25.1 C
Delhi
Friday, March 29, 2024
spot_img
spot_img

ਭਾਕਿਯੂ ਏਕਤਾ ਉਗਰਾਹਾਂ ਵੱਲੋਂ ਪੰਜਾਬ ਸਰਕਾਰ ਵਿਰੁੱਧ ਡੀ. ਸੀ. ਦਫ਼ਤਰਾਂ ਅੱਗੇ 5 ਰੋਜ਼ਾ ਪੱਕੇ ਧਰਨੇ ਸ਼ੁਰੂ; ਚੋਣ ਵਾਅਦੇ ਲਾਗੂ ਕਰਨ, ਮੰਨੀਆਂ ਹੋਈਆਂ ਮੰਗਾਂ ਲਾਗੂ ਕਰਨ ਅਤੇ ਭਖਦੇ ਮਸਲੇ ਹੱਲ ਕਰਨ ਦੀ ਮੰਗ

ਚੰਡੀਗੜ੍ਹ, 20 ਦਸੰਬਰ, 2021 (ਦਲਜੀਤ ਕੌਰ ਭਵਾਨੀਗੜ੍ਹ)
ਪੰਜਾਬ ਸਰਕਾਰ ਦੁਆਰਾ ਮੰਨੀਆਂ ਹੋਈਆਂ ਮੰਗਾਂ ਅਤੇ ਪਿਛਲੇ ਚੋਣ ਵਾਅਦੇ ਲਾਗੂ ਕਰਨ ਤੋਂ ਇਲਾਵਾ ਹੋਰ ਭਖਦੇ ਮਸਲੇ ਹੱਲ ਕਰਨ ਬਾਰੇ ਅਪਣਾਈ ਗਈ ਟਰਕਾਊ ਨੀਤੀ ਵਿਰੁੱਧ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਵੱਲੋਂ ਅੱਜ 13 ਜ਼ਿਲ੍ਹਿਆਂ ਦੇ ਡੀ. ਸੀ. ਦਫ਼ਤਰਾਂ ਅੱਗੇ ਅਤੇ ਦੋ ਜ਼ਿਲ੍ਹਿਆਂ ਵਿੱਚ ਐੱਸ ਡੀ ਐੱਮ ਦਫ਼ਤਰਾਂ ਅੱਗੇ ਦਿਨੇ ਰਾਤ ਚੱਲਣ ਵਾਲੇ 5 ਰੋਜ਼ਾ ਵਿਸ਼ਾਲ ਧਰਨੇ ਸ਼ੁਰੂ ਕਰ ਦਿੱਤੇ ਗਏ ਹਨ।

ਇਥੋਂ ਜਾਰੀ ਕੀਤੇ ਗਏ ਪ੍ਰੈੱਸ ਨੋਟ ਰਾਹੀਂ ਇਹ ਜਾਣਕਾਰੀ ਦਿੰਦੇ ਹੋਏ ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਸਾਰੇ ਥਾਂਵਾਂ ‘ਤੇ ਭਾਰੀ ਗਿਣਤੀ ਔਰਤਾਂ ਨੌਜਵਾਨਾਂ ਸਮੇਤ ਸੈਂਕੜਿਆਂ ਹਜ਼ਾਰਾਂ ਦੀ ਗਿਣਤੀ ਵਿੱਚ ਕਿਸਾਨ ਮਜ਼ਦੂਰ ਅਤੇ ਹਮਾਇਤੀ ਹਿੱਸੇ ਖੇਤ ਮਜ਼ਦੂਰ, ਮੁਲਾਜ਼ਮ ਵਿਦਿਆਰਥੀ ਨੌਜਵਾਨ ਜਮਹੂਰੀ ਹੱਕਾਂ ਦੇ ਘੁਲਾਟੀਏ ਸ਼ਾਮਲ ਹੋਏ।

ਅੱਜ ਠਾਠਾਂ ਮਾਰਦੇ ਇਕੱਠਾਂ ਨੂੰ ਸੰਬੋਧਨ ਕਰਨ ਵਾਲੇ ਮੁੱਖ ਬੁਲਾਰਿਆਂ ਵਿੱਚ ਜਥੇਬੰਦੀ ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਜਨਰਲ ਸਕੱਤਰ ਸ੍ਰੀ ਕੋਕਰੀ ਕਲਾਂ, ਸੀਨੀਅਰ ਮੀਤ ਪ੍ਰਧਾਨ ਝੰਡਾ ਸਿੰਘ ਜੇਠੂਕੇ, ਸ਼ਿੰਗਾਰਾ ਸਿੰਘ ਮਾਨ, ਹਰਦੀਪ ਸਿੰਘ ਟੱਲੇਵਾਲ, ਜਨਕ ਸਿੰਘ ਭੁਟਾਲ, ਜਗਤਾਰ ਸਿੰਘ ਕਾਲਾਝਾੜ, ਹਰਿੰਦਰ ਕੌਰ ਬਿੰਦੂ, ਕਮਲਜੀਤ ਕੌਰ ਬਰਨਾਲਾ, ਸਮੇਤ 15 ਜ਼ਿਲ੍ਹਿਆਂ ਦੇ ਪ੍ਰਧਾਨ ਸਕੱਤਰ ਤੇ ਮੁੱਖ ਆਗੂ ਸ਼ਾਮਲ ਸਨ।

ਬੁਲਾਰਿਆਂ ਵੱਲੋਂ ਮੁੱਖ ਮੰਤਰੀ ਸ੍ਰੀ ਚਰਨਜੀਤ ਸਿੰਘ ਚੰਨੀ ਦੁਆਰਾ ਜਥੇਬੰਦੀ ਨੂੰ 16 ਦਸੰਬਰ ਦਾ ਸਮਾਂ ਗੱਲਬਾਤ ਲਈ ਦੇ ਕੇ ਇਸ ਤੋਂ ਮੁੱਕਰਨ ਦੀ ਸਖ਼ਤ ਨਿੰਦਾ ਕੀਤੀ ਗਈ। ਉਨ੍ਹਾਂ ਵੱਲੋਂ ਮੌਜੂਦਾ ਘੋਲ਼ ਦੀਆਂ ਜਿਹੜੀਆਂ ਮੁੱਖ ਮੰਗਾਂ ‘ਤੇ ਜ਼ੋਰ ਦਿੱਤਾ ਗਿਆ ਉਨ੍ਹਾਂ ਵਿੱਚ ਗੁਲਾਬੀ ਸੁੰਡੀ ਨਾਲ ਹੋਈ ਨਰਮੇ ਦੀ ਤਬਾਹੀ ਅਤੇ ਗੜੇਮਾਰੀ ਨਾਲ ਝੋਨੇ ਤੇ ਹੋਰ ਫ਼ਸਲਾਂ ਦੀ ਤਬਾਹੀ ਦਾ ਮੁਆਵਜ਼ਾ ਕਾਸ਼ਤਕਾਰ ਕਿਸਾਨਾਂ ਨੂੰ 17000 ਰੁਪਏ ਪ੍ਰਤੀ ਏਕੜ ਤੇ ਇਸਦਾ 10% ਵੱਖਰੇ ਤੌਰ’ਤੇ ਖੇਤ ਮਜ਼ਦੂਰਾਂ ਨੂੰ ਤੁਰੰਤ ਅਦਾ ਕਰੋ।

ਪੰਜਾਬ ਸਰਕਾਰ ਵੱਲੋਂ ਵਧਾ ਕੇ ਐਲਾਨਿਆ ਗਿਆ ਗੰਨੇ ਦਾ ਰੇਟ 360 ਰੁਪਏ ਪ੍ਰਤੀ ਕੁਇੰਟਲ ਦੀ ਪਰਚੀ ਕਿਸਾਨਾਂ ਨੂੰ ਹਰੇਕ ਖੰਡ ਮਿੱਲ ਵੱਲੋਂ ਦੇਣ ਦੀ ਗਰੰਟੀ ਕਰੋ। ਖੁਦਕੁਸ਼ੀ ਪੀੜਤ ਕਿਸਾਨਾਂ ਮਜ਼ਦੂਰਾਂ ਦੇ ਪ੍ਰਵਾਰਾਂ ਨੂੰ 3-3 ਲੱਖ ਰੁਪਏ ਦੀ ਆਰਥਿਕ ਸਹਾਇਤਾ, 1-1 ਜੀਅ ਨੂੰ ਸਰਕਾਰੀ ਨੌਕਰੀ ਤੁਰੰਤ ਦਿਓ ਤੇ ਕਰਜ਼ੇ ਖ਼ਤਮ ਕਰੋ। 5 ਏਕੜ ਤੱਕ ਮਾਲਕੀ ਵਾਲੇ ਸਾਰੇ ਕਿਸਾਨਾਂ ਦੇ 2 ਲੱਖ ਰੁਪਏ ਤੱਕ ਦੇ ਕਰਜ਼ੇ ਤੁਰੰਤ ਮਾਫ਼ ਕਰੋ

ਅੰਦੋਲਨਕਾਰੀ ਕਿਸਾਨਾਂ ਸਿਰ ਮੜ੍ਹੇ ਸਾਰੇ ਪੁਲਿਸ ਕੇਸ ਤੁਰੰਤ ਰੱਦ ਕਰੋ ਅਤੇ ਸ਼ਹੀਦ ਹੋ ਚੁੱਕੇ ਪੰਜਾਬ ਦੇ ਸੈਂਕੜੇ ਕਿਸਾਨਾਂ ਮਜ਼ਦੂਰਾਂ ਦੇ ਵਾਰਸ ਸਾਰੇ ਪਰਵਾਰਾਂ ਨੂੰ 5-5 ਲੱਖ ਦੀ ਆਰਥਿਕ ਸਹਾਇਤਾ, 1-1 ਜੀਅ ਨੂੰ ਪੱਕੀ ਸਰਕਾਰੀ ਨੌਕਰੀ ਤੁਰੰਤ ਦਿਓ ਅਤੇ ਸਮੁੱਚੇ ਕਰਜ਼ੇ ਖ਼ਤਮ ਕਰੋ।ਪਾਵਰਕੌਮ ਵੱਲੋਂ ਢਾਈ ਏਕੜ ਤੱਕ ਮਾਲਕੀ ਵਾਲੇ ਸਾਰੇ ਕਿਸਾਨਾਂ ਨੂੰ ਪਹਿਲ ਦੇ ਆਧਾਰ’ਤੇ ਐਲਾਨ ਕੀਤੇ ਖੇਤੀ ਟਿਊਬਵੈੱਲ ਕੁਨੈਕਸ਼ਨ ਤੁਰੰਤ ਜਾਰੀ ਕਰੋ ਸ਼ਾਮਲ ਹਨ।

ਇਸਤੋਂ ਇਲਾਵਾ ਅੰਦੋਲਨਕਾਰੀ ਬੇਰੁਜ਼ਗਾਰ ਅਧਿਆਪਕ ਅਧਿਆਪਕਾਵਾਂ ਉੱਤੇ ਮਾਨਸਾ ਵਿਖੇ ਮੁੱਖ ਮੰਤਰੀ ਦੀ ਹਾਜ਼ਰੀ ਵਿੱਚ ਕੀਤੇ ਗਏ ਅੰਨ੍ਹੇਵਾਹ ਲਾਠੀਚਾਰਜ ਦੇ ਮੁਜਰਮ ਡੀ ਐੱਸ ਪੀ ਖਿਲਾਫ਼ ਬਣਦਾ ਕੇਸ ਦਰਜ ਕਰਕੇ ਉਸਨੂੰ ਜੇਲ੍ਹ ਭੇਜਣ, ਯੂਰੀਆ ਖਾਦ ਦੀ ਕਿੱਲਤ ਦੂਰ ਕਰਨ ਅਤੇ ਟੌਲ ਪਲਾਜ਼ਾ ਦੇ ਰੇਟਾਂ ਵਿੱਚ ਕੀਤਾ ਗਿਆ ਹਰ ਕਿਸਮ ਦਾ ਵਾਧਾ ਰੱਦ ਕਰਨ ਅਤੇ ਇਨ੍ਹਾਂ ਦੇ ਮੁਲਾਜ਼ਮਾਂ ਨੂੰ ਬਣਦੀਆਂ ਬਕਾਇਆ ਤਨਖਾਹਾਂ ਦੇ ਕੇ ਬਹਾਲ ਕਰਨ ਦੇ ਮਸਲੇ ਫੌਰੀ ਹੱਲ ਕਰਨ ਦੀ ਮੰਗ ਕੀਤੀ ਗਈ।

ਪਿਛਲੇ ਚੋਣ ਵਾਅਦੇ ਤੁਰੰਤ ਲਾਗੂ ਕਰਨ ਦੀਆਂ ਮੰਗਾਂ ਵਿੱਚ ਮੁੱਖ ਤੌਰ ‘ਤੇ ਕਰਜ਼ਾਗ੍ਰਸਤ ਕਿਸਾਨਾਂ ਤੇ ਖੇਤ ਮਜ਼ਦੂਰਾਂ ਸਿਰ ਚੜ੍ਹੇ ਸਮੁੱਚੇ ਕਰਜ਼ੇ ਤੁਰੰਤ ਖ਼ਤਮ ਕਰਨ ਅਤੇ ਪੰਜਾਬ ਵਿੱਚੋਂ ਚਿੱਟੇ ਵਰਗੇ ਮਾਰੂ ਨਸ਼ਿਆਂ ਦਾ ਸ਼ਰੇਆਮ ਚਲਦਾ ਗੈਰ ਕਾਨੂੰਨੀ ਤੇ ਸਮਾਜ ਵਿਰੋਧੀ ਕਾਰੋਬਾਰ ਤੁਰੰਤ ਬੰਦ ਕਰਨ ਅਤੇ ਇਸ ਕਾਲ਼ੇ ਧੰਦੇ ਦੇ ਸਰਪ੍ਰਸਤ ਰਾਜਨੀਤਕ ਆਗੂਆਂ ਸਮੇਤ ਉੱਚ ਅਧਿਕਾਰੀਆਂ ਨੂੰ ਸਖ਼ਤ ਸਜ਼ਾਵਾਂ ਦੇਣ ਦੇ ਵਾਅਦੇ ਸ਼ਾਮਲ ਹਨ।

ਸਾਰੇ ਬੁਲਾਰਿਆਂ ਵੱਲੋਂ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਗਈ ਕਿ ਕਿਸਾਨਾਂ ਮਜ਼ਦੂਰਾਂ ਦੇ ਇਹ ਜਾਇਜ਼ ਤੇ ਹੱਕੀ ਮਸਲੇ ਤੁਰੰਤ ਹੱਲ ਨਾ ਕਰਨ ਦੀ ਸੂਰਤ ਵਿੱਚ ਅੰਦੋਲਨ ਹੋਰ ਤੇਜ਼ ਕੀਤਾ ਜਾਵੇਗਾ। ਉਨ੍ਹਾਂ ਨੇ ਕਿਸਾਨਾਂ ਮਜ਼ਦੂਰਾਂ ਦੀ ਏਕਤਾ ਨੂੰ ਆਪੋ ਆਪਣੇ ਚੋਣ ਇਕੱਠਾਂ ਰਾਹੀਂ ਚੀਰਾ ਦੇ ਕੇ ਅੰਗਰੇਜ਼ਾਂ ਵਾਲੀ ਪਾੜੋ ਤੇ ਰਾਜ ਕਰੋ ਨੀਤੀ ਤੋਂ ਪੂਰੀ ਤਰ੍ਹਾਂ ਸੁਚੇਤ ਰਹਿਣ ਦਾ ਸੱਦਾ ਦਿੱਤਾ। ਆਪਣੀ ਏਕਤਾ ਹੋਰ ਮਜ਼ਬੂਤ ਕਰਦਿਆਂ ਸੰਘਰਸ਼ ਤੇਜ਼ ਕਰਨ ਰਾਹੀਂ ਭਖਦੀਆਂ ਮੰਗਾਂ ਮੰਨਵਾਉਣ ਤੇ ਲਾਗੂ ਕਰਵਾਉਣ ਉੱਪਰ ਤਾਣ ਕੇਂਦਰਤ ਕਰਨ ਦਾ ਸੱਦਾ ਦਿੱਤਾ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION