ਲੋਹੀਆਂ (ਜਲੰਧਰ) 27 ਅਗਸਤ 2019 –
ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਕੁਝ ਪਿੰਡਾਂ ਵਿੱਚ ਜਿਵੇਂ ਹੀ ਪਾਣੀ ਘਟਣਾ ਸ਼ੁਰੂ ਹੋਇਆ ਤਾਂ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰਾਹਤ ਸਮੱਗਰੀ ਜਿਸ ਵਿਚ ਖਾਣਾ, ਪਾਣੀ, ਦਵਾਈਆਂ ਅਤੇ ਪਸ਼ੂਆਂ ਲਈ ਹਰਾ ਚਾਰਾ ਟਰੈਕਟਰ-ਟਰਾਲੀਆਂ ਅਤੇ ਟਰੱਕਾਂ ਰਾਹੀਂ ਮੁਹੱਈਆ ਕਰਵਾਉਣ ਦਾ ਫੈਸਲਾ ਲਿਆ ਗਿਆ ਹੈ।
ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਨੇ ਦੱਸਿਆ ਕਿ ਬਹੁਤੇ ਪਿੰਡਾਂ ਵਿੱਚ ਪਾਣੀ ਘੱਟ ਗਿਆ ਹੈ ਜਿਸ ਕਰਕੇ ਕਿਸ਼ਤੀਆਂ ਚਲਾਉਣਾ ਮੁਸ਼ਕਿਲ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੇ ਮਦੇ ਨਜ਼ਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੜ੍ਹ ਪ੍ਰਭਾਵਿਤ ਪਿੰਡ ਵਾਸੀਆਂ ਨੂੰ ਟਰੈਕਟਰ-ਟਰਾਲੀਆਂ ਅਤੇ ਟਰੱਕਾਂ ਰਾਹੀਂ ਰਾਹਤ ਸਮੱਗਰੀ ਪਹੁੰਚਾਉਣ ਦਾ ਫ਼ੈਸਲਾ ਲਿਆ ਗਿਆ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਣ ਖ਼ੁਰਾਕ ਤੇ ਸਿਵਲ ਸਪਲਾਈ, ਸਿਹਤ, ਪਸ਼ੂ ਪਾਲਣ ਅਤੇ ਹੋਰਨਾਂ ਵਿਭਾਗਾਂ ਦੀਆਂ ਟੀਮਾਂ ਨੂੰ ਸੜਕੀ ਰਾਸਤੇ ਰਾਹੀਂ ਭੇਜਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਨਾਂ ਪੰਡਾਂ ਵਿੱਚ ਦਵਾਈਆਂ, ਰਾਸ਼ਨ ਅਤੇ ਪਸ਼ੂਆਂ ਲਈ ਚਾਰਾ ਵਾਹਨਾਂ ਰਾਹੀਂ ਮੁਹੱਈਆ ਕਰਵਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਵੱਖ-ਵੱਖ ਟੀਮਾਂ ਦੇ ਅਧਿਕਾਰੀਆਂ ਨੂੰ ਹਦਾਇਤਾਂ ਕੀਤੀਆਂ ਗਈਆਂ ਹਨ ਕਿ ਘਰ-ਘਰ ਜਾ ਕੇ ਲੋਕਾਂ ਨੂੰ ਵੱਧ ਤੋਂ ਵੱਧ ਮਦਦ ਪਹੁੰਚਾਈ ਜਾਵੇ।
ਡਿਪਟੀ ਕਮਿਸ਼ਨਰ ਨੇ ਦਸਿਆ ਕਿ ਜਿਨਾਂ ਪਿੰਡਾਂ ਵਿੱਚ ਅਜੇ ਵੀ ਪਾਣੀ ਦਾ ਪੱਧਰ ਉਚਾ ਹੈ ਵਿਚ ਐਨ.ਡੀ.ਆਰ.ਐਫ. ਅਤੇ ਐਸ.ਡੀ.ਆਰ.ਐਫ.ਦੀਆਂ ਟੀਮਾਂ ਵਲੋਂ ਕਿਸ਼ਤੀਆਂ ਚਲਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਨਾਂ ਕਿਸ਼ਤੀਆਂ ਵਲੋਂ ਲੋਕਾਂ ਨੂੰ ਸਮੇਂ ਸਿਰ ਸਹੂਲਤਾਂ ਮੁਹੱਈਆ ਕਰਵਾਉਣ ਦੇ ਇਲਾਵਾ ਲੋਕਾਂ ਨੂੰ ਬਾਹਰ ਕੱਢਣ ਵਿੱਚ ਅਹਿਮ ਭੂਮਿਕਾ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਵੱਧ ਤੋਂ ਵੱਧ ਸਹਾਇਤਾ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਇਸ ਨੇਕ ਕਾਰਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।