35.6 C
Delhi
Sunday, May 12, 2024
spot_img
spot_img

ਹਰਸਿਮਰਤ ਦਾ ਅਸਤੀਫ਼ਾ ਅਕਾਲੀ ਦਲ ਦੀ ਇਕ ਹੋਰ ਨੌਟੰਕੀ, ਨਾਕਾਫ਼ੀ ਤੇ ਦੇਰ ਨਾਲ ਚੁੱਕਿਆ ਕਦਮ: ਕੈਪਟਨ

ਚੰਡੀਗੜ੍ਹ, 17 ਸਤੰਬਰ, 2020:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਹਰਸਿਮਰਤ ਕੌਰ ਬਾਦਲ ਵੱਲੋਂ ਕੇਂਦਰੀ ਕੈਬਨਿਟ ਵਿੱਚੋਂ ਦਿੱਤੇ ਅਸਤੀਫੇ ਨੂੰ ਅਕਾਲੀ ਦਲ ਵੱਲੋਂ ਇਕ ਤੋਂ ਬਾਅਦ ਇਕ ਰਚੇ ਜਾ ਰਹੇ ਡਰਾਮਿਆਂ ਦੀ ਇਕ ਹੋਰ ਨੌਟੰਕੀ ਦੱਸਿਆ। ਉਨ੍ਹਾਂ ਕਿਹਾ ਕਿ ਖੇਤੀਬਾੜੀ ਬਿੱਲਾਂ ਉਤੇ ਕੇਂਦਰ ਸਰਕਾਰ ਵੱਲੋਂ ਅਕਾਲੀਆਂ ਦੇ ਮੂੰਹ ‘ਤੇ ਤਮਾਚਾ ਮਾਰਨ ਦੇ ਬਾਵਜੂਦ ਅਕਾਲੀ ਦਲ ਨੇ ਹਾਲੇ ਤੱਕ ਸੱਤਾਧਾਰੀ ਗਠਜੋੜ ਨਾਲੋਂ ਨਾਤਾ ਨਹੀਂ ਤੋੜਿਆ।

ਅਕਾਲੀ ਦਲ ਵੱਲੋਂ ਭਾਜਪਾ ਦੀ ਅਗਵਾਈ ਵਾਲੀ ਐਨ.ਡੀ.ਏ. ਦੀ ਕੇਂਦਰ ਸਰਕਾਰ ਦਾ ਹਿੱਸਾ ਬਣੇ ਰਹਿਣ ਦੇ ਫੈਸਲੇ ਉਤੇ ਸਵਾਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹਰਸਿਮਰਤ ਦਾ ਅਸਤੀਫਾ ਪੰਜਾਬ ਦੇ ਕਿਸਾਨਾਂ ਨੂੰ ਮੂਰਖ ਬਣਾਉਣ ਦੇ ਢਕਵੰਜ ਤੋਂ ਵੱਧ ਹੋਰ ਕੁੱਝ ਨਹੀਂ। ਉਨ੍ਹਾਂ ਕਿਹਾ, ”ਪਰ ਉਹ (ਅਕਾਲੀ ਦਲ) ਕਿਸਾਨ ਜਥੇਬੰਦੀਆਂ ਨੂੰ ਗੁੰਮਰਾਹ ਕਰਨ ਵਿੱਚ ਸਫਲ ਨਹੀਂ ਹੋਣਗੇ।” ਉਨ੍ਹਾਂ ਇਸ ਕਾਰਵਾਈ ਨੂੰ ਨਾਕਾਫੀ ਤੇ ਬਹੁਤ ਦੇਰ ਨਾਲ ਚੁੱਕਿਆ ਕਦਮ ਦੱਸਿਆ।

ਮੁੱਖ ਮੰਤਰੀ ਨੇ ਕਿਹਾ ਕਿ ਹਰਸਿਮਰਤ ਦਾ ਕੇਂਦਰੀ ਕੈਬਨਿਟ ਵਿੱਚੋਂ ਅਸਤੀਫਾ ਬਹੁਤ ਦੇਰੀ ਨਾਲ ਲਿਆ ਫੈਸਲਾ ਹੈ ਜਿਸ ਨਾਲ ਪੰਜਾਬ ਦੇ ਕਿਸਾਨਾਂ ਦੀ ਕਿਸੇ ਕਿਸਮ ਦੀ ਮੱਦਦ ਨਹੀਂ ਹੋਣੀ। ਉਨ੍ਹਾਂ ਕਿਹਾ ਕਿ ਜੇ ਅਕਾਲੀ ਦਲ ਨੇ ਇਸ ਤੋਂ ਪਹਿਲਾਂ ਸਟੈਂਡ ਲਿਆ ਹੁੰਦਾ ਅਤੇ ਇਨ੍ਹਾਂ ਆਰਡੀਨੈਂਸਾਂ ਵਿਰੁੱਧ ਸੂਬਾ ਸਰਕਾਰ ਦਾ ਸਮਰਥਨ ਕੀਤਾ ਹੁੰਦਾ ਤਾਂ ਸ਼ਾਇਦ ਇਹ ਬਿੱਲ ਪਾਸ ਹੋਣ ਦੇ ਹਾਲਾਤ ਪੈਦਾ ਨਾ ਹੁੰਦੇ ਅਤੇ ਕੇਂਦਰ ਸਰਕਾਰ ਨੂੰ ਇਹ ਆਰਡੀਨੈਂਸ ਲਿਆਉਣ ਅਤੇ ਕਿਸਾਨ ਵਿਰੋਧੀ ਬਿੱਲਾਂ ਨੂੰ ਸੰਸਦ ਵਿੱਚ ਰੱਖਣ ਤੋਂ ਪਹਿਲਾਂ 10 ਵਾਰ ਸੋਚਣਾ ਪੈਂਦਾ।

ਮੁੱਖ ਮੰਤਰੀ ਨੇ ਕਿਹਾ ਕਿ ਹਾਲੇ ਵੀ ਅਕਾਲੀ ਦਲ ਦਾ ਕੇਂਦਰੀ ਕੈਬਨਿਟ ਵਿੱਚੋਂ ਆਪਣੀ ਇਕਲੌਤੀ ਮੰਤਰੀ ਦਾ ਅਸਤੀਫਾ ਦਿਵਾਉਣ ਦੇ ਫੈਸਲਾ ਦਾ ਕਿਸਾਨਾਂ ਨਾਲ ਕੋਈ ਸਰੋਕਾਰ ਨਹੀਂ ਸਗੋਂ ਆਪਣੀ ਸਿਆਸੀ ਭਵਿੱਖ ਬਚਾਉਣ ਅਤੇ ਬਾਦਲਾਂ ਦੇ ਠੁੱਸ ਹੋ ਚੁੱਕੇ ਰਾਜਸੀ ਕਰੀਅਰ ਨੂੰ ਬਚਾਉਣ ਦੀ ਕਵਾਇਦ ਹੈ ਜਿਨ੍ਹਾਂ ਦੀ ਸ਼ਾਖ ਪੰਜਾਬ ਦੇ ਲੋਕਾਂ ਦੀਆਂ ਨਜ਼ਰਾਂ ਵਿੱਚ ਪੂਰੀ ਤਰ੍ਹਾਂ ਡਿੱਗ ਚੁੱਕੀ ਹੈ।

ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਇਨ੍ਹਾਂ ਘਾਤਕ ਖੇਤੀਬਾੜੀ ਆਰਡੀਨੈਂਸਾਂ ਖਿਲਾਫ ਮੈਦਾਨ ਵਿੱਚ ਨਿੱਤਰੇ ਕਿਸਾਨਾਂ ਦਾ ਰੋਸ ਅਤੇ ਸੂਬੇ ਦੀਆਂ ਕਿਸਾਨ ਜਥੇਬੰਦੀਆਂ ਦਾ ਦਬਾਅ ਹੀ ਸੀ ਜਿਨ੍ਹਾਂ ਨੇ ਬਾਦਲਾਂ ਨੂੰ ਆਪਣੇ ਪਹਿਲੇ ਸਟੈਂਡ ਤੋਂ ਪਲਟਣ ਲਈ ਮਜਬੂਰ ਕਰ ਦਿੱਤਾ।

ਮੁੱਖ ਮੰਤਰੀ ਨੇ ਕਿਹਾ, ”ਕੀ ਸੁਖਬੀਰ ਤੇ ਹਰਸਿਮਰਤ ਅਤੇ ਉਨ੍ਹਾਂ ਦੀ ਜੁੰਡਲੀ ਨੇ ਇਸ ਗੱਲ ਵੱਲ ਧਿਆਨ ਹੀ ਨਹੀਂ ਦਿੱਤਾ ਕਿ ਇਹ ਕਾਨੂੰਨ ਪੰਜਾਬ ਦੀ ਖੇਤੀ ਅਤੇ ਅਰਥਚਾਰੇ ਤੱਕ ਕਿਸ ਹੱਦ ਤੱਕ ਨੁਕਸਾਨ ਪਹੁੰਚਾ ਦੇਣਗੇ। ਸੱਤਾ ਦੀ ਲਾਲਸਾ ਵਿੱਚ ਉਹ ਇੰਨੇ ਅੰਨ੍ਹੇ ਹੋ ਗਏ ਕਿ ਉਨ੍ਹਾਂ ਨੇ ਇਨ੍ਹਾਂ ਆਰਡੀਨੈਂਸਾਂ ਦੇ ਖਤਰਿਆਂ ਤੋਂ ਜਾਣਬੁੱਝ ਕੇ ਅੱਖਾਂ ਮੀਚ ਲਈਆਂ।”

ਕੈਪਟਨ ਅਮਰਿੰਦਰ ਸਿੰਘ ਨੇ ਵਿਅੰਗ ਕਰਦਿਆਂ ਕਿਹਾ ਕਿ ਹੁਣ ਇਨ੍ਹਾਂ ਦੀ ਗਿਣੀਮਿੱਥੀ ਖੇਡ ਪੂਰੀ ਤਰ੍ਹਾਂ ਜੱਗ ਜ਼ਾਹਰ ਹੋ ਚੁੱਕੀ ਹੈ ਅਤੇ ਪੰਜਾਬ ਵਿੱਚ ਆਪਣਾ ਵੋਟ ਬੈਂਕ ਬਚਾਉਣ ਲਈ ਖੇਤੀ ਬਿੱਲਾਂ ਵਿਰੁੱਧ ਜਨਤਕ ਸਟੈਂਡ ਲੈਣ ਤੋਂ ਬਿਨਾਂ ਅਕਾਲੀਆਂ ਕੋਲ ਹੋਰ ਕੋਈ ਚਾਰਾ ਨਹੀਂ ਸੀ ਬਚਿਆ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਅਕਾਲੀਆਂ ਨੂੰ ਪਹਿਲਾਂ ਵੀ ਰੱਦ ਕੀਤਾ ਅਤੇ ਮੁੜ ਵੀ ਉਨ੍ਹਾਂ ਨੂੰ ਰੱਦ ਕਰਨਗੇ।


ਇਸ ਨੂੰ ਵੀ ਪੜ੍ਹੋ:
ਖ਼ੇਤੀ ਆਰਡੀਨੈਂਸਾਂ ’ਤੇ ਅਕਾਲੀ ਦਲ ਦਾ ਮੋੜਾ: ਬਹੁਤ ਦੇਰ ਕੀ ਮੇਹਰਬਾਂ ਆਤੇ ਆਤੇ – ਐੱਚ.ਐੱਸ.ਬਾਵਾ



ਸਾਡਾ ਫ਼ੇਸਬੁੱਕ ਪੇਜ ਲਾਈਕ ਕਰਨ ਲਈ ਕਲਿੱਕ ਕਰੋ


TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION