ਯੈੱਸ ਪੰਜਾਬ
ਬਟਾਲਾ, 21 ਫਰਵਰੀ, 2021 –
ਲੋੜਵੰਦ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਮਕਸਦ ਤਹਿਤ ਪੰਜਾਬ ਸਰਕਾਰ ਵੱਲੋਂ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਲਾਭਪਾਤਰੀ ਪਰਿਵਾਰਾਂ ਨੂੰ 5 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਸਹੂਲਤ ਮੁਹੱਈਆ ਕਰਵਾਈ ਜਾ ਰਹੀ ਹੈ। ਸਰਬੱਤ ਸਿਹਤ ਬੀਮਾ ਯੋਜਨਾ ਦਾ ਲਾਭ ਲੈਣ ਲਈ ਰਜਿਸਟਰਡ ਲਾਭਪਾਤਰੀਆਂ ਨੂੰ ਆਪਣਾ ਕਾਰਡ ਬਣਵਾਉਣਾ ਜ਼ਰੂਰੀ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਸਮਾਰਟ ਰਾਸ਼ਨ ਕਾਰਡ ਧਾਰਕ, ਕਿਰਤ ਵਿਭਾਗ ਨਾਲ ਰਜਿਸਟਰਡ ਕਾਮੇ, ‘ਜੇ’ ਫਾਰਮ ਧਾਰਕ ਕਿਸਾਨ, ਐਕਰੀਡੇਟਿਡ ਤੇ ਯੈਲੋ ਕਾਰਡ ਧਾਰਕ ਪੱਤਰਕਾਰ ਅਤੇ ਆਬਕਾਰੀ ਤੇ ਕਰ ਵਿਭਾਗ ਨਾਲ ਰਜਿਸਟਰਡ ਛੋਟੇ ਵਪਾਰੀ ਸਰਕਾਰੀ ਅਤੇ ਸੂਚੀਬੱਧ ਹਸਪਤਾਲਾਂ ਵਿਚ ਪ੍ਰਤੀ ਪਰਿਵਾਰ 5 ਲੱਖ ਰੁਪਏ ਪ੍ਰਤੀ ਸਾਲ ਮੁਫ਼ਤ ਇਲਾਜ ਦਾ ਲਾਭ ਲੈ ਸਕਦੇ ਹਨ।
ਸ. ਬਾਜਵਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਇਸ ਯੋਜਨਾ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਅਤੇ ਕਾਰਡ ਬਣਾਉਣ ਲਈ ਕਾਮਨ ਸਰਵਿਸ ਸੈਂਟਰਾਂ ’ਤੇ ਵੀ ਇਹ ਸੇਵਾ ਸ਼ੁਰੂ ਕੀਤੀ ਗਈ ਹੈ, ਜਿਥੇ 30 ਰੁਪਏ ਪ੍ਰਤੀ ਕਾਰਡ ਫੀਸ ਨਾਲ ਰਜਿਸਟਰਡ ਲਾਭਪਾਤਰੀ ਤੇ ਉਨਾਂ ਦੇ ਪਰਿਵਾਰਕ ਮੈਂਬਰਾਂ ਦੇ ਕਾਰਡ ਬਣਾਏ ਜਾ ਰਹੇ ਹਨ।
ਉਨਾਂ ਸਾਰੇ ਅਜਿਹੇ ਲਾਭਤਾਰੀਆਂ ਨੂੰ ਅਪੀਲ ਕੀਤੀ ਕਿ ਜਿਨਾਂ ਨੇ ਅਜੇ ਕਾਰਡ ਨਹੀਂ ਬਣਵਾਏ, ਉਹ ਬਿਨਾਂ ਦੇਰੀ ਤੋਂ ਇਹ ਕਾਰਡ ਬਣਵਾ ਲੈਣ। ਉਨਾਂ ਕਿਹਾ ਕਿ ਕਾਰਡ ਤੋਂ ਬਿਨਾਂ ਸਰਕਾਰੀ ਤੇ ਸੂਚੀਬੱਧ ਹਸਪਤਾਲ ਵਿਚ ਮਰੀਜ਼ ਨੂੰ ਇਸ ਸਕੀਮ ਦਾ ਲਾਭ ਨਹੀਂ ਲੈ ਸਕਦੇ।
ਸ. ਬਾਜਵਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਯੋਗ ਲਾਭਪਾਤਰੀਆਂ ਨੂੰ ਕਾਰਡ ਜਾਰੀ ਕਰਨ ਦੇ ਕੰਮ ਵਿਚ ਤੇਜ਼ੀ ਲਿਆਂਦੀ ਜਾਵੇ, ਤਾਂ ਜੋ ਜਲਦ ਤੋਂ ਜਲਦ ਸਮੂਹ ਰਜਿਸਟਰਡ ਲਾਭਪਾਤਰੀਆਂ ਨੂੰ ਕਵਰ ਕੀਤਾ ਜਾ ਸਕੇ। ਉਨਾਂ ਕਿਹਾ ਕਿ ਇਸ ਯੋਜਨਾ ਸਬੰਧੀ ਕਿਸੇ ਵੀ ਹੋਰ ਜਾਣਕਾਰੀ ਲਈ ਸਿਹਤ ਵਿਭਾਗ ਦੇ ਹੈਲਪਲਾਈਨ ਨੰਬਰ 104 ’ਤੇ ਸੰਪਰਕ ਕੀਤਾ ਜਾ ਸਕਦਾ ਹੈ।