29 C
Delhi
Friday, April 19, 2024
spot_img
spot_img

ਹੁਸ਼ਿਆਰਪੁਰ ਵਿਖੇ ਡਿਜੀਟਲ ਮਿਊਜ਼ੀਅਮ ਦੀ ਸ਼ੁਰੂਆਤ, ਡੀ.ਸੀ. ਈਸ਼ਾ ਕਾਲੀਆ ਵੱਲੋਂ ਸੰਗਤਾਂ ਨੂੰ ਸ਼ਮੂਲੀਅਤ ਦਾ ਸੱਦਾ

ਹੁਸ਼ਿਆਰਪੁਰ, 21 ਨਵੰਬਰ, 2019:

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪੰਜਾਬ ਸਰਕਾਰ ਵਲੋਂ ਗੁਰੂ ਸਾਹਿਬ ਜੀ ਦੇ ਜੀਵਨ, ਉਦਾਸੀਆਂ ਤੇ ਉਪਦੇਸ਼ਾਂ ਬਾਰੇ ਜਾਣੂੰ ਕਰਵਾਉਣ ਲਈ ਰੌਸ਼ਨ ਗਰਾਊਂਡ ਹੁਸ਼ਿਆਰਪੁਰ ਵਿਖੇ ਅਤਿ ਆਧੁਨਿਕ ਤਕਨੀਕ ਨਾਲ ਲਬਰੇਜ਼ ਡਿਜ਼ੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ (ਅਵਾਜ ਤੇ ਰੌਸ਼ਨੀ) ਅੱਜ ਸ਼ੁਰੂ ਹੋ ਗਿਆ ਹੈ।

ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਵਲੋਂ ਅੱਜ ਸਵੇਰੇ ਸਥਾਨਕ ਰੌਸ਼ਨ ਗਰਾਊਂਡ ਵਿਖੇ ਡਿਜੀਟਲ ਮਿਊਜ਼ੀਅਮ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਐਸ.ਡੀ.ਐਮ. ਹੁਸ਼ਿਆਰਪੁਰ ਸ੍ਰੀ ਅਮਿਤ ਸਰੀਨ ਅਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ) ਸ੍ਰੀ ਮੋਹਨ ਸਿੰਘ ਲੇਹਲ ਵੀ ਮੌਜੂਦ ਸਨ।

ਇਸ ਮੌਕੇ ਭਾਰੀ ਗਿਣਤੀ ਵਿੱਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਅਤੇ ਸ਼ਹਿਰ ਵਾਸੀਆਂ ਨੇ ਅਤਿ-ਆਧੁਨਿਕ ਤਕਨੀਕਾਂ ਵਾਲੇ ਇਸ ਮਿਊਜ਼ੀਅਮ ਵਿਚ ਸ਼੍ਰੀ ਗੁਰੂ ਨਾਨਾਕ ਦੇਵ ਜੀ ਦੇ ਜੀਵਨ ਬਿਰਤਾਂਤ ਨੂੰ ਮਲਟੀ ਮੀਡੀਆ ਤਕਨੀਕਾਂ ਜ਼ਰੀਏ ਦੇਖਿਆ।

ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸੰਗਤਾਂ ਨੂੰ ਹੁਸ਼ਿਆਰਪੁਰ ਸ਼ਹਿਰ ਵਿੱਚ ਡਿਜ਼ੀਟਲ ਮਿਊਜ਼ੀਅਮ ਅਤੇ ਲਾਈਟ ਐਂਡ ਸਾਊਂਡ ਸ਼ੋਅ ਕਰਵਾ ਕੇ ਗੁਰੂ ਸਾਹਿਬ ਦੇ ਜੀਵਨ ਤੋਂ ਜਾਣੂ ਕਰਾਇਆ ਜਾ ਰਿਹਾ ਹੈ। ਉਨਾਂ ਦੱਸਿਆ ਕਿ ਇਹ ਡਿਜੀਟਲ ਮਿਊਜ਼ੀਅਮ 23 ਨਵੰਬਰ ਤੱਕ ਸਵੇਰੇ 7 ਵਜੇ ਤੋਂ ਸ਼ਾਮ 5:30 ਵਜੇ ਤੱਕ ਖੁੱਲ੍ਹਾ ਰਹੇਗਾ।

ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ 22 ਤੇ 23 ਨਵੰਬਰ ਸ਼ਾਮ ਨੂੰ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ‘ਤੇ ਚਾਨਣਾ ਪਾਉਂਦੇ ਲਾਈਟ ਐਂਡ ਸਾਊਂਡ ਸ਼ੋਅ ਚੱਲਣਗੇ, ਜੋ ਕਿ ਦੋਵੇਂ ਦਿਨ ਸ਼ਾਮ 6:15 ਤੋਂ 7 ਵਜੇ ਅਤੇ ਰਾਤ 7:45 ਤੋਂ 8:30 ਵਜੇ ਤੱਕ ਹੋਣਗੇ।

ਉਨਾਂ ਦੱਸਿਆ ਕਿ ਰੰਗਦਾਰ ਦ੍ਰਿਸ਼ ਪੇਸ਼ਕਾਰੀਆਂ, ਅਤਿ-ਆਧੁਨਿਕ ਲੇਜ਼ਰ ਤਕਨੀਕਾਂ ਅਤੇ ਵਿਲੱਖਣ ਧੁਨੀਆਂ ਵਾਲੇ 45 ਮਿੰਟ ਦੇ ਲਾਈਟ ਐਂਡ ਸਾਊਂਡ ਸ਼ੋਅ ਅਦਭੁੱਤ ਨਜ਼ਾਰਾ ਪੇਸ਼ ਕਰਨਗੇ। ਉਨ੍ਹਾਂ ਸਮੂਹ ਸੰਗਤਾਂ ਨੂੰ ਸੱਦਾ ਦਿੱਤਾ ਕਿ ਉਹ ਇਸ ਵਿਲੱਖਣ ਨਜ਼ਾਰੇ ਦਾ ਗਵਾਹ ਬਣਨ ਲਈ ਹੁੰਮ-ਹੁੰਮਾ ਕੇ ਪਹੁੰਚਣ। ਉਨ੍ਹਾਂ ਕਿਹਾ ਕਿ ਸੰਗਤਾਂ ਲਈ ਦਾਖਲਾ ਬਿਲਕੁੱਲ ਮੁਫ਼ਤ ਹੈ ਅਤੇ ਸੰਗਤਾਂ ਸ਼ੋਅ ਦਾ ਅਨੰਦ ਮਾਨਣ ਲਈ ਆਪਣੇ ਪਰਿਵਾਰ ਸਮੇਤ ਪਹੁੰਚਣ।

ਅੱਜ ਡਿਜੀਟਲ ਮਿਊਜ਼ੀਅਮ ਵਿੱਚ ਵੱਖ-ਵੱਖ ਸਕਰੀਨਾਂ ਰਾਹੀਂ ਮਲਟੀਮੀਡੀਆ ਤਕਨੀਕ ਨਾਲ ਗੁਰੂ ਸਾਹਿਬ ਦੇ ਜੀਵਨ ਉੱਪਰ ਵਿਸਥਾਰ ਵਿੱਚ ਜਾਣਕਾਰੀ ਦਿੱਤੀ ਗਈ। ਮਿਊਜ਼ੀਅਮ ਵਿੱਚ ਇੱਕ ਸਮੇਂ 60 ਵਿਅਕਤੀ ਦਾਖਲ ਹੋ ਸਕਦੇ ਹਨ ਅਤੇ ਉਸਤੋਂ ਬਾਅਦ ਦੂਸਰਾ ਬੈਚ ਇਸ ਮਿਊਜ਼ੀਅਮ ਨੂੰ ਦੇਖਦਾ ਹੈ।

ਮਿਊਜ਼ੀਅਮ ਵਿੱਚ 5 ਮਿੰਟ ਦਾ ਮਲਟੀ ਮੀਡੀਆ ਲੇਜ਼ਰ ਸ਼ੋਅ ਅਤੇ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ ਦਾ ਮਾਡਲ ਸੰਗਤਾਂ ਲਈ ਵਿਸ਼ੇਸ਼ ਖਿੱਚ ਦਾ ਕੇਂਦਰ ਬਣਿਆ ਹੋਇਆ ਹੈ। ਮਿਊਜ਼ੀਅਮ ਦੇਖਣ ਆਈਆਂ ਸੰਗਤਾਂ ਇੱਕ ਅਨੋਖੇ ਵਿਸਮਾਦ ਦਾ ਅਹਿਸਾਸ ਕਰ ਰਹੀਆਂ ਹਨ ਅਤੇ ਸੰਗਤਾਂ ਵਲੋਂ ਇਸ ਉਪਰਾਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਜਾ ਰਿਹਾ ਹੈ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION