550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ’ਚ ਸ਼ਮੂਲੀਅਤ ਲਈ ਲੌਂਗੋਵਾਲ ਨੇ ਕੇਜਰੀਵਾਲ ਤੇ ਯੋਗੀ ਅਦਿੱਤਿਆ ਨਾਥ ਨੂੰ ਦਿੱਤਾ ਸੱਦਾ

ਅੰਮ੍ਰਿਤਸਰ, 25 ਅਕਤੂਬਰ, 2019:
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸੁਲਤਾਨਪੁਰ ਲੋਧੀ ਵਿਖੇ ਹੋਣ ਵਾਲੇ ਸਮਾਗਮਾਂ ਸਮੇਂ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੱਖ-ਵੱਖ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸੱਦਾ ਪੱਤਰ ਦੇਣ ਦਾ ਸਿਲਸਿਲਾ ਨਿਰੰਤਰ ਜਾਰੀ ਹੈ।

ਸ਼੍ਰੋਮਣੀ ਕਮੇਟੀ ਵੱਲੋਂ ਭਾਰਤ ਦੇ ਰਾਸ਼ਟਰਪਤੀ ਸ੍ਰੀ ਰਾਮਨਾਥ ਕੋਵਿੰਦ, ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਸਮੇਤ ਕਈ ਪ੍ਰਮੁੱਖ ਹਸਤੀਆਂ ਨੂੰ ਸੱਦਾ ਪੱਤਰ ਦਿੱਤੇ ਜਾ ਚੁੱਕੇ ਹਨ। ਇਸ ਤੋਂ ਇਲਾਵਾ ਭਾਰਤ ਦੇ ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਤੱਕ ਵੀ ਪਹੁੰਚ ਕੀਤੀ ਜਾ ਰਹੀ ਹੈ।

ਇਸੇ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਦਿੱਲੀ ਦੇ ਮੁੱਖ ਮੰਤਰੀ ਸ੍ਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਮੁੱਖ ਸਮਾਗਮ ਸਮੇਂ ਸ਼ਮੂਲੀਅਤ ਲਈ ਸੱਦਾ ਦਿੱਤਾ। ਸ੍ਰੀ ਕੇਜਰੀਵਾਲ ਨੇ ਭਾਈ ਲੌਂਗੋਵਾਲ ਨੂੰ ਜੀ-ਆਇਆਂ ਆਖਦਿਆਂ ਸਮੁੱਚੀਆਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਮੁੱਖ ਸਮਾਗਮ ਸਮੇਂ ਸ਼ਮੂਲੀਅਤ ਦਾ ਭਰੋਸਾ ਦਿੱਤਾ।

ਭਾਈ ਲੌਂਗੋਵਾਲ ਨੇ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ 550ਵੇਂ ਪ੍ਰਕਾਸ਼ ਪੁਰਬ ਮੌਕੇ ਮੁੱਖ ਸਮਾਗਮ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਦੀ ਗੁਰੂ ਨਾਨਕ ਸਟੇਡੀਅਮ ਵਿਖੇ ਲਗਾਈ ਜਾ ਰਹੀ ਸਟੇਜ ’ਤੇ 12 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਦੇਸ਼ ਦੁਨੀਆਂ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਸ਼ਿਰਕਤ ਕਰਨਗੀਆਂ। ਉਨ੍ਹਾਂ ਕਿਹਾ ਕਿ ਇਹ ਇਕ ਬੇਹੱਦ ਇਤਿਹਾਸਕ ਮੌਕਾ ਹੈ ਅਤੇ ਸ਼੍ਰੋਮਣੀ ਕਮੇਟੀ ਹਰ ਇਕ ਨੂੰ ਸਮਾਗਮਾਂ ’ਚ ਜੀ ਆਇਆਂ ਕਹੇਗੀ।

ਦੱਸਣਯੋਗ ਹੈ ਕਿ ਬੀਤੇ ਕੱਲ੍ਹ ਭਾਈ ਲੌਂਗੋਵਾਲ ਵੱਲੋਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿੱਤਿਆ ਨਾਥ ਨਾਲ ਵੀ ਮੁਲਾਕਾਤ ਕਰਕੇ ਸਮਾਗਮਾਂ ’ਚ ਸ਼ਿਰਕਤ ਲਈ ਸੱਦਾ ਦਿੱਤਾ ਗਿਆ ਸੀ। ਭਾਈ ਲੌਂਗੋਵਾਲ ਨਾਲ ਸੀਨੀਅਰ ਅਕਾਲੀ ਆਗੂ ਅਤੇ ਰਾਜ ਸਭਾ ਮੈਂਬਰ ਸ. ਬਲਵਿੰਦਰ ਸਿੰਘ ਭੂੰਦੜ ਤੇ ਸ. ਦਰਸ਼ਨ ਸਿੰਘ ਪੀ.ਏ. ਵੀ ਮੌਜੂਦ ਸਨ।

Share News / Article

YP Headlines