36.1 C
Delhi
Wednesday, May 8, 2024
spot_img
spot_img

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਦੇ ਸਮਾਗਮ ਸ਼ੁਰੂ

ਯੈੱਸ ਪੰਜਾਬ
ਅੰਮ੍ਰਿਤਸਰ, 29 ਅਪ੍ਰੈਲ, 2021 –
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੀ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਸਬੰਧੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੰਥਕ ਰਵਾਇਤਾਂ ਅਨੁਸਾਰ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ।

ਇਸ ਸਬੰਧ ਵਿਚ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਗਏ, ਜਿਸ ਮਗਰੋਂ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ ਹੋਈ। ਪਹਿਲੇ ਦਿਨ ਦੇ ਸਮਾਗਮਾਂ ਤਹਿਤ ਸੰਗਤਾਂ ਵੱਲੋਂ ਕੀਤੇ ਗਏ 20 ਹਜ਼ਾਰ ਸਹਿਜ ਪਾਠਾਂ ਦੇ ਭੋਗ ਪਾਏ ਗਏ। ਕੋਰੋਨਾ ਦੇ ਚੱਲਦਿਆਂ ਸਮਾਗਮ ਸੰਕੇਤਕ ਰੂਪ ਵਿਚ ਹੀ ਸਜਾਏ ਗਏ।

ਕੁਝ ਸੰਗਤਾਂ ਨੇ ਸਹਿਜਪਾਠਾਂ ਦੇ ਭੋਗ ਸਮੇਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ਼ਮੂਲੀਅਤ ਕੀਤੀ, ਜਦਕਿ ਬਾਕੀ ਸੰਗਤਾਂ ਵੱਖ-ਵੱਖ ਚੈਨਲਾਂ ਦੇ ਮਾਧਿਅਮ ਰਾਹੀਂ ਸਹਿਜ ਪਾਠਾਂ ਦੇ ਭੋਗ ਨਾਲ ਜੁੜੀਆਂ। ਸਹਿਜ ਪਾਠ ਕਰਨ ਵਾਲੀਆਂ ਇਹ 20 ਹਜ਼ਾਰ ਦੇ ਕਰੀਬ ਸੰਗਤਾਂ ਵੱਖ-ਵੱਖ ਦੇਸ਼ਾਂ ਨਾਲ ਸਬੰਧਤ ਹਨ, ਜਿਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਸਹਿਜ ਪਾਠ ਸੇਵਾ ਲਹਿਰ ਸੰਸਥਾ ਦੇ ਸਹਿਯੋਗ ਨਾਲ ਪ੍ਰੇਰਿਤ ਕੀਤਾ ਗਿਆ ਸੀ।

ਸਹਿਜ ਪਾਠਾਂ ਦੇ ਭੋਗ ਸਮੇਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਵਿਸ਼ਸ਼ ਤੌਰ ’ਤੇ ਸ਼ਮੂਲੀਅਤ ਕੀਤੀ ਅਤੇ ਸੰਗਤਾਂ ਨਾਲ ਵਿਚਾਰ ਸਾਂਝੇ ਕਰਦਿਆਂ ਨੌਵੇਂ ਪਾਤਸ਼ਾਹ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ’ਤੇ ਗੁਰੂ ਸਾਹਿਬ ਜੀ ਦੀ ਵਿਚਾਰਧਾਰਾ ਨਾਲ ਜੁੜਨ ਲਈ ਪ੍ਰੇਰਿਆ।

ਉਨ੍ਹਾਂ ਕਿਹਾ ਕਿ ਸ਼ਤਾਬਦੀ ਦਿਹਾੜੇ ਆਪਣੇ ਇਤਿਹਾਸ ਨਾਲ ਜੁੜਨ ਅਤੇ ਧਰਮ ਦੀਆਂ ਕਦਰਾਂ-ਕੀਮਤਾਂ ਨੂੰ ਅਪਨਾਉਣ ਲਈ ਸੁਨਹਿਰਾ ਮੌਕਾ ਹੁੰਦੇ ਹਨ। ਇਸ ਲਈ ਸਾਡਾ ਸਭ ਦਾ ਫ਼ਰਜ਼ ਹੈ ਕਿ ਗੁਰਮਤਿ ਵਿਚਾਰਧਾਰਾ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਈਏ।

ਬੀਬੀ ਜਗੀਰ ਕੌਰ ਨੇ ਕਿਹਾ ਕਿ 400 ਸਾਲਾ ਪ੍ਰਕਾਸ਼ ਪੁਰਬ ਸ਼ਤਾਬਦੀ ਨੂੰ ਸਮਰਪਿਤ ਵੱਡੀ ਗਿਣਤੀ ਸੰਗਤਾਂ ਨੇ ਸਹਿਜ ਪਾਠ ਕਰਕੇ ਨੌਵੇਂ ਪਾਤਸ਼ਾਹ ਜੀ ਨੂੰ ਸ਼ਰਧਾ ਅਰਪਿਤ ਕੀਤੀ ਹੈ ਅਤੇ ਇਹ ਲਹਿਰ ਘਰ-ਘਰ ਤੱਕ ਪਹੁੰਚਣੀ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਗੁਰਬਾਣੀ ਦੇ ਸਹਿਜ ਪਾਠ ਦੀ ਪ੍ਰੰਪਰਾ ਸਿੱਖ ਧਰਮ ਅੰਦਰ ਪੁਰਾਣੀ ਅਤੇ ਇਸ ਨਾਲ ਗੁਰਬਾਣੀ ਨੂੰ ਵਿਚਾਰਦਿਆਂ ਡੂੰਘੇ ਤੇ ਜੀਵਨ ਨੂੰ ਸੁਖਾਵਾਂ ਬਣਾਉਣ ਵਾਲੇ ਅਰਥਾਂ ਦੀ ਸਮਝ ਪੈਂਦੀ ਹੈ। ਉਨ੍ਹਾਂ ਸਹਿਜ ਪਾਠ ਲਹਿਰ ਲਈ ਸਹਿਯੋਗ ਕਰਨ ਵਾਲੀ ਸੁਸਾਇਟੀ ਦੇ ਮੈਂਬਰਾਂ ਦਾ ਧੰਨਵਾਦ ਵੀ ਕੀਤਾ।

ਇਸ ਤੋਂ ਪਹਿਲਾਂ ਗੁਰੂ ਸਾਹਿਬ ਦੇ ਪ੍ਰਕਾਸ਼ ਅਸਥਾਨ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੀ ਆਰੰਭਤਾ ਪੰਜ ਨਗਾਰਿਆਂ ਦੀ ਚੋਟ ਨਾਲ ਹੋਈ। ਇਸ ਮੌਕੇ ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ, ਜਦਕਿ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ।

ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਮਰਜੀਤ ਸਿੰਘ ਚਾਵਲਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਸ. ਰਤਨ ਸਿੰਘ ਜੱਫਰਵਾਲ, ਸ. ਗੁਰਮੀਤ ਸਿੰਘ ਬੂਹ, ਬਾਬਾ ਨਿਰਮਲ ਸਿੰਘ ਨੌਸ਼ਹਿਰਾਢਾਲਾ, ਬਾਬਾ ਸਤਨਾਮ ਸਿੰਘ, ਬਾਬਾ ਸੁੱਚਾ ਸਿੰਘ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸ. ਸੁਖਦੇਵ ਸਿੰਘ ਭੂਰਾਕੋਹਨਾ, ਸ. ਪ੍ਰਤਾਪ ਸਿੰਘ, ਮੀਤ ਸਕੱਤਰ ਸ. ਕੁਲਵਿੰਦਰ ਸਿੰਘ ਰਮਦਾਸ, ਸ. ਸਿਮਰਜੀਤ ਸਿੰਘ, ਸ. ਸਕੱਤਰ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਗੁਰਿੰਦਰ ਸਿੰਘ ਮਥਰੇਵਾਲ, ਸ. ਹਰਜਿੰਦਰ ਸਿੰਘ ਕੈਰੋਂਵਾਲ, ਸ. ਸੁਖਬੀਰ ਸਿੰਘ, ਸ. ਗੁਰਦਿਆਲ ਸਿੰਘ, ਸੁਪ੍ਰਿੰਟੈਂਡੈਂਟ ਸ. ਮਲਕੀਤ ਸਿੰਘ ਬਹਿੜਵਾਲ, ਓਐਸਡੀ ਡਾ. ਅਮਰੀਕ ਸਿੰਘ, ਡਾ. ਸੁਖਬੀਰ ਸਿੰਘ, ਸ. ਗੁਰਮੀਤ ਸਿੰਘ ਆਨਰੇਰੀ ਸਕੱਤਰ, ਹੈੱਡ ਪ੍ਰਚਾਰਕ ਭਾਈ ਜਸਵਿੰਦਰ ਸਿੰਘ ਸ਼ਹੂਰ, ਭਾਈ ਸਰਬਜੀਤ ਸਿੰਘ ਢੋਟੀਆਂ, ਭਾਈ ਜਗਦੇਵ ਸਿੰਘ ਆਦਿ ਹਾਜ਼ਰ ਸਨ।

ਭਲਕੇ 30 ਅਪ੍ਰੈਲ ਨੂੰ ਸਜੇਗਾ ਨਗਰ ਕੀਰਤਨ, 1 ਮਈ ਨੂੰ ਹੋਵੇਗਾ ਸ਼ਤਾਬਦੀ ਸਮਾਗਮ
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ 400 ਸਾਲਾ ਪ੍ਰਕਾਸ਼ ਪੁਰਬ ਦੇ ਸਬੰਧ ਵਿਚ ਸ਼ੁਰੂ ਹੋਏ ਸਮਾਗਮਾਂ ਤਹਿਤ ਭਲਕੇ 30 ਅਪ੍ਰੈਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਗੁਰਦੁਆਰਾ ਗੁਰੂ ਕੇ ਮਹਿਲ ਤੱਕ ਨਗਰ ਕੀਰਤਨ ਸਜਾਇਆ ਜਾਵੇਗਾ। ਇਹ ਨਗਰ ਕੀਰਤਨ ਦੁਪਹਿਰ 12 ਵਜੇ ਆਰੰਭ ਹੋਵੇਗਾ।

ਇਸ ਤੋਂ ਇਲਾਵਾ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਵੀ ਜਾਰੀ ਰਹਿਣਗੇ। ਸ਼ਤਾਬਦੀ ਵਾਲੇ ਦਿਨ 1 ਮਈ ਨੂੰ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਅਤੇ ਦੀਵਾਨ ਹਾਲ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸਮਾਗਮ ਹੋਵੇਗਾ। ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਦੱਸਿਆ ਕਿ ਸ਼ਤਾਬਦੀ ਦੇ ਸਮਾਗਮਾਂ ਨੂੰ ਕੋਰੋਨਾ ਕਾਰਨ ਸੰਖੇਪ ਰੂਪ ਵਿਚ ਕੀਤਾ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਸ਼ਤਾਬਦੀ ਦਿਹਾੜੇ ਮੌਕੇ ਹੋਣ ਵਾਲੇ ਸਮਾਗਮਾਂ ਨਾਲ ਸੰਗਤ ਨੂੰ ਜੋੜਨ ਲਈ ਵੱਖ-ਵੱਖ ਚੈਨਲਾਂ ’ਤੇ ਸਿੱਧੇ ਪ੍ਰਸਾਰਣ ਦਾ ਪ੍ਰਬੰਧ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਵੱਡੇ ਪੱਧਰ ’ਤੇ ਸਮਾਗਮ ਨਹੀਂ ਕੀਤੇ ਜਾ ਸਕੇ, ਪ੍ਰੰਤੂ ਸੰਗਤਾਂ ਦੀ ਸ਼ਰਧਾ ਦਾ ਵੱਡਾ ਮਹੱਤਵ ਹੈ।

ਉਨ੍ਹਾਂ ਕਿਹਾ ਕਿ ਜਿਹੜੀਆਂ ਸੰਗਤਾਂ ਗੁਰੂ ਸਾਹਿਬ ਨੂੰ ਸ਼ਰਧਾ ਭੇਟ ਕਰਨ ਲਈ ਪੁੱਜਣਾ ਚਾਹੁੰਦੀਆਂ ਹਨ, ਉਨ੍ਹਾਂ ਨੂੰ ਰੋਕਿਆ ਨਹੀਂ ਜਾਣਾ ਚਾਹੀਦਾ। ਇਕ ਦਿਨ ਦੀ ਤਾਲਾਬੰਦੀ ਵਿਚ ਛੋਟ ਦੇਣ ਲਈ ਵੀ ਸਰਕਾਰ ਨੂੰ ਵਿਚਾਰ ਕਰਨੀ ਚਾਹੀਦੀ ਹੈ।

ਪ੍ਰਕਾਸ਼ ਅਸਥਾਨ ’ਤੇ ਕੀਤੀ ਸੁੰਦਰ ਦੀਪਮਾਲਾ ਤੇ ਫੁੱਲਾਂ ਦੀ ਸਜ਼ਾਵਟ
400 ਸਾਲਾ ਪ੍ਰਕਾਸ਼ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਗੁਰਦੁਆਰਾ ਗੁਰੂ ਕੇ ਮਹਿਲ ਨੂੰ ਸੁੰਦਰ ਦੀਪਮਾਲਾ ਨਾਲ ਰੁਸ਼ਨਾਇਆ ਗਿਆ ਹੈ ਅਤੇ ਵੱਖ ਵੱਖ ਤਰ੍ਹਾਂ ਦੇ ਫੁੱਲਾਂ ਦੀ ਸਜਾਵਟ ਵੀ ਸੰਗਤ ਦਾ ਮਨ ਮੋਹ ਰਹੀ ਹੈ। ਇਸ ਦੇ ਨਾਲ ਹੀ ਸ਼ਹਿਰ ਅੰਦਰ ਸਜਾਵਟੀ ਗੇਟ ਅਤੇ ਕੇਸਰੀ ਝੰਡੀਆਂ ਵੀ ਲਗਾਈਆਂ ਹੋਈਆਂ ਹਨ।

ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਸ਼੍ਰੋਮਣੀ ਕਮੇਟੀ ਦੇ ਨਾਲ-ਨਾਲ ਕਾਰਸੇਵਾ ਵਾਲੇ ਮਹਾਂਪੁਰਖਾਂ ਵੱਲੋਂ ਵੱਖ-ਵੱਖ ਤਰ੍ਹਾਂ ਦੇ ਸੰਗਤ ਲਈ ਲੰਗਰ ਲਗਾਏ ਗਏ ਹਨ। ਇਸ ਇਤਿਹਾਸਕ ਪੁਰਬ ਮੌਕੇ ਗੁਰਦੁਆਰਾ ਗੁਰੂ ਕੇ ਮਹਿਲ ਵਿਖੇ ਭੋਰਾ ਸਾਹਿਬ ਨੂੰ ਵੀ ਖੂਬਸੂਰਤ ਦਿੱਖ ਦਿੱਤੀ ਗਈ ਹੈ, ਜਿਸ ਦੀ ਕਾਰ ਸੇਵਾ ਕਿਲ੍ਹਾ ਅਨੰਦਗੜ੍ਹ ਸਾਹਿਬ ਵਾਲੇ ਮਹਾਂਪੁਰਖਾਂ ਨੇ ਕਰਵਾਈ ਹੈ।

ਕਵੀ ਦਰਬਾਰ ਵਿਚ ਕਵੀਆਂ ਨੇ ਗੁਰੂ ਸਾਹਿਬ ਦਾ ਇਤਿਹਾਸ ਕੀਤਾ ਪੇਸ਼
ਪ੍ਰਕਾਸ਼ ਪੁਰਬ ਸ਼ਤਾਬਦੀ ਸਬੰਧੀ ਅੱਜ ਸ਼ੁਰੂ ਹੋਏ ਸਮਾਗਮਾਂ ਤਹਿਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਕਵੀ ਦਰਬਾਰ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਥਕ ਕਵੀਆਂ ਨੇ ਆਪਣੀਆਂ ਕਵਿਤਾਵਾਂ ਰਾਹੀਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਇਤਿਹਾਸ ਤੋਂ ਸੰਗਤ ਨੂੰ ਜਾਣੂ ਕਰਵਾਇਆ।

ਕਵੀ ਦਰਬਾਰ ਸਾਹਿਬ ਕਵਿਤਾਵਾਂ ਪੇਸ਼ ਕਰਨ ਵਾਲੇ ਕਵੀਆਂ ਵਿਚ ਸ. ਬਲਬੀਰ ਸਿੰਘ ਬੱਲ, ਸ. ਗੁਰਬਚਨ ਸਿੰਘ ਖੇਮਕਰਨੀ, ਸ. ਮਲਕੀਤ ਸਿੰਘ ਨਿਮਾਣਾ, ਸ. ਸਤਬੀਰ ਸਿੰਘ ਸ਼ਾਨ, ਸ. ਅਜੀਤ ਸਿੰਘ ਫ਼ਤਹਿਪੁਰੀ, ਸ. ਸ਼ੁਕਰਗੁਜ਼ਾਰ ਸਿੰਘ, ਸ. ਜੋਗਿੰਦਰ ਸਿੰਘ ਉਮਰਾਨੰਗਲ, ਸ. ਸਤਨਾਮ ਸਿੰਘ ਕੋਮਲ, ਸ. ਕੁਲਦੀਪ ਸਿੰਘ ਦਰਾਜਕੇ, ਸ. ਸੁਖਵਿੰਦਰ ਸਿੰਘ ਰਟੌਲ ਸ਼ਾਮਲ ਸਨ।

ਇਸੇ ਦੌਰਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਅੱਜ ਦੇ ਸਮਾਗਮਾਂ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਸ਼ੌਕੀਨ ਸਿੰਘ, ਭਾਈ ਕਾਰਜ ਸਿੰਘ, ਭਾਈ ਜਗਤਾਰ ਸਿੰਘ ਤੇ ਭਾਈ ਕਰਨੈਲ ਸਿੰਘ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION