550ਵੇਂ ਪ੍ਰਕਾਸ਼ ਪੁਰਬ ਦੇ ਸਾਂਝੇ ਸਮਾਗਮਾਂ ਲਈ ਅਕਾਲ ਤਖ਼ਤ ਸਾਹਿਬ ਦਖ਼ਲਅੰਦਾਜ਼ੀ ਕਰੇ: ਸੁਖਜਿੰਦਰ ਰੰਧਾਵਾ

ਚੰਡੀਗੜ੍ਹ, 25 ਸਤੰਬਰ, 2019 –

ਪੰਜਾਬ ਦੇ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਸਾਂਝੇ ਤੌਰ ਉੱਤੇ ਮਨਾਉਣ ਲਈ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਨੂੰ ਬਾਦਲ ਪਰਿਵਾਰ ਵਲੋਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਰਾਹੀਂ ਫੇਲ੍ਹ ਕਰਨ ਦੀ ਸਾਜ਼ਿਸ਼ ਨੂੰ ਰੋਕਣ ਲਈ ਤੁਰੰਤ ਆਪਣੀ ਦਖ਼ਲਅੰਦਾਜੀ ਕਰਨ।

ਉਹਨਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਬੇਨਤੀ ਕੀਤੀ ਹੈ ਕਿ ਉਹ ਪ੍ਰਕਾਸ਼ ਪੁਰਬ ਨੂੰ ਇਕੱਠਿਆਂ ਮਨਾਉਣ ਲਈ ਕੀਤੇ ਗਏ ਫੈਸਲਿਆਂ ਦੀ ਉਲੰਘਣਾ ਕਰਨ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਜਵਾਬ ਤਲਬੀ ਕਰਨ।

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਲਿਖੇ ਇੱਕ ਪੱਤਰ ਵਿਚ ਸ਼੍ਰੀ ਰੰਧਾਵਾ ਨੇ ਕਿਹਾ ਹੈ ਕਿ ਪਿਛਲੀ 29 ਜੂਨ ਨੂੰ ਪੰਜਾਬ ਸਰਕਾਰ ਵਲੋਂ ਆਪਣੇ ਸਾਥੀ ਮੰਤਰੀਆਂ ਨਾਲ ਜਦੋਂ ਉਹਨਾਂ ਨੇ ਖਾਲਸਾ ਪੰਥ ਦੇ ਸਰਬਉੱਚ ਅਸਥਾਨ ਦੀ ਛੱਤਰ ਛਾਇਆ ਹੇਠ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਸੀ ਤਾਂ ਇਹ ਫੈਸਲਾ ਹੋਇਆ ਸੀ ਕਿ ਪ੍ਰਕਾਸ਼ ਪੁਰਬ ਦੋਹੇਂ ਧਿਰਾਂ ਸਾਂਝੇ ਤੌਰ ਉੱਤੇ ਮਨਾਉਣਗੀਆਂ।

ਉਹਨਾਂ ਕਿਹਾ ਕਿ ਪਹਿਲੀ ਪਾਤਸ਼ਾਹੀ ਦਾ ਪ੍ਰਕਾਸ਼ ਪੁਰਬ ਸਾਂਝੇ ਤੌਰ ਉੱਤੇ ਮਨਾਉਣ ਦੀ ਭਾਵਨਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਵਲੋਂ ਪ੍ਰਗਟਾਈ ਗਈ ਸੀ ਜਿਸ ਉੱਤੇ ਪੰਜਾਬ ਦੇ ਮੁੱਖ ਮੰਤਰੀ ਨੇ ਫੁੱਲ ਚੜ੍ਹਾਉਂਦਿਆਂ ਤੁਰੰਤ ਆਪਣੇ ਸਾਥੀ ਮੰਤਰੀਆਂ ਨੂੰ ਮੀਟਿੰਗ ਵਿਚ ਸ਼ਾਮਲ ਹੋਣ ਲਈ ਭੇਜਿਆ ਸੀ।

ਸ੍ਰੀ ਰੰਧਾਵਾ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਜਥੇਦਾਰ ਸਾਹਿਬ ਦੀ ਹਾਜ਼ਰੀ ਵਿਚ ਹੋਈ ਇਸ ਮੀਟਿੰਗ ਵਿਚ ਇਹ ਫੈਸਲਾ ਹੋਇਆ ਸੀ ਕਿ ਸਾਂਝੇ ਸਮਾਗਮ ਦਾ ਧਾਰਮਿਕ ਪੱਖ-ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼, ਅਰਦਾਸ, ਹੁਕਮਨਾਮਾ ਅਤੇ ਕੜਾਹ ਪ੍ਰਸ਼ਾਦ ਵਰਤਾਉਣ-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਿਭਾਏਗੀ ਅਤੇ ਬਾਕੀ ਪ੍ਰਬੰਧਾਂ ਦੀ ਜ਼ਿੰਮਵਾਰੀ ਸੂਬਾ ਸਰਕਾਰ ਦੀ ਹੋਵੇਗੀ।

ਇਸ ਤੋਂ ਬਿਨਾਂ ਇਹ ਫੈਸਲਾ ਹੋਇਆ ਸੀ ਕਿ ਕੌਮੀ ਅਤੇ ਕੌਮਾਂਤਰੀ ਹਸਤੀਆਂ ਨੂੰ ਸੱਦਾ ਦੇਣ ਸਮੇਤ ਬਾਕੀ ਪ੍ਰਬੰਧਾਂ ਅਤੇ ਸਟੇਜ ਸਬੰਧੀ ਫੈਸਲੇ ਲੈਣ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨਾਲ ਅਗਲੀ ਮੀਟਿੰਗ ਕਰਨਗੇ।

ਸਹਿਕਾਰਤਾ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਇਹਨਾਂ ਫੈਸਲਿਆਂ ਦੀ ਕੁਝ ਘੰਟਿਆਂ ਬਾਅਦ ਹੀ 1 ਜੁਲਾਈ ਨੂੰ ਉਸ ਵੇਲੇ ਉਲੰਘਣਾ ਕਰ ਦਿੱਤੀ ਜਦੋਂ ਉਹ ਦਬਾਅ ਵਿਚ ਆ ਕੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਵਾਲੇ ਵਫ਼ਦ ਦਾ ਹਿੱਸਾ ਬਣ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪ੍ਰਕਾਸ਼ ਪੁਰਬ ਵਿਚ ਸ਼ਾਮਲ ਹੋਣ ਦਾ ਸੱਦਾ ਦੇਣ ਚਲੇ ਗਏ।

ਸ਼੍ਰੀ ਰੰਧਾਵਾ ਨੇ ਕਿਹਾ ਕਿ ਗੋਬਿੰਦ ਸਿੰਘ ਲੌਂਗੋਵਾਲ ਦੀ ਇਸ ਇੱਕਪਾਸੜ ਕਾਰਵਾਈ ਦੇ ਬਾਵਜੂਦ ਉਹ ਆਪਣੇ ਇੱਕ ਹੋਰ ਸਾਥੀ ਨਾਲ 17 ਸਤੰਬਰ ਨੂੰ ਫਿਰ ਸ਼੍ਰੀ ਅਕਾਲ ਤਖ਼ਤ ਸਾਹਿਬ ਵਲੋਂ ਬਣਾਈ ਗਈ ਸਾਂਝੀ ਤਾਲਮੇਲ ਕਮੇਟੀ ਦੀ ਮੀਟਿੰਗ ਵਿਚ ਗਏ ਤਾਂ ਕਿ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਸਾਂਝਾ ਮਨਾਇਆ ਜਾ ਸਕੇ। ਪਰ ਇਸ ਵਾਰੀ ਫਿਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਉਹਨਾਂ ਹੀ ਵਿਅਕਤੀਆਂ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਭਾਰਤ ਦੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਸੱਦਾ ਦੇਣ ਚਲੇ ਗਏ।

ਸਹਿਕਾਰਤਾ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਦੀ ਇਹ ਇੱਕਪਾਸੜ ਕਾਰਵਾਈ ਸਾਂਝੀ ਮੀਟਿੰਗ ਵਿਚ ਹੋਏ ਫੈਸਲਿਆਂ ਦੀ ਉਲੰਘਣਾ ਹੈ ਜਿਸ ਤੋਂ ਸਪਸ਼ਟ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬਾਦਲ ਪਰਿਵਾਰ ਦੇ ਦਬਾਅ ਹੇਠ ਹੈ ਅਤੇ ਪ੍ਰਕਾਸ਼ ਪੁਰਬ ਦਾ ਮੁੱਖ ਸਮਾਗਮ ਪੰਜਾਬ ਸਰਕਾਰ ਨਾਲ ਰਲ ਕੇ ਨਹੀਂ ਮਨਾਉਣਾ ਚਾਹੁੰਦੀ। ਉਹਨਾਂ ਕਿਹਾ ਕਿ ਅਜਿਹਾ ਕਰ ਕੇ ਸ਼੍ਰੋਮਣੀ ਕਮੇਟੀ, ਜਿਹੜੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮਿਆਂ ਤੇ ਆਦੇਸ਼ਾਂ ਨੂੰ ਪ੍ਰਚਾਰਨ ਅਤੇ ਲਾਗੂ ਕਰਾਉਣ ਦੀ ਪਾਬੰਦ ਹੈ, ਖੁਦ ਹੀ ਇਸ ਮਹਾਨ ਸੰਸਥਾ ਦੇ ਆਦੇਸ਼ ਤੋਂ ਮੁਨਕਰ ਹੋ ਰਹੀ ਹੈ।

ਸ਼੍ਰੀ ਰੰਧਾਵਾ ਨੇ ਕਿਹਾ ਕਿ ਬਾਦਲ ਪਰਿਵਾਰ ਨੇ ਗੁਰੂ ਨਾਨਕ ਦੇਵ ਜੀ ਦਾ ਇਤਿਹਾਸਕ ਪ੍ਰਕਾਸ਼ ਪੁਰਬ ਸਾਂਝੇ ਤੌਰ ਉੱਤੇ ਮਨਾਉਣ ਦੇ ਫੈਸਲੇ ਨੂੰ ਇਸ ਲਈ ਉਲਟਾਉਣ ਲਈ ਉਤਾਰੂ ਹੈ ਕਿਉਂਕਿ ਉਸ ਇਸ ਇਤਿਹਸਕ ਪੁਰਬ ਦੇ ਸਮਾਗਮਾਂ ਵਿਚ ਆਪਣੀ ਚੌਧਰ ਰਾਹੀਂ ਸਿੱਖ ਜਗਤ ਵਿਚ ਆਪਣੇ ਖੁੱਸੇ ਹੋਏ ਵਕਾਰ ਨੂੰ ਬਹਾਲ ਕਰਨਾ ਚਾਹੁੰਦਾ ਹੈ।

ਉਹਨਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਦੇ ਧਿਆਨ ਵਿਚ ਇਹ ਵੀ ਲਿਆਂਦਾ ਕਿ 1999 ਵਿਚ ਵੀ ਬਾਦਲ ਪਰਿਵਾਰ ਨੇ ਇਸੇ ਤਰ੍ਹਾਂ ਹੀ ਖਾਲਸਾ ਪੰਥ ਦੀ ਤੀਜੀ ਜਨਮ ਸ਼ਤਾਬਦੀ ਮੌਕੇ ਸਾਂਝਾ ਸਮਾਗਮ ਨਹੀਂ ਸੀ ਹੋਣ ਦਿੱਤਾ। ਉਸ ਵੇਲੇ ਸਮਾਗਮਾਂ ਵਿਚ ਆਪਣੀ ਚੌਧਰ ਚਮਕਾਉਣ ਲਈ ਪ੍ਰਕਾਸ਼ ਸਿੰਘ ਬਾਦਲ ਨੇ ਰਾਜ ਸਤਾ ਦੇ ਬਲਬੂਤੇ ਪਹਿਲਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਉਲੰਘਣਾ ਕਰ ਕੇ ਪਹਿਲਾਂ ਉਸ ਵੇਲੇ ਦੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਅਹੁਦੇ ਤੋਂ ਲੁਹਾਇਆ ਅਤੇ ਫਿਰ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਰਣਜੀਤ ਸਿੰਘ ਨੂੰ ਹਟਵਾਇਆ। ਇਹਨਾਂ ਦੋਹਾਂ ਪੰਥਕ ਆਗੂਆਂ ਨੂੰ ਮਜ਼ਬੂਰਨ ਵੱਖਰਾ ਸਮਾਗਮ ਕਰਨਾ ਪਿਆ ਸੀ ਜਿਸ ਵਿਚ ਵੱਡੀ ਗਿਣਤੀ ਵਿਚ ਸਿੱਖ ਸੰਗਤ ਸ਼ਾਮਲ ਹੋਈ ਸੀ।

ਸ਼੍ਰੀ ਰੰਧਾਵਾ ਨੇ ਸਪਸ਼ਟ ਕੀਤਾ ਕਿ ਸੂਬਾ ਸਰਕਾਰ ਪ੍ਰਕਾਸ਼ ਪੁਰਬ ਦਾ 12 ਨਵੰਬਰ ਨੂੰ ਸੁਲਤਾਨਪੁਰ ਲੋਧੀ ਨੂੰ ਹੋਣ ਵਾਲਾ ਮੁੱਖ ਸਮਾਗਮ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਰਲ ਕੇ ਸਾਂਝੇ ਤੌਰ ਊੱਤੇ ਮਨਾਉਣਾ ਚਾਹੁੰਦੀ ਹੈ ਪਰ ਇਹ ਤਾਂ ਹੀ ਸੰਭਵ ਹੋਵੇਗਾ ਜੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਇਸ ਇਤਿਹਾਸਕ ਮੌਕੇ ਬਾਦਲ ਪਰਿਵਾਰ ਦੇ ਹੱਥਾਂ ਵਿਚ ਖੇਡਣਾ ਬੰਦ ਕਰ ਕੇ ਸਮੁੱਚੇ ਸਿੱਖ ਜਗਤ ਦੀਆਂ ਭਾਵਨਾਵਾਂ ਦੀ ਕਦਰ ਕਰਦਿਆਂ ਆਜ਼ਾਦ ਤੇ ਖੁਦਮੁਖਤਿਆਰ ਹੋ ਕੇ ਆਪਣੇ ਫ਼ਰਜ਼ਾਂ ਦੀ ਪੂਰਤੀ ਕਰਨ।

ਇਸ ਨੂੰ ਵੀ ਪੜ੍ਹੋ:  

ਚਿੱਠੀ ਲਿਖ਼ ਬਾਵੇ ਨੇ ਪਾਈ ਮਰਜਾਣੇ ਮਾਨ ਨੂੰ – ਐੱਚ.ਐੱਸ.ਬਾਵਾ

Share News / Article

Yes Punjab - TOP STORIES