼ਨਰੀ ਕਾਲਜਾਂ ਦੇ ਸੈਂਕੜੇ ਵਿਦਿਆਰਥੀ ਸਰਹੱਦੀ ਇਲਾਕਿਆਂ ਵਿਚ ਪ੍ਰਚਾਰ ਲਈ ਤੋਰੇ ਜਾਣਗੇ, ਤਾਂ ਜੋ ਧਰਮ ਪ੍ਰਵਰਤਨ ਬਾਰੇ ਚਰਚਾ ਦਾ ਸੱਚ ਜਾਣਿਆ ਜਾ ਸਕੇ।

ਸ਼ਤਾਬਦੀ ਸਮਾਰੋਹ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਮੋਰਚਾ ਗੁਰੂ ਕਾ ਬਾਗ ਵਿਚ ਹਿੱਸਾ ਲੈਣ ਵਾਲੇ ਸਿੱਖ ਯੋਧਿਆਂ ਨੂੰ ਸਤਿਕਾਰ ਭੇਟ ਕਰਦਿਆਂ ਸਿੱਖ ਰਵਾਇਤਾਂ ਦਾ ਪਾਲਣ ਕਰਨ ਦੀ ਵਚਨਬੱਧਤਾ ਪ੍ਰਗਟਾਈ। ਉਨ੍ਹਾਂ ਆਖਿਆ ਕਿ ਸਿੱਖ ਕੌਮ ਵੱਲੋਂ ਲਗਾਏ ਗਏ ਮੋਰਚੇ ਸਿੱਖ ਪੰਥ ਦੀ ਸ਼ਕਤੀ ਦਾ ਸੋਮਾਂ ਹਨ। ਸਿੱਖ ਇਤਿਹਾਸ ਅੰਦਰ ਮੋਰਚਿਆਂ ਦੇ ਪੰਨੇ ਅਤਿ ਅਹਿਮ ਹਨ, ਜਿਨ੍ਹਾਂ ’ਚੋਂ ਅਕਾਲੀ ਯੋਧਿਆਂ ਦੀ ਘਾਲਣਾ ਨਜ਼ਰੀਂ ਪੈਂਦੀ ਹੈ।

ਉਨ੍ਹਾਂ ਕਿਹਾ ਕਿ ਸਿੱਖ ਇਤਿਹਾਸ ਦੇ ਸਾਕੇ ਤੇ ਮੋਰਚੇ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਦ੍ਰਿੜ੍ਹਤਾ ਨਾਲ ਲੜੇ ਗਏ ਸਨ ਅਤੇ ਇਹ ਸਿੱਖ ਪੰਥ ਦੀਆਂ ਉਹ ਸੰਸਥਾਵਾਂ ਹਨ, ਜਿਨ੍ਹਾਂ ਨੇ ਸਿੱਖੀ ਦੀ ਚੜ੍ਹਦੀ ਕਲਾ ਅਤੇ ਪੰਜਾਬ ਦੇ ਮਸਲਿਆਂ ਲਈ ਆਪਣੇ ਨੁਕਸਾਨ ਦੀ ਪ੍ਰਵਾਹ ਨਹੀਂ ਕੀਤੀ। ਪਰੰਤੂ ਦੁੱਖ ਦੀ ਗੱਲ ਹੈ ਕਿ ਪੰਥ ਵਿਰੋਧੀ ਲੋਕਾਂ ਵੱਲੋਂ ਅੱਜ ਪੰਥ ਦੀਆਂ ਇਨ੍ਹਾਂ ਸੰਸਥਾਵਾਂ ਨੂੰ ਕਮਜ਼ੋਰ ਕਰਨ ਦੇ ਯਤਨ ਕੀਤੇ ਜਾ ਰਹੇ ਹਨ।

ਸ. ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ’ਤੇ ਬਿਨਾਂ ਕਾਰਨ ਉਂਗਲ ਉਠਾਉਣ ਵਾਲੇ ਲੋਕ ਖੁਦ ਪੰਥ ਵਿਰੋਧੀਆਂ ਦੀ ਬੁੱਕਲ ਵਿਚ ਬੈਠੇ ਹੋਏ ਹਨ ਅਤੇ ਇਨ੍ਹਾਂ ਦੀਆਂ ਚਾਲਾਂ ਨੂੰ ਪੰਥ ਕਦੇ ਕਾਮਯਾਬ ਨਹੀਂ ਹੋਣ ਦੇਵੇਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹਮੇਸ਼ਾ ਸਿੱਖ ਪੰਥ ਦੇ ਮਸਲਿਆਂ ’ਤੇ ਸੰਜੀਦਾ ਰਿਹਾ ਹੈ ਅਤੇ ਗੁਰੂ ਕਾ ਬਾਗ ਮੋਰਚੇ ਦੀ 100 ਸਾਲਾ ਸ਼ਤਾਬਦੀ ’ਤੇ ਪ੍ਰਣ ਕਰਦਾ ਹੈ ਕਿ ਪੰਥਕ ਭਲਾਈ ਲਈ ਹਮੇਸ਼ਾ ਯਤਨਸ਼ੀਲ ਰਹੇਗਾ।

ਇਸ ਮੌਕੇ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਤਰਨਾ ਦਲ ਦੇ ਮੁਖੀ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ, ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਦਲ ਬਾਬਾ ਬਿਧੀਚੰਦ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਨੇ ਵੀ ਸੰਗਤ ਨਾਲ ਵਿਚਾਰ ਸਾਂਝੇ ਕੀਤੇ ਅਤੇ ਗੁਰਬਾਣੀ ਤੇ ਸਿੱਖ ਇਤਿਹਾਸ ਨੂੰ ਆਪਣੇ ਜੀਵਨ ਦਾ ਹਿੱਸਾ ਬਨਾਉਣ ਦੀ ਅਪੀਲ ਕੀਤੀ। ਉਨ੍ਹਾਂ ਮੋਰਚਾ ਗੁਰੂ ਕਾ ਬਾਗ ਦੇ ਯੋਧਿਆਂ ਨੂੰ ਵੀ ਯਾਦ ਕੀਤਾ ਅਤੇ ਸਿੱਖ ਇਤਿਹਾਸ ਦੇ ਇਨ੍ਹਾਂ ਪੰਨਿਆਂ ਤੋਂ ਹਰ ਸਿੱਖ ਨੂੰ ਜਾਣੂ ਹੋਣ ਅਤੇ ਬੱਚਿਆਂ ਨੂੰ ਦੱਸਣ ਦੀ ਪ੍ਰੇਰਣਾ ਵੀ ਕੀਤੀ।

ਇਸ ਤੋਂ ਪਹਿਲਾਂ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਢਾਡੀ ਤੇ ਕਵੀਸ਼ਰ ਜਥਿਆਂ ਨੇ ਇਤਿਹਾਸਕ ਵਾਰਾਂ ਗਾ ਕੇ ਮੋਰਚਾ ਦਾ ਇਤਿਹਾਸ ਸਰਵਣ ਕਰਵਾਇਆ। ਸਮਾਗਮ ਸਮੇਂ ਮੋਰਚੇ ਦਾ ਹਿੱਸਾ ਰਹੇ ਅਤੇ ਸ਼ਹੀਦ ਹੋਏ ਸਿੰਘਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਨਮਾਨਿਤ ਵੀ ਕੀਤਾ ਗਿਆ। ਇਸ ਤੋਂ ਇਲਾਵਾ ਪੁਜੀਆਂ ਪੰਥਕ ਸ਼ਖ਼ਸੀਅਤਾਂ ਨੂੰ ਵੀ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਸਨਮਾਨਿਤ ਕੀਤਾ।

ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖ਼ਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰੇ ਮਸਕੀਨ, ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ, ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਸ. ਕਰਨੈਲ ਸਿੰਘ ਪੰਜੋਲੀ, ਸੀਨੀਅਰ ਅਕਾਲੀ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਡਾ. ਦਲਜੀਤ ਸਿੰਘ ਚੀਮਾ, ਸ. ਵੀਰ ਸਿੰਘ ਲੋਪੋਕੇ, ਸ. ਅਮਰਪਾਲ ਸਿੰਘ ਅਜਨਾਲਾ, ਸ. ਰਵਿੰਦਰ ਸਿੰਘ ਬ੍ਰਹਮਪੁਰਾ, ਸ. ਤਲਬੀਰ ਸਿੰਘ ਗਿੱਲ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿੰਗ ਕਮੇਟੀ ਮੈਂਬਰ ਸ. ਜੋਧ ਸਿੰਘ ਸਮਰਾ, ਸ. ਹਰਜਾਪ ਸਿੰਘ ਸੁਲਤਾਨਵਿੰਡ, ਸ. ਗੁਰਿੰਦਰਪਾਲ ਸਿੰਘ ਗੋਰਾ, ਸ. ਬਲਵਿੰਦਰ ਸਿੰਘ ਵੇਈਂਪੂਈਂ, ਸ. ਸਰਵਨ ਸਿੰਘ ਕੁਲਾਰ, ਬੀਬੀ ਗੁਰਪ੍ਰੀਤ ਕੌਰ, ਮੈਂਬਰ ਸ. ਸੁਰਜੀਤ ਸਿੰਘ ਭਿੱਟੇਵੱਡ, ਸ. ਭਗਵੰਤ ਸਿੰਘ ਸਿਆਲਕਾ, ਭਾਈ ਮਨਜੀਤ ਸਿੰਘ, ਭਾਈ ਅਮਰਜੀਤ ਸਿੰਘ ਚਾਵਲਾ, ਭਾਈ ਗੁਰਚਰਨ ਸਿੰਘ ਗਰੇਵਾਲ, ਬੀਬੀ ਸਵਰਨ ਕੌਰ ਤੇੜਾ, ਬਾਬਾ ਟੇਕ ਸਿੰਘ, ਸ. ਸਤਵਿੰਦਰ ਸਿੰਘ ਟੌਹੜਾ, ਭਾਈ ਅਜਾਇਬ ਸਿੰਘ ਅਭਿਆਸੀ, ਸ. ਸੁਖਵਰਸ਼ ਸਿੰਘ ਪੰਨੂ, ਸ. ਸੁਰਜੀਤ ਸਿੰਘ ਤੁਗਲਵਾਲ, ਸ. ਗੁਰਨਾਮ ਸਿੰਘ ਜੱਸਲ, ਸ. ਗੁਰਬਚਨ ਸਿੰਘ ਕਰਮੂਵਾਲਾ, ਸ. ਅਮਰਜੀਤ ਸਿੰਘ ਭਲਾਈਪੁਰ, ਸ. ਹਰਪਾਲ ਸਿੰਘ ਜੱਲ੍ਹਾ, ਸ. ਕੁਲਵੰਤ ਸਿੰਘ ਮੰਨਣ, ਬੀਬੀ ਜਸਵੀਰ ਕੌਰ, ਬੀਬੀ ਬਲਵਿੰਦਰ ਕੌਰ ਲੋਪੋਕੇ, ਸ. ਖੁਸ਼ਵਿੰਦਰ ਸਿੰਘ ਭਾਟੀਆ, ਸ. ਹਰਵਿੰਦਰ ਸਿੰਘ ਖਾਲਸਾ, ਬੀਬੀ ਜੋਗਿੰਦਰ ਕੌਰ, ਸ. ਗੁਰਿੰਦਰ ਸਿੰਘ ਸ਼ਾਮਪੁਰਾ, ਸ. ਕੁਲਦੀਪ ਸਿੰਘ ਤੇੜਾ, ਬਾਬਾ ਸੁਖਵਿੰਦਰ ਸਿੰਘ ਭੂਰੀਵਾਲੇ, ਬਾਬਾ ਗੱਜਣ ਸਿੰਘ ਤਰਨਾ ਦਲ ਬਾਬਾ ਬਕਾਲਾ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ, ਬਾਬਾ ਮੌਜ ਦਾਸ ਮਾੜੀ ਕੰਬੋਕੇ, ਬਾਬਾ ਗੁਰਦੇਵ ਸਿੰਘ ਕੁਲੀ ਵਾਲੇ, ਬਾਬਾ ਸੁਖਵਿੰਦਰ ਸਿੰਘ ਮਲਕਪੁਰ, ਬਾਬਾ ਸੁਬੇਗ ਸਿੰਘ ਗੋਇੰਦਵਾਲ, ਬਾਬਾ ਗੁਰਦਿਆਲ ਸਿੰਘ ਟਾਂਡੇ ਵਾਲੇ, ਬਾਬਾ ਨੌਰੰਗ ਸਿੰਘ, ਬਾਬਾ ਸੁੱਚਾ ਸਿੰਘ, ਬਾਬਾ ਮਨਮੋਹਨ ਸਿੰਘ ਬਾਰਨ ਵਾਲੇ, ਬਾਬਾ ਸਵਰਨ ਸਿੰਘ ਮਲਕਪੁਰ, ਬਾਬਾ ਸੁੱਖਾ ਸਿੰਘ ਖਿਆਲਾ, ਬਾਬਾ ਸੁਖਵਿੰਦਰ ਸਿੰਘ ਅਗਵਾਨ ਗੁਰਦੁਆਰਾ ਯਾਦਗਾਰ ਸ਼ਹੀਦਾਂ, ਬਾਬਾ ਧਰਮਜੀਤ ਸਿੰਘ, ਬਾਬਾ ਸੁਰਜੀਤ ਸਿੰਘ, ਬਾਬਾ ਪ੍ਰਤਾਪ ਸਿੰਘ, ਬਾਬਾ ਰਾਮ ਸਿੰਘ, ਬਾਬਾ ਸ਼ਮਸ਼ੇਰ ਸਿੰਘ, ਬਾਬਾ ਗੁਰਪ੍ਰੀਤ ਸਿੰਘ ਖਡੂਰ ਸਾਹਿਬ, ਬਾਬਾ ਅਵਤਾਰ ਸਿੰਘ, ਮਾਤਾ ਸਰਬਜੀਤ ਕੌਰ, ਬਾਬਾ ਮੇਜਰ ਸਿੰਘ, ਬਾਬਾ ਅਜਾਇਬ ਸਿੰਘ, ਬਾਬਾ ਸੁਰਿੰਦਰ ਸਿੰਘ ਮਿੱਠੇ ਟਿਵਾਣੇ ਵਾਲੇ, ਬਾਬਾ ਅਜੀਤ ਸਿੰਘ ਨਿਰਮਲ ਕੁਟੀਆਂ ਵਾਲੇ, ਬਾਬਾ ਸਤਨਾਮ ਸਿੰਘ ਕਿਲ੍ਹਾ ਅਨੰਦਗੜ੍ਹ ਸਾਹਿਬ, ਪ੍ਰਿੰਸੀਪਲ ਸਵਰਨ ਸਿੰਘ, ਸ਼੍ਰੋਮਣੀ ਕਮੇਟੀ ਦੇ ਵਧੀਕ ਸਕੱਤਰ ਸ. ਪਰਮਜੀਤ ਸਿੰਘ ਸਰੋਆ, ਸ. ਪ੍ਰਤਾਪ ਸਿੰਘ, ਸ. ਬਿਜੈ ਸਿੰਘ, ਓਐਸਡੀ ਸ. ਸਤਬੀਰ ਸਿੰਘ ਧਾਮੀ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਮੀਤ ਸਿੰਘ ਬੁੱਟਰ, ਸ. ਹਰਜੀਤ ਸਿੰਘ ਲਾਲੂਘੁੰਮਣ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਗੁਰਿੰਦਰ ਸਿੰਘ, ਸ. ਨਿਰਵੈਲ ਸਿੰਘ, ਸ. ਤੇਜਿੰਦਰ ਸਿੰਘ ਪੱਡਾ, ਸ. ਕੁਲਦੀਪ ਸਿੰਘ ਰੋਡੇ, ਸ. ਗੁਰਚਰਨ ਸਿੰਘ ਕੋਹਾਲਾ, ਸ. ਸਤਨਾਮ ਸਿੰਘ, ਸ. ਪਰਮਜੀਤ ਸਿੰਘ, ਸੁਪਰਡੰਟ ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਸ਼ਾਹਬਾਜ਼ ਸਿੰਘ, ਮੈਨੇਜਰ ਸ. ਜਗਜੀਤ ਸਿੰਘ, ਹੈੱਡ ਪ੍ਰਚਾਰਕ ਗਿਆਨੀ ਜਸਵਿੰਦਰ ਸਿੰਘ ਸ਼ਹੂਰ, ਪ੍ਰਚਾਰਕ ਭਾਈ ਵਰਿਆਮ ਸਿੰਘ, ਬੀਬੀ ਹਰਪ੍ਰੀਤ ਕੌਰ, ਪਿ੍ਰੰ: ਮਨਜੀਤ ਕੌਰ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਮੌਜੂਦ ਸਨ।

ਗੁਰਦੁਆਰਾ ਸੁਧਾਰ ਲਹਿਰ ਸਬੰਧੀ ਸਚਿੱਤਰ ਪੁਸਤਕ ਲੋਕ ਅਰਪਣ
ਮੋਰਚਾ ਗੁਰੂ ਕਾ ਬਾਗ ਦੀ ਸ਼ਤਾਬਦੀ ਦੇ ਸਮਾਗਮ ਸਮੇਂ ਸ਼੍ਰੋਮਣੀ ਕਮੇਟੀ ਵਲੋਂ ਵਿਸ਼ੇਸ਼ ਤੌਰ ’ਤੇ ਤਿਆਰ ਕੀਤੀ ਗਈ ਸਚਿੱਤਰ ਪੁਸਤਕ ਲੋਕ ਅਰਪਣ ਕੀਤੀ ਗਈ। ਇਸ ਨੂੰ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਮੈਂਬਰ ਤੇ ਇਤਿਹਾਸਕਾਰ ਸ. ਹਰਵਿੰਦਰ ਸਿੰਘ ਖਾਲਸਾ ਨੇ ਤਿਆਰ ਕੀਤਾ ਹੈ ਅਤੇ ਪ੍ਰਕਾਸ਼ਨਾ ਧਰਮ ਪ੍ਰਚਾਰ ਕਮੇਟੀ ਵੱਲੋਂ ਕੀਤੀ ਗਈ ਹੈ।

‘ਗੁਰਦੁਆਰਾ ਪ੍ਰਬੰਧ ਸੁਧਾਰ ਲਹਿਰ ਸਮੇਂ ਦੀ ਖੂਨੀ ਗਾਥਾ’ ਦੇ ਸਿਰਲੇਖ ਹੇਠ ਤਿਆਰ ਕੀਤੀ ਗਈ ਇਸ ਸਚਿੱਤਰ ਪੁਸਤਕ ਗੁਰਦੁਆਰਿਆਂ ਨੂੰ ਮਹੰਤਾਂ ਤੋਂ ਅਜ਼ਾਦ ਕਰਵਾਉਣ ਲਈ ਸਿਰਜੇ ਗਏ ਇਤਿਹਾਸ ਨੂੰ ਚਿੱਤਰਾਂ ਰਾਹੀਂ ਪੇਸ਼ ਕੀਤਾ ਗਿਆ ਹੈ।

ਮੋਰਚਾ ਗੁਰੂ ਕਾ ਬਾਗ ਦੀ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਨੇ ਚਿਤਰਕਲਾ ਵਰਕਸ਼ਾਪ ਲਗਾ ਕੇ ਇਹ ਚਿਤਰ ਤਿਆਰ ਕਰਵਾਏ ਸਨ, ਜਿਸ ਵਿਚ ਪੰਜਾਬ ਦੇ ਵੱਖ-ਵੱਖ ਹਿਸਿਆਂ ਤੋਂ ਪੁੱਜੇ ਚਿਤਰਕਾਰਾਂ ਨੇ ਯੋਗਦਾਨ ਪਾਇਆ। ਇਸ ਵਿਚ ਸ਼੍ਰੋਮਣੀ ਕਮੇਟੀ ਦੀ ਸਥਾਪਨਾ ਦੀ 100 ਸਾਲਾ ਸ਼ਤਾਬਦੀ ਮੌਕੇ ਤਿਆਰ ਕੀਤੇ ਗਏ ਚਿੱਤਰ ਵੀ ਸ਼ਾਮਲ ਕੀਤੇ ਗਏ ਹਨ। ਸ਼ਤਾਬਦੀ ਸਮਾਰੋਹ ਮੌਕ ਅੱਜ ਪੁਸਤਕ ਜਾਰੀ ਕਰਨ ਮੌਕੇ ਸਿੱਖ ਪੰਥ ਦੀਆਂ ਅਹਿਮ ਸ਼ਖ਼ਸੀਅਤਾਂ ਮੌਜੂਦ ਸਨ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION