34 C
Delhi
Sunday, April 28, 2024
spot_img
spot_img

7 ਮਹੀਨੇ ਬਨਾਮ 70 ਸਾਲ: ‘ਆਪ’ ਨੇ ਮਾਨ ਸਰਕਾਰ ਦਾ ਸੱਤ ਮਹੀਨਿਆਂ ਦਾ ਰਿਪੋਰਟ ਕਾਰਡ ਕੀਤਾ ਪੇਸ਼

ਯੈੱਸ ਪੰਜਾਬ
ਚੰਡੀਗੜ੍ਹ, 16 ਅਕਤੂਬਰ, 2022:
ਆਮ ਆਦਮੀ ਪਾਰਟੀ (ਆਪ) ਸਰਕਾਰ ਦੇ 7 ਮਹੀਨਿਆਂ ਦੇ ਕਾਰਜਕਾਲ ਦਾ ਰਿਪੋਰਟ ਕਾਰਡ ਪੇਸ਼ ਕਰਦਿਆਂ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੂਬੇ ਵਿੱਚੋਂ ਪਿਛਲੀਆਂ ਸਰਕਾਰਾਂ ਵੱਲੋਂ ਕੀਤੇ ਜਾਂਦੇ ਭ੍ਰਿਸ਼ਟਾਚਾਰ ਅਤੇ ਮਾਫੀਆ ਕਲਚਰ ਨੂੰ ਖਤਮ ਕਰਕੇ ਰਾਜਨੀਤੀ ਦੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ। ‘ਆਪ’ ਸਰਕਾਰ ਨੇ ਸੂਬੇ ਦੀ ਗੁਆਚੀ ਸ਼ਾਨ ਨੂੰ ਵਾਪਸ ਲਿਆਉਣ ਲਈ ਭ੍ਰਿਸ਼ਟਾਚਾਰ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਈ ਹੈ।

ਐਤਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਮੰਤਰੀ ਅਮਨ ਅਰੋੜਾ ਨੇ ਪਿਛਲੀਆਂ ਕਾਂਗਰਸ, ਅਕਾਲੀ ਦਲ ਅਤੇ ਭਾਜਪਾ ਸਰਕਾਰਾਂ ਵੱਲੋਂ ਪੰਜਾਬ ਨੂੰ ਵੱਡੇ ਕਰਜ਼ੇ ਵਿੱਚ ਧੱਕਣ ਲਈ ਆਲੋਚਨਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੇ ਜ਼ਿਆਦਾਤਰ ਆਗੂ ਭ੍ਰਿਸ਼ਟਾਚਾਰ ਵਿੱਚ ਲਿਪਤ ਸਨ।

‘ਆਪ’ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਦੱਸਦਿਆਂ ਮੰਤਰੀ ਨੇ ਕਿਹਾ ਕਿ ਮਾਨ ਸਰਕਾਰ ਨੇ 7 ਮਹੀਨਿਆਂ ‘ਚ ਕਈ ਇਤਿਹਾਸਕ ਫੈਸਲੇ ਲਏ, ਜੋ ਪਿਛਲੀਆਂ ਸਰਕਾਰਾਂ ਆਪਣੇ 70 ਸਾਲਾਂ ਦੇ ਸ਼ਾਸਨ ‘ਚ ਵੀ ਲੈਣ ਤੋਂ ਅਸਫਲ ਰਹੀਆਂ ਸਨ।

‘ਆਪ’ ਸਰਕਾਰ ਚੋਣ ਪ੍ਰਚਾਰ ਦੌਰਾਨ ਕੀਤੇ ਵਾਅਦੇ ਮੁਤਾਬਕ ਰੁਜ਼ਗਾਰ ਪੈਦਾ ਕਰ ਰਹੀ ਹੈ। ਸਰਕਾਰ ਨੇ 9000 ਅਧਿਆਪਕਾਂ ਦੀਆਂ ਸੇਵਾਵਾਂ ਰੈਗੂਲਰ ਕਰ ਦਿੱਤੀਆਂ ਹਨ ਅਤੇ ਬਾਕੀ ਰਹਿੰਦੇ 28000 ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ। ਸਰਕਾਰ ਨੇ ਪੁਲਿਸ ਵਿਭਾਗ ਵਿੱਚ ਭਰੀਆਂ ਵੱਖ-ਵੱਖ ਕਾਡਰਾਂ ਦੀਆਂ 2500 ਅਸਾਮੀਆਂ ਦੇ ਨਾਲ-ਨਾਲ ਵੱਖ-ਵੱਖ ਸਰਕਾਰੀ ਵਿਭਾਗਾਂ ਵਿੱਚ ਖਾਲੀ ਪਈਆਂ 26,000 ਅਸਾਮੀਆਂ ਨੂੰ ਭਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ।

ਉਨ੍ਹਾਂ ਕਿਹਾ ਕਿ ਸਰਕਾਰ ਨੇ ਭ੍ਰਿਸ਼ਟਾਚਾਰ ਨਾਲ ਨਜਿੱਠਣ ਲਈ ਭ੍ਰਿਸ਼ਟਾਚਾਰ ਵਿਰੋਧੀ ਹੈਲਪਲਾਈਨ ਸ਼ੁਰੂ ਕੀਤੀ ਹੈ। ਮਾਨ ਸਰਕਾਰ ਦੀ ਸਭ ਤੋਂ ਵੱਡੀ ਪ੍ਰਾਪਤੀ ਭ੍ਰਿਸ਼ਟ ਨੇਤਾਵਾਂ ‘ਤੇ ਸ਼ਿਕੰਜਾ ਕੱਸਣਾ ਹੈ। ਪਿਛਲੇ ਸੱਤ ਮਹੀਨਿਆਂ ਵਿੱਚ ਸੂਬਾ ਸਰਕਾਰ ਨੇ ਪੰਜਾਬ ਨੂੰ ਲੁੱਟਣ ਵਾਲੇ 220 ਤੋਂ ਵੱਧ ਪ੍ਰਭਾਵਸ਼ਾਲੀ ਵਿਅਕਤੀਆਂ, ਸੀਨੀਅਰ ਸਿਆਸਤਦਾਨਾਂ ਅਤੇ ਅਫਸਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਜਦੋਂ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਨ੍ਹਾਂ ਦੀ ਸਰਪ੍ਰਸਤੀ ਕੀਤੀ ਜਾਂਦੀ ਸੀ।

ਇਸ ਦੇ ਨਾਲ ਹੀ ਗੈਂਗਸਟਰਾਂ ਨੂੰ ਖਤਮ ਕਰਨ ਲਈ ਐਂਟੀ ਗੈਂਗਸਟਰ ਟਾਸਕ ਫੋਰਸ ਦਾ ਗਠਨ ਕੀਤਾ ਗਿਆ ਅਤੇ ਕਈ ਸੰਗਠਿਤ ਅਪਰਾਧੀਆਂ ਨੂੰ ਗ੍ਰਿਫਤਾਰ ਕੀਤਾ ਗਿਆ।

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਸੂਬਾ ਸਰਕਾਰ ਨੇ 7275 ਰੁਪਏ ਪ੍ਰਤੀ ਕੁਇੰਟਲ ਦੇ ਘੱਟੋ-ਘੱਟ ਸਮਰਥਨ ਮੁੱਲ ‘ਤੇ ਮੂੰਗੀ ਦੀ ਖਰੀਦ ਕਰਕੇ ਕਿਸਾਨਾਂ ਨੂੰ ਤੀਜੀ ਫਸਲ ਬੀਜਣ ਲਈ ਉਤਸ਼ਾਹਿਤ ਕਰਦੇ ਹੋਏ ਕਈ ਕਿਸਾਨ ਪੱਖੀ ਫੈਸਲੇ ਲਏ ਹਨ।

ਉਨ੍ਹਾਂ ਕਿਹਾ ਕਿ ਕਿਸਾਨਾਂ ਲਈ ਪਹਿਲੀ ਵਾਰ ਟਿਊਬਵੈੱਲਾਂ ‘ਤੇ ਲੋਡ ਵਧਾਉਣ ਦਾ ਖ਼ਰਚਾ 4750 ਰੁਪਏ ਤੋਂ ਘਟਾ ਕੇ 2500 ਰੁਪਏ ਪ੍ਰਤੀ ਐਚਪੀ ਕੀਤਾ ਗਿਆ। ਧਰਤੀ ਹੇਠਲੇ ਪਾਣੀ ਦੀ ਕਮੀ ਨੂੰ ਰੋਕਣ ਲਈ ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪਏ ਪ੍ਰਤੀ ਏਕੜ ਸਬਸਿਡੀ ਦਿੱਤੀ ਗਈ।

ਇਸੇ ਤਰ੍ਹਾਂ ਗੰਨੇ ਦਾ ਭਾਅ 20 ਰੁਪਏ ਪ੍ਰਤੀ ਕੁਇੰਟਲ ਵਧਾ ਕੇ 360 ਰੁਪਏ ਤੋਂ 380 ਰੁਪਏ ਪ੍ਰਤੀ ਕੁਇੰਟਲ ਕੀਤਾ ਗਿਆ। ਮੂੰਗੀ ਹੇਠ ਰਕਬਾ 54,363 ਏਕੜ ਤੋਂ ਵਧ ਕੇ 1,28,495 ਏਕੜ ਹੋ ਗਿਆ ਹੈ। ਸਰਕਾਰ ਨੇ ਖਰਾਬ ਮੌਸਮ ਅਤੇ ਹੜ੍ਹਾਂ ਨਾਲ ਪ੍ਰਭਾਵਿਤ ਕਿਸਾਨਾਂ ਨੂੰ ਬਕਾਇਆ ਮੁਆਵਜ਼ਾ ਵੀ ਮਨਜ਼ੂਰ ਕਰ ਦਿੱਤਾ ਹੈ। ਗੰਨਾ ਕਾਸ਼ਤਕਾਰਾਂ ਦੇ ਸਾਰੇ ਬਕਾਏ ਕਲੀਅਰ ਵੀ ਕਰ ਦਿੱਤੇ ਗਏ ਹਨ।

ਅਰੋੜਾ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੂੰ ਸਮਰਪਿਤ 100 ਆਮ ਆਦਮੀ ਕਲੀਨਿਕ ਆਮ ਆਦਮੀ ਦੇ ਦਰਵਾਜ਼ੇ ‘ਤੇ ਮੁਫਤ ਅਤੇ ਵਧੀਆ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਖੋਲ੍ਹੇ ਗਏ ਹਨ ਅਤੇ ਰਾਜ ਵਿੱਚ 16 ਨਵੇਂ ਮੈਡੀਕਲ ਕਾਲਜਾਂ ਦਾ ਐਲਾਨ ਕੀਤਾ ਗਿਆ ਹੈ। ਸਰਕਾਰ ਨੇ ਕੈਂਸਰ ਦੇ ਮਰੀਜ਼ਾਂ ਦੇ ਉੱਚ ਪੱਧਰੀ ਇਲਾਜ ਲਈ ਮੁੱਲਾਂਪੁਰ ਦੇ ਡਾ: ਹੋਮੀ ਭਾਭਾ ਕੈਂਸਰ ਹਸਪਤਾਲ ਦਾ ਉਦਘਾਟਨ ਵੀ ਕੀਤਾ ਹੈ।

ਇਸ ਤੋਂ ਇਲਾਵਾ ਸਰਕਾਰ ਨੇ ਨਾਜਾਇਜ਼ ਕਬਜ਼ਿਆਂ ‘ਤੇ ਕਾਰਵਾਈ ਕਰਕੇ ਕਰੋੜਾਂ ਰੁਪਏ ਦੀ ਪੰਚਾਇਤੀ ਜ਼ਮੀਨ ਖਾਲੀ ਕਰਵਾਈ ਹੈ। ਇਹ ਰਕਮ ਹੁਣ ਆਮ ਲੋਕਾਂ ਦੀ ਭਲਾਈ ‘ਤੇ ਖਰਚ ਕੀਤੀ ਜਾਵੇਗੀ।

ਅਕਾਲੀ ਦਲ ‘ਤੇ ਚੁਟਕੀ ਲੈਂਦਿਆਂ ਅਰੋੜਾ ਨੇ ਕਿਹਾ ਕਿ ਬਾਦਲ ਸਰਕਾਰ ‘ਚ ਕਬੱਡੀ ਟੂਰਨਾਮੈਂਟ ਵੀ ਕਰਵਾਏ ਗਏ ਪਰ ਉਨ੍ਹਾਂ ਨੇ ਹੀਰੋਇਨਾਂ ‘ਤੇ ਪੈਸਾ ਖਰਚ ਕੀਤਾ। ਜਦਕਿ ਮਾਨ ਸਰਕਾਰ ਨੇ ‘ਖੇਡਾਂ ਵਤਨ ਪੰਜਾਬ ਦੀਆਂ’ ਦਾ ਆਯੋਜਨ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਖੇਡਾਂ ‘ਚ ਸਰਗਰਮੀ ਨਾਲ ਭਾਗ ਲੈਣ ਲਈ ਉਤਸ਼ਾਹਿਤ ਕਰਨ ਲਈ ਖਿਡਾਰੀਆਂ ਨੂੰ 6 ਕਰੋੜ ਰੁਪਏ ਦੇ ਇਨਾਮ ਦੇਣ ਦਾ ਐਲਾਨ ਕੀਤਾ ਹੈ। ਸਰਕਾਰ ਨੇ ਰਾਸ਼ਟਰਮੰਡਲ ਖੇਡਾਂ ਦੇ ਪੰਜਾਬ ਦੇ ਸਿਤਾਰਿਆਂ ਨੂੰ ਸਨਮਾਨਿਤ ਵੀ ਕੀਤਾ।

ਕੈਬਨਿਟ ਮੰਤਰੀ ਨੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਵੀ ਵਿਅੰਗ ਕੱਸਦਿਆਂ ਕਿਹਾ ਕਿ ਪਹਿਲਾਂ ਸੂਬੇ ‘ਚ ਵੱਡੇ-ਵੱਡੇ ਹੋਰਡਿੰਗ ਲਗਾਏ ਜਾਂਦੇ ਸਨ ਅਤੇ ਬਿਜਲੀ ਦਾ ਲਾਭ ਸਿਰਫ਼ ਇਕ ਵਰਗ ਨੂੰ ਹੀ ਦਿੱਤਾ ਜਾਂਦਾ ਸੀ ਪਰ ਹੁਣ ‘ਆਪ’ ਸਰਕਾਰ ਹਰ ਵਰਗ ਨੂੰ 600ਯੂਨਿਟ ਪ੍ਰਤੀ ਬਿੱਲ ਬਿਜਲੀ ਮੁਫ਼ਤ ਦੇ ਰਹੀ ਹੈ | ਇੰਨਾ ਹੀ ਨਹੀਂ ਸਾਰੇ ਪੁਰਾਣੇ ਬਕਾਇਆ ਬਿੱਲ ਵੀ ਮੁਆਫ ਕਰ ਦਿੱਤੇ ਗਏ ਹਨ।

ਪੰਜਾਬ ਵਿੱਚ ਪ੍ਰਾਈਵੇਟ ਆਪਰੇਟਰਾਂ ਦੀ ਏਕਾਧਿਕਾਰ ਨੂੰ ਖਤਮ ਕਰਦੇ ਹੋਏ, ‘ਆਪ’ ਸਰਕਾਰ ਨੇ ਦਿੱਲੀ ਹਵਾਈ ਅੱਡੇ ਤੱਕ ਸਰਕਾਰੀ ਵੋਲਵੋ ਬੱਸਾਂ ਦੀ ਸ਼ੁਰੂਆਤ ਕੀਤੀ ਅਤੇ ਸਮਾਂ ਸਾਰਣੀ ਵਿੱਚ ਵੀ ਸੋਧ ਕੀਤੀ, ਜਿਸ ਨਾਲ ਸਰਕਾਰੀ ਟਰਾਂਸਪੋਰਟ ਨੂੰ ਲਾਭਦਾਇਕ ਬਣਾਇਆ ਗਿਆ।

ਸੂਬੇ ਦੇ ਸਿਸਟਮ ‘ਚ ਸਰਵਪੱਖੀ ਸੁਧਾਰ ਲਿਆਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ‘ਆਪ’ ਲੋਕ ਪੱਖੀ ਅਤੇ ਕਿਸਾਨ ਪੱਖੀ ਸਰਕਾਰ ਹੈ। ਮੁੱਖ ਮੰਤਰੀ ਮਾਨ ਸੂਬੇ ਨੂੰ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ ਅਤੇ ਪੰਜਾਬ ਵਿੱਚ ਪਿਛਲੇ ਸੱਤ ਮਹੀਨਿਆਂ ਵਿੱਚ ਕੀਤੇ ਕੰਮ ਇਸ ਦਾ ਪ੍ਰਮਾਣ ਹਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION