27.8 C
Delhi
Wednesday, May 1, 2024
spot_img
spot_img

ਕੈਪਟਨ ਅਮਰਿੰਦਰ ਗਡਕਰੀ ਨੂੰ ਮਿਲਕੇ ਉਠਾਉਣਗੇ ‘ਭਾਰਤਮਾਲਾ ਪ੍ਰਾਜੈਕਟ’ ਤਹਿਤ ਐਕਵਾਇਰ ਹੋਣ ਵਾਲੀ ਜ਼ਮੀਨ ਲਈ ਕਿਸਾਨਾਂ ਦੇ ਮੁਆਵਜ਼ੇ ਦਾ ਮੁੱਦਾ

ਯੈੱਸ ਪੰਜਾਬ
ਚੰਡੀਗੜ੍ਹ, 26 ਜੁਲਾਈ, 2021:
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਸਾਨਾਂ ਦੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਉਹ ਕੇਂਦਰੀ ਸੜਕੀ ਆਵਾਜਾਈ ਅਤੇ ਰਾਜ ਮਾਰਗ ਮੰਤਰੀ ਨੂੰ ਮਿਲ ਕੇ ਕੌਮੀ ਹਾਈਵੇਅ ਅਥਾਰਟੀ ਆਫ ਇੰਡੀਆ ਵੱਲੋਂ ‘ਭਾਰਤਮਾਲਾ ਪ੍ਰੀਯੋਜਨਾ’ ਪ੍ਰਾਜੈਕਟ ਤਹਿਤ ਐਕੁਵਾਇਰ ਕੀਤੀ ਜਾਣ ਵਾਲੀ ਜ਼ਮੀਨ ਲਈ ਮੁਆਵਜ਼ੇ ਦੀ ਰਾਸ਼ੀ ਨੂੰ ਮੁੜ ਵਿਚਾਰਨ ਦੀ ਮੰਗ ਉਠਾਉਣਗੇ।

ਜ਼ਿਲ੍ਹਾ ਮਾਲ ਅਫਸਰਾਂ ਜਿਨ੍ਹਾਂ ਨੂੰ ਸੀ.ਏ.ਐਲ.ਏ (ਜ਼ਮੀਨ ਗ੍ਰਹਿਣ ਕਰਨ ਲਈ ਸਮਰੱਥ ਅਥਾਰਟੀ) ਮਨੋਨੀਤ ਕੀਤਾ ਗਿਆ ਹੈ, ਵੱਲੋਂ ਤੈਅ ਕੀਤੀ ਘੱਟ ਮੁਆਵਜ਼ਾ ਰਾਸ਼ੀ ਨੂੰ ਕਿਸਾਨ ਰੱਦ ਕਰ ਚੁੱਕੇ ਹਨ।

ਰੋਡ ਕਿਸਾਨ ਸੰਘਰਸ਼ ਕਮੇਟੀ ਨੇ ਅੱਜ ਇੱਥੇ ਮੁੱਖ ਮੰਤਰੀ ਨਾਲ ਮੁਲਾਕਾਤ ਕੀਤੀ ਅਤੇ ਕਮੇਟੀ ਵੱਲੋਂ ਕੀਤੀ ਅਪੀਲ ਦੇ ਜਵਾਬ ਵਿਚ ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ ਮਾਲ ਨੂੰ ਕਿਸਾਨਾਂ ਦੀ ਇੱਛਾ ਦੇ ਉਲਟ ਉਨ੍ਹਾਂ ਦੇ ਖਾਤਿਆਂ ਵਿਚ ਮੁਆਵਜ਼ਾ ਰਾਸ਼ੀ ਨਾ ਪਾਉਣ ਲਈ ਤੁਰੰਤ ਵਿਸਥਾਰਤ ਹਦਾਇਤਾਂ ਜਾਰੀ ਕਰਨ ਲਈ ਆਖਿਆ। ਉਨ੍ਹਾਂ ਨੇ ਡੀ.ਜੀ.ਪੀ. ਨੂੰ ਕਿਸਾਨਾਂ ਦੀ ਜ਼ਮੀਨ ਧੱਕੇ ਨਾਲ ਕਬਜ਼ੇ ਵਿਚ ਨਾ ਲੈਣ ਨੂੰ ਵੀ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ।

ਇਹ ਮਾਮਲਾ ਸੂਬਾ ਭਰ ਦੇ 15 ਜ਼ਿਲ੍ਹਿਆਂ ਵਿਚ 25,000 ਹੈਕਟੇਅਰ ਜ਼ਮੀਨ ਐਕੁਵਾਇਰ ਕੀਤੇ ਜਾਣ ਨਾਲ ਸਬੰਧਤ ਹੈ। ਇਸ ਪ੍ਰਾਜੈਕਟ ਤਹਿਤ ਜ਼ਮੀਨ ਐਕੁਵਾਇਰ ਕਰਨ ਦੀ ਪ੍ਰਕਿਰਿਆ ਚੱਲ ਰਹੀ ਹੈ ਜਿਸ ਤਹਿਤ ਕਈ ਐਕਸਪ੍ਰੈਸ ਸ਼ਾਮਲ ਹੋਣੇ ਹਨ ਜਿਨ੍ਹਾਂ ਵਿਚ ਦਿੱਲੀ-ਜੰਮੂ-ਕੱਟੜਾ, ਜਮਨਾਨਗਰ-ਅੰਮ੍ਰਿਤਸਰ, ਲੁਧਿਆਣਾ-ਰੋਪੜ-ਬਠਿੰਡਾ-ਡਬਵਾਲੀ ਤੋਂ ਇਲਾਵਾ ਜਲੰਧਰ ਤੇ ਲੁਧਿਆਣਾ ਬਾਈਪਾਸ ਸ਼ਾਮਲ ਹਨ।

ਮੁੱਖ ਮੰਤਰੀ ਨਾਲ ਰੋਡ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸੁਖਦੇਵ ਸਿੰਘ ਢਿੱਲੋਂ ਦੀ ਅਗਵਾਈ ਵਿਚ ਵਫ਼ਦ ਦੀ ਮੀਟਿੰਗ ਕਪੂਰਥਲਾ ਦੇ ਵਿਧਾਇਕ ਰਾਣਾ ਗੁਰਜੀਤ ਸਿੰਘ ਨੇ ਕਰਵਾਈ ਜਿਸ ਦੌਰਾਨ ਮੁੱਖ ਮੰਤਰੀ ਨੇ ਆਪਣੇ ਪ੍ਰਮੁੱਖ ਸਕੱਤਰ ਨੂੰ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਮੀਟਿੰਗ ਲਈ ਛੇਤੀ ਸਮਾਂ ਲੈਣ ਦੀ ਹਦਾਇਤ ਕੀਤੀ। ਉਨ੍ਹਾਂ ਨੇ ਕਿਸਾਨਾਂ ਦੀ ਸੰਤੁਸ਼ਟੀ ਹੋਣ ਤੱਕ ਇਸ ਮਸਲੇ ਨੂੰ ਪਹਿਲ ਦੇ ਆਧਾਰ ਉਤੇ ਹੱਲ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ ਕਿਉਂ ਜੋ ਕਿਸਾਨ ਇਸ ਮਸਲੇ ਉਤੇ ਬੀਤੇ ਕਈ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਹਨ।

ਮੁੱਖ ਮੰਤਰੀ ਨੇ ਵਿੱਤ ਕਮਿਸ਼ਨਰ ਮਾਲ ਰਵਨੀਤ ਕੌਰ ਅਤੇ ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ (ਭਵਨ ਤੇ ਮਾਰਗ) ਵਿਕਾਸ ਪ੍ਰਤਾਪ ਨੂੰ ਕਮੇਟੀ ਦੇ ਨੁਮਾਇੰਦਿਆਂ ਨਾਲ ਸਲਾਹ-ਮਸ਼ਵਰਾ ਕਰਕੇ ਸਾਂਝੇ ਤੌਰ ਉਤੇ ਇਕ ਵਿਆਪਕ ਕੇਸ ਕਰਨ ਦੇ ਹੁਕਮ ਦਿੱਤੇ ਤਾਂ ਕਿ ‘ਰਾਈਟ ਟੂ ਫੇਅਰ ਕੰਪਸੇਸ਼ਨ ਐਂਡ ਟਰਾਂਸਪੇਰੈਂਸੀ ਇਨ ਲੈਂਡ ਐਕੁਜ਼ੀਸ਼ਨ, ਰੀਹੈਬਲੀਟੇਸ਼ਨ ਐਂਡ ਰੀਸੈਟਲਮੈਂਟ ਐਕਟ-2013’ ਤਹਿਤ ਕਿਸਾਨਾਂ ਲਈ ਮੁਆਵਜ਼ਾ ਰਾਸ਼ੀ ਤੈਅ ਕਰਨ ਮੌਕੇ ਦਰਪੇਸ਼ ਘੋਰ ਕਮੀਆਂ-ਪੇਸ਼ੀਆਂ ਨੂੰ ਉਜਾਗਰ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਅਜਿਹੇ ਮਾਮਲਿਆਂ ਨੂੰ ਸਾਲਸੀ ਲਈ ਭੇਜਣ ਦੀ ਸੰਭਾਵਨਾ ਨੂੰ ਰੱਦ ਕਰ ਦਿੱਤਾ ਕਿਉਂਕਿ ਇਸ ਨਾਲ ਕਿਸਾਨਾਂ ਲਈ ਇਨਸਾਫ ਮੰਗਣ ਵਿਚ ਬੇਲੋੜੀ ਦੇਰੀ ਹੋਵੇਗੀ।

ਕਮੇਟੀ ਵੱਲੋਂ ਉਠਾਏ ਇਕ ਹੋਰ ਮੁੱਦੇ ਉਤੇ ਮੁੱਖ ਮੰਤਰੀ ਨੇ ਲੋਕ ਨਿਰਮਾਣ ਵਿਭਾਗ ਦੇ ਪ੍ਰਮੁੱਖ ਸਕੱਤਰ ਨੂੰ ਨਵੇਂ ਬਣਨ ਵਾਲੇ ਗਰੀਨ ਫੀਲਡ ਐਕਸਪ੍ਰੈਸ ਨੇੜੇ ਕਿਸਾਨਾਂ ਨੂੰ ਉਨ੍ਹਾਂ ਦੇ ਖੇਤਾਂ ਵਿਚ ਜਾਣ ਲਈ ਰਾਹ ਦੇਣ ਦੀ ਸੰਭਾਵਨਾ ਤਲਾਸ਼ਣ ਲਈ ਕਿਹਾ। ਕਿਸਾਨਾਂ ਵੱਲੋਂ ਆਪਣੇ ਖੇਤਾਂ ਵਿਚ ਪਹੁੰਚ ਨਾ ਹੋਣ ਉਤੇ ਚਿੰਤਾ ਜ਼ਾਹਰ ਕਰਨ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਗਡਕਰੀ ਨਾਲ ਮੀਟਿੰਗ ਦੌਰਾਨ ਇਸ ਮੁੱਦੇ ਨੂੰ ਵੀ ਉਠਾਉਣਗੇ।

ਰਾਣਾ ਗੁਰਜੀਤ ਸਿੰਘ ਦੀ ਅਪੀਲ ਉਤੇ ਮੁੱਖ ਮੰਤਰੀ ਨੇ ਮਾਲ ਵਿਭਾਗ ਨੂੰ ‘ਸਾਂਝੇ ਮੁਸ਼ਤਰਕੇ’ ਅਧੀਨ ਜ਼ਮੀਨਾਂ ਦੀ ਆਪਸੀ ਸਹਿਮਤੀ ਨਾਲ ਤਕਸੀਮ ਕਰਨ ਦੇ ਲੰਬਿਤ ਮਾਮਲਿਆਂ ਦੇ ਨਿਪਟਾਰੇ ਲਈ ਕਾਰਗਰ ਵਿਧੀ ਲਾਗੂ ਕਰਨ ਲਈ ਆਖਿਆ।

ਮੀਟਿੰਗ ਵਿਚ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਅਤੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ ਵੀ ਹਾਜ਼ਰ ਸਨ।

ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION