ਯੈੱਸ ਪੰਜਾਬ
ਚੰਡੀਗੜ੍ਹ੍, 25 ਅਕਤੂਬਰ, 2019:
ਪੰਜਾਬ ਵਿਜੀਲੈਂਸ ਬਿਊਰੋ ਨੇ ਥਾਣਾ ਸਦਰ ਗੁਰਦਾਸਪੁਰ ਵਿਖੇ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਨੂੰ 40,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ।
ਏ.ਐਸ.ਆਈ. ਰਜਿੰਦਰ ਕੁਮਾਰ ਨੂੰ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਜੰਗਲਾ ਦੇ ਵਸਨੀਕ ਇੰਦਰਜੀਤ ਰਾਏ ਦੀ ਸ਼ਿਕਾਇਤ ’ਤੇ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਮਾਮਲੇ ਵਿੱਚ ਇੱਕ ਹੋਰ ਏ.ਐਸ.ਆਈ. ਕੁਲਦੀਪ ਸਿੰਘ, ਜੋ ਕਿ ਹੁਣ ਪੰਜਾਬ ਪੁਲਿਸ ਅਕੈਡਮੀ ਫਿਲੌਰ ਵਿਖੇ ਸਿਖਲਾਈ ਲੈ ਰਿਹਾ ਹੈ, ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ।
ਇਸ ਕੇਸ ਦਾ ਵੇਰਵਾ ਦਿੰਦਿਆਂ ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕੀਤੀ ਅਤੇ ਦੋਸ਼ ਲਾਇਆ ਕਿ ਉਪਰੋਕਤ ਨਾਮੀ ਏ.ਐਸ.ਆਈ. ਵੱਲੋਂ ਉਸ ਦੇ ਮਾਸੂਮ ਬੇਟੇ ਸਵਤੰਤਰ ਰਾਏ ਨੂੰ ਪੁਲਿਸ ਕੇਸ ਵਿੱਚੋਂ ਬਾਹਰ ਕੱਢਣ ਲਈ 50,000 ਰੁਪਏ ਦੀ ਮੰਗ ਕੀਤੀ ਗਈ ਸੀ।
ਸ਼ਿਕਾਇਤ ਦੀ ਤਸਦੀਕ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਅਮ੍ਰਿਤਸਰ ਰੇਂਜ ਦੀ ਇਕ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਨੂੰ ਰੰਗੇ ਹੱਥੀਂ ਫੜ ਲਿਆ। ਉਸ ਤੋਂ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ ਰਿਸ਼ਵਤ ਦੇ ਪੈਸੇ ਬਰਾਮਦ ਕੀਤੇ ਗਏ।
ਉਨ੍ਹਾਂ ਦੱਸਿਆ ਕਿ ਦੋਵਾਂ ਮੁਲਜ਼ਮਾਂ ਖ਼ਿਲਾਫ਼ ਵਿਜੀਲੈਂਸ ਬਿਊਰੋ ਥਾਣਾ ਅੰਮ੍ਰਿਤਸਰ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਜਾਂਚ ਜਾਰੀ ਹੈ।