24.1 C
Delhi
Sunday, April 14, 2024
spot_img
spot_img

ਚੁਣੇ ਨੁਮਾਇੰਦਿਆਂ ਨਾਲ ਟੀਮ ਦੀ ਤਰ੍ਹਾਂ ਕੰਮ ਕਰੇ ਪ੍ਰਸ਼ਾਸ਼ਨ: ਕੈਬਨਿਟ ਮੰਤਰੀ ਹਰਭਜਨ ਸਿੰਘ

ਯੈੱਸ ਪੰਜਾਬ
ਮੋਗਾ, 5 ਅਗਸਤ, 2022:
ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਪ੍ਰਸ਼ਾਸ਼ਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਉਹ ਵਿਕਾਸ ਕਾਰਜਾਂ ਅਤੇ ਲੋਕ ਹਿੱਤ ਕਾਰਜਾਂ ਨੂੰ ਬਿਹਤਰ ਤਰੀਕੇ ਨਾਲ ਕਰਾਉਣ ਲਈ ਵਿਧਾਇਕਾਂ ਨਾਲ ਤਾਲਮੇਲ ਜਰੂਰ ਰੱਖਣ। ਪ੍ਰਸ਼ਾਸ਼ਨ ਨੂੰ ਚੁਣੇ ਨੁਮਾਇੰਦਿਆਂ ਨਾਲ ਟੀਮ ਦੀ ਤਰ੍ਹਾਂ ਕੰਮ ਕਰਨਾ ਚਾਹੀਦਾ ਹੈ।

ਉਹ ਅੱਜ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਅਤੇ ਲੋਕ ਹਿਤ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਆਏ ਸਨ। ਮੀਟਿੰਗ ਵਿੱਚ ਸ੍ਰ ਮਨਜੀਤ ਸਿੰਘ ਬਿਲਾਸਪੁਰ, ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ, ਸ੍ਰ ਦਵਿੰਦਰਜੀਤ ਸਿੰਘ ਲਾਡੀ ਢੋਸ ਅਤੇ ਡਾਕਟਰ ਅਮਨਦੀਪ ਕੌਰ ਅਰੋੜਾ (ਚਾਰੇ ਵਿਧਾਇਕ), ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ, ਜ਼ਿਲ੍ਹਾ ਪੁਲਿਸ ਮੁਖੀ ਸ੍ਰ ਗੁਲਨੀਤ ਸਿੰਘ ਖੁਰਾਣਾ ਅਤੇ ਹੋਰ ਅਧਿਕਾਰੀ ਹਾਜ਼ਰ ਸਨ।

ਉਹਨਾਂ ਕਿਹਾ ਕਿ ਆਮ ਤੌਰ ਉੱਤੇ ਚੁਣੇ ਹੋਏ ਨੁਮਾਇੰਦਿਆਂ ਤੋਂ ਪਤਾ ਲਗਦਾ ਹੈ ਕਿ ਪ੍ਰਸ਼ਾਸ਼ਨ ਵੱਲੋਂ ਵਿਕਾਸ ਕਾਰਜਾਂ ਅਤੇ ਲੋਕ ਹਿੱਤ ਕਾਰਜਾਂ ਵਿੱਚ ਉਹਨਾਂ ਨਾਲ ਕੋਈ ਵੀ ਸਲਾਹ ਮਸ਼ਵਰਾ ਨਹੀਂ ਕੀਤਾ ਜਾਂਦਾ। ਇਸ ਦਾ ਨਤੀਜਾ ਇਹ ਹੁੰਦਾ ਹੈ ਕਿ ਲੋਕ ਹਿਤ ਕਾਰਜਾਂ ਦਾ ਯੋਗ ਲਾਭਪਾਤਰੀਆਂ ਤੱਕ ਲਾਭ ਨਹੀਂ ਪਹੁੰਚਦਾ। ਇਹ ਸਭ ਯਕੀਨੀ ਬਣਾਉਣ ਲਈ ਪ੍ਰਸ਼ਾਸ਼ਨ ਦਾ ਵਿਧਾਇਕਾਂ ਨਾਲ ਤਾਲਮੇਲ ਜਰੂਰੀ ਹੈ। ਉਹਨਾਂ ਕਿਹਾ ਕਿ ਮਗਨਰੇਗਾ ਕੰਮਾਂ ਅਤੇ ਸੀ ਐਸ ਆਰ ਅਧੀਨ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਸਮੇਂ ਸਮੇਂ ਉੱਤੇ ਚੁਣੇ ਨੁਮਾਇੰਦਿਆਂ ਨੂੰ ਵੀ ਜਾਣੂ ਕਰਵਾਇਆ ਜਾਵੇ।

ਮੀਟਿੰਗ ਦੌਰਾਨ ਕੈਬਨਿਟ ਮੰਤਰੀ ਨੇ ਐਲਾਨ ਕੀਤਾ ਕਿ ਜ਼ਿਲ੍ਹਾ ਮੋਗਾ ਦੀਆਂ ਦੋ ਮਹੱਤਵਪੂਰਨ ਸੜਕਾਂ ਕੋਟ ਇਸੇ ਖਾਨ ਤੋਂ ਗਾਲਿਬ ਕਲਾਂ ਅਤੇ ਮੋਗਾ ਤੋਂ ਵਾਇਆ ਘੋਲੀਆ ਚੜ੍ਹਿਕ ਦਾ ਕੰਮ ਤੁਰੰਤ ਸ਼ੁਰੂ ਕਰਵਾਇਆ ਜਾਵੇਗਾ। ਇਸ ਤੋਂ ਇਲਾਵਾ ਹੋਰ ਵੀ ਚਾਲੂ ਕੰਮ ਤੁਰੰਤ ਪੂਰੇ ਕਰਵਾਏ ਜਾਣਗੇ। ਉਹਨਾਂ ਕਿਹਾ ਕਿ ਹਰੇਕ ਪਿੰਡ ਵਿੱਚ ਮਗਨਰੇਗਾ ਤਹਿਤ ਛੱਪੜਾਂ ਦੀ ਸਫਾਈ ਕਰਵਾਈ ਜਾਵੇਗੀ।

ਉਹਨਾਂ ਕਿਹਾ ਕਿ ਮੋਗਾ ਸ਼ਹਿਰ ਵਿਚ ਚੱਲ ਰਹੇ ਸਿਵਲ ਹਸਪਤਾਲ, ਸਬ ਜੇਲ੍ਹ, ਅਦਾਲਤੀ ਕੰਪਲੈਕਸ, ਪੁਲਿਸ ਲਾਈਨ ਅਤੇ ਹੋਰ ਮਹੱਤਵਪੂਰਨ ਦਫਤਰਾਂ ਨੂੰ ਸ਼ਹਿਰ ਦੀ ਭੀੜ ਭਾੜ ਤੋਂ ਬਾਹਰ ਕੱਢਿਆ ਜਾਵੇਗਾ ਤਾਂ ਜੌ ਆਮ ਲੋਕਾਂ ਨੂੰ ਇਹਨਾਂ ਦਫਤਰਾਂ ਵਿਚ ਆਉਣ ਜਾਣ ਦੀ ਸਮੱਸਿਆ ਪੇਸ਼ ਨਾ ਆਵੇ।

ਉਹਨਾਂ ਕਿਹਾ ਕਿ ਜ਼ਿਲ੍ਹਾ ਮੋਗਾ ਵਿੱਚ ਬਿਜਲੀ ਦੀ ਸਪਲਾਈ ਨੂੰ ਦਰੁਸਤ ਕਰਨ ਲਈ ਓਵਰ ਲੋਡ ਗਰਿੱਡਾਂ ਉੱਤੇ ਨਵੇਂ ਟ੍ਰਾਂਸਫਾਰਮਰ ਰੱਖੇ ਜਾਣਗੇ। ਸਭ ਤੋਂ ਪਹਿਲਾਂ ਧੱਲੇਕੇ ਅਤੇ ਸਿੰਘਾਵਾਲਾ ਗ੍ਰਿਡ ਉੱਤੇ ਨਵਾਂ ਟ੍ਰਾਂਸਫਾਰਮਰ ਰੱਖਿਆ ਜਾਵੇਗਾ। ਇਸੇ ਤਰ੍ਹਾਂ ਵੱਖ ਵੱਖ ਗਰਿੱਡਾਂ ਉੱਤੇ 10 ਨਵੇਂ ਬਰੇਕਰ ਸਥਾਪਤ ਕੀਤੇ ਜਾਣਗੇ। ਇਸ ਨਾਲ ਜ਼ਿਲ੍ਹਾ ਮੋਗਾ ਵਿੱਚ ਬਿਜਲੀ ਸਪਲਾਈ ਦਾ ਕੰਮ ਬਹੁਤ ਸੁਧਰ ਜਾਵੇਗਾ।

ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ 15 ਅਗਸਤ ਤੋਂ 75 ਆਮ ਆਦਮੀ ਕਲੀਨਿਕ ਸ਼ੁਰੂ ਹੋਣ ਜਾ ਰਹੇ ਹਨ। ਆਮ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਯਕੀਨੀ ਬਣਾਉਣ ਲਈ ਇਹਨਾਂ ਕਲੀਨਿਕਾਂ ਨੂੰ ਸਹੀ ਮਨਸ਼ਾ ਨਾਲ ਚਲਾਉਣਾ ਬਹੁਤ ਜਰੂਰੀ ਹੈ। ਉਹਨਾਂ ਨੂੰ ਦਸਿਆ ਗਿਆ ਕਿ ਜ਼ਿਲ੍ਹਾ ਮੋਗਾ ਵਿੱਚ ਫੇਜ਼ 1 ਵਿੱਚ ਤਿੰਨ ਕਲੀਨਿਕ ਸ਼ੁਰੂ ਹੋਣ ਜਾ ਰਹੇ ਹਨ ਜਿੰਨਾ ਦਾ ਕੰਮ ਲਗਭਗ ਮੁਕੰਮਲ ਹੋ ਚੁੱਕਾ ਹੈ।

ਉਹਨਾਂ ਕਿਹਾ ਕਿ ਪਿਛਲੀ ਸਰਕਾਰ ਨੇ ਆਖਰੀ ਸਮੇਂ ਦੌਰਾਨ ਸਕੂਲ ਅਪਗ੍ਰੇਡ ਤਾਂ ਕਰ ਦਿੱਤੇ ਪਰ ਉਥੇ ਨਾ ਤਾਂ ਸਟਾਫ ਦਿੱਤਾ ਅਤੇ ਨਾ ਹੀ ਬੁਨਿਆਦੀ ਸਹੂਲਤਾਂ ਦਿੱਤੀਆਂ ਪਰ ਹੁਣ ਪੰਜਾਬ ਸਰਕਾਰ ਵੱਲੋਂ ਇਹਨਾਂ ਸਕੂਲਾਂ ਨੂੰ ਸਹੀ ਮਾਅਨਿਆਂ ਵਿੱਚ ਅਪਗ੍ਰੇਡ ਕੀਤਾ ਜਾਵੇਗਾ। ਉਹਨਾਂ ਹਦਾਇਤ ਕੀਤੀ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਦਾ ਵੱਧ ਤੋਂ ਵੱਧ ਬੱਚਿਆਂ ਨੂੰ ਲਾਭ ਦਿਵਾਇਆ ਜਾਵੇ।

ਉਹਨਾਂ ਕਿਹਾ ਕਿ ਲੇਬਰ ਵਾਲਿਆਂ ਦੇ ਕੈਂਪ ਲਗਾ ਕੇ ਲਾਭਪਾਤਰੀ ਕਾਰਡ ਬਣਾਏ ਜਾਣ ਤਾਂ ਜੌ ਮਜ਼ਦੂਰ ਵਰਗ ਵੱਧ ਤੋਂ ਵੱਧ ਆਰਥਿਕ ਲਾਭ ਲੈ ਸਕਣ। ਉਹਨਾਂ ਸਿੱਖਿਆ ਵਿਭਾਗ ਨੂੰ ਹਦਾਇਤ ਕੀਤੀ ਗਈ ਕਿ ਸਾਰੇ ਸਕੂਲਾਂ ਵਿੱਚ ਪਖਾਨਿਆਂ ਦੀ ਸਹੂਲਤ ਹੋਣੀ ਲਾਜ਼ਮੀ ਹੈ। ਉਹਨਾਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਨੂੰ ਕਿਹਾ ਕਿ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹਈਆ ਕਰਵਾਏ ਜਾਣ ਅਤੇ ਉਹਨਾਂ ਨੂੰ ਰੋਜ਼ਗਾਰ ਦੇ ਕਾਬਿਲ ਬਣਾਇਆ ਜਾਵੇ।

ਯੈੱਸ ਪੰਜਾਬ ਦੀਆਂ ਪੰਜਾਬੀ ਖ਼ਬਰਾਂ ਲਈ ਇੱਥੇ ਕਲਿੱਕ ਕਰਕੇ ਸਾਡਾ ਫ਼ੇਸਬੁੱਕ ਪੇਜ ਲਾਈਕ ਕਰੋ

TOP STORIES

PUNJAB NEWS

TRANSFERS & POSTINGS

Stay Connected

223,537FansLike
113,236FollowersFollow

ENTERTAINMENT

NRI - OCI

GADGETS & TECH

SIKHS

NATIONAL

WORLD

OPINION