ਯੈੱਸ ਪੰਜਾਬ
ਅੰਮ੍ਰਿਤਸਰ, 14 ਮਈ, 2021 –
ਬੀਤੇ ਕੱਲ੍ਹ ਸ੍ਰੀ ਫਤਹਿਗੜ੍ਹ ਸਾਹਿਬ ਵਿਖੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਰੀ ਪੀਰੀ ਮੈਡੀਕਲ ਟ੍ਰਸਟ ਸ਼ਾਹਬਾਦ ਮਾਰਕੰਡਾ (ਹਰਿਆਣਾ) ਸਬੰਧੀ ਕੀਤੀ ਗਈ ਤੱਥਹੀਣ ਬਿਆਨਬਾਜੀ ਦਾ ਸ਼੍ਰੋਮਣੀ ਕਮੇਟੀ ਦੇ ਅਹੁਦੇਦਾਰਾਂ ਨੇ ਖੰਡਨ ਕੀਤਾ ਹੈ।
ਸ਼੍ਰੋਮਣੀ ਕਮੇਟੀ ਦਫਤਰ ਤੋਂ ਜਾਰੀ ਕੀਤੇ ਇਕ ਪ੍ਰੈਸ ਬਿਆਨ ਵਿਚ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਸ. ਸੁਰਜੀਤ ਸਿੰਘ ਭਿੱਟੇਵੱਡ, ਜੂਨੀਅਰ ਮੀਤ ਪ੍ਰਧਾਨ ਬਾਬਾ ਬੂਟਾ ਸਿੰਘ, ਜਨਰਲ ਸਕੱਤਰ ਐਡਵੋਕੇਟ ਭਗਵੰਤ ਸਿੰਘ ਸਿਆਲਕਾ ਤੇ ਮੁੱਖ ਸਕੱਤਰ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਅਨੇਕਾਂ ਟ੍ਰਸਟ ਚਲਾਉਂਦੀ ਹੈ ਅਤੇ ਅਜਿਹੇ ਹੀ ਇਕ ਟ੍ਰਸਟ ਤਹਿਤ ਮੀਰੀ ਪੀਰੀ ਮੈਡੀਕਲ ਕਾਲਜ ਸ਼ਾਹਬਾਦ ਮਾਰਕੰਡਾ (ਹਰਿਆਣਾ) ਵਿਖੇ ਚਲਾਇਆ ਜਾ ਰਿਹਾ ਹੈ।
ਇਹ ਟ੍ਰਸਟ ਸ਼੍ਰੋਮਣੀ ਕਮੇਟੀ ਦੀ ਜਾਇਦਾਦ ਹੈ ਅਤੇ ਇਸ ਨੂੰ ਲੀਜ ਤੇ ਦੇਣ ਦਾ ਭਾਈ ਰਣਜੀਤ ਸਿੰਘ ਵੱਲੋਂ ਦਿੱਤਾ ਗਿਆ ਬਿਆਨ ਕੋਰਾ ਝੂਠ ਹੈ। ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਨੇ ਸਾਬਕਾ ਜਥੇਦਾਰ ਭਾਈ ਰਣਜੀਤ ਸਿੰਘ ਨੂੰ ਅਪੀਲ ਕੀਤੀ ਕਿ ਉਹ ਸਿੱਖ ਸੰਸਥਾ ਤੇ ਝੂਠੇ ਇਲਜਾਮ ਲਗਾਉਣ ਦਾ ਪ੍ਰਾਪੇਗੰਡਾ ਨਾ ਕਰਨ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਖ਼ਾਲਸਾ ਪੰਥ ਦੀ ਅਮਾਨਤ ਹੈ ਅਤੇ ਇਸ ਦੇ ਟ੍ਰਸਟਾਂ ਦੇ ਮੈਂਬਰ ਸ਼੍ਰੋਮਣੀ ਕਮੇਟੀ ਵੱਲੋਂ ਹੀ ਨਾਮਜਦ ਕੀਤੇ ਜਾਂਦੇ ਹਨ।
ਉਨ੍ਹਾਂ ਆਖਿਆ ਕਿ ਭਾਈ ਰਣਜੀਤ ਸਿੰਘ ਨੇ ਮੀਰੀ ਪੀਰੀ ਟ੍ਰਸਟ ਨੂੰ ਲੀਜ ਤੇ ਦੇਣ ਦੀ ਗੱਲ ਬਿਨਾ ਤਰਕ ਦੇ ਹੀ ਆਖੀ ਹੈ ਅਤੇ ਉਸ ਨੂੰ ਅਜਿਹੀਆਂ ਝੂਠੀਆਂ ਗੱਲਾਂ ਦਾ ਪ੍ਰਚਾਰ ਸੰਗਤ ਵਿਚ ਨਹੀਂ ਕਰਨਾ ਚਾਹੀਦਾ। ਇਕ ਸਾਬਕਾ ਜਥੇਦਾਰ ਦੀ ਹੈਸੀਅਤ ਵਿਚ ਉਸ ਨੂੰ ਬੇਤੁਕੀਆਂ ਗੱਲਾਂ ਕਰਨੀਆਂ ਸ਼ੋਭਾ ਨਹੀਂ ਦਿੰਦੀਆਂ।
ਸ਼੍ਰੋਮਣੀ ਕਮੇਟੀ ਆਗੂਆਂ ਨੇ ਕਿਹਾ ਕਿ ਸੰਗਤ ਚੰਗੀ ਤਰ੍ਹਾਂ ਸਮਝਦੀ ਹੈ ਕਿ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਪੰਥਕ ਦਾਇਰੇ ਵਿਚ ਰਹਿ ਕੇ ਨਿਯਮਾਂ ਅਨੁਸਾਰ ਸੇਵਾ ਨਿਭਾ ਰਹੀ ਹੈ ਅਤੇ ਮਨੁੱਖਤਾ ਦੀ ਭਲਾਈ ਲਈ ਹੀ ਕਾਰਜ ਕਰਦੀ ਹੈ। ਉਨ੍ਹਾਂ ਸੰਗਤਾਂ ਨੂੰ ਅਜਿਹੀ ਝੂਠੀ ਬਿਆਨਬਾਜੀ ਤੋਂ ਸੁਚੇਤ ਕਰਦਿਆਂ ਭਾਈ ਰਣਜੀਤ ਸਿੰਘ ਨੂੰ ਫੋਕੀ ਸ਼ੋਹਰਤ ਅਤੇ ਰਾਜਸੀ ਲਾਹਾ ਲੈਣ ਲਈ ਘਟੀਆ ਹੱਥਕੰਡੇ ਨਾ ਅਪਨਾਉਣ ਦੀ ਅਪੀਲ ਕੀਤੀ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ