35.1 C
Delhi
Thursday, March 28, 2024
spot_img
spot_img

ਸਫ਼ਾਈ ਸੇਵਕਾਂ ਦਾ ਸੋਸ਼ਣ ਕਰਨ ‘ਤੇ ਐਸ.ਸੀ./ਐਸ.ਟੀ. ਐਕਟ ਅਧੀਨ ਹੋਵੇਗੀ ਸਖਤ ਕਾਰਵਾਈ : ਚੇਅਰਮੈਨ ਗੇਜਾ ਰਾਮ

ਹੁਸ਼ਿਆਰਪੁਰ, 19 ਦਸੰਬਰ, 2019 –
ਸਫ਼ਾਈ ਕਰਮਚਾਰੀ ਕਮਿਸ਼ਨ, ਪੰਜਾਬ ਦੇ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮੀਕਿ ਨੇ ਕਿਹਾ ਕਿ ਸਫ਼ਾਈ ਸੇਵਕਾਂ ਦਾ ਸੋਸ਼ਣ ਅਤੇ ਸਫ਼ਾਈ ਸੇਵਕਾਂ ਨੂੰ ਡੀ.ਸੀ. ਰੇਟ ‘ਤੇ ਤਨਖਾਹ ਨਾ ਦੇਣ ਵਾਲੇ ਸਬੰਧਤ ਅਧਿਕਾਰੀਆਂ ਅਤੇ ਠੇਕੇਦਾਰਾਂ ‘ਤੇ ਐਸ.ਸੀ./ਐਸ.ਟੀ. ਐਕਟ ਅਧੀਨ ਸਖਤ ਕਾਰਵਾਈ ਕੀਤੀ ਜਾਵੇਗੀ। ਉਹ ਅੱਜ ਜ਼ਿਲ੍ਹਾਂ ਪ੍ਰਬੰਧਕੀ ਕੰਪਲੈਕਸ ਹੁਸ਼ਿਆਰਪੁਰ ਵਿਖੇ ਸਫ਼ਾਈ ਸੇਵਕਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਸਨ।

ਉਨ੍ਹਾਂ ਕਿਹਾ ਕਿ ਕਮਿਸ਼ਨਰ ਨਗਰ ਨਿਗਮ ਅਤੇ ਨਗਰ ਕੌਂਸਲਾਂ ਦੇ ਕਾਰਜਸਾਧਕ ਅਫ਼ਸਰਾਂ ਵਲੋਂ ਇਹ ਯਕੀਨੀ ਬਣਾਇਆ ਜਾਵੇ ਕਿ ਸਫਾਈ ਸੇਵਕਾਂ ਨੂੰ ਡੀ.ਸੀ. ਰੇਟ ‘ਤੇ ਹੀ ਤਨਖਾਹ ਪ੍ਰਾਪਤ ਹੋਵੇ, ਜਿਸ ਨਾਲ ਉਹ ਆਰਥਿਕ ਤੌਰ ‘ਤੇ ਮਜ਼ਬੂਤ ਹੋ ਸਕਣਗੇ।

ਉਨ੍ਹਾਂ ਕਿਹਾ ਕਿ ਅਜਿਹਾ ਨਾ ਕਰਨ ‘ਤੇ ਕਮਿਸ਼ਨ ਵਲੋਂ 406, 420 ਅਤੇ 120 ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਈ.ਪੀ.ਐਫ. ਕੱਟਣ ‘ਤੇ ਵੀ ਗੰਭੀਰਤਾ ਦਿਖਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਜੇਕਰ ਠੇਕੇਦਾਰਾਂ ਵਲੋਂ ਇਸ ਨੂੰ ਅਮਲ ਵਿੱਚ ਨਹੀਂ ਲਿਆਂਦਾ ਗਿਆ, ਤਾਂ ਉਨ੍ਹਾਂ ਦੇ ਫੌਰੀ ਲਾਇਸੈਂਸ ਰੱਦ ਕਰਨ ਦੇ ਨਾਲ-ਨਾਲ ਐਸ.ਸੀ./ਐਸ.ਟੀ. ਅਧੀਨ ਕਾਰਵਾਈ ਵੀ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਬੰਧਤ ਨਗਰ ਨਿਗਮ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਖਿਲਾਫ਼ ਵੀ ਕਾਰਵਾਈ ਕੀਤੀ ਜਾਵੇਗੀ।

ਉਨ੍ਹਾਂ ਨਗਰ ਨਿਗਮ ਹੁਸ਼ਿਆਰਪੁਰ, ਨਗਰ ਕੌਂਸਲ ਦਸੂਹਾ ਅਤੇ ਗੜਸ਼ੰਕਰ ਵਿਖੇ ਬਣੀਆਂ ਮੁਹੱਲਾ ਸੈਨੀਟੇਸ਼ਨ ਕਮੇਟੀਆਂ ਨੂੰ ਤੁਰੰਤ ਭੰਗ ਕਰਨ ਦੀ ਹਦਾਇਤ ਕਰਦਿਆਂ ਕਿਹਾ ਕਿ ਸਬੰਧਤ ਅਧਿਕਾਰੀ ਤੁਰੰਤ ਬਣਦਾ ਬਕਾਇਆ ਦੇਣਾ ਯਕੀਨੀ ਬਣਾਉਣ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਦਾ ਸੋਸ਼ਣ ਕਿਸੇ ਵੀ ਤਰਾਂ ਨਾਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਜੇਕਰ ਕੋਈ ਅਜਿਹਾ ਕਰਦਾ ਹੈ, ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਮੀਟਿੰਗ ਦੌਰਾਨ ਚੇਅਰਮੈਨ ਸ੍ਰੀ ਗੇਜਾ ਰਾਮ ਵਾਲਮੀਕਿ ਨੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਲਈ ਠੇਕਾ ਪ੍ਰਣਾਲੀ ਟੀ.ਬੀ. ਵਾਂਗ ਹੈ, ਜਿਸ ਨੂੰ ਜੜ ਤੋਂ ਖ਼ਤਮ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਬਰਾਬਰ ਕੰਮ, ਬਰਾਬਰ ਤਨਖ਼ਾਹ ਦਾ ਫੈਸਲਾ ਸਫ਼ਾਈ ਕਰਮਚਾਰੀਆਂ ਉਤੇ ਵੀ ਲਾਗੂ ਹੋਣਾ ਚਾਹੀਦਾ ਹੈ।

ਉਨ੍ਹਾਂ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਜਿੱਥੇ ਵੀ ਸਫ਼ਾਈ ਸੇਵਕਾਂ ਦੀਆਂ ਆਸਾਮੀਆਂ ਖ਼ਾਲੀ ਹਨ, ਉਨ੍ਹਾਂ ਨੂੰ ਭਰਿਆ ਜਾਵੇ। ਉਨ੍ਹਾਂ ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਸਫਾਈ ਸੇਵਕਾਂ ਨੂੰ ਹਰ ਮਹੀਨੇ ਦੀ 7 ਤਾਰੀਕ ਤੱਕ ਤਨਖਾਹ ਉਨ੍ਹਾਂ ਦੇ ਖਾਤਿਆਂ ਵਿੱਚ ਪਹੁੰਚ ਜਾਣੀ ਚਾਹੀਦੀ ਹੈ।

ਚੇਅਰਮੈਨ ਨੇ ਹਦਾਇਤ ਕੀਤੀ ਕਿ ਸਫ਼ਾਈ ਸੇਵਕਾਂ ਦੀ ਮੌਤ ਹੋਣ ਮਗਰੋਂ ਐਕਸ ਗਰੇਸ਼ੀਆ ਗਰਾਂਟ ਭੋਗ ਵਾਲੇ ਦਿਨ ਦੇਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸਫ਼ਾਈ ਸੇਵਕਾਂ ਤੋਂ ਕੋਈ ਵਾਧੂ ਕੰਮ ਨਾ ਲਿਆ ਜਾਵੇ। ਉਨ੍ਹਾਂ ਜ਼ਿਲ੍ਹੇ ਦੀਆਂ ਸਾਰੀਆਂ ਕੌਂਸਲਾਂ ਤੇ ਕਾਰਪੋਰੇਸ਼ਨ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਫ਼ਾਈ ਸੇਵਕਾਂ ਤੋਂ ਸਫ਼ਾਈ ਤੋਂ ਇਲਾਵਾ ਕੋਈ ਵੀ ਵਾਧੂ ਕੰਮ ਨਾ ਲਿਆ ਜਾਵੇ। ਉਨ੍ਹਾਂ ਨਾਲ ਹੀ ਸਫ਼ਾਈ ਸੇਵਕਾਂ/ਸਰਵਿਸਮੈਨ ਦਾ ਸੁਪਰਵਾਈਜ਼ਰ/ਜਮਾਂਦਾਰ ਨੂੰ ਉਸ ਦੀ ਯੋਗਤਾ ਮੁਤਾਬਕ ਸੀਨੀਆਰਤਾ ਦੇਣ ਲਈ ਵੀ ਆਖਿਆ।

ਸ੍ਰੀ ਗੇਜਾ ਰਾਮ ਨੇ ਕਿਹਾ ਕਿ ਜਿਨ੍ਹਾਂ ਸਫ਼ਾਈ ਸੇਵਕਾਂ ਦੀ ਨੌਕਰੀ ਦੌਰਾਨ ਮੌਤ ਹੋਈ ਹੈ, ਉਨ੍ਹਾਂ ਦੇ ਪਰਿਵਾਰਾਂ ਨੂੰ ਮਾਲੀ ਮਦਦ ਜਲਦੀ ਦੇਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਸਫ਼ਾਈ ਸੇਵਕਾਂ ਦਾ ਹਰੇਕ ਤਿੰਨ ਮਹੀਨੇ ਬਾਅਦ ਮੈਡੀਕਲ ਕਰਵਾਇਆ ਜਾਵੇ। ਉਨ੍ਹਾਂ ਸਫ਼ਾਈ ਸੇਵਕਾਂ ਨੂੰ ਵੀ ਮਿਹਨਤ ਅਤੇ ਇਮਾਨਦਾਰੀ ਨਾਲ ਕੰਮ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਹਰਪ੍ਰੀਤ ਸਿੰਘ ਸੂਦਨ, ਵਾਈਸ ਚੇਅਰਮੇਨ ਸਫਾਈ ਕਰਮਚਾਰੀ ਕਮਿਸ਼ਨ ਸ੍ਰੀ ਰਾਮ ਸਿੰਘ, ਡਿਪਟੀ ਡਾਇਰੈਕਟਰ ਸਥਾਨਕ ਸਰਕਾਰਾਂ ਸ੍ਰੀ ਬਰਜਿੰਦਰ ਸਿੰਘ, ਕਮਿਸ਼ਨਰ ਨਗਰ ਨਿਗਮ ਸ੍ਰੀ ਬਲਵੀਰ ਰਾਜ ਸਿੰਘ, ਲੀਗਲ ਐਡਵਾਈਜ਼ਰ ਐਡਵੋਕੇਟ ਸ੍ਰੀ ਰਾਹੁਲ ਆਦੀਆ, ਮੈਂਬਰ ਸ੍ਰੀ ਇੰਦਰਜੀਤ ਸਿੰਘ, ਸ੍ਰੀ ਉਤਮ ਸਿੰਘ, ਸ੍ਰੀ ਦੀਪਕ ਭੱਟੀ, ਸ੍ਰੀ ਰਾਹੁਲ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਸਫ਼ਾਈ ਕਰਮਚਾਰੀ ਯੂਨੀਅਨਾਂ ਦੇ ਪ੍ਰਤੀਨਿੱਧੀ ਅਤੇ ਭਾਰੀ ਗਿਣਤੀ ਵਿੱਚ ਸਫ਼ਾਈ ਸੇਵਕ ਹਾਜ਼ਰ ਸਨ।

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION