ਯੈੱਸ ਪੰਜਾਬ
ਸ਼ਾਹਕੋਟ (ਜਲੰਧਰ), 2 ਅਕਤੂਬਰ, 2021 –
ਪੰਜਾਬ ਦੇ ਸਿੱਖਿਆ, ਖੇਡਾਂ ਅਤੇ ਐਨ.ਆਰ.ਆਈ ਮਾਮਲਿਆਂ ਬਾਰੇ ਮੰਤਰੀ ਸ੍ਰ.ਪਰਗਟ ਸਿੰਘ ਵੱਲੋਂ ਸ਼ਨੀਵਾਰ ਸ਼ਾਮ ਨੂੰ ਸ਼ਾਹਕੋਟ ਵਿਖੇ ਨਵੇਂ ਉਸਾਰੇ ਗਏ ਸਰਕਾਰੀ ਕਾਲਜ ਦਾ ਉਦਘਾਟਨ ਕੀਤਾ ਗਿਆ, ਜਿਸ ਦੇ ਨਿਰਮਾਣ ‘ਤੇ ਸੂਬਾ ਸਰਕਾਰ ਵੱਲੋਂ 11 ਕਰੋੜ ਰੁਪਏ ਦੀ ਰਾਸ਼ੀ ਖਰਚ ਕੀਤੀ ਗਈ ਹੈ।
ਕਾਲਜ ਦਾ ਉਦਘਾਟਨ ਕਰਦਿਆਂ ਸਿੱਖਿਆ ਮੰਤਰੀ, ਜਿਨ੍ਹਾਂ ਨਾਲ ਸੰਸਦ ਮੈਂਬਰ ਸੰਤੋਖ ਚੌਧਰੀ, ਵਿਧਾਇਕ ਸ਼ਾਹਕੋਟ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਵੀ ਮੌਜੂਦ ਸਨ, ਨੇ ਕਿਹਾ ਕਿ ਇਹ ਕਾਲਜ ਸ਼ਾਹਕੋਟ ਦੇ ਲੋਕਾਂ ਦੀ ਬਹੁਤ ਪੁਰਾਣੀ ਮੰਗ ਨੂੰ ਪੂਰਾ ਕਰਨ ਦੇ ਨਾਲ-ਨਾਲ ਇਸ ਖੇਤਰ ਵਿੱਚ ਉੱਚ ਸਿੱਖਿਆ ਦਾ ਪਸਾਰ ਕਰੇਗਾ। ਉਨ੍ਹਾਂ ਕਿਹਾ ਕਿ ਇਹ ਕਾਲਜ ਵਾਜਬ ਫੀਸ ‘ਤੇ ਮਿਆਰੀ ਸਿੱਖਿਆ ਪ੍ਰਦਾਨ ਕਰ ਕੇ ਉੱਚ ਸਿੱਖਿਆ ਦੇ ਕੇਂਦਰ ਵਜੋਂ ਉਭਰੇਗਾ।
ਮੰਤਰੀ ਨੇ ਕਿਹਾ ਕਿ ਕਾਲਜ ਵਿੱਚ ਬੀ.ਸੀ.ਏ., ਬੀ.ਕਾਮ ਅਤੇ ਬੀ.ਏ. ਸਮੇਤ ਤਿੰਨ ਪੇਸ਼ੇਵਰ ਕੋਰਸ ਕਰਵਾਏ ਜਾਣਗੇ ਅਤੇ ਬੀ.ਏ. ਅਤੇ ਬੀ.ਕਾਮ ਲਈ 80-80 ਸੀਟਾਂ ਅਤੇ ਬੀ.ਸੀ.ਏ. ਕੋਰਸ ਲਈ 60 ਸੀਟਾਂ ਹੋਣਗੀਆਂ। ਉਨ੍ਹਾਂ ਕਿਹਾ ਕਿ ਇਸ ਸਾਲ ਇੱਥੇ ਪਹਿਲਾ ਵਿੱਦਿਅਕ ਸੈਸ਼ਨ ਸ਼ੁਰੂ ਹੋ ਚੁੱਕਾ ਹੈ ਅਤੇ ਵਿਦਿਆਰਥੀਆਂ ਵੱਲੋਂ ਆਨਲਾਈਨ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਚਾਰ ਏਕੜ ਜ਼ਮੀਨ ਵਿੱਚ ਫੈਲਿਆ ਹੋਇਆ ਇਹ ਕਾਲਜ ਅਤਿ ਆਧੁਨਿਕ ਸਹੂਲਤਾਂ ਨਾਲ ਲੈਸ ਹੈ, ਜਿਸਦਾ ਉਦੇਸ਼ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣਾ ਹੈ।
ਸੂਬੇ ਵਿਚਲੇ ਵਿੱਦਿਅਕ ਅਤੇ ਖੇਡਾਂ ਦੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਮੰਤਰੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਸਰਕਾਰੀ ਵਿੱਦਿਅਕ ਸੰਸਥਾਵਾਂ ਵਿੱਚ ਉੱਚ ਪੱਧਰੀ ਸਿੱਖਿਆ ਸਹੂਲਤਾਂ ਪ੍ਰਦਾਨ ਕਰਨ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਪੰਜਾਬ ਨੂੰ ਪ੍ਰਫਾਰਮੈਂਸ ਗਰੇਡਿੰਗ ਇੰਡੈਕਸ ਵਿੱਚ ਨੰਬਰ ਇੱਕ ਸੂਬਾ ਬਣਾਉਣ ਲਈ ਸਿੱਖਿਆ ਵਿਭਾਗ ਵੱਲੋਂ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਅਧਿਕਾਰੀਆਂ ਨੂੰ ਇਸ ਰੁਤਬੇ ਨੂੰ ਕਾਇਮ ਰੱਖਣ ਲਈ ਸਖ਼ਤ ਮਿਹਨਤ ਕਰਨ ਲਈ ਕਿਹਾ।
ਇਸ ਦੌਰਾਨ ਕੈਬਨਿਟ ਮੰਤਰੀ ਸ. ਪਰਗਟ ਸਿੰਘ ਦਾ ਸਵਾਗਤ ਕਰਦਿਆਂ ਸਰਕਾਰੀ ਕਾਲਜ ਸ਼ਾਹਕੋਟ ਦੇ ਪ੍ਰਿੰਸੀਪਲ ਸਰਬਜੀਤ ਸਿੰਘ ਨੇ ਕਿਹਾ ਕਿ ਇਹ ਕਾਲਜ ਸ਼ਾਹਕੋਟ ਅਤੇ ਆਸਪਾਸ ਦੇ ਇਲਾਕੇ ਦੇ ਨੌਜਵਾਨਾਂ ਨੂੰ ਪੇਸ਼ੇਵਰ ਸਿੱਖਿਆ ਪ੍ਰਦਾਨ ਕਰਨ ਵਿੱਚ ਸਹਾਈ ਸਾਬਤ ਹੋਵੇਗਾ।
ਯੈੱਸ ਪੰਜਾਬ ਦੀਆਂ ਅਹਿਮ ਖ਼ਬਰਾਂ ਦੇ ਅਪਡੇਟਸ ਲਈ ਇੱਥੇ ਕਲਿੱਕ ਕਰਕੇ ਸਾਡੇ ਟੈਲੀਗਰਾਮ ਚੈਨਲ ਨਾਲ ਜੁੜੋ