25.6 C
Delhi
Saturday, April 20, 2024
spot_img
spot_img

550 ਸਾਲਾ ਪ੍ਰਕਾਸ਼ ਦਿਹਾੜੇ ਦੇ ਕੌਮਾਂਤਰੀ ਸਮਾਗਮ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਨਾਲ ਹੋਏ ਸੰਪੂਰਨ

ਸੁਲਤਾਨਪੁਰ ਲੋਧੀ, 13 ਨਵੰਬਰ, 2019:
ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਦਿਹਾੜੇ ਦੇ ਕੌਮਾਂਤਰੀ ਸਮਾਗਮ ਬੀਤੀ ਰਾਤ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਦੇ ਨਾਲ ਸੰਪੂਰਨ ਹੋ ਗਏ।

ਦੱਸਣਯੋਗ ਹੈ ਕਿ ਬੀਤੀ 1 ਨਵੰਬਰ ਤੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਮਾਗਮ ਸੁਲਤਾਨਪੁਰ ਲੋਧੀ ਦੀ ਪਾਵਨ ਇਤਿਹਾਸਕ ਧਰਤੀ `ਤੇ ਗੁਰਦੁਆਰਾ ਸ੍ਰੀ ਬੇਰ ਸਾਹਿਬ ਵਿਖੇ ਆਰੰਭ ਹੋਏ ਸਨ। ਇਨ੍ਹਾਂ ਸਮਾਗਮਾਂ ਦੀ ਸਮਾਪਤੀ ਮੌਕੇ 12 ਅਤੇ 13 ਨਵੰਬਰ ਦੀ ਦਰਮਿਆਨੀ ਰਾਤ ਗੁਰਦੁਆਰਾ ਸਾਹਿਬ ਵਿਖੇ ਸੰਗਤ ਨੇ ਭਰਵੀਂ ਸ਼ਮੂਲੀਅਤ ਕੀਤੀ। ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਰਾਤ ਦੇ 2.30 ਵਜੇ ਪਾਏ ਗਏ।

ਇਸ ਮੌਕੇ ਰਵਾਇਤ ਅਨੁਸਾਰ ਗੁਰਬਾਣੀ ਕੀਰਤਨ ਮਗਰੋਂ ਆਰਤੀ ਦਾ ਕੀਰਤਨ ਕੀਤਾ ਗਿਆ, ਜਿਸ ਦੌਰਾਨ ਸਮੁੱਚੀ ਸੰਗਤ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ `ਤੇ ਫੁੱਲਾਂ ਦੀ ਵਰਖਾ ਕਰਕੇ ਗੁਰੂ ਸਾਹਿਬ ਨੂੰ ਸ਼ਰਧਾ ਤੇ ਸਤਿਕਾਰ ਭੇਟ ਕੀਤਾ। ਇਹ ਦ੍ਰਿਸ਼ ਬੇਹੱਦ ਅਲੌਕਿਕ ਅਤੇ ਵਿਸਮਾਦੀ ਸੀ।

ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਗੁਰਦੁਆਰਾ ਸਾਹਿਬ ਅੰਦਰ ਧਾਰਮਿਕ ਸ਼ਖ਼ਸੀਅਤਾਂ ਨੇ ਸੰਗਤ ਨਾਲ ਗੁਰਮਤਿ ਵਿਚਾਰਾਂ ਸਾਂਝੀਆਂ ਕੀਤੀਆਂ। ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖ਼ਾਲਸਾ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਸਿੱਖਿਆਵਾਂ ਦੀ ਰੌਸ਼ਨੀ ਵਿਚ ਨੌਜਵਾਨੀ ਨੂੰ ਸਿੱਖ ਸਰੂਪ ਵਿਚ ਪ੍ਰਪੱਕ ਰਹਿਣ ਦੀ ਪ੍ਰੇਰਨਾ ਕੀਤੀ।

ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਵੀ ਗੁਰੂ ਸਾਹਿਬ ਪ੍ਰਤੀ ਸ਼ਰਧਾ ਦੇ ਸ਼ਬਦ ਕਹੇ। ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੁੱਖ ਗ੍ਰੰਥੀ ਭਾਈ ਸੁਰਜੀਤ ਸਿੰਘ ਸਭਰਾ ਨੇ ਸੰਗਤ ਨੂੰ ਪਹਿਲੀ ਪਾਤਸ਼ਾਹੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਆਈਆਂ ਧਾਰਮਿਕ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਬਾਬਾ ਨਿਹਾਲ ਸਿੰਘ ਹਰੀਆਂ ਵੇਲਾਂ ਵਾਲੇ, ਬਾਬਾ ਗੁਰਦੇਵ ਸਿੰਘ ਗੁਰਦੁਆਰਾ ਸ਼ਹੀਦੀ ਬਾਗ ਸ੍ਰੀ ਅਨੰਦਪੁਰ ਸਾਹਿਬ, ਬਾਬਾ ਅਵਤਾਰ ਸਿੰਘ ਸੁਰਸਿੰਘ, ਸ਼੍ਰੋਮਣੀ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ, ਸ਼੍ਰੋਮਣੀ ਕਮੇਟੀ ਦੇ ਅੰਤ੍ਰਿਗ ਕਮੇਟੀ ਮੈਂਬਰ ਸ. ਅਮਰੀਕ ਸਿੰਘ ਕੋਟ ਸ਼ਮੀਰ, ਮੈਂਬਰ ਸ. ਜਰਨੈਲ ਸਿੰੰਘ ਡੋਗਰਾਂਵਾਲਾ, ਸ. ਦਿਆਲ ਸਿੰਘ ਕੋਲਿਆਂਵਾਲੀ, ਭਾਈ ਅਮਰਜੀਤ ਸਿੰਘ ਚਾਵਲਾ, ਸ. ਸਰਵਣ ਸਿੰਘ ਕੁਲਾਰ, ਬੀਬੀ ਗੁਰਪ੍ਰੀਤ ਕੌਰ ਰੂਹੀ, ਸ. ਬਾਵਾ ਸਿੰਘ ਗੁਮਾਨਪੁਰਾ, ਸ. ਮੰਗਵਿੰਦਰ ਸਿੰਘ ਖਾਪੜਖੇੜੀ, ਧਰਮ ਪ੍ਰਚਾਰ ਕਮੇਟੀ ਸਕੱਤਰ ਸ. ਮਹਿੰਦਰ ਸਿੰਘ ਆਹਲੀ, ਸਵਾਮੀ ਜੀ ਹੁਸ਼ਿਆਰਪੁਰ ਵਾਲੇ, ਮੀਤ ਸਕੱਤਰ ਸ. ਹਰਜੀਤ ਸਿੰਘ ਲਾਲੂ ਘੁੰਮਣ, ਸ. ਸੁਲੱਖਣ ਸਿੰਘ ਭੰਗਾਲੀ, ਸ. ਸਕੱਤਰ ਸਿੰਘ, ਸ. ਗੁਰਿੰਦਰ ਸਿੰਘ ਮਥਰੇਵਾਲ, ਗੁਰਦੁਆਰਾ ਸ੍ਰੀ ਬੇਰ ਸਾਹਿਬ ਦੇ ਮੈਨੇਜਰ ਸ. ਸਤਨਾਮ ਸਿੰਘ ਰਿਆੜ ਆਦਿ ਵੀ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION